Thursday, November 13, 2014

                                                                            ਕੈਂਪ ਦਫਤਰ
                                        ਡਿਪਟੀ ਕਮਿਸ਼ਨਰਾਂ ਨੇ ਕੱਢੀ ਖਜ਼ਾਨੇ ਦੀ ਰੜ੍ਹਕ
                                                               ਚਰਨਜੀਤ ਭੁੱਲਰ
ਬਠਿੰਡਾ : ਪੰਜਾਬ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਕਪਤਾਨਾਂ ਨੇ ਆਪਣੀ ਸਹੂਲਤ ਖਾਤਰ ਕੈਂਪ ਦਫਤਰਾਂ 'ਤੇ ਲੱਖਾਂ ਰੁਪਏ ਖਰਚ ਦਿੱਤੇ ਹਨ। ਪਹਿਲਾਂ ਕੈਂਪ ਦਫਤਰਾਂ ਦਾ ਮਾਲੀ ਬੋਝ ਰੈੱਡ ਕਰਾਸ 'ਤੇ ਪੈਂਦਾ ਸੀ ਪਰ ਹੁਣ ਸਰਕਾਰੀ ਖਜ਼ਾਨੇ ਨੂੰ ਖਰਚਾ ਝੱਲਣਾ ਪੈ ਰਿਹਾ ਹੈ। ਹਰ ਕੈਂਪ ਦਫਤਰ ਵਿਚ ਦੋ ਤੋਂ ਲੈ ਕੇ ਚਾਰ ਸਰਕਾਰੀ ਮੁਲਾਜ਼ਮ (ਦਰਜਾ ਚਾਰ) ਪੱਕੇ ਤਾਇਨਾਤ ਕੀਤੇ ਹੋਏ ਹਨ।  ਕੈਂਪ ਦਫਤਰਾਂ ਵਿਚ ਹਰ ਸੁੱਖ-ਸੁਵਿਧਾ ਵੀ ਮੌਜੂਦ ਹੈ। ਮੁੱਖ ਮੰਤਰੀ  ਨੇ ਹੁਣ ਇਨ੍ਹਾਂ ਅਫਸਰਾਂ ਨੂੰ ਆਪਣੇ ਘਰਾਂ ਵਿਚ ਬਣਾਏ ਦਫਤਰਾਂ ਦੀ ਥਾਂ ਸਰਕਾਰੀ ਦਫਤਰਾਂ ਬੈਠਣ ਦੀ ਹਦਾਇਤ ਕੀਤੀ ਹੈ। ਆਰ.ਟੀ.ਆਈ. ਤਹਿਤ ਪ੍ਰਾਪਤ ਸੂਚਨਾ ਅਨੁਸਾਰ ਫਾਜ਼ਿਲਕਾ ਦੇ ਜ਼ਿਲ੍ਹਾ ਪੁਲੀਸ ਮੁਖੀ ਨੇ ਆਪਣੇ ਕੈਂਪ ਦਫਤਰ ਉਤੇ ਅਕਤੂਬਰ 2011 ਤੋਂ ਮਾਰਚ 2012 ਦੌਰਾਨ ਕਰੀਬ ਛੇ ਲੱਖ ਰੁਪਏ ਫਰਨੀਚਰ ਅਤੇ ਹੋਰ ਘਰੇਲੂ ਸਾਮਾਨ 'ਤੇ ਖਰਚ ਦਿੱਤੇ। ਉਨ੍ਹਾਂ ਨੇ ਸਰਕਾਰੀ ਦਫਤਰ ਲਈ 1.14 ਲੱਖ ਦਾ ਫਰਨੀਚਰ ਆਦਿ ਖਰੀਦਿਆ, ਜਿਸ ਵਿਚ ਗੁਰੂਆਂ ਦੇ ਸਰੂਪ ਅਤੇ ਇੱਕ ਡਾਈਨਿੰਗ ਟੇਬਲ ਵੀ ਸ਼ਾਮਲ ਹੈ। ਇਸ ਐਸ.ਐਸ.ਪੀ. ਨੇ ਆਪਣੇ ਇੱਕ ਕਮਰੇ ਦੇ ਕੈਂਪ ਦਫਤਰ ਲਈ ਦੋ ਡਬਲ ਬੈੱਡ, ਦੋ ਮੇਜ਼, ਛੇ ਛੋਟੇ ਟੇਬਲ,ਦੋ ਬੈਡ ਸੈੱਟ ਟੇਬਲ, ਡਾਈਨਿੰਗ ਟੇਬਲ, ਅੱਠ ਕੁਰਸੀਆਂ,ਤਿੰਨ ਸੋਫਾ ਸੈੱਟ, ਦੋ ਫਰਿੱਜ,ਇੱਕ ਟੀ.ਵੀ,ਇੱਕ ਐਲ.ਸੀ.ਡੀ., ਚਾਰ ਰੂਮ ਹੀਟਰ, 51 ਪਰਦੇ, ਗੁਰੂਆਂ ਦੇ ਛੇ ਸਰੂਪ, ਇੱਕ ਸੈਂਟਰ ਟੇਬਲ,ਇੱਕ ਵੱਡੀ ਕੁਰਸੀ,10 ਪਬਲਿਕ ਚੇਅਰ,ਚਾਰ ਗੱਦੇ ਅਤੇ ਦੋ ਸੈੱਟ ਗੱਦਿਆਂ ਦੇ ਕਵਰ ਖਰੀਦੇ ਗਏ।
                     ਮੁਕਤਸਰ ਦੇ ਐਸ.ਐਸ.ਪੀ. ਨੇ ਪਿਛਲੇ ਸਮੇਂ ਦੌਰਾਨ ਕੈਂਪ ਦਫਤਰ ਲਈ 10 ਹਜ਼ਾਰ ਰੁਪਏ ਦੀ ਰਿਵੌਲਵਿੰਗ ਕੁਰਸੀ, 9900 ਰੁਪਏ ਦਾ ਟੇਬਲ ਸ਼ੀਸ਼ਾ, 30 ਹਜ਼ਾਰ ਦੇ ਤਿੰਨ ਸੋਫਾ ਸੈੱਟ,10 ਹਜ਼ਾਰ ਦਾ ਡਬਲ ਬੈੱਡ,15 ਹਜ਼ਾਰ ਦੇ ਦੋ ਟੀ.ਵੀ ਸੈੱਟਾਂ ਤੋਂ ਇਲਾਵਾ ਇੱਕ ਫਰਿੱਜ ਵੀ ਖਰੀਦਿਆ। ਇਸੇ ਤਰ੍ਹਾਂ ਐਸ.ਐਸ.ਪੀ ਬਠਿੰਡਾ ਦੇ ਕੈਂਪ ਦਫਤਰ ਵਾਸਤੇ ਸਪਲਿਟ ਏ.ਸੀ, ਵੀਡੀਓਕੋਨ ਫਰਿੱਜ, ਇੱਕ ਬੌਕਸ ਬੈੱਡ,ਦੋ ਸੋਫਾ ਸੈੱਟ, ਗੱਦੇ ਵਾਲੀਆਂ ਅੱਠ ਕੁਰਸੀਆਂ, ਦੋ ਰਿਵੌਲਵਿੰਗ ਕੁਰਸੀਆਂ ਅਤੇ ਤਿੰਨ ਕੌਰਡਲੈੱਸ ਫੋਨ ਆਦਿ ਖਰੀਦੇ ਗਏ। ਐਸ.ਐਸ.ਪੀ. ਮੋਗਾ ਦੇ ਕੈਂਪ ਦਫਤਰ ਵਾਸਤੇ  ਏ.ਸੀ. 'ਤੇ 16 ਹਜ਼ਾਰ, ਪਰਦਿਆਂ ਉਤੇ 8400 ਰੁਪਏ, ਰਿਵੌਲਵਿੰਗ ਕੁਰਸੀ 'ਤੇ 4900 ਰੁਪਏ,ਦਫਤਰੀ ਮੇਜ਼ 'ਤੇ 9400 ਰੁਪਏ, ਗੱਦੇ ਵਾਲੀਆਂ ਕੁਰਸੀਆਂ 'ਤੇ 6780 ਰੁਪਏ ਅਤੇ ਰੂਮ ਹੀਟਰ 'ਤੇ 3500 ਰੁਪਏ ਖਰਚ ਕੀਤੇ ਗਏ।ਐਸ.ਐਸ.ਪੀ ਹੁਸ਼ਿਆਰਪੁਰ ਦੇ ਕੈਂਪ ਦਫਤਰ ਲਈ ਸੋਫਾ ਸੈੱਟ ਅਤੇ ਗੱਦੀਦਾਰ ਕੁਰਸੀਆਂ ਖਰੀਦੀਆਂ ਗਈਆਂ ਹਨ। ਇਵੇਂ ਹੀ ਬਾਕੀ ਪੁਲੀਸ ਅਫਸਰਾਂ ਨੇ ਆਪੋ ਆਪਣੇ ਜ਼ਿਲ੍ਹੇ ਵਿੱਚ ਇਸੇ ਤਰਜ਼ 'ਤੇ ਆਪਣੇ ਕੈਂਪ ਦਫਤਰ ਚਮਕਾਏ। ਡਿਪਟੀ ਕਮਿਸ਼ਨਰਾਂ ਦੇ ਕੈਂਪ ਦਫਤਰ ਇਸ ਤੋਂ ਵੀ ਅੱਗੇ ਰਹੇ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਕੈਂਪ ਦਫਤਰ ਲਈ ਖਰੀਦੇ ਸਾਮਾਨ 'ਤੇ ਲੰਘੇ ਦਸ ਵਰ੍ਹਿਆਂ ਵਿੱਚ 11.55 ਲੱਖ ਰੁਪਏ ਖਰਚ ਹੋਏ ਹਨ। ਛੋਟੇ ਜਿਹੇ ਕੈਂਪ ਦਫਤਰ ਲਈ 55,818 ਰੁਪਏ ਦੇ ਝਾੜੂ,ਤੇਜ਼ਾਬ ਤੇ ਫਿਨਾਇਲ ਦੀ ਖਰੀਦ ਕੀਤੀ ਗਈ। ਚਾਰ ਵਾਰ ਕੌਰਡਲੈੱਸ ਫੋਨ ਖਰੀਦਿਆ ਗਿਆ। ਕੈਂਪ ਦਫਤਰ ਦਾ ਬਿਜਲੀ ਬਿੱਲ 4.61 ਲੱਖ, ਟੈਲੀਫੋਨ ਬਿੱਲ 3.61 ਲੱਖ ਰੁਪਏ ਅਤੇ ਰਿਫਰੈਸ਼ਮੈਂਟ ਦਾ ਖਰਚਾ ਕਰੀਬ 60 ਹਜ਼ਾਰ ਰੁਪਏ ਰਿਹਾ ਹੈ।  11420 ਰੁਪਏ ਦੀ ਕਰਾਕਰੀ ਖਰੀਦੀ ਗਈ। ਇਵੇਂ ਹੀ ਜੈਨਰੇਟਰ 'ਤੇ 45 ਹਜ਼ਾਰ ਤੇ ਵਾਟਰ ਸਪਲਾਈ ਦੀ ਮੁਰੰਮਤ 'ਤੇ 25931 ਰੁਪਏ ਖਰਚ ਕੀਤੇ ਗਏ ਹਨ।
                      ਬਰਨਾਲਾ ਦੇ ਡੀ.ਸੀ. ਦੇ ਕੈਂਪ ਦਫਤਰ ਲਈ 2007 ਤੋਂ ਮਈ 2014 ਤੱਕ 1.77 ਲੱਖ ਦਾ ਸਾਮਾਨ ਖਰਰਦਿਆ ਗਿਆ ਹੈ। 45 ਵਾਰ ਤਾਂ ਇਸ ਕੈਂਪ ਦਫਤਰ ਲਈ ਸਫਾਈ ਆਦਿ ਦਾ ਸਾਮਾਨ ਖਰੀਦਿਆ ਗਿਆ, ਜਿਸ ਦੇ ਬਿੱਲਾਂ ਦਾ ਜੋੜ 56 ਹਜ਼ਾਰ ਰੁਪਏ ਬਣਦਾ ਹੈ।  2013 ਵਿੱਚ ਖਰੀਦੇ 9 ਹਜ਼ਾਰ ਰੁਪਏ ਦੇ ਏ.ਸੀ. ਦੇ ਯੂ.ਪੀ.ਐਸ. ਤੋਂ ਇਲਾਵਾ ਫਰਿੱਜ, ਫੈਕਸ ਮਸ਼ੀਨ, ਇਨਵਰਟਰ ਆਦਿ 'ਤੇ ਵੀ ਸਰਕਾਰੀ ਪੈਸਾ ਖਰਚਿਆ ਗਿਆ। ਕਪੂਰਥਲਾ ਦੇ ਡਿਪਟੀ ਕਮਿਸ਼ਨਰ ਦੇ ਕੈਂਪ ਦਫਤਰ ਤੇ 1.18 ਲੱਖ ਰੁਪਏ ਦਾ ਖਰਚਾ ਇਕੱਲੀ ਖਰੀਦੋ-ਫਰੋਖਤ 'ਤੇ ਕੀਤਾ, ਜਿਸ ਵਿਚ 9 ਦਫਾ ਤਾਂ ਗਲਾਸ ਸੈੱਟਾਂ ਦੀ ਖਰੀਦ ਅਤੇ ਅਖਬਾਰਾਂ ਦਾ ਬਿੱਲ ਵੀ ਸ਼ਾਮਲ ਹੈ। ਨਵਾਂਸ਼ਹਿਰ ਦੇ ਡੀ.ਸੀ. ਦੇ ਕੈਂਪ ਦਫਤਰ ਲਈ ਤਿੰਨ ਸੋਫਾ ਸੈੱਟ,ਵੱਡਾ ਫਰਿੱਜ, ਦੋ ਕੂਲਰ, ਦੋ ਵੀ.ਆਈ.ਪੀ. ਕੁਰਸੀਆਂ ਆਦਿ ਦਾ ਖਰਚਾ ਸਰਕਾਰੀ ਖਜ਼ਾਨੇ ਨੇ ਝੱਲਿਆ। ਡਿਪਟੀ ਕਮਿਸ਼ਨਰ ਬਠਿੰਡਾ ਦੇ ਕੈਂਪ ਦਫਤਰ ਲਈ ਏ. ਸੀ, ਪਰਦੇ ਅਤੇ ਹੋਰ ਫਰਨੀਚਰ ਉਤੇ 1.10 ਲੱਖ ਰੁਪਏ ਖਰਚੇ ਗਏ ਜਦੋਂ ਫਾਜ਼ਿਲਕਾ ਦੇ ਡੀ.ਸੀ ਦੇ ਕੈਂਪ  ਦਫਤਰ ਵਾਸਤੇ ਡਿਨਰ ਸੈੱਟ,ਗਲਾਸ ਅਤੇ ਸੀ.ਸੀ.ਟੀ.ਵੀ. ਕੈਮਰੇ ਦੀ ਖਰੀਦ ਸਰਕਾਰੀ ਪੈਸੇ ਨਾਲ ਹੋਈ। ਨਵਾਂ ਸ਼ਹਿਰ ਦੇ ਡੀ.ਸੀ. ਦੇ ਕੈਂਪ ਦਫਤਰ ਵਾਸਤੇ ਦੋ ਸੋਫਾ ਸੈੱਟ,ਵੱਡਾ ਫਰਿੱਜ,ਫੈਕਸ ਮਸ਼ੀਨ,ਦੋ ਕੂਲਰ ਅਤੇ ਫਰਨੀਚਰ ਆਦਿ ਦੀ ਖਰੀਦ ਕੀਤੀ ਗਈ ਹੈ। ਡੀ.ਸੀ. ਤਰਨ ਤਾਰਨ ਨੇ ਕੈਂਪ ਦਫਤਰ ਲਈ ਫੈਕਸ ਮਸ਼ੀਨ, ਬਿਜਲੀ ਦਾ ਸਾਮਾਨ, ਅਤੇ ਕਰਾਕਰੀ ਆਦਿ ਦੀ ਖਰੀਦ ਕੀਤੀ। ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਅਤੇ ਕੈਂਪ ਦਫਤਰ 'ਤੇ 4 ਲੱਖ ਰੁਪਏ ਰੈਨੋਵੇਸ਼ਨ ਆਦਿ 'ਤੇ ਖਰਚੇ ਗਏ।
                                                ਕੈਂਪ ਦਫਤਰਾਂ ਦੇ ਖਰਚੇ ਘਟਾਏ ਜਾਣਗੇ: ਢੀਂਡਸਾ
ਜਦੋਂ ਪੰਜਾਬ ਦੇ ਮੁੱਖ ਸਕੱਤਰ  ਦਾ ਇਸ ਮੁੱਦੇ 'ਤੇ ਪੱਖ ਲੈਣਾ ਚਾਹਿਆ ਤਾਂ ਉਨ੍ਹਾਂ ਦਿੱਲੀ ਵਿਚ ਕਿਸੇ ਮੀਟਿੰਗ ਹੋਣ ਦੀ ਗੱਲ ਆਖ ਦਿੱਤੀ। ਦੂਜੇ ਪਾਸੇ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਸੀ ਕਿ ਕੈਂਪ ਦਫਤਰਾਂ 'ਤੇ ਹੋ ਰਹੇ ਖੁੱਲ੍ਹੇ ਖਰਚ ਬਾਰੇ ਕੋਈ ਜਾਣਕਾਰੀ ਨਹੀਂ ਹੈ ਪ੍ਰੰਤੂ ਉਨ੍ਹਾਂ ਨੇ ਹੁਣ ਕੈਂਪ ਦਫਤਰਾਂ ਦੇ ਖਰਚੇ ਘਟਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਆਖਿਆ ਕਿ ਉਹ ਕੈਂਪ ਦਫਤਰਾਂ ਦੇ ਖਰਚ ਬਾਰੇ ਪਤਾ ਵੀ ਕਰਨਗੇ ਅਤੇ ਉਸ ਮਗਰੋਂ ਢੁਕਵਾਂ ਫੈਸਲਾ ਵੀ ਲਿਆ ਜਾਵੇਗਾ।

No comments:

Post a Comment