Monday, January 26, 2015

                                     ਫ਼ੰਡ ਵੰਡਣ 'ਚ       
                  ਵਿਨੋਦ ਖੰਨਾ ਤੇ ਖ਼ਾਲਸਾ ਫਾਡੀ
                                     ਚਰਨਜੀਤ ਭੁੱਲਰ      
ਬਠਿੰਡਾ : ਪੰਜਾਬ ਦੇ ਸੰਸਦ ਮੈਂਬਰਾਂ ਕੋਲ ਸੰਸਦੀ ਕੋਟੇ ਦੇ ਫ਼ੰਡ ਵੰਡਣ ਦੀ ਵਿਹਲ ਨਹੀਂ ਹੈ। 16 ਵੀਂ ਲੋਕ ਸਭਾ ਦੇ ਸੱਤ ਮਹੀਨੇ ਬੀਤ ਚੁੱਕੇ ਹਨ ਪਰ ਕਈ ਐਮ. ਪੀਜ਼ ਨੇ ਹਾਲੇ ਤਕ ਸੰਸਦੀ ਕੋਟੇ ਦੇ ਫ਼ੰਡ ਵੰਡਣ ਦਾ ਖਾਤਾ ਵੀ ਨਹੀਂ ਖੋਲ੍ਹਿਆ ਹੈ। ਪੰਜਾਬ ਦੇ 13 ਲੋਕ ਸਭਾ ਮੈਂਬਰਾਂ ਵਿੱਚੋਂ ਅੱਠ ਸੰਸਦ ਮੈਂਬਰਾਂ ਦੇ ਸੰਸਦੀ ਕੋਟੇ ਦੇ ਫ਼ੰਡਾਂ 'ਚੋਂ ਇੱਕ ਪੈਸਾ ਵੀ ਹਾਲੇ ਤਕ ਰਿਲੀਜ਼ ਨਹੀਂ ਹੋਇਆ ਹੈ। ਇਨ੍ਹਾਂ ਅੱਠ ਐਮ.ਪੀਜ਼ ਵਿੱਚੋਂ ਦੋ ਸੰਸਦ ਮੈਂਬਰ ਅਜਿਹੇ ਹਨ ਜਿਨ੍ਹਾਂ ਨੇ ਸੰਸਦੀ ਕੋਟੇ ਦੇ ਫ਼ੰਡਾਂ 'ਚੋਂ ਲੋਕਾਂ ਨੂੰ ਗਰਾਂਟ ਦੇਣ ਦੀ ਇੱਕ ਵੀ ਸਿਫ਼ਾਰਸ਼ ਹਾਲੇ ਤਕ ਨਹੀਂ ਕੀਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਕੇਂਦਰ ਸਰਕਾਰ ਨੇ ਕੁਝ ਅਰਸਾ ਪਹਿਲਾਂ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਸੰਸਦੀ ਕੋਟੇ ਦੇ ਫ਼ੰਡਾਂ ਦੀ ਪਹਿਲੀ 2.50 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰ ਦਿੱਤੀ ਸੀ। ਆਮ ਆਦਮੀ ਪਾਰਟੀ ਦੇ ਫ਼ਤਹਿਗੜ੍ਹ ਸਾਹਿਬ ਤੋਂ ਐਮ.ਪੀ ਹਰਿੰਦਰ ਸਿੰਘ ਖ਼ਾਲਸਾ ਨੇ ਸੰਸਦੀ ਕੋਟੇ ਦੇ ਫ਼ੰਡ ਵੰਡਣ ਲਈ ਹਾਲੇ ਤਕ ਕੋਈ ਸਿਫ਼ਾਰਸ਼ ਨਹੀਂ ਕੀਤੀ ਹੈ। ਉਨ੍ਹਾਂ ਦੇ ਫ਼ੰਡਾਂ 'ਚੋਂ ਹਾਲੇ ਤਕ ਕੋਈ ਪੈਸਾ ਰਿਲੀਜ਼ ਨਹੀਂ ਕੀਤਾ ਜਾ ਸਕਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਤੋਂ ਭਾਜਪਾ ਦੇ ਐਮ.ਪੀ ਵਿਨੋਦ ਖੰਨਾ ਨੇ ਵੀ ਇਨ੍ਹਾਂ ਫ਼ੰਡਾਂ ਵਿੱਚੋਂ ਗਰਾਂਟ ਦੇਣ ਲਈ ਹਾਲੇ ਤਕ ਸਿਫ਼ਾਰਸ਼ ਨਹੀਂ ਕੀਤੀ ਹੈ। ਦੂਜੇ ਪਾਸੇ ਲੁਧਿਆਣਾ ਤੋਂ ਕਾਂਗਰਸੀ ਐਮ.ਪੀ ਰਵਨੀਤ ਬਿੱਟੂ ਨੇ ਹਾਲੇ ਤਕ ਸਿਰਫ਼ ਪੰਜ ਲੱਖ ਰੁਪਏ ਦੀ ਸਿਫ਼ਾਰਸ਼ ਹੀ ਭੇਜੀ ਹੈ ਜਿਸ ਦਾ ਪੈਸਾ ਹਾਲੇ ਰਿਲੀਜ਼ ਕੀਤਾ ਜਾਣਾ ਬਾਕੀ ਹੈ।
                 ਮਾਲੀ ਵਰ੍ਹੇ 2014- 15 ਦੇ ਸਿਰਫ਼ ਢਾਈ ਮਹੀਨੇ ਹੀ ਬਾਕੀ ਹਨ ਪਰ ਪੰਜਾਬ ਦੇ ਐਮ.ਪੀਜ਼ ਨੇ ਅਜੇ ਗਰਾਂਟ ਦੀ ਪਹਿਲੀ ਕਿਸ਼ਤ ਵੀ ਨਹੀਂ ਵਰਤੀ ਹੈ। ਦੂਜੀ ਕਿਸ਼ਤ ਦੇ ਢਾਈ ਕਰੋੜ ਰੁਪਏ ਵੀ ਇਸ ਸਮੇਂ ਦੌਰਾਨ ਵੰਡੇ ਜਾਣੇ ਮੁਸ਼ਕਲ ਹਨ। ਭਾਵੇਂ ਇਹ ਪੈਸਾ ਲੈਪਸ ਨਹੀਂ ਹੁੰਦਾ ਪਰ 16 ਵੀਂ ਲੋਕ ਸਭਾ ਦੇ ਪਹਿਲੇ ਵਰ੍ਹੇ ਵਿੱਚ ਹੀ ਇਨ੍ਹਾਂ ਫ਼ੰਡਾਂ ਨੂੰ ਵਰਤਣ ਵਿੱਚ ਕੋਈ ਫੁਰਤੀ ਨਹੀਂ ਦਿਖਾਈ ਗਈ। ਅੰਮ੍ਰਿਤਸਰ ਤੋਂ ਐਮ.ਪੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਮਾਮਲੇ ਵਿੱਚ ਢਿੱਲੇ ਹਨ। ਉਨ੍ਹਾਂ ਦੇ ਸੰਸਦੀ ਕੋਟੇ ਦੇ ਫ਼ੰਡਾਂ 'ਚੋਂ ਹਾਲੇ ਤਕ ਕੋਈ ਪੈਸਾ ਰਿਲੀਜ਼ ਨਹੀਂ ਹੋਇਆ ਹੈ। ਉਂਜ ਉਨ੍ਹਾਂ ਨੇ 2.28 ਕਰੋੜ ਦੇ ਫ਼ੰਡਾਂ ਦੀ ਸਿਫ਼ਾਰਸ਼ ਭੇਜ ਦਿੱਤੀ ਹੈ ਜਿਨ੍ਹਾਂ 'ਚੋਂ ਇੱਕ ਕਰੋੜ ਦੇ ਫ਼ੰਡ ਅੱਜ ਹੀ ਸੈਂਕਸ਼ਨ ਹੋਏ ਹਨ। ਜਲੰਧਰ ਤੋਂ ਕਾਂਗਰਸੀ ਐਮ.ਪੀ ਸੰਤੋਖ ਚੌਧਰੀ ਨੇ ਸਿਫ਼ਾਰਸ਼ ਤਾਂ ਢਾਈ ਕਰੋੜ ਦੀ ਕੀਤੀ ਹੈ ਪਰ ਹਾਲੇ ਤਕ ਕਿਸੇ ਵੀ ਗਰਾਂਟ ਦਾ  ਪੈਸਾ ਰਿਲੀਜ਼ ਨਹੀਂ ਹੋਇਆ ਹੈ। ਇੰਜ ਹੀ ਖਡੂਰ ਸਾਹਿਬ ਤੋਂ ਐਮ.ਪੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਿਫ਼ਾਰਸ਼ 2.05 ਕਰੋੜ ਰੁਪਏ ਦੀ ਕੀਤੀ ਹੈ ਪਰ ਉਨ੍ਹਾਂ ਦਾ ਪੈਸਾ ਵੀ ਹਾਲੇ ਰਿਲੀਜ਼ ਨਹੀਂ ਹੋਇਆ ਹੈ। ਹੁਸ਼ਿਆਰਪੁਰ ਤੋਂ ਐਮ.ਪੀ ਵਿਜੇ ਸਾਂਪਲਾ ਦੇ ਕੋਟੇ ਦੇ ਫੰਡਾਂ 'ਚੋਂ 81 ਲੱਖ ਰੁਪਏ ਰਿਲੀਜ਼ ਹੋ ਚੁੱਕੇ ਹਨ। ਹੁਸ਼ਿਆਰਪੁਰ ਦੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਰਾਕੇਸ਼ ਕਾਲੀਆ ਨੇ ਕਿਹਾ ਕਿ ਐਮ.ਪੀ ਵੱਲੋਂ ਇੱਕ ਕਰੋੜ ਰੁਪਏ ਦੇ ਫੰਡਾਂ ਦੀ ਸਿਫ਼ਾਰਸ਼ ਕੀਤੀ ਜਾ ਚੁੱਕੀ ਹੈ।ਫਿਰੋਜ਼ਪੁਰ ਤੋਂ ਐਮ.ਪੀ ਸ਼ੇਰ ਸਿੰਘ ਘਬਾਇਆ ਦੇ ਸਭ ਤੋਂ ਜ਼ਿਆਦਾ  2.20 ਕਰੋੜ ਰੁਪਏ ਦੇ ਫ਼ੰਡ ਰਿਲੀਜ਼ ਹੋ ਚੁੱਕੇ ਹਨ।
                   ਇਸ ਜ਼ਿਲ੍ਹੇ ਦੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਹਿਲੀ ਕਿਸ਼ਤ 'ਚੋਂ ਸਿਰਫ਼ 20 ਲੱਖ ਰੁਪਏ ਹੀ ਬਾਕੀ ਬਚੇ ਹਨ। ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਐਮ.ਪੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਫੰਡਾਂ ਵਾਸਤੇ ਨੋਡਲ ਜ਼ਿਲ੍ਹਾ ਰੋਪੜ ਦੀ ਥਾਂ ਮੁਹਾਲੀ ਕਰਾ ਲਿਆ ਹੈ। ਚੰਦੂਮਾਜਰਾ ਨੇ 1.82 ਕਰੋੜ ਰੁਪਏ ਦੇ ਫੰਡ ਸਿਫ਼ਾਰਸ਼ ਕੀਤੇ ਹਨ ਪਰ ਉਨ੍ਹਾਂ ਦੇ ਫ਼ੰਡਾਂ ਦਾ ਕੋਈ ਪੈਸਾ ਹਾਲੇ ਰਿਲੀਜ਼ ਨਹੀਂ ਹੋਇਆ ਹੈ। ਬਠਿੰਡਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੰਜਾਬ 'ਚੋਂ ਦੂਸਰੇ ਨੰਬਰ 'ਤੇ ਹਨ ਜਿਨ੍ਹਾਂ ਦੇ ਸੰਸਦੀ ਫੰਡਾਂ 'ਚੋਂ 2.17 ਕਰੋੜ ਰੁਪਏ ਰਿਲੀਜ਼ ਹੋ ਚੁੱਕੇ ਹਨ। ਸੰਗਰੂਰ ਤੋਂ ਐਮ.ਪੀ ਭਗਵੰਤ ਮਾਨ ਨੇ ਵੀ ਦੋ ਕਰੋੜ ਰੁਪਏ ਤੋਂ ਉਪਰ ਦੇ ਫੰਡ ਸਿਫ਼ਾਰਸ਼ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਐਮ.ਪੀ ਡਾ.ਧਰਮਵੀਰ ਗਾਂਧੀ ਨੇ ਇੰਨੀ ਫੁਰਤੀ ਦਿਖਾਈ ਕਿ ਉਨ੍ਹਾਂ ਨੇ ਕੋਟੇ ਦੇ ਫ਼ੰਡਾਂ ਤੋਂ ਜ਼ਿਆਦਾ ਫ਼ੰਡ ਸਿਫ਼ਾਰਸ਼ ਕਰ ਦਿੱਤੇ ਹਨ। ਉਨ੍ਹਾਂ ਨੇ ਢਾਈ ਕਰੋੜ ਤੋਂ ਜ਼ਿਆਦਾ ਦੇ ਫ਼ੰਡਾਂ ਦੀ ਸਿਫ਼ਾਰਸ਼ ਕਰ ਦਿੱਤੀ ਹੈ ਜਿਸ ਵਿੱਚੋਂ 1.80 ਕਰੋੜ ਰੁਪਏ ਜਾਰੀ ਹੋ ਚੁੱਕੇ ਹਨ। ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਐਮ.ਪੀ ਪ੍ਰੋ. ਸਾਧੂ ਸਿੰਘ ਵੀ ਇਸ ਮਾਮਲੇ ਵਿੱਚ ਕਾਫ਼ੀ ਅੱਗੇ ਹਨ। ਉਨ੍ਹਾਂ ਨੇ ਆਪਣੀ ਪਹਿਲੀ ਕਿਸ਼ਤ ਢਾਈ ਕਰੋੜ ਦੇ ਫ਼ੰਡਾਂ ਦੀ ਸਿਫ਼ਾਰਸ਼ ਕਰ ਦਿੱਤੀ ਹੈ ਜਿਨ੍ਹਾਂ 'ਚੋਂ 1.88 ਕਰੋੜ ਰੁਪਏ ਰਿਲੀਜ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਬਠਿੰਡਾ ਜ਼ਿਲ੍ਹੇ ਵਿਚਲੇ ਰਾਮਪੁਰਾ ਫੂਲ ਹਲਕੇ ਵਾਸਤੇ ਵੀ 15 ਲੱਖ ਦੇ ਫ਼ੰਡ ਸਿਫ਼ਾਰਸ਼ ਕੀਤੇ ਹਨ।
                                                    ਕੇਂਦਰ ਨੇ ਫੰਡ ਲੇਟ ਭੇਜੇ : ਚੌਧਰੀ
ਜਲੰਧਰ ਤੋਂ ਐਮ.ਪੀ ਸੰਤੋਖ ਚੌਧਰੀ ਨੇ ਕਿਹਾ ਕਿ ਐਤਕੀਂ ਕੇਂਦਰ ਵੱਲੋਂ ਬਜਟ ਲੇਟ ਭੇਜਿਆ ਗਿਆ ਹੈ ਜੋ ਕਿ ਦਸੰਬਰ ਦੇ ਅਖ਼ੀਰ ਵਿੱਚ ਮਿਲਿਆ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਫ਼ੰਡਾਂ ਦੀਆਂ ਸਿਫ਼ਾਰਸ਼ਾਂ ਭੇਜ ਦਿੱਤੀਆਂ ਹਨ ਜੋ ਪ੍ਰਕਿਰਿਆ ਅਧੀਨ ਹਨ। ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਅਤੇ ਰਵਨੀਤ ਬਿੱਟੂ ਨਾਲ ਵਾਰ-ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ। ਰਵਨੀਤ ਸਿੰਘ ਬਿੱਟੂ ਨੂੰ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਦਾ ਕਹਿਣਾ ਸੀ ਕਿ ਉਹ ਇਕ-ਇਕ ਤਜਵੀਜ਼ ਭੇਜਣ ਦੀ ਬਜਾਏ ਸਮੁੱਚੀ ਕਿਸ਼ਤ ਲਈ ਇਕਜੁੱਟ ਤਜਵੀਜ਼ ਭੇਜ ਰਿਹਾ ਹੈ।

No comments:

Post a Comment