Wednesday, July 31, 2013

                                 ਸਿਆਸੀ ਲਾਹਾ
    ਢਾਈ ਕਰੋੜ 'ਚ ਪੈਣਗੇ ਸਹੁੰ ਚੁੱਕ ਸਮਾਗਮ
                                ਚਰਨਜੀਤ ਭੁੱਲਰ
ਬਠਿੰਡਾ :  ਸਰਕਾਰੀ ਖ਼ਜ਼ਾਨੇ ਨੂੰ ਪੰਚਾਂ ਸਰਪੰਚਾਂ ਦੀ ਸਹੁੰ ਚੁੱਕਣੀ ਕਰੀਬ ਢਾਈ ਕਰੋੜ ਵਿੱਚ ਪਵੇਗੀ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇਨ੍ਹਾਂ ਫੰਡਾਂ ਦਾ ਪ੍ਰਬੰਧ ਸ਼ੁਰੂ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਹਿਲੀ ਤੋਂ 10 ਅਗਸਤ ਤੱਕ ਪੰਜਾਬ ਭਰ ਦੇ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਸਹੁੰ ਚੁਕਾਉਣੀ ਹੈ। ਇਕ ਦਿਨ ਵਿੱਚ ਦੋ ਜ਼ਿਲ੍ਹਿਆਂ ਦੇ ਪੰਚਾਂ ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਅੱਧੇ ਪੰਜਾਬ ਵਿੱਚ ਮੁੱਖ ਮੰਤਰੀ ਸਹੁੰ ਚੁੱਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ, ਜਦੋਂ ਕਿ ਬਾਕੀ ਅੱਧੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਉਪ ਮੁੱਖ ਮੰਤਰੀ ਇਹ ਡਿਊਟੀ ਨਿਭਾਉਣਗੇ। ਇਸ ਤੋਂ ਪਹਿਲਾਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਲੁਧਿਆਣਾ ਵਿਖੇ ਸਹੁੰ ਚੁਕਾਈ ਗਈ ਸੀ। ਲੁਧਿਆਣਾ ਸਮਾਗਮਾਂ 'ਤੇ ਆਏ ਖਰਚ ਦਾ ਹਾਲੇ ਤਕ ਕੋਈ ਬਜਟ ਸਰਕਾਰ ਨੇ ਨਹੀਂ ਭੇਜਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਭਰ ਦੇ 13047 ਸਰਪੰਚਾਂ ਅਤੇ 81109 ਪੰਚਾਇਤ ਮੈਂਬਰਾਂ ਨੂੰ ਅਗਸਤ ਦੇ ਪਹਿਲੇ ਦਸ ਦਿਨਾਂ ਦੌਰਾਨ ਅਹੁਦੇ ਦੀ ਸਹੁੰ ਚੁਕਾਈ ਜਾਣੀ ਹੈ। ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਇਨ੍ਹਾਂ ਪੰਚਾਂ ਅਤੇ ਸਰਪੰਚਾਂ ਨੂੰ ਸਹੁੰ ਚੁੱਕ ਸਮਾਗਮਾਂ ਵਿੱਚ ਲਿਆਂਦਾ ਜਾਣਾ ਹੈ। ਸੂਤਰਾਂ ਅਨੁਸਾਰ ਇਨ੍ਹਾਂ ਸਮਾਗਮਾਂ 'ਤੇ ਕਰੀਬ ਢਾਈ ਕਰੋੜ ਰੁਪਏ ਖਰਚ ਆਉਣੇ ਹਨ।
              ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪ੍ਰਤੀ ਪੰਚ ਸਰਪੰਚ 200 ਤੋਂ 250 ਰੁਪਏ ਖਰਚ ਆਉਣ ਦਾ ਅਨੁਮਾਨ ਲਾਇਆ ਗਿਆ ਹੈ। ਇਸ ਹਿਸਾਬ ਨਾਲ ਸਹੁੰ ਚੁੱਕ ਸਮਾਗਮਾਂ ਦਾ ਬਜਟ ਤਿਆਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਫਿਲਹਾਲ ਬਿਨਾਂ ਫੰਡਾਂ ਤੋਂ ਤਿਆਰੀ ਕਰ ਰਹੇ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਵੱਲੋਂ ਜੋ ਪੱਤਰ ਜਾਰੀ ਕੀਤਾ ਗਿਆ ਹੈ, ਉਸ ਅਨੁਸਾਰ ਸਮਾਗਮਾਂ ਵਿੱਚ ਪੰਚਾਂ ਸਰਪੰਚਾਂ ਨੂੰ ਰਿਫਰੈਸ਼ਮੈਂਟ ਦਿੱਤੀ ਜਾਵੇਗੀ। ਸਮਾਗਮਾਂ ਵਿੱਚ ਕਿਸੇ ਜ਼ਿਲ੍ਹੇ ਵਿੱਚ ਨਵੇਂ ਪੰਚਾਂ ਸਰਪੰਚਾਂ ਨੂੰ ਚਾਹ ਨਾਲ ਪਕੌੜੇ ਖੁਆਏ ਜਾਣਗੇ ਅਤੇ ਕਿਸੇ ਜ਼ਿਲ੍ਹੇ ਵਿੱਚ ਡੱਬਾਬੰਦ ਲੰਚ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਪਤਾ ਲੱਗਿਆ ਹੈ ਕਿ ਜਲੇਬੀਆਂ ਬਾਰੇ ਵੀ ਮੀਟਿੰਗਾਂ ਵਿੱਚ ਵਿਚਾਰ ਚਰਚਾ ਹੋ ਰਹੀ ਹੈ। ਪੰਜਾਬ ਮੰਡੀ ਬੋਰਡ, ਨਗਰ ਨਿਗਮਾਂ ਤੇ ਨਗਰ ਕੌਂਸਲਾਂ, ਲੋਕ ਨਿਰਮਾਣ ਵਿਭਾਗ, ਖੁਰਾਕ ਤੇ ਸਪਲਾਈ ਵਿਭਾਗ ਨੂੰ ਵੀ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਪੀਣ ਵਾਲੇ ਪਾਣੀ ਦੇ ਪ੍ਰਬੰਧ ਮੰਡੀ ਬੋਰਡ ਵੱਲੋਂ ਕੀਤੇ ਜਾਣੇ ਹਨ। ਸਾਫ਼ ਸਫ਼ਾਈ ਦੇ ਪ੍ਰਬੰਧ ਨਗਰ ਨਿਗਮ ਅਤੇ ਨਗਰ ਕੌਂਸਲਾਂ ਵੱਲੋਂ ਕੀਤੇ ਜਾਣਗੇ। ਵੀ.ਵੀ.ਆਈ.ਪੀਜ਼. ਲਈ ਖਾਣ ਪੀਣ ਦੇ ਵੱਖਰੇ ਪ੍ਰਬੰਧ ਕੀਤੇ ਜਾ ਰਹੇ ਹਨ। ਹਰ ਪੰਚ ਅਤੇ ਸਰਪੰਚ ਲਈ ਇਕ ਸਹੁੰ ਚੁੱਕ ਫਾਰਮ ਛਪਾਇਆ ਗਿਆ ਹੈ। ਬਲਾਕ ਪੱਧਰ 'ਤੇ ਪੰਚਾਂ ਸਰਪੰਚਾਂ ਲਈ ਟਰਾਂਸਪੋਰਟ ਦਾ ਪ੍ਰਬੰਧ ਵੀ ਕੀਤਾ ਜਾਣਾ ਹੈ। ਇਨ੍ਹਾਂ ਸਮਾਗਮਾਂ ਵਿੱਚ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।
               ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਦੀ ਤਿਆਰੀ ਲਈ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਵੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰਾਂ ਵੱਲੋਂ ਫੰਡਾਂ ਦਾ ਮਾਮਲਾ ਉਠਾਇਆ ਗਿਆ ਸੀ, ਜਿਸ ਬਾਰੇ ਸਰਕਾਰ ਨੇ ਭਰੋਸਾ ਦਿੱਤਾ ਕਿ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਬਜਟ ਦਿੱਤਾ ਜਾਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਇਨ੍ਹਾਂ ਸਮਾਰੋਹਾਂ ਨੂੰ ਸਿਆਸੀ ਲਾਹੇ ਲਈ ਵਰਤਿਆ ਜਾ ਰਿਹਾ ਹੈ।ਬਠਿੰਡਾ ਜ਼ਿਲ੍ਹੇ ਵਿੱਚ ਸ਼ਹਿਰ ਦੀ ਦਾਣਾ ਮੰਡੀ ਵਿੱਚ ਸਹੁੰ ਚੁੱਕ ਸਮਾਗਮ ਹੋ ਰਿਹਾ ਹੈ, ਜਿਸ ਵਿੱਚ 3 ਅਗਸਤ ਨੂੰ ਮੁੱਖ ਮੰਤਰੀ ਪੁੱਜ ਰਹੇ ਹਨ। ਉਸੇ ਦਿਨ ਦੁਪਹਿਰ ਮਗਰੋਂ ਮਾਨਸਾ ਜ਼ਿਲ੍ਹੇ ਵਿੱਚ ਸਹੁੰ ਚੁੱਕ ਸਮਾਗਮ ਹੋਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਤਿੰਨ ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਵਿੱਚ 295 ਸਰਪੰਚ ਅਤੇ 2269 ਪੰਚਾਇਤ ਮੈਂਬਰ ਸਹੁੰ ਚੁੱਕਣਗੇ। ਸਮਾਗਮਾਂ ਵਿੱਚ ਪੰਚਾਂ ਸਰਪੰਚਾਂ ਦੇ ਬੈਠਣ ਲਈ ਬਲਾਕ ਵਾਈਜ ਪ੍ਰਬੰਧ ਕੀਤਾ ਗਿਆ ਹੈ। ਠੀਕ 11 ਵਜੇ ਇਹ ਸਮਾਗਮ ਸ਼ੁਰੂ ਹੋਣੇ ਹਨ। ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਦਾ ਕਹਿਣਾ ਸੀ ਕਿ ਪੰਚਾਂ ਅਤੇ ਸਰਪੰਚਾਂ ਨੂੰ ਸਰਕਾਰੀ ਤੌਰ 'ਤੇ ਸਮਾਗਮਾਂ ਦੇ ਸੁਨੇਹੇ ਲਾਏ ਜਾ ਰਹੇ ਹਨ ਅਤੇ ਉਨ੍ਹਾਂ ਲਈ ਟਰਾਂਸਪੋਰਟ ਦੇ ਵੱਖਰੇ ਪ੍ਰਬੰਧ ਨਹੀਂ ਕੀਤੇ ਜਾ ਰਹੇ। ਉਨ੍ਹਾਂ ਦੱਸਿਆ ਕਿ ਬਜਟ ਪੰਜਾਬ ਸਰਕਾਰ ਵੱਲੋਂ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਭੇਜਿਆ ਜਾ ਰਿਹਾ ਹੈ।
                                           ਵਿੱਤ ਵਿਭਾਗ ਤੋਂ ਫੰਡ ਮੰਗੇ: ਡਿਪਟੀ ਡਾਇਰੈਕਟਰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਜਸਪਾਲ ਸਿੰਘ ਦਾ ਕਹਿਣਾ ਸੀ ਕਿ ਮਹਿਕਮੇ ਨੇ ਵਿੱਤ ਵਿਭਾਗ ਤੋਂ ਫੰਡਾਂ ਦੀ ਮੰਗ ਕੀਤੀ ਹੈ। ਇਸ ਬਾਰੇ ਕੇਸ ਵਿੱਤ ਵਿਭਾਗ ਕੋਲ ਭੇਜਿਆ ਗਿਆ ਹੈ, ਜਿਸ ਬਾਰੇ ਹਾਲੇ ਕੋਈ ਜੁਆਬ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਪ੍ਰਤੀ ਵਿਅਕਤੀ 200 ਤੋਂ 250 ਰੁਪਏ ਦਾ ਬਜਟ ਦੇਣ ਦੀ ਤਜਵੀਜ਼ ਹੈ। ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਦੀ ਪ੍ਰਵਾਨਗੀ ਮਗਰੋਂ ਹੀ ਯਕੀਨੀ ਤੌਰ 'ਤੇ ਫੰਡ ਦੇਣ ਬਾਰੇ ਕੁਝ ਆਖਿਆ ਜਾ ਸਕਦਾ ਹੈ।
                                              ਨਵੇਂ ਸਰਪੰਚਾਂ ਨੂੰ ਸਹੁੰ ਚੁੱਕਣ ਦਾ ਗੋਡੇ-ਗੋਡੇ ਚਾਅ
ਬਠਿੰਡਾ ਪੱਟੀ ਦੇ ਨਵੇਂ ਬਣੇ ਸਰਪੰਚਾਂ ਨੂੰ ਸਹੁੰ ਚੁੱਕਣ ਦਾ ਗੋਡੇ-ਗੋਡੇ ਚਾਅ ਹੈ। ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਵਲੋਂ ਇਨ੍ਹਾਂ ਸਰਪੰਚਾਂ ਅਤੇ ਪੰਚਾਂ ਨੂੰ 3 ਅਗਸਤ ਨੂੰ ਸਹੁੰ ਚੁਕਾਈ ਜਾਣੀ ਹੈ। ਇਹ ਨਵੇਂ ਸਰਪੰਚ ਕਈ ਦਿਨਾਂ ਤੋਂ ਸਹੁੰ ਚੁੱਕ ਸਮਾਗਮਾਂ ਵਿੱਚ ਜਾਣ ਦੀ ਤਿਆਰੀ ਕਰ ਰਹੇ ਹਨ। ਕੋਈ ਸਰਪੰਚ ਨਵੇਂ ਕੱਪੜੇ ਸੁਆ ਰਿਹਾ ਹੈ ਅਤੇ ਕੋਈ ਸਹੁੰ ਚੁੱਕਣ ਤੋਂ ਪਹਿਲਾਂ ਗੁਰੂਘਰ ਵਿੱਚ ਅਰਦਾਸ ਕਰਕੇ ਜਾਣ ਦੀ ਤਿਆਰੀ ਕਰ ਰਹੇ ਹਨ। ਜੋ ਮਹਿਲਾ ਸਰਪੰਚ ਹਨ,ਉਨ੍ਹਾਂ ਦੇ ਪਤੀ ਵੀ ਤਿਆਰੀ ਵਿੱਚ ਜੁੱਟੇ ਹੋਏ ਹਨ। ਨਵੇਂ ਸਰਪੰਚਾਂ ਨੇ ਇਸ ਚਾਅ ਵਿੱਚ ਆਪਣੀਆਂ ਕਾਰਾਂ ਤੇ 'ਸਰਪੰਚ' ਵੀ ਲਿਖ ਲਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁਲਾਜ਼ਮ ਇਨ੍ਹਾਂ ਨੂੰ ਸਹੁੰ ਚੁੱਕ ਫਾਰਮ ਭਰਵਾ ਰਹੇ ਹਨ। ਨਵੀਆਂ ਮਹਿਲਾ ਸਰਪੰਚਾਂ ਨੂੰ ਤਾਂ ਮੁੱਖ ਮੰਤਰੀ ਨੂੰ ਦੇਖਣ ਦਾ ਚਾਅ ਜ਼ਿਆਦਾ ਹੈ। ਪਿੰਡ ਰਾਜਗੜ੍ਹ ਖੁਰਦ ਦਾ ਨਵਾਂ ਸਰਪੰਚ ਸਤਨਾਮ ਸਿੰਘ ਪਹਿਲਾਂ ਪੰਚਾਇਤ ਮੈਂਬਰ ਸੀ ਤੇ ਐਤਕੀ ਸਰਪੰਚ ਬਣ ਗਿਆ ਹੈ। ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਗੱਡੀ ਤੇ ਪਹਿਲਾਂ 'ਪੰਚ' ਲਿਖਿਆ ਹੋਇਆ ਸੀ ਅਤੇ ਹੁਣ ਪੰਚ ਅੱਗੇ ਛੱਡੀ ਖਾਲੀ ਥਾਂ ਵਿੱਚ 'ਸਰ' ਲਿਖ ਦਿੱਤਾ ਜੋ ਕਿ ਸਰਪੰਚ ਬਣ ਗਿਆ ਹੈ। ਉਸ ਨੇ ਦੱਸਿਆ ਕਿ ਸਰਪੰਚ ਬਣਨ ਦੀ ਸੱਧਰ ਉਸ ਦੇ ਮਨ ਵਿੱਚ ਸੀ। ਉਸ ਨੇ ਦੱਸਿਆ ਕਿ ਨਵੇਂ ਕੱਪੜੇ ਸੁਆ ਲਏ ਹਨ।
             ਪਿੰਡ ਦੁੱਲੇਵਾਲਾ ਦੀ ਨਵੀਂ ਸਰਪੰਚ ਕਰਮਜੀਤ ਕੌਰ ਨੇ ਵੀ ਸਮਾਗਮਾਂ ਲਈ ਤਿਆਰੀ ਖਿੱਚ ਲਈ ਹੈ। ਉਸ ਦਾ ਕਹਿਣਾ ਸੀ ਕਿ ਦੋ ਢਾਈ ਦਹਾਕੇ ਪਹਿਲਾਂ ਉਸ ਦਾ ਸਹੁਰਾ ਸਰਪੰਚ ਸੀ। ਕਾਫੀ ਲੰਮੇ ਸਮੇਂ ਮਗਰੋਂ ਘਰ ਵਿੱਚ ਸਰਪੰਚੀ ਆਈ ਹੈ ਜਿਸ ਕਰਕੇ ਚਾਅ ਦੁੱਗਣਾ ਹੈ। ਪਿੰਡ ਰਾਜਗੜ੍ਹ ਦੀ ਮਹਿਲਾ ਸਰਪੰਚ ਕਿਰਨਜੀਤ ਕੌਰ ਤੇ ਉਸ ਦਾ ਪਤੀ ਕਮਲਜੀਤ ਸਿੰਘ ਵੀ ਆਪਣੀ ਪਤਨੀ ਦੇ ਨਾਲ ਸਮਾਗਮਾਂ ਦੀ ਤਿਆਰੀ ਕਰ ਰਿਹਾ ਹੈ। ਇਲਾਕੇ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੇ ਸਮਾਗਮਾਂ ਲਈ ਗੱਡੀਆਂ ਵੀ ਬੁੱਕ ਕਰ ਲਈਆਂ ਹਨ। ਪਿੰਡ ਮਹਿਮਾ ਸਵਾਈ ਦੇ ਨਵੇਂ ਸਰਪੰਚ ਨੇ ਵੀ ਆਪਣੀ ਆਲਟੋ ਗੱਡੀ ਤੇ ਸਰਪੰਚ ਲਿਖ ਲਿਆ ਹੈ। ਪਿੰਡ ਧਿੰਗੜ ਦੇ ਨਵੇਂ ਸਰਪੰਚ ਹਰਬੰਸ ਸਿੰਘ ਨੇ ਆਪਣੀ ਬਲੈਰੋ ਗੱਡੀ ਅਤੇ ਜਿਪਸੀ ਦੇ ਅੱਗੇ ਸਰਪੰਚ ਲਿਖ ਲਿਆ ਹੈ।ਪਿੰਡ ਢੱਡੇ ਦੇ ਨਵੇਂ ਸਰਪੰਚ ਗੁਰਮੀਤ ਸਿੰਘ ਦਾ ਕਹਿਣਾ ਸੀ ਕਿ ਉਹ ਸਹੁੰ ਚੁੱਕਣ ਸਮਾਗਮਾਂ ਵਿੱਚ ਜਾਣ ਤੋਂ ਪਹਿਲਾਂ ਪਿੰਡ ਦੇ ਗੁਰੂਘਰ ਅਤੇ ਪਿੰਡ ਵਿੱਚ ਬਣੀਆਂ ਸਮਾਧਾਂ 'ਤੇ ਮੱਥਾ ਟੇਕੇਗਾ। ਉਸ ਮਗਰੋਂ ਮਾਤਾ-ਪਿਤਾ ਦਾ ਅਸ਼ੀਰਵਾਦ ਲਵਾਂਗਾ। ਉਸ ਦਾ ਕਹਿਣਾ ਸੀ ਕਿ ਉਸ ਨੇ ਕੁਝ ਦਿਨ ਪਹਿਲਾਂ ਹੀ ਕੁੜਤੇ ਪਜ਼ਾਮੇ ਸੁਆ ਲਏ ਸਨ। ਦੱਸਣਯੋਗ ਹੈ ਕਿ ਜਿਨ੍ਹਾਂ ਪਿੰਡਾਂ ਵਿੱਚ ਮੁਕਾਬਲਾ ਸਖਤ ਰਿਹਾ ਹੈ,ਉਥੋਂ ਦੇ ਸਰਪੰਚ ਜ਼ਿਆਦਾ ਤਿਆਰੀ ਖਿੱਚ ਰਹੇ ਹਨ।
             ਪਤਾ ਲੱਗਾ ਹੈ ਕਿ ਕਈ ਸਰਪੰਚ ਤਾਂ ਆਪਣੇ ਬੱਚਿਆਂ ਨੂੰ ਵੀ ਸਮਾਗਮਾਂ ਵਿੱਚ ਆਪਣੇ ਨਾਲ ਲਿਆ ਰਹੇ ਹਨ। ਮਹਿਲਾ ਸਰਪੰਚਾਂ ਦੇ ਨਾਲ ਉਨ੍ਹਾਂ ਦੇ ਪਤੀ ਜਾਂ ਲੜਕੇ ਆਉਣਗੇ। ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਗੋਨਿਆਣਾ ਨੇ ਦੱਸਿਆ ਕਿ ਨਵੇਂ ਨੌਜਵਾਨ ਸਰਪੰਚਾਂ ਨੂੰ ਸਹੁੰ ਚੁੱਕਣ ਦਾ ਪੂਰਾ ਚਾਅ ਹੈ ਅਤੇ ਉਹ ਆਪਣੇ ਪਰਿਵਾਰਾਂ ਸਮੇਤ ਸਮਾਗਮਾਂ ਵਿੱਚ ਪੁੱਜਣ ਦੀ ਤਿਆਰੀ ਕਰ ਰਹੇ ਹਨ। ਦੂਸਰੀ ਤਰਫ ਜੋ ਕਾਂਗਰਸੀ ਪੰਚ ਸਰਪੰਚ ਹਨ,ਉਹ ਸਹੁੰ ਚੁੱਕਣ ਤਾਂ ਪੁੱਜ ਰਹੇ ਹਨ ਪਰ ਉਨ੍ਹਾਂ ਵਿੱਚ ਸਮਾਗਮਾਂ ਦਾ ਜੋਸ਼ ਹੋਣ ਦੀ ਥਾਂ ਸਰਪੰਚੀ ਦਾ ਹੀ ਜੋਸ਼ ਹੈ। ਇਨ੍ਹਾਂ ਸਮਾਗਮਾਂ ਲਈ ਕਾਂਗਰਸੀ ਵਿਧਾਇਕਾਂ ਨੂੰ ਵੀ ਸੱਦਾ ਪੱਤਰ ਭੇਜੇ ਜਾ ਰਹੇ ਹਨ ਪ੍ਰੰਤੂ ਉਨ੍ਹਾਂ ਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬਹੁਤ ਘੱਟ ਸੰਭਾਵਨਾ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਰਜਿੰਦਰ ਬੱਤਰਾ ਦਾ ਕਹਿਣਾ ਸੀ ਕਿ ਉਹ ਸਾਰੇ ਸਰਪੰਚਾਂ ਨੂੰ ਸੱਦਾ ਪੱਤਰ ਭੇਜ ਰਹੇ ਹਨ। ਜਾਣਕਾਰੀ ਅਨੁਸਾਰ ਸਹੁੰ ਚੁੱਕਣ ਵਾਸਤੇ ਲਿਖਤੀ ਫਾਰਮ ਦਿੱਤਾ ਜਾਣਾ ਹੈ। ਜੋ ਅਨਪੜ੍ਹ ਪੰਚ ਸਰਪੰਚ ਹਨ ਉਹ ਤਾਂ ਸਿਰਫ ਮੁੱਖ ਮੰਤਰੀ ਨੂੰ ਸੁਣ ਕੇ ਉਨ੍ਹਾਂ ਦੇ ਪਿਛੇ-ਪਿਛੇ ਬੋਲ ਹੀ ਸਕਣਗੇ।

No comments:

Post a Comment