Thursday, March 14, 2013

                                   ਪੰਥਕ ਸਰਕਾਰ
             ਤੰਬਾਕੂ ਦੀ ਕਮਾਈ ਨੇ ਖਜ਼ਾਨੇ ਭਰੇ
                                  ਚਰਨਜੀਤ ਭੁੱਲਰ
ਬਠਿੰਡਾ  : ਪੰਜਾਬ ਸਰਕਾਰ ਦਾ ਖ਼ਜ਼ਾਨਾ ਤੰਬਾਕੂ ਦੀ ਕਮਾਈ ਨੇ ਮਾਲਾ ਮਾਲ ਕਰ ਦਿੱਤਾ ਹੈ। ਪੰਜਾਬ ਦੀ ਪੰਥਕ ਸਰਕਾਰ ਵਲੋਂ ਅਪਰੈਲ 2005 ਵਿੱਚ ਤਾਂ ਤੰਬਾਕੂ ਤੋਂ ਕੋਈ ਟੈਕਸ ਲਿਆ ਹੀ ਨਹੀਂ ਜਾਂਦਾ ਸੀ। ਹੁਣ ਤੰਬਾਕੂ ਤੇ ਸਾਢੇ 12 ਫੀਸਦੀ ਵੈਟ ਲਾਇਆ ਹੋਇਆ ਹੈ। ਪੰਜਾਬ ਸਰਕਾਰ ਨੂੰ ਲੰਘੇ ਪੰਜ ਵਰਿ•ਆਂ ਵਿੱਚ ਇਕੱਲੇ ਤੰਬਾਕੂ ਤੋਂ 365 ਕਰੋੜ ਰੁਪਏ ਦੀ ਕਮਾਈ ਹੋਈ ਹੈ। ਇਹ ਆਮਦਨ ਲਗਾਤਾਰ ਵੱਧ ਹੀ ਰਹੀ ਹੈ ਜਿਸ ਤੋਂ ਸਾਫ ਹੈ ਕਿ ਪੰਜਾਬ ਵਿੱਚ ਤੰਬਾਕੂ ਦੀ ਖਪਤ ਵਿੱਚ ਵੀ ਵਾਧਾ ਹੋ ਰਿਹਾ ਹੈ। ਪੰਜ ਵਰਿ•ਆਂ ਵਿੱਚ ਤੰਬਾਕੂ ਤੋਂ ਹੋਣ ਵਾਲੀ ਕਮਾਈ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। ਸਿਗਰਟ ਅਤੇ ਬੀੜੀਆਂ ਤੋਂ ਜੋ ਕਮਾਈ ਹੁੰਦੀ ਹੈ, ਉਹ ਵੱਖਰੀ ਹੈ। ਪੰਜਾਬ ਸਰਕਾਰ ਵਲੋਂ ਪੰਜਾਬ ਦੀਆਂ ਜੇਲ•ਾਂ ਵਿੱਚ ਤਾਂ ਕੰਟੀਨਾਂ ਤੇ ਸਿਗਰਟ ਅਤੇ ਬੀੜੀਆਂ ਦੀ ਸੁਵਿਧਾ ਬੰਦੀਆਂ ਨੂੰ ਦਿੱਤੀ ਗਈ ਹੈ ਜਿਸ ਤੋਂ ਜੇਲ• ਪ੍ਰਸ਼ਾਸਨ ਨੂੰ ਵੀ ਚੰਗੀ ਕਮਾਈ ਹੋ ਰਹੀ ਹੈ।
             ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਲੋਂ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਦਿੱਤੇ ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਨੇ 27 ਅਪਰੈਲ 2005 ਨੂੰ ਨੋਟੀਫਿਕੇਸ਼ਨ ਕਰਕੇ ਤੰਬਾਕੂ ਤੇ ਸਾਢੇ 12 ਫੀਸਦੀ ਵੈਟ ਲਗਾਇਆ ਸੀ। ਉਸ ਮਗਰੋਂ 31 ਮਾਰਚ 2010 ਨੂੰ ਨੋਟੀਫਿਕੇਸ਼ਨ ਕਰਕੇ ਤੰਬਾਕੂ ਤੇ 10 ਫੀਸਦੀ ਸਰਚਾਰਜ ਲਗਾ ਦਿੱਤਾ ਗਿਆ ਸੀ। ਇਸੇ ਤਰ•ਾਂ ਬੀੜੀ ਬੰਡਲ ਤੇ ਸਾਢੇ 12 ਫੀਸਦੀ ਵੈਟ ਹੈ ਅਤੇ 10 ਫੀਸਦੀ ਸਰਚਾਰਜ ਹੈ ਜਦੋਂ ਕਿ ਬੀੜੀ ਲੀਵਸ ਤੇ ਸਿਰਫ਼ 5 ਫੀਸਦੀ ਵੈਟ ਹੀ ਲਿਆ ਜਾਂਦਾ ਹੈ ਅਤੇ 10 ਫੀਸਦੀ ਸਰਚਾਰਜ ਲਗਾਇਆ ਹੋਇਆ ਹੈ। ਏਦਾ ਹੀ ਖਿੰਨੀ,ਗੁਟਕਾ,ਪਾਨ ਮਸਾਲਾ ਤੇ ਵੀ ਸਾਢੇ 12 ਫੀਸਦੀ ਵੈਟ ਲਗਾਇਆ ਗਿਆ ਹੈ। ਪੰਜਾਬ ਸਰਕਾਰ ਨੇ ਅਗਸਤ 2012 ਵਿੱਚ ਗੁਟਕੇ ਅਤੇ ਪਾਨ ਮਸਾਲਾ ਤੇ ਪੰਜਾਬ ਵਿੱਚ ਪਾਬੰਦੀ ਲਗਾ ਦਿੱਤੀ ਹੈ। ਇਸ ਪਾਬੰਦੀ ਲਗਾਏ ਜਾਣ ਨਾਲ ਸਰਕਾਰੀ ਖ਼ਜ਼ਾਨੇ ਨੂੰ ਕੋਈ ਵੱਡਾ ਫਰਕ ਨਹੀਂ ਪੈਣ ਲੱਗਾ ਹੈ। ਤੰਬਾਕੂ ਤੋਂ ਕਮਾਈ ਵੱਡੀ ਹੈ ਜਿਸ ਕਰਕੇ ਇਸ ਤੇ ਪਾਬੰਦੀ ਲਗਾਉਣ ਤੋਂ ਸਰਕਾਰ ਨੇ ਪਾਸਾ ਵੱਟ ਲਿਆ ਹੈ। ਪੰਜਾਬ ਦੇ ਸਿਹਤ ਮੰਤਰੀ ਮਦਨ ਮੋਹਨ ਮਿੱਤਲ ਨੇ 15 ਅਗਸਤ 2012 ਨੂੰ ਪੰਜਾਬ ਦੇ ਅੰਮ੍ਰਿਤਸਰ ਅਤੇ ਰੂਪਨਗਰ ਨੂੰ ਸਮੋਕ ਫਰੀ ਜ਼ਿਲ•ੇ ਹੋਣ ਦਾ ਐਲਾਨ ਕੀਤਾ ਸੀ। ਹੁਣ ਮਾਨਸਾ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।
             ਸਰਕਾਰੀ ਸੂਚਨਾ ਅਨੁਸਾਰ ਪੰਜਾਬ ਵਿੱਚ ਤੰਬਾਕੂ ਵੇਚਣ ਵਾਲੇ ਡੀਲਰਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਸੂਚਨਾ ਅਨੁਸਾਰ ਪੰਜਾਬ ਸਰਕਾਰ ਨੂੰ ਸਾਲ 2007-08 ਤੋਂ ਸਾਲ 2011-12 ਦੌਰਾਨ ਤੰਬਾਕੂ ਤੋਂ 365.13 ਕਰੋੜ ਰੁਪਏ ਦੀ ਆਮਦਨ ਹੋਈ ਹੈ। ਸਾਲ 2007-08 ਵਿੱਚ ਤੰਬਾਕੂ ਤੋਂ ਕਮਾਈ ਸਿਰਫ਼ 38.06 ਕਰੋੜ ਰੁਪਏ ਸੀ ਜਦੋਂ ਕਿ ਇਹ ਪੰਜ ਵਰਿ•ਆਂ ਵਿੱਚ ਸਾਲ 2011-12 ਵਿੱਚ ਵੱਧ ਕੇ 120.18 ਕਰੋੜ ਰੁਪਏ ਹੋ ਗਈ ਹੈ। ਤੰਬਾਕੂ ਤੋਂ ਸਰਕਾਰੀ ਖ਼ਜ਼ਾਨੇ ਵਿੱਚ ਸਾਲ 2008-09 ਵਿੱਚ 49.42 ਕਰੋੜ ਰੁਪਏ ਦੇ ਟੈਕਸ ਆਏ ਅਤੇ ਇਸੇ ਤਰ•ਾਂ ਸਾਲ 2009-10 ਵਿੱਚ ਤੰਬਾਕੂ ਤੋਂ ਆਮਦਨ 61.70 ਕਰੋੜ ਰੁਪਏ ਦੀ ਆਮਦਨ ਹੋਈ ਹੈ। ਇਸ ਤੋਂ ਇਲਾਵਾ ਸਾਲ 2010-11 ਵਿੱਚ ਤੰਬਾਕੂ ਤੋਂ ਆਮਦਨੀ 95.77 ਕਰੋੜ ਰੁਪਏ ਹੋਈ ਸੀ। ਚਾਲੂ ਮਾਲੀ ਸਾਲ ਦੌਰਾਨ ਇਸ ਆਮਦਨੀ ਵਿੱਚ ਹੋਣ ਵਾਧਾ ਹੋਣ ਦਾ ਅਨੁਮਾਨ ਹੈ। ਨਸ਼ਿਆਂ ਚੋ ਸਭ ਤੋਂ ਵੱਡੀ ਕਮਾਈ ਸ਼ਰਾਬ ਤੋਂ ਹੁੰਦੀ ਹੈ ਅਤੇ ਦੂਸਰੇ ਨੰਬਰ ਤੇ ਤੰਬਾਕੂ ਦੀ ਕਮਾਈ ਕਿਹਾ ਜਾ ਸਕਦਾ ਹੈ।
             ਬਠਿੰਡਾ ਦੀ ਮੌੜ ਮੰਡੀ ਵਿੱਚ ਤੰਬਾਕੂ ਦਾ ਵੱਡਾ ਕਾਰੋਬਾਰ ਹੈ ਅਤੇ ਇਸ ਕਾਰੋਬਾਰੀ ਦੇ ਘਰ ਵਿੱਚ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਵਲੋਂ ਦਫ਼ਤਰ ਬਣਾਏ ਜਾਣ ਦੀ ਕਾਫ਼ੀ ਚਰਚਾ ਵੀ ਰਹੀ ਹੈ। ਬਠਿੰਡਾ ਜਿਲ•ੇ ਨੂੰ ਤੰਬਾਕੂ ਤੋਂ ਪੰਜ ਵਰਿ•ਆਂ ਵਿੱਚ 8.33 ਕਰੋੜ ਰੁਪਏ ਦੀ ਆਮਦਨ ਹੋਈ ਹੈ ਜਿਸ ਵਿੱਚ ਵੱਡਾ ਹਿੱਸਾ ਇਕੱਲੀ ਮੌੜ ਮੰਡੀ ਦਾ ਹੈ। ਜਲੰਧਰ ਵਿੱਚ 13 ਫਰਮਾਂ ਵਲੋਂ ਤੰਬਾਕੂ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਫਿਰੋਜਪੁਰ ਵਿੱਚ ਦੋ ਫਰਮਾਂ ਹੀ ਇਸ ਕਾਰੋਬਾਰ ਵਿੱਚ ਹਨ। ਇਸੇ ਤਰ•ਾਂ ਕਪੂਰਥਲਾ ਜਿਲ•ੇ ਵਿੱਚ ਚਾਰ ਫਰਮਾਂ ਇਸ ਕਾਰੋਬਾਰ ਵਿੱਚ ਹਨ।  ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਵਾਸਤੇ ਤਿੰਨ ਵਰਿ•ਆਂ ਤੋਂ ਵਿਸ਼ਵ ਕਬੱਡੀ ਕੱਪ ਕਰਾਇਆ ਜਾ ਰਿਹਾ ਹੈ ਅਤੇ ਇਸ ਕਬੱਡੀ ਕੱਪ ਤੇ ਤਿੰਨ ਵਰਿ•ਆਂ ਵਿੱਚ ਪੰਜਾਬ ਸਰਕਾਰ 44 ਕਰੋੜ ਰੁਪਏ ਖਰਚ ਕਰ ਚੁੱਕੀ ਹੈ। ਦੂਸਰੀ ਤਰਫ਼ ਨਸ਼ਿਆਂ ਤੋਂ ਸਰਕਾਰ ਕਮਾਈ ਕਰਨ ਵਿੱਚ ਜੁਟੀ ਹੋਈ ਹੈ। ਜਨਤਿਕ ਥਾਂਵਾਂ ਤੇ ਬੇਸ਼ੱਕ ਸਿਗਰਟ ਬੀੜੀ ਪੀਣ ਦੀ ਮਨਾਹੀ ਹੈ ਲੇਕਿਨ ਫਿਰ ਵੀ ਇਨ•ਾਂ ਤੋਂ ਹੋਣ ਵਾਲੀ ਆਮਦਨੀ ਵਿੱਚ ਕੋਈ ਫਰਕ ਨਹੀਂ ਪਿਆ ਹੈ।
                                                 ਪੰਜਾਬ ਵਿੱਚ ਨਸਵਾਰ ਟੈਕਸ ਫਰੀ
ਪੰਜਾਬ ਵਿੱਚ ਨਸਵਾਰ ਟੈਕਸ ਫਰੀ ਹੈ। ਸਰਕਾਰ ਵਲੋਂ ਨਵੇਂ ਟੈਕਸ ਤਾਂ ਲਗਾਏ ਜਾ ਰਹੇ ਹਨ ਪ੍ਰੰਤੂ ਦੂਸਰੀ ਤਰਫ਼ ਨਸਵਾਰ ਦੇ ਕਾਰੋਬਾਰੀ ਲੋਕਾਂ ਨੂੰ ਟੈਕਸਾਂ ਤੋਂ ਛੋਟ ਦਿੱਤੀ ਗਈ ਹੈ। ਸਰਕਾਰ ਨੇ 1 ਅਪਰੈਲ 2005 ਨੂੰ ਪਹਿਲਾਂ ਨਸਵਾਰ ਤੇ ਸਾਢੇ 12 ਫੀਸਦੀ ਟੈਕਸ ਲਗਾ ਦਿੱਤਾ ਗਿਆ ਸੀ। ਮਗਰੋਂ 5 ਅਕਤੂਬਰ 2010 ਨੂੰ ਨੋਟੀਫਿਕੇਸ਼ਨ ਕਰਾ ਕੇ ਤਤਕਾਲੀ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਹਲਕੇ ਗਿੱਦੜਬਹਾ ਦੇ ਨਸਵਾਰ ਕਾਰੋਬਾਰੀ ਲੋਕਾਂ ਨੂੰ ਖੁਸ਼ ਕਰਨ ਦਾ ਯਤਨ ਕੀਤਾ ਸੀ। ਦੱਸਣਯੋਗ ਹੈ ਕਿ ਗਿੱਦੜਬਹਾ ਦਾ ਨਸਵਾਰ ਕਾਰੋਬਾਰ ਕਾਫ਼ੀ ਮਸ਼ਹੂਰ ਹੈ।
     

No comments:

Post a Comment