Sunday, February 28, 2016

                                      ਸੱਚੀ ‘ਸੇਵਾ’
              ਕਾਕਿਆਂ ਨੂੰ ਹਥਿਆਰਾਂ ਦਾ ਤੋਹਫ਼ਾ
                                     ਚਰਨਜੀਤ ਭੁੱਲਰ
ਬਠਿੰਡਾ :  ਪੰਜਾਬ ਸਰਕਾਰ ਵਲੋਂ ਕਾਕਿਆਂ ਤੇ ਅਫਸਰਾਂ ਨੂੰ ਵਿਦੇਸ਼ੀ ਹਥਿਆਰਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਲੰਘੇ ਚਾਰ ਵਰਿ•ਆਂ ਦੌਰਾਨ ਵੀ.ਆਈ.ਪੀ ਲੋਕਾਂ ਨੂੰ ਜ਼ਬਤ ਕੀਤੇ 226 ਦੇਸੀ ਤੇ ਵਿਦੇਸ਼ੀ ਹਥਿਆਰ ਅਲਾਟ ਕੀਤੇ ਗਏ ਹਨ। ਇਨ•ਾਂ ਵਰਿ•ਆਂ ਦੌਰਾਨ ਸਰਕਾਰ ਕੋਲ 795 ਖਾਸ ਲੋਕਾਂ ਨੇ ਪੁਲੀਸ ਭੰਡਾਰ ਵਿਚ ਪਏ ਜ਼ਬਤ ਕੀਤੇ ਹਥਿਆਰ ਲੈਣ ਲਈ ਦਰਖਾਸਤਾਂ ਦਿੱਤੀਆਂ ਸਨ। ਵਿਦੇਸ਼ੀ ਹਥਿਆਰ ਤਾਂ ਸਸਤੇ ਭਾਅ ਵਿਚ ਹੀ ਅਲਾਟ ਕੀਤੇ ਗਏ ਹਨ। ਅਕਾਲੀ ਭਾਜਪਾ ਸਰਕਾਰ ਦੇ ਪਹਿਲੇ ਕਾਰਜਕਾਲ (2007-2012) ਦੌਰਾਨ ਵੀ 758 ਖਾਸ ਲੋਕਾਂ ਨੇ ਅਸਲਾ ਅਲਾਟ ਕਰਾਉਣ ਖਾਤਰ ਦਰਖਾਸਤਾਂ ਦਿੱਤੀਆਂ ਸਨ। ਉਸ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਵੀ ਆਪਣੇ ਰਾਜ ਭਾਗ ਦੌਰਾਨ 275 ਦੇਸੀ ਵਿਦੇਸ਼ੀ ਹਥਿਆਰਾਂ ਦੀ ਆਪਣਿਆਂ ਨੂੰ ਅਲਾਟਮੈਂਟ ਕੀਤੀ ਸੀ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਵਲੋਂ ਆਰ.ਟੀ.ਆਈ ਤਹਿਤ 8 ਜਨਵਰੀ 2016 ਨੂੰ ਦਿੱਤੀ ਸੂਚਨਾ ਅਨੁਸਾਰ ਗ੍ਰਹਿ ਵਿਭਾਗ ਕੋਲ ਹੁਣ ਅਸਲਾ ਅਲਾਟਮੈਂਟ ਸਬੰਧੀ ਕੋਈ ਲੰਬਿਤ ਦਰਖਾਸਤਾਂ ਨਹੀਂ ਹਨ। ਗ੍ਰਹਿ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜ਼ਬਤ ਅਸਲੇ ਨੂੰ ਅਲਾਟ ਕਰਨ ਦਾ ਜਦੋਂ ਵੀ ਦੁਬਾਰਾ ਵਿਗਿਆਪਨ ਦਿੱਤਾ ਜਾਵੇਗਾ, ਉਦੋਂ ਨਵੇਂ ਸਿਰੇ ਤੋਂ ਦਰਖਾਸਤਾਂ ਲਈਆਂ ਜਾਣਗੀਆਂ।
                    ਪੁਲੀਸ ਅਕੈਡਮੀ ਫਿਲੌਰ ਨੇ ਵੱਖਰੀ ਸੂਚਨਾ ਵਿਚ ਦੱਸਿਆ ਹੈ ਕਿ ਅਪਰੈਲ 2012 ਤੋਂ ਹੁਣ ਤੱਕ ਸਰਕਾਰ ਤਰਫ਼ੋਂ 226 ਦੇਸੀ ਤੇ ਵਿਦੇਸ਼ੀ ਹਥਿਆਰਾਂ ਦੀ ਅਲਾਟਮੈਂਟ ਕੀਤੀ ਗਈ ਹੈ। ਪੁਲੀਸ ਅਕਾਦਮੀ ਫਿਲੌਰ ਤੇ ਭੰਡਾਰ ਵਿਚ ਹੁਣ ਜ਼ਬਤ ਕੀਤੇ 1216 ਹਥਿਆਰ ਰਹਿ ਗਏ ਹਨ। ਸੂਤਰ ਦੱਸਦੇ ਹਨ ਕਿ ਆਉਂਦੇ ਦਿਨਾਂ ਵਿਚ ਗ੍ਰਹਿ ਵਿਭਾਗ ਵਲੋਂ ਅਗਾਮੀ ਚੋਣਾਂ ਤੋਂ ਪਹਿਲਾਂ ਜ਼ਬਤ ਅਸਲੇ ਦੀ ਅਲਾਟਮੈਂਟ ਕੀਤੀ ਜਾ ਸਕਦੀ ਹੈ। ਅਕਾਲੀ ਭਾਜਪਾ ਗਠਜੋੜ ਸਰਕਾਰ ਦੌਰਾਨ ਗ੍ਰਹਿ ਵਿਭਾਗ ਨੇ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਲੜਕੇ ਜਸਜੀਤ ਸਿੰਘ,ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋ ਦੇ ਲੜਕੇ ਰਵੀਕਰਨ ਸਿੰਘ ਕਾਹਲੋਂ,ਸੀਨੀਅਰ ਵਿਧਾਇਕ ਹਰੀ ਸਿੰਘ ਜੀਰਾ ਦੇ ਲੜਕੇ ਅਵਤਾਰ ਸਿੰਘ ਨੂੰ, ਯੂਥ ਵਿੰਗ ਦੇ ਮਾਲਵਾ ਜ਼ੋਨ ਦੇ ਯੂਥ ਆਗੂ ਰੋਜ਼ੀ ਬਰਕੰਦੀ ਤੇ ਉਸ ਦੇ ਭਰਾ ਸ਼ਮਿੰਦਰਜੀਤ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ ਬਲਕਰਨ ਸਿੰਘ,ਸਾਬਕਾ ਓ.ਐਸ.ਡੀ ਗੁਰਵਿੰਦਰ ਸਿੰਘ,ਪਿੰਡ ਬਾਦਲ ਦੇ ਪਵਨਪ੍ਰੀਤ ਸਿੰਘ,ਅਕਾਲੀ ਵਿਧਾਇਕ ਮਨਪ੍ਰੀਤ ਇਆਲ਼ੀ ਨੂੰ ਵਿਦੇਸ਼ੀ ਪਿਸਟਲ ਅਲਾਟ ਕੀਤੇ ਗਏ ਹਨ। ਇਨ•ਾਂ ਨੇ ਚੀਨ ਦੇ ਪਿਸਟਲ ਪਸੰਦ ਕੀਤੇ ਹਨ ਜੋ 20 ਤੋਂ 30 ਹਜ਼ਾਰ ਰੁਪਏ ਦੀ ਕੀਮਤ ਵਿਚ ਸਰਕਾਰ ਨੇ ਦੇ ਦਿੱਤੇ ਹਨ।
                   ਵੇਰਵਿਆਂ ਅਨੁਸਾਰ ਤਿੰਨ ਪੀ.ਸੀ.ਐਸ ਅਫਸਰਾਂ ਨੇ ਆਪਣੇ ਕਾਕਿਆਂ ਨੂੰ ਵੀ ਵਿਦੇਸ਼ੀ ਹਥਿਆਰ ਅਲਾਟ ਕਰਾਏ ਹਨ। ਕੈਪਟਨ ਸਰਕਾਰ ਸਮੇਂ ਸਾਬਕਾ ਐਮ.ਪੀ ਪ੍ਰਤਾਪ ਸਿੰਘ ਬਾਜਵਾ,ਸਾਬਕਾ ਐਮ.ਪੀ ਵਿਜੇਇੰਦਰ ਸਿੰਗਲਾ,ਸੰਤੋਖ ਸਿੰਘ ਸਮੇਤ ਕੈਪਟਨ ਦੇ ਨੇੜਲਿਆਂ ਨੂੰ ਸਸਤੇ ਭਾਅ ਵਿਚ ਵਿਦੇਸ਼ੀ ਹਥਿਆਰ ਮਿਲੇ ਸਨ। ਉਦੋਂ ਇਕੱਲੇ ਅੰਮ੍ਰਿਤਸਰ ਜ਼ਿਲ•ੇ ਵਿਚ 65 ਦੇਸੀ ਵਿਦੇਸ਼ੀ ਹਥਿਆਰ ਅਲਾਟ ਕੀਤੇ ਗਏ ਸਨ। ਕੈਪਟਨ ਸਰਕਾਰ ਸਮੇਂ ਦੋ ਡਿਪਟੀ ਕਮਿਸ਼ਨਰਾਂ ਨੇ ਵੀ ਹਥਿਆਰ ਲਏ ਸਨ। ਗਠਜੋੜ ਸਰਕਾਰ ਨੇ ਪਿਛਲੇ ਵਰਿ•ਆਂ ਵਿਚ ਅਨਿਲ ਜੋਸ਼ੀ,ਅਵਿਨਾਸ਼ ਚੰਦਰ,ਸਰਬਜੀਤ ਸਿੰਘ ਮੱਕੜ ਆਦਿ ਵੀ ਹਥਿਆਰ ਅਲਾਟ ਕੀਤੇ ਸਨ। ਇਨ•ਾਂ ਖਾਸ ਲੋਕਾਂ ਨੇ ਚੀਨ ਦੇ 55 ਪਿਸਟਲ ਅਲਾਟ ਕਰਾਏ ਸਨ। ਅੱਧੀ ਦਰਜਨ ਲੋਕਾਂ ਨੇ ਬਾਰਾਂ ਬੋਰ ਦੀ ਗੰਨ ਵੀ ਲਈ ਹੈ। ਗਠਜੋੜ ਸਰਕਾਰ ਨੇ ਦਰਜਨ ਅਫਸਰਾਂ ਨੂੰ ਵੀ ਵਿਦੇਸ਼ੀ ਹਥਿਆਰ ਅਲਾਟ ਕੀਤੇ ਹਨ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਜ਼ਬਤ ਕੀਤੇ ਹਥਿਆਰਾਂ ਦੀ ਅਲਾਟਮੈਂਟ ਨਿਯਮਾਂ ਅਨੁਸਾਰ ਕੀਤੀ ਜਾਂਦੀ ਹੈ। ਪਹਿਲਾਂ ਵਿਗਿਆਪਨ ਦਿੱਤਾ ਜਾਂਦਾ ਹੈ ਅਤੇ ਉਸ ਮਗਰੋਂ ਮੈਰਿਟ ਦੇ ਅਧਾਰ ਤੇ ਹਥਿਆਰਾਂ ਦੀ ਅਲਾਟਮੈਂਟ ਹੁੰਦੀ ਹੈ।
                   ਸੂਤਰ ਆਖਦੇ ਹਨ ਕਿ ਹਾਕਮ ਧਿਰ ਆਪਣਿਆਂ ਨੂੰ ਹੀ ਅਲਾਟਮੈਂਟ ਮੌਕੇ ਨਿਵਾਜ ਦਿੰਦੀ ਹੈ। ਵੱਡੀ ਗੱਲ ਇਹ ਹੈ ਕਿ ਮਹਿੰਗੇ ਹਥਿਆਰ ਸਸਤੇ ਭਾਅ ਤੇ ਖਾਸ ਲੋਕਾਂ ਨੂੰ ਮਿਲ ਜਾਂਦੇ ਹਨ। ਇਹ ਉਹ ਅਸਲਾ ਹੈ ਜੋ ਅੱਤਵਾਦ ਦੇ ਸਮੇਂ ਜਾਂ ਉਸ ਮਗਰੋਂ ਕਰੀਮੀਨਲ ਲੋਕਾਂ ਤੋਂ ਪੁਲੀਸ ਨੇ ਫੜਿਆ ਹੋਇਆ ਹੈ। ਗ੍ਰਹਿ ਵਿਭਾਗ ਇਸ ਦੀ ਅਲਾਟਮੈਂਟ ਕਰਦਾ ਹੈ ਜਦੋਂ ਕਿ ਪੁਲੀਸ ਅਕੈਡਮੀ ਫਿਲੌਰ ਹਥਿਆਰਾਂ ਦੀ ਡਲਿਵਰੀ ਦਿੰਦੀ ਹੈ। 

No comments:

Post a Comment