Sunday, August 12, 2018

                     ਦਹਿਸ਼ਤ ਦਾ ਰਾਜ
  ਗੈਂਗਸਟਰਾਂ ਨੇ ਵਾਹਣੀਂ ਪਾਏ ਜੇਲ੍ਹ ਅਫਸਰ
                        ਚਰਨਜੀਤ ਭੁੱਲਰ
ਬਠਿੰਡਾ : ਜੇਲ੍ਹਾਂ ਦੀ ਨੌਕਰੀ ਦੀ ਹੁਣ ਨਾ ‘ਠੁੱਕ’ ਰਹੀ ਹੈ ਅਤੇ ਨਾ ਹੀ ‘ਠਾਠ’। ਬੇਲਗ਼ਾਮ ਗੈਂਗਸਟਰਾਂ ਨੇ ਜੇਲ੍ਹਾਂ ’ਚ ਦਹਿਸ਼ਤੀ ਮਾਹੌਲ ਸਿਰਜ ਦਿੱਤਾ ਹੈ। ਏਦਾਂ ਦੇ ਹਾਲਾਤਾਂ ’ਚ ਜੇਲ੍ਹ ਅਫ਼ਸਰਾਂ ਤੇ ਮੁਲਾਜ਼ਮਾਂ ਨੇ ਨੌਕਰੀ ਤੋਂ ਤੌਬਾ ਕਰ ਲਈ ਹੈ। ਲੰਘੇ ਦਸ ਵਰ੍ਹਿਆਂ ਦੌਰਾਨ ਕਰੀਬ ਸਵਾ ਸੌ ਜੇਲ੍ਹ ਅਫ਼ਸਰਾਂ ਤੇ ਮੁਲਾਜ਼ਮਾਂ ਨੇ ਨੌਕਰੀ ਛੱਡ ਦਿੱਤੀ ਹੈ। ਬਹੁਤੇ ਸਵੈ ਇੱਛਾ ਨਾਲ ਸੇਵਾ ਮੁਕਤੀ ਲੈ ਗਏ ਅਤੇ ਕਈਆਂ ਨੇ ਅਸਤੀਫ਼ੇ ਦੇ ਦਿੱਤੇ ਹਨ। ਗੱਠਜੋੜ ਵਜ਼ਾਰਤ ਦੇ ਸਮੇਂ ਤੋਂ ਜੇਲ੍ਹਾਂ ’ਚ ਦਹਿਸ਼ਤ ਦੌਰ ਦਾ ਮੁੱਢ ਬੱਝਾ ਜਿਸ ਤੋਂ ਹਾਲੇ ਤੱਕ ਜੇਲ੍ਹਾਂ ਮੁਕਤ ਨਹੀਂ ਹੋਈਆਂ। ਸਵੈ ਇੱਛਾ ਸੇਵਾ ਮੁਕਤੀ (ਵੀਆਰਐਸ) ਅਤੇ ਅਸਤੀਫ਼ਾ ਦੇਣ ਪਿੱਛੇ ਅਧਿਕਾਰੀ ਤੇ ਮੁਲਾਜ਼ਮ ਤਰਕ ਤਾਂ ਘਰੇਲੂ ਹਾਲਤ ਅਤੇ ਸਿਹਤ ਠੀਕ ਨਾ ਹੋਣ ਦਾ ਹੀ ਦਿੰਦੇ ਹਨ ਪ੍ਰੰਤੂ ਲੁਕਵੇਂ ਕਾਰਨ ਹੋਰ ਹੁੰਦੇ ਹਨ। ਆਰਟੀਆਈ ਵੇਰਵਿਆਂ ਅਨੁਸਾਰ ਕੇਂਦਰੀ ਜੇਲ੍ਹ ਜਲੰਧਰ ਐਟ ਕਪੂਰਥਲਾ ਦੇ ਨਵੰਬਰ 2011 ਤੋਂ ਹੁਣ ਤੱਕ 21 ਅਫ਼ਸਰਾਂ ਤੇ ਮੁਲਾਜ਼ਮਾਂ ਨੇ ਨੌਕਰੀ ਛੱਡ ਦਿੱਤੀ ਹੈ। 19 ਅਫ਼ਸਰਾਂ/ ਮੁਲਾਜ਼ਮਾਂ ਨੇ ਵੀਆਰਐਸ ਲੈ ਲਈ ਹੈ ਜਦੋਂ ਕਿ ਸਹਾਇਕ ਸੁਪਰਡੈਂਟ ਅਤੇ ਇੱਕ ਵਾਰਡਰ ਨੇ ਅਸਤੀਫ਼ਾ ਦਿੱਤਾ ਹੈ।
                   ਬਹੁਗਿਣਤੀ ਨੇ ਘਰੇਲੂ ਕਾਰਨਾਂ ਦਾ ਵਾਸਤਾ ਪਾਇਆ ਹੈ। ਇੱਕ ਸਹਾਇਕ ਸੁਪਰਡੈਂਟ ਨੇ ਜੇਲ੍ਹ ਦੀ ਨੌਕਰੀ ਛੱਡ ਕੇ ਪੰਜਾਬ ਪੁਲੀਸ ’ਚ ਸਬ ਇੰਸਪੈਕਟਰ ਦੀ ਨੌਕਰੀ ਜੁਆਇਨ ਕੀਤੀ ਹੈ। ਸੰਗਰੂਰ  ਜੇਲ੍ਹ ਦੇ ਅੱਠ ਅਫ਼ਸਰਾਂ/ਮੁਲਾਜ਼ਮਾਂ ਨੇ ਨੌਕਰੀ ਛੱਡੀ ਹੈ। ਇਸ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਘਰੇਲੂ ਹਾਲਾਤ ਠੀਕ ਨਾ ਹੋਣ ਕਰਕੇ ਅਸਤੀਫ਼ਾ ਦੇ ਦਿੱਤਾ। ਸੰਗਰੂਰ ਜੇਲ੍ਹ ’ਚ ਬੰਦ ਕੈਦੀ ਰਾਜੀਵ ਕੁਮਾਰ ਨੇ 30 ਮਈ 2015 ਨੂੰ ਸਹਾਇਕ ਜੇਲ੍ਹ ਸੁਪਰਡੈਂਟ ਜਗਮੇਲ ਸਿੰਘ ਨੂੰ ਧਮਕੀ ਦਿੱਤੀ ਅਤੇ ਚਾਰ ਹਵਾਲਾਤੀਆਂ ਨੇ 13 ਅਪ੍ਰੈਲ 2017 ਨੂੰ ਸੁਪਰਡੈਂਟ ਹਰਦੀਪ ਭੱਟੀ ਅਤੇ ਸਹਾਇਕ ਸੁਪਰਡੈਂਟ ਕੈਲਾਸ਼ ਕੁਮਾਰ ਨੂੰ ਧਮਕੀ ਦਿੱਤੀ। ਬਠਿੰਡਾ ਜੇਲ੍ਹ ’ਚ ਲੰਘੇ ਤਿੰਨ ਵਰ੍ਹਿਆਂ ਦੌਰਾਨ ਚਾਰ ਅਫ਼ਸਰਾਂ ਤੇ ਮੁਲਾਜ਼ਮਾਂ ਨੇ ਨੌਕਰੀ ਛੱਡੀ ਹੈ ਜਿਨ੍ਹਾਂ ’ਚ ਇੱਕ ਸਹਾਇਕ ਸੁਪਰਡੈਂਟ ਵੀ ਸ਼ਾਮਿਲ ਹੈ। ਫ਼ਰੀਦਕੋਟ ਜੇਲ੍ਹ ਦੇ ਸੱਤ ਜੇਲ੍ਹ ਅਫ਼ਸਰਾਂ ਤੇ ਮੁਲਾਜ਼ਮਾਂ ਨੇ ਨੌਕਰੀ ਤੋਂ ਤੌਬਾ ਕੀਤੀ ਹੈ ਜਿਨ੍ਹਾਂ ਚੋਂ ਦੋ ਨੇ ਅਸਤੀਫ਼ੇ ਦਿੱਤੇ ਹਨ। ਜੇਲ੍ਹ ਦੇ ਡਿਪਟੀ ਸੁਪਰਡੈਂਟ ਨੂੰ ਗੈਂਗਸਟਰਾਂ ਨੇ ਧਮਕੀ ਵੀ ਦਿੱਤੀ ਜਿਸ ਦੀ ਥਾਣੇ ਵਿਚ ਰਿਪੋਰਟ ਦਰਜ ਵੀ ਕਰਾਈ ਗਈ ਪ੍ਰੰਤੂ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ।
           ਕੱੁਝ ਜੇਲ੍ਹ ਅਫ਼ਸਰਾਂ ਦਾ ਪ੍ਰਤੀਕਰਮ ਸੀ ਕਿ ਸਹੀ ਅਫ਼ਸਰਾਂ ਲਈ ਹੁਣ ਜੇਲ੍ਹ ਦੀ ਨੌਕਰੀ ਦੁੱਭਰ ਹੋ ਗਈ ਹੈ। ਗੈਂਗਸਟਰ ਥੋੜ੍ਹੀ ਸਖ਼ਤੀ ਤੇ ਅੱਖਾਂ ਦਿਖਾਉਣ ਲੱਗੇ ਜਾਂਦੇ ਹਨ। ਸਕਿਉਰਿਟੀ ਜੇਲ੍ਹ ਨਾਭਾ ਦੇ ਸਹਾਇਕ ਸੁਪਰਡੈਂਟ ਨੇ ਪੰਜਾਬ ਪੁਲੀਸ ਦੀ ਸਬ ਇੰਸਪੈੱਕਟਰੀ ਨੂੰ ਤਰਜੀਹ ਦਿੱਤੀ ਹੈ। ਸਬ ਜੇਲ੍ਹ ਦਸੂਹਾ ਦੇ ਇੱਕ ਮੁਲਾਜ਼ਮ ਨੇ ਵੀਆਰਐਸ ਲਈ ਹੈ ਅਤੇ ਇਸ ਜੇਲ੍ਹ ਦੇ ਡਿਪਟੀ ਸੁਪਰਡੈਂਟ ਨੂੰ ਇੱਕ ਹਵਾਲਾਤੀ ਨੇ ਫ਼ੋਨ ਤੇ ਧਮਕੀ ਦਿੱਤੀ ਹੈ। ਥਾਣੇ ਨੂੰ ਰਿਪੋਰਟ ਵੀ ਦਿੱਤੀ ਪ੍ਰੰਤੂ ਕੋਈ ਕਾਰਵਾਈ ਨਹੀਂ ਹੋਈ। ਕੇਂਦਰੀ ਜੇਲ੍ਹ ਲੁਧਿਆਣਾ ਦੇ 10 ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਲੰਘੇ ਪੰਜ ਵਰ੍ਹਿਆਂ ਦੌਰਾਨ ਨੌਕਰੀ ਨੂੰ ਅਲਵਿਦਾ ਆਖਿਆ ਹੈ ਜਿਨ੍ਹਾਂ ਚੋਂ ਦੋ ਨੇ ਅਸਤੀਫ਼ਾ ਦਿੱਤਾ ਹੈ। ਇਸ ਜੇਲ੍ਹ ’ਚ 67 ਅਸਾਮੀਆਂ ਖ਼ਾਲੀ ਪਈਆਂ ਹਨ। ਫ਼ਿਰੋਜ਼ਪੁਰ ਜੇਲ੍ਹ ਦੇ ਅੱਠ ਹੈਡਵਾਰਡਰ ਅਤੇ ਵਾਰਡਰਾਂ ਨੇ ਨੌਕਰੀ ਛੱਡੀ ਹੈ ਜਦੋਂ ਕਿ ਰੋਪੜ ਜੇਲ੍ਹ ਦੇ ਅੱਠ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸਵੈ ਇੱਛਾ ਨਾਲ ਸੇਵਾ ਮੁਕਤੀ ਲੈ ਲਈ ਹੈ ਜਿਨ੍ਹਾਂ ’ਚ ਦੋ ਸਹਾਇਕ ਸੁਪਰਡੈਂਟ ਵੀ ਸ਼ਾਮਿਲ ਹਨ। ਸੂਤਰ ਦੱਸਦੇ ਹਨ ਕਿ ਜੇਲ੍ਹਾਂ ਦੇ ਮਾਹੌਲ ਨੂੰ ਦੇਖਦੇ ਹੋਏ ਹੁਣ ਤਾਂ ਕੋਈ ਜੇਲ੍ਹ ਸੁਪਰਡੈਂਟ ਵੀ ਲੱਗਣ ਨੂੰ ਤਿਆਰ ਨਹੀਂ ਹੈ।
                 ਇਹ ਵੀ ਕੋਈ ਲੁਕੀ ਛੁਪੀ ਗੱਲ ਨਹੀਂ ਕਿ ਜੇਲ੍ਹਾਂ ’ਚ ਨਸ਼ੇ ਤੇ ਮੋਬਾਈਲ ਦੀ ਵਰਤੋਂ ਵੀ ਰੁਕੀ ਨਹੀਂ ਅਤੇ ਇਹ ਧੰਦਾ ਜੇਲ੍ਹ ਸਟਾਫ਼ ਦੀ ਸ਼ਮੂਲੀਅਤ ਤੋਂ ਬਿਨਾਂ ਸੰਭਵ ਨਹੀਂ ਹੈ। ਬਹੁਤੇ ਜੇਲ੍ਹ ਅਧਿਕਾਰੀ ਜੇਲ੍ਹਾਂ ’ਚ ਦੋ ਨੰਬਰ ਦੇ ਕਾਰੋਬਾਰ ਨੂੰ ਹੱਲਾਸ਼ੇਰੀ ਦੇ ਕੇ ਹੱਥ ਵੀ ਰੰਗ ਰਹੇ ਹਨ। ਜੇਲ੍ਹਾਂ ’ਚ ਲੜਾਈ ਝਗੜੇ ਵੀ ਪਹਿਲਾਂ ਨਾਲੋਂ ਵਧੇ ਹਨ। ਪੰਜਾਬ ਵਿਚ ਇਸ ਵੇਲੇ ਛੋਟੀਆਂ ਵੱਡੀਆਂ 26 ਜੇਲ੍ਹਾਂ ਹਨ ਜਿਨ੍ਹਾਂ ਦੀ 23,218 ਬੰਦੀਆਂ ਨੂੰ ਸੰਭਾਲਣ ਦੀ ਸਮਰੱਥਾ ਹੈ। ਇਨ੍ਹਾਂ ਜੇਲ੍ਹਾਂ ’ਚ ਵਾਰਡਰ ਗਾਰਦ ਦੀਆਂ 2683 ਅਸਾਮੀਆਂ ਪ੍ਰਵਾਨਿਤ ਹਨ ਜਿਨ੍ਹਾਂ ਚੋਂ 789 ਖ਼ਾਲੀ ਪਈਆਂ ਹਨ। ਜੇਲ੍ਹਾਂ ਦੀ ਸੁਰੱਖਿਆ ਤੇ ਪੰਜਾਬ ਪੁਲੀਸ/ਆਈਆਰਬੀ/ਪੀਏਪੀ/ਹੋਮ ਗਾਰਡ ਅਤੇ ਪੈਸਕੋ ਦੇ ਕਰੀਬ 1867 ਜਵਾਨ ਤਾਇਨਾਤ ਕੀਤੇ ਹੋਏ ਹਨ। ਹੁਣ ਛੇ ਜੇਲ੍ਹਾਂ ਦੀ ਸੁਰੱਖਿਆ ਕੇਂਦਰੀ ਸਨਅਤੀ ਸੁਰੱਖਿਆ ਦਲ ਨੂੰ ਦਿੱਤੀ ਜਾਣੀ ਹੈ। ਪੰਜਾਬ ਦੀਆਂ ਜੇਲ੍ਹਾਂ ਵਿਚ ਇਸ ਵੇਲੇ ਸਵਾ ਦੋ ਸੌ ਗੈਂਗਸਟਰ ਬੰਦ ਹਨ ਜਿਨ੍ਹਾਂ ਚੋਂ 35 ਖ਼ਤਰਨਾਕ ਗੈਂਗਸਟਰ ਹਨ।
                    ਹੁਣ ਨੌਬਤ ਨਹੀਂ ਆਵੇਗੀ : ਜੇਲ੍ਹ ਮੰਤਰੀ
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਸੀ ਕਿ ਹੁਣ ਉਹ ਜੇਲ੍ਹ ਅਫਸਰਾਂ ਤੇ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦੀ ਨੌਬਤ ਨਹੀਂ ਆਉਣ ਦੇਣਗੇ। ਜਿਥੇ ਕਿਤੇ ਵੀ ਜੇਲ੍ਹ ਅਫਸਰਾਂ ਨੂੰ ਧਮਕੀ ਮਿਲੀ ਹੈ, ਉਨ੍ਹਾਂ ਅਫਸਰਾਂ ਨੂੰ ਫੌਰੀ ਸੁਰੱਖਿਆ ਮਹੱਈਆ ਕਰਾਈ ਗਈ ਹੈ। ਅਗਰ ਕਿਸੇ ਹੋਰ ਅਧਿਕਾਰੀ ਨੂੰ ਧਮਕੀ ਮਿਲੀ ਤਾਂ ਉਸ ਨੂੰ ਵੀ ਸੁਰੱਖਿਆ ਦੇਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜੇਲ੍ਹ ਵਾਰਡਰ ਤਾਂ ਸ਼ਾਇਦ ਤਰੱਕੀ ਦੇ ਮੌਕੇ ਨਾ ਹੋਣ ਕਰਕੇ ਵੀਆਰਐਸ ਲੈ ਰਹੇ ਹਨ।




No comments:

Post a Comment