Tuesday, November 11, 2014

                                     ਨਵੀਂ ਜੁਗਤ
                    ਇਲਾਜ ਕਰਾ ਕੇ ਡੰਡੀ  ਪਏ...
                              ਚਰਨਜੀਤ ਭੁੱਲਰ
ਬਠਿੰਡਾ :  ਜਦੋਂ ਬਠਿੰਡਾ ਜੇਲ੍ਹ ਵਿੱਚ ਆਇਆ ਇੱਕ ਬੰਦੀ ਆਪਣਾ ਇਲਾਜ ਕਰਵਾ ਕੇ ਤੁਰਦਾ ਬਣਿਆ ਤਾਂ ਜੇਲ੍ਹ ਪ੍ਰਸ਼ਾਸਨ ਹੱਕਾ- ਬੱਕਾ ਰਹਿ ਗਿਆ। ਜੇਲ੍ਹ ਪ੍ਰਸ਼ਾਸਨ ਨੇ ਇਸ ਬੰਦੀ ਨੂੰ ਪੀ.ਜੀ.ਆਈ. ਵਿੱਚ ਰੱਖ ਕੇ ਪੂਰੇ 22 ਦਿਨ ਇਲਾਜ ਕਰਵਾਇਆ ਅਤੇ 1.70 ਲੱਖ ਰੁਪਏ ਇਲਾਜ 'ਤੇ ਖਰਚੇ ਸਨ। ਅਦਾਲਤ ਨੇ ਇਸ ਬੰਦੀ ਦੀ ਜ਼ਮਾਨਤ ਇੱਕ ਹਫ਼ਤੇ ਵਿੱਚ ਹੀ ਮਨਜ਼ੂਰ ਕਰ ਦਿੱਤੀ ਸੀ ਪਰ ਬੰਦੀ ਦੇ ਵਾਰਸਾਂ ਨੇ ਜ਼ਮਾਨਤੀ ਬਾਂਡ ਨਾ ਭਰੇ। ਜਿਉਂ ਹੀ ਇਸ ਬੰਦੀ ਨੂੰ ਪੀ.ਜੀ.ਆਈ. 'ਚੋਂ ਛੁੱਟੀ ਮਿਲੀ ਤਾਂ ਉਸ ਦੇ ਵਾਰਸ ਉਸੇ ਦਿਨ ਜ਼ਮਾਨਤੀ ਬਾਂਡ ਭਰ ਕੇ ਉਸ ਨੂੰ ਜੇਲ੍ਹ ਚੋਂ ਲੈ ਗਏ। ਪਿੰਡ ਬੀੜ  ਤਲਾਬ ਦਾ ਇੱਕ ਵਿਅਕਤੀ ਜਾਣ-ਬੁੱਝ ਕੇ ਕੁਝ ਅਰਸਾ ਪਹਿਲਾਂ ਸ਼ਰਾਬ ਦੇ ਇੱਕ ਕੇਸ ਵਿੱਚ ਅਦਾਲਤ 'ਚੋਂ ਗੈਰਹਾਜ਼ਰ ਹੋ ਗਿਆ ਜਿਸ ਕਰਕੇ ਉਸ ਨੂੰ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਜੇਲ੍ਹ ਆਉਂਦੇ ਹੀ ਉਹ ਸਿੱਧਾ ਹਸਪਤਾਲ ਦਾਖਲ ਹੋ ਗਿਆ। ਕਿਡਨੀ ਦੀ ਸਮੱਸਿਆ ਕਰਕੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭਰਤੀ ਕਰਵਾਇਆ ਗਿਆ। ਜਦੋਂ ਇਲਾਜ ਮੁਕੰਮਲ ਹੋ ਗਿਆ ਤਾਂ ਉਹ ਜ਼ਮਾਨਤ ਕਰਵਾ ਕੇ ਜੇਲ੍ਹ 'ਚੋਂ ਘਰ ਚਲਾ ਗਿਆ। ਹਾਈ ਕੋਰਟ 'ਚੋਂ ਜ਼ਮਾਨਤ ਹੋਣ ਦੇ ਬਾਵਜੂਦ ਪਿੰਡ ਜੈ ਸਿੰਘ ਵਾਲਾ ਦਾ ਇੱਕ ਬੰਦੀ ਗੈਂਗਰੀਨ ਦੀ ਬੀਮਾਰੀ ਦਾ ਇਲਾਜ ਕਰਵਾਉਂਦਾ ਰਿਹਾ। ਜਦੋਂ ਉਹ ਠੀਕ ਹੋ ਗਿਆ ਤਾਂ ਜ਼ਮਾਨਤੀ ਬਾਂਡ ਭਰ ਕੇ ਜੇਲ੍ਹ 'ਚੋਂ ਚਲਾ ਗਿਆ।ਬਠਿੰਡਾ ਜੇਲ੍ਹ ਦੇ ਡਾ. ਗੁਰਜੀਤ ਸਿੰਘ ਦਾ ਕਹਿਣਾ ਸੀ ਕਿ ਬਹੁਤੇ ਬੰਦੀ ਮਹਿੰਗੇ ਟੈਸਟ ਵੀ ਕਰਵਾਉਂਦੇ ਹਨ ਅਤੇ ਪੁਰਾਣਾ ਇਲਾਜ ਚੱਲਦਾ ਹੋਣ ਦੀ ਗੱਲ ਵੀ ਆਖਦੇ ਹਨ। ਇਵੇਂ ਹੀ ਕੇਂਦਰੀ ਜੇਲ੍ਹ ਲੁਧਿਆਣਾ ਵਿੱਚ  ਦੋ ਮਰੀਜ਼ਾਂ ਦੀ ਦਿਲ ਦੀ ਬੀਮਾਰੀ ਦਾ ਇਲਾਜ ਪੀ.ਜੀ.ਆਈ. ਵਿੱਚ ਚੱਲਿਆ। ਜੇਲ੍ਹ ਪ੍ਰਸ਼ਾਸਨ ਨੇ 2.88 ਲੱਖ ਰੁਪਏ ਖਰਚੇ।
                    ਜੇਲ੍ਹ ਦੇ ਡਾ. ਜਗਵਿੰਦਰ ਸਿੰਘ ਨੇ ਦੱਸਿਆ ਕਿ ਦਿਲ ਦੀ ਬੀਮਾਰੀ ਦਾ ਇੱਕ ਮਰੀਜ਼ ਇਲਾਜ ਕਰਵਾਉਣ ਮਗਰੋਂ ਚਲਾ ਗਿਆ ਸੀ ਜਿਸਨੇ ਖੁਦ ਦੱਸਿਆ ਸੀ ਕਿ ਪੱਲਿਓਂ ਏਨਾ ਮਹਿੰਗਾ ਇਲਾਜ ਕਰਵਾਉਣ ਦੀ ਉਸ ਦੀ ਵਿੱਤੀ ਪਹੁੰਚ ਨਹੀਂ ਸੀ। ਜੇਲ੍ਹ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜੇਲ੍ਹਾਂ ਦੇ ਮਰੀਜ਼ਾਂ ਵਿੱਚ 10 ਫ਼ੀਸਦੀ ਅਜਿਹੇ ਬੰਦੀ ਵੀ ਹੁੰਦੇ ਹਨ ਜੋ ਇਲਾਜ ਪੂਰਾ ਹੋਣ ਮਗਰੋਂ ਹੀ ਆਪਣੀ ਜ਼ਮਾਨਤ ਕਰਵਾਉਂਦੇ ਹਨ।ਆਰ.ਟੀ.ਆਈ. ਤਹਿਤ ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹਾਂ ਵਿੱਚ 27 ਬੰਦੀ ਅਜਿਹੇ ਆਏ ਹਨ ਜਿਨ੍ਹਾਂ ਦੇ ਇਲਾਜ 'ਤੇ ਜੇਲ੍ਹ ਪ੍ਰਸ਼ਾਸਨ ਨੂੰ ਡੇਢ ਲੱਖ ਤੋਂ 3.50 ਲੱਖ ਰੁਪਏ ਪ੍ਰਤੀ ਬੰਦੀ ਖਰਚ ਕਰਨੇ ਪਏ ਹਨ। ਇਨ੍ਹਾਂ 'ਚੋਂ 14 ਬੰਦੀ ਦਿਲ ਦੀ ਬੀਮਾਰੀ ਤੋਂ ਪੀੜਤ ਸਨ। ਦੋ ਦਰਜਨ ਬੰਦੀਆਂ ਦਾ ਇਲਾਜ ਪੀ.ਜੀ.ਆਈ. ਵਿੱਚ ਚੱਲਿਆ। ਪਟਿਆਲਾ ਜੇਲ੍ਹ ਨੂੰ ਹਾਲ ਹੀ ਵਿੱਚ ਬੰਦੀ ਗੁਰਮੁਖ ਦੇ ਦਿਲ ਦੇ ਅਪਰੇਸ਼ਨ 'ਤੇ 3.50 ਲੱਖ ਰੁਪਏ ਖਰਚ ਕਰਨੇ ਪਏ ਜਦੋਂਕਿ ਬਖਸ਼ੀਸ਼ ਸਿੰਘ ਦੇ ਦਿਲ ਦੇ ਅਪਰੇਸ਼ਨ 'ਤੇ ਢਾਈ ਲੱਖ ਰੁਪਏ ਦਾ ਖਰਚ ਕਰਨਾ ਪਿਆ। ਮੁਕਤਸਰ ਜੇਲ੍ਹ ਵਿੱਚ ਬੰਦ ਸੁਪਰੀਮ ਸਿੰਘ ਦੇ ਦਿਲ ਵਿੱਚ ਛੇਕ ਸੀ ਜਿਸਦੇ ਇਲਾਜ 'ਤੇ 2.99 ਲੱਖ ਰੁਪਏ ਖਰਚ ਆਇਆ। ਮੁਕਤਸਰ ਜੇਲ੍ਹ ਦਾ ਸਾਲਾਨਾ 13.14 ਲੱਖ ਇਲਾਜ 'ਤੇ ਖ਼ਰਚ ਹੋਇਆ ਜਿਸ 'ਚੋਂ ਕਰੀਬ ਤਿੰਨ ਲੱਖ ਰੁਪਏ ਇੱਕੋ ਬੰਦੀ ਦੇ ਇਲਾਜ 'ਤੇ ਲੱਗ ਗਏ। ਕੇਂਦਰੀ ਜੇਲ੍ਹ ਲੁਧਿਆਣਾ ਨੇ ਬੀਤੇ ਅੱਠ ਵਰ੍ਹਿਆਂ ਵਿੱਚ ਬੰਦੀਆਂ ਦੇ ਇਲਾਜ 'ਤੇ 6.02 ਕਰੋੜ ਰੁਪਏ ਖਰਚ ਕੀਤੇ ਹਨ। ਦੋ ਬੰਦੀਆਂ ਦੀ ਦਿਲ ਦੀ ਬੀਮਾਰੀ ਦਾ ਇਲਾਜ ਕਰਵਾਉਣਾ ਜੇਲ੍ਹ ਨੂੰ 2.88 ਲੱਖ ਰੁਪਏ ਵਿੱਚ ਪਿਆ ਹੈ।
                       ਪਟਿਆਲਾ ਜੇਲ੍ਹ ਨੇ ਇਨ੍ਹਾਂ ਅੱਠ ਵਰ੍ਹਿਆਂ ਦੌਰਾਨ ਇਲਾਜ 'ਤੇ 3.62 ਕਰੋੜ ਰੁਪਏ ਖਰਚੇ ਹਨ। ਜੇਲ੍ਹ ਦੇ ਡਿਪਟੀ ਸੁਪਰਡੈਂਟ ਰਾਜਨ ਕਪੂਰ ਨੇ ਦੱਸਿਆ ਕਿ ਇੱਕ ਬੰਦੀ ਦੀ ਦਿਲ ਦੀ ਬੀਮਾਰੀ ਦੇ ਇਲਾਜ 'ਤੇ ਜੇਲ੍ਹ ਪ੍ਰਸ਼ਾਸਨ ਨੂੰ ਪੰਜ ਲੱਖ ਰੁਪਏ ਖ਼ਰਚਣੇ ਪਏ ਸਨ। ਆਰ.ਟੀ.ਆਈ. ਤਹਿਤ ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਜੇਲ੍ਹ ਵਿੱਚ ਪੰਜ ਬੰਦੀ ਅਜਿਹੇ ਹਨ ਜਿਨ੍ਹਾਂ ਦੇ ਇਲਾਜ 'ਤੇ ਪ੍ਰਤੀ ਕੈਦੀ ਇੱਕ ਲੱਖ ਰੁਪਏ ਤੋਂ ਜ਼ਿਆਦਾ ਖਰਚਾ ਆ ਚੁੱਕਿਆ ਹੈ। ਇਨ੍ਹਾਂ ਕੈਦੀਆਂ ਦੇ ਇਲਾਜ 'ਤੇ ਜੇਲ੍ਹ ਨੇ 6.84 ਲੱਖ ਰੁਪਏ ਖਰਚ ਕੀਤੇ ਹਨ।ਕੇਂਦਰੀ ਜੇਲ੍ਹ ਜਲੰਧਰ (ਐਟ ਕਪੂਰਥਲਾ) ਨੂੰ ਬੰਦੀ ਪਰਮਜੀਤ ਸਿੰਘ ਦੇ ਇਲਾਜ 'ਤੇ 1.80 ਲੱਖ ਅਤੇ ਬੰਦੀ ਸੁਭਾਸ਼ ਚੰਦਰ ਦੇ ਇਲਾਜ 'ਤੇ ਇੱਕ ਲੱਖ ਰੁਪਏ ਖਰਚ ਕਰਨੇ ਪਏ ਹਨ ਜੋ ਕਿ ਦਿਲ ਦੇ ਮਰੀਜ਼ ਸਨ। ਗੁਰਦਾਸਪੁਰ ਜੇਲ੍ਹ ਵਿੱਚ ਬੰਦੀ ਬਲਵੀਰ ਸਿੰਘ ਦੇ ਦਿਲ ਦੀ ਬਾਈਪਾਸ ਸਰਜਰੀ ਜੇਲ੍ਹ ਦੇ ਦੋ ਲੱਖ ਰੁਪਏ ਦੇ ਖਰਚ ਨਾਲ ਹੋਈ ਹੈ ਅਤੇ ਬੰਦੀ ਸੁਖਦੇਵ ਸਿੰਘ ਦੀ ਹੈਪੇਟਾਈਟਸ ਦੀ ਬੀਮਾਰੀ ਦਾ ਇਲਾਜ 1.72 ਲੱਖ ਰੁਪਏ ਵਿੱਚ ਹੋਇਆ ਹੈ। ਅੰਮ੍ਰਿਤਸਰ ਜੇਲ੍ਹ ਨੇ ਦੋ ਦਿਲ ਅਤੇ ਇੱਕ ਹੈਪੇਟਾਈਟਸ ਦੇ ਮਰੀਜ਼ ਦੇ ਇਲਾਜ 'ਤੇ 4.17 ਲੱਖ ਰੁਪਏ ਖਰਚੇ ਹਨ। ਜਨਾਨਾ ਜੇਲ੍ਹ ਲੁਧਿਆਣਾ ਨੇ ਬੰਦੀ ਸੁਮਨ ਦੀ ਦਿਲ ਦੀ ਬੀਮਾਰੀ ਦੇ ਇਲਾਜ 'ਤੇ 1.99 ਲੱਖ ਰੁਪਏ ਖਰਚੇ ਹਨ। ਸੰਗਰੂਰ ਜੇਲ੍ਹ ਨੇ ਤਿੰਨ ਮਰੀਜ਼ਾਂ 'ਤੇ 3.72 ਲੱਖ ਅਤੇ ਰੋਪੜ ਜੇਲ੍ਹ ਨੇ ਇੱਕ ਮਰੀਜ਼ ਦੇ ਇਲਾਜ 'ਤੇ 1.67 ਲੱਖ ਰੁਪਏ ਦਾ ਖਰਚ ਕੀਤਾ ਹੈ।
                    ਡੀ.ਜੀ.ਪੀ. (ਜੇਲ੍ਹਾਂ) ਰਾਜਪਾਲ ਮੀਨਾ ਦਾ ਕਹਿਣਾ ਹੈ ਕਿ ਬੰਦੀ ਦਾ ਇਲਾਜ ਕਰਵਾਉਣਾ ਜੇਲ੍ਹ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੁੰਦੀ ਹੈ। ਸਿਰਫ਼ ਇਲਾਜ ਕਰਵਾਉਣ ਲਈ ਲੋਕ ਜੇਲ੍ਹਾਂ ਵਿੱਚ ਆਉਂਦੇ ਹਨ, ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ ਹੈ। ਹੋ ਸਕਦਾ ਹੈ ਕਿ ਚਲਾਕ ਕਿਸਮ ਦੇ ਲੋਕ ਅਜਿਹਾ ਕਰਦੇ ਹੋਣ। ਪਹਿਲਾਂ ਜੇਲ੍ਹਾਂ ਦਾ ਸਿਹਤ ਬਜਟ ਪੰਜ ਕਰੋੜ ਸਾਲਾਨਾ ਹੁੰਦਾ ਸੀ ਜੋ ਹੁਣ ਪੌਣੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਜੇਲ੍ਹ ਮੰਤਰੀ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਅਜਿਹਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਪਰ ਉਹ ਇਸ ਮਾਮਲੇ ਦੀ ਜਾਂਚ ਕਰਨਗੇ।

No comments:

Post a Comment