Sunday, October 13, 2013

                                   ਸਰਕਾਰੀ ਰਗੜਾ
             ਕਾਰ ਡੀਲਰ ਨੂੰ 25 ਕਰੋੜ ਦਾ ਤੋਹਫਾ
                                    ਚਰਨਜੀਤ ਭੁੱਲਰ
ਬਠਿੰਡਾ : ਕਰ ਅਤੇ ਆਬਕਾਰੀ ਵਿਭਾਗ ਨੇ ਕਰੋੜਾਂ ਦੀ ਟੈਕਸ ਚੋਰੀ ਕਰਨ ਵਾਲੇ ਕਾਰ ਡੀਲਰ ਨੂੰ ਕਰੋੜਾਂ ਦੇ ਜੁਰਮਾਨੇ ਤੋਂ ਬਚਾਅ ਦਿੱਤਾ ਹੈ। ਬਠਿੰਡਾ ਦੇ ਮਹਿਤਾ ਮੋਟਰਜ਼ ਦੇ ਮਾਲਕਾਂ ਦੀ ਉਪਰ ਤੱਕ ਸਿਆਸੀ ਪਹੁੰਚ ਹੈ, ਜਿਸ ਕਾਰਨ ਇਸ ਕਾਰ ਡੀਲਰ ਨੂੰ ਕਰੋੜਾਂ ਰੁਪਏ ਦੇ ਜੁਰਮਾਨੇ ਤੋਂ ਰਾਹਤ ਮਿਲ ਗਈ ਹੈ। ਕਰ ਅਤੇ ਆਬਕਾਰੀ ਕਮਿਸ਼ਨਰ ਅਨੁਰਾਗ ਵਰਮਾ ਨੇ 15 ਮਈ 2013 ਨੂੰ ਮਹਿਤਾ ਮੋਟਰਜ਼ ਵੱਲੋਂ 15 ਕਰੋੜ ਰੁਪਏ ਦੀ ਟੈਕਸ ਚੋਰੀ ਕਰਨ ਦਾ ਖੁਲਾਸਾ ਕੀਤਾ ਸੀ। ਉਨ੍ਹਾਂ ਸਾਫ਼ ਆਖਿਆ ਸੀ ਕਿ ਫਰਮ ਨੂੰ ਟੈਕਸ ਚੋਰੀ ਤੋਂ ਦੁੱਗਣਾ ਜੁਰਮਾਨਾ ਪਾਇਆ ਜਾਵੇਗਾ ਅਤੇ ਪੁਲੀਸ ਕੇਸ ਵੀ ਦਰਜ ਕਰਾਉਣ ਦੀ ਗੱਲ ਕੀਤੀ ਗਈ ਸੀ। ਕਰ ਅਤੇ ਆਬਕਾਰੀ ਵਿਭਾਗ ਬਠਿੰਡਾ ਨੇ ਆਰ.ਟੀ.ਆਈ. ਤਹਿਤ ਦਿੱਤੀ ਸੂਚਨਾ ਵਿੱਚ ਦੱਸਿਆ ਹੈ ਕਿ ਮਹਿਤਾ ਮੋਟਰਜ਼ ਬਠਿੰਡਾ ਨੇ ਸਾਲ 2012-13 ਦੌਰਾਨ 12.50 ਕਰੋੜ ਰੁਪਏ ਟੈਕਸ ਜਮ੍ਹਾਂ ਕਰਵਾਇਆ ਹੈ, ਜੋ ਉਸ ਨੇ ਪਹਿਲਾਂ ਜਮ੍ਹਾਂ ਨਹੀਂ ਕਰਵਾਇਆ ਸੀ। ਕਰ ਅਤੇ ਆਬਕਾਰੀ ਵਿਭਾਗ ਪੰਜਾਬ ਨੇ 15 ਮਈ 2013 ਨੂੰ ਖੁਲਾਸਾ ਕੀਤਾ ਸੀ ਕਿ ਮਹਿਤਾ ਮੋਟਰਜ਼ ਵੱਲੋਂ 1 ਅਪਰੈਲ 2009 ਤੋਂ 30 ਸਤੰਬਰ 2012 ਤੱਕ 175 ਕਰੋੜ ਰੁਪਏ ਦੀਆਂ ਕਾਰਾਂ ਦੀ ਖਰੀਦ ਕੀਤੀ, ਜਦੋਂ ਕਿ ਉਸ ਨੇ ਕਾਗ਼ਜ਼ਾਂ ਵਿੱਚ ਖਰੀਦ 57 ਕਰੋੜ ਰੁਪਏ ਦੀ ਦਿਖਾਈ ਹੈ। ਕਮਿਸ਼ਨਰ ਦਾ ਕਹਿਣਾ ਸੀ ਕਿ ਮਹਿਤਾ ਮੋਟਰਜ਼ ਵੱਲੋਂ 118 ਕਰੋੜ ਰੁਪਏ ਦੀ ਖਰੀਦ ਛੁਪਾਈ ਗਈ ਹੈ।
                  ਜਦੋਂ ਕਰ ਅਤੇ ਆਬਕਾਰੀ ਮਹਿਕਮੇ ਨੇ ਕਾਰ ਕੰਪਨੀ ਤੋਂ ਕਾਰ ਡੀਲਰਾਂ ਵੱਲੋਂ ਖਰੀਦੀਆਂ ਕਾਰਾਂ ਦਾ ਪੂਰਾ ਵੇਰਵਾ ਲੈ ਲਿਆ ਤਾਂ ਉਸ ਵਿੱਚ ਇਹ ਟੈਕਸ ਚੋਰੀ ਸਾਹਮਣੇ ਆਈ। ਮਹਿਤਾ ਮੋਟਰਜ਼ ਨੇ ਉਦੋਂ ਹੀ ਸਮੇਤ ਵਿਆਜ ਟੈਕਸ ਚੋਰੀ ਵਾਲੀ ਰਕਮ 12.50 ਕਰੋੜ ਰੁਪਏ ਮਹਿਕਮੇ ਕੋਲ ਜਮ੍ਹਾਂ ਕਰਾ ਦਿੱਤੀ। ਮਹਿਕਮੇ ਵੱਲੋਂ ਇਸ ਕਾਰ ਡੀਲਰ ਦੀ ਅਸੈਸਮੈਂਟ ਹਾਲੇ ਤੱਕ ਮੁਕੰਮਲ ਨਹੀਂ ਕੀਤੀ ਗਈ। ਦੱਸਣਯੋਗ ਹੈ ਕਿ ਇਸ ਕਾਰ ਡੀਲਰ ਦੀ ਹਾਕਮ ਧਿਰ ਨਾਲ ਨੇੜਤਾ ਹੈ ਅਤੇ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਕੋਲ ਵੀ ਅਬਕਾਰੀ ਮਹਿਕਮਾ ਹੀ ਹੈ। ਪੰਜਾਬ ਸਰਕਾਰ ਦੀ ਅਸੈਸਮੈਂਟ ਵਿੱਚ ਹੁਣ ਕੁਝ ਵੀ ਨਿਕਲੇ, ਇਹ ਕਾਰ ਡੀਲਰ ਕਰੀਬ 25 ਕਰੋੜ ਰੁਪਏ ਦੇ ਜੁਰਮਾਨੇ ਤੋਂ ਬਚ ਗਿਆ ਹੈ। ਮਹਿਤਾ ਮੋਟਰਜ਼ ਦੇ ਮਾਲਕ ਅਮਰਜੀਤ ਸਿੰਘ ਮਹਿਤਾ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਤਾਂ ਸਵੈ ਇੱਛੁਕ ਰੂਪ ਵਿੱਚ 12.50 ਕਰੋੜ ਰੁਪਏ ਦਾ ਟੈਕਸ ਜਮ੍ਹਾਂ ਕਰਾ ਦਿੱਤਾ ਸੀ, ਜਿਸ ਕਰ ਕੇ ਨਿਯਮਾਂ ਅਨੁਸਾਰ ਕੋਈ ਜੁਰਮਾਨਾ ਨਹੀਂ ਬਣਦਾ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਤਾਂ ਅਸੈਸਮੈਂਟ ਤੋਂ ਪਹਿਲਾਂ ਹੀ ਟੈਕਸਾਂ ਦੀ ਰਾਸ਼ੀ ਭਰ ਦਿੱਤੀ ਸੀ ਅਤੇ ਮਹਿਕਮੇ ਵੱਲੋਂ ਤਾਂ ਕੋਈ ਨੋਟਿਸ ਵੀ ਉਸ ਸਮੇਂ ਤੱਕ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਕਰ ਅਤੇ ਆਬਕਾਰੀ ਮਹਿਕਮੇ ਵੱਲੋਂ ਸਾਲ 2012-13 ਵਿੱਚ ਟੈਕਸ ਚੋਰੀ ਕਰਨ ਵਾਲੇ ਲੋਕਾਂ 'ਤੇ ਕਰੀਬ 10 ਪੁਲੀਸ ਕੇਸ ਦਰਜ ਕਰਾਏ ਗਏ ਸਨ। 
                 ਸਰਕਾਰੀ ਸੂਚਨਾ ਅਨੁਸਾਰ ਮਹਿਕਮੇ ਵੱਲੋਂ 21 ਜੂਨ 2012 ਨੂੰ ਬਠਿੰਡਾ ਦੇ ਮੈਸਰਜ਼ ਰਾਜਾ ਮੋਟਰਜ਼ ਦੀ ਇੰਸਪੈਕਸ਼ਨ ਵੀ ਕੀਤੀ ਗਈ ਸੀ, ਜਿਸ ਵਿੱਚ ਮਹਿਕਮੇ ਵੱਲੋਂ 6.01 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਸੀ। ਇਸ ਤੋਂ ਬਿਨਾਂ 17.25 ਲੱਖ ਰੁਪਏ ਟੈਕਸ ਬਣਾਇਆ ਗਿਆ ਸੀ। ਮਹਿਤਾ ਮੋਟਰਜ਼ ਦੇ ਮਾਮਲੇ ਵਿੱਚ ਕੋਈ ਜੁਰਮਾਨਾ ਨਹੀਂ ਲਾਇਆ ਗਿਆ। ਪੁਲੀਸ ਕੇਸ ਦਰਜ ਕਰਾਉਣਾ ਤਾਂ ਦੂਰ ਦੀ ਗੱਲ। ਸਹਾਇਕ ਕਰ ਅਤੇ ਆਬਕਾਰੀ ਅਫਸਰ ਬਠਿੰਡਾ ਜੀ.ਐਸ. ਟਿਵਾਣਾ, ਜੋ ਇਸ ਕਾਰ ਡੀਲਰ ਦੀ ਅਸੈਸਮੈਂਟ ਕਰ ਰਹੇ ਹਨ, ਦਾ ਕਹਿਣਾ ਸੀ ਕਿ ਅਸੈਸਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿਤਾ ਮੋਟਰਜ਼ ਨੇ ਟੈਕਸ ਚੋਰੀ ਵਾਲੀ ਸਾਰੀ ਰਾਸ਼ੀ ਵਿਆਜ ਸਮੇਤ ਭਰ ਦਿੱਤੀ ਸੀ, ਜਿਸ ਕਰ ਕੇ ਹੁਣ ਮਹਿਤਾ ਮੋਟਰਜ਼ ਨੂੰ ਕੋਈ ਜੁਰਮਾਨਾ ਨਹੀਂ ਲੱਗੇਗਾ। ਉਨ੍ਹਾਂ ਆਖਿਆ ਕਿ ਜੇ ਅਸੈਸਮੈਂਟ ਮਗਰੋਂ ਟੈਕਸ ਭਰਿਆ ਜਾਂਦਾ ਤਾਂ ਦੁੱਗਣਾ ਜੁਰਮਾਨਾ ਲਾਇਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਫਰਮ ਦੀ ਅਸੈਸਮੈਂਟ ਦਾ ਕੰਮ 20 ਨਵੰਬਰ ਤੱਕ ਮੁਕੰਮਲ ਕਰਨਾ ਹੈ ਪਰ ਉਹ ਪਹਿਲਾਂ ਹੀ ਮੁਕੰਮਲ ਕਰ ਲੈਣਗੇ।

No comments:

Post a Comment