Monday, June 5, 2023

                                                     ਐਵਾਰਡ ਲਈ ਚੋਣ
                                  ਪਿੰਡ ਬੱਲ੍ਹੋ ਦਾ ਗੁੜ ਮਿੱਠਾ ਨਿਕਲਿਆ..!
                                                       ਚਰਨਜੀਤ ਭੁੱਲਰ 

ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਪਿੰਡ ਬੱਲ੍ਹੋ ਨੂੰ ਚੌਗਿਰਦੇ ਦੀ ਸ਼ੁੱਧਤਾ ਲਈ ਨਿਭਾਈ ਭੂਮਿਕਾ ਬਦਲੇ ‘ਸ਼ਹੀਦ ਭਗਤ ਸਿੰਘ ਵਾਤਾਵਰਨ ਐਵਾਰਡ’ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਭਲਕੇ ਮੁਹਾਲੀ ਵਿੱਚ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਬੱਲ੍ਹੋ ਦੀ ਪੰਚਾਇਤ ਨੂੰ ਇਸ ਐਵਾਰਡ ਨਾਲ ਸਨਮਾਨਿਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਗਰਾਮ ਪੰਚਾਇਤ ਨੇ ਪਿੰਡ ਬੱਲ੍ਹੋ ਨੂੰ ਪਲਾਸਟਿਕ ਮੁਕਤ ਕਰਨ ਲਈ ‘ਪਲਾਸਟਿਕ ਲਿਆਓ, ਗੁੜ/ਖੰਡ ਲੈ ਜਾਓ’ ਦਾ ਨਾਅਰਾ ਦਿੱਤਾ ਸੀ। ‘ਸਾਇੰਸ, ਤਕਨਾਲੋਜੀ ਤੇ ਵਾਤਾਵਰਨ ਵਿਭਾਗ ਪੰਜਾਬ’ ਵੱਲੋਂ ਪੰਜਾਬ ਦੀ ਇਕਲੌਤੀ ਗਰਾਮ ਪੰਚਾਇਤ ਬੱਲ੍ਹੋ ਨੂੰ ਇਸ ਐਵਾਰਡ ਲਈ ਚੁਣਿਆ ਗਿਆ ਹੈ, ਜਿਸ ਤਹਿਤ ਪੰਚਾਇਤ ਨੂੰ ਇੱਕ ਲੱਖ ਰੁਪਏ ਤੇ ਸਰਟੀਫਿਕੇਟ ਨਾਲ ਨਿਵਾਜਿਆ ਜਾਵੇਗਾ।

          ਜ਼ਿਕਰਯੋਗ ਹੈ ਕਿ ਪਿੰਡ ਦੀ ਮਹਿਲਾ ਸਰਪੰਚ ਪ੍ਰੀਤਮ ਕੌਰ ਦੀ ਅਗਵਾਈ ਹੇਠ ਗਰਾਮ ਸਭਾ ਨੇ ਆਮ ਇਜਲਾਸ ਵਿੱਚ ਪਿੰਡ ਦੇ ਚੌਗਿਰਦੇ ਦੀ ਸ਼ੁੱਧਤਾ ਲਈ ਕਈ ਅਹਿਮ ਫ਼ੈਸਲੇ ਲਏ ਸਨ। ਗੁਰਬਚਨ ਸਿੰਘ ਸੇਵਾ ਸਮਿਤੀ ਸੁਸਾਇਟੀ ਬੱਲ੍ਹੋ ਦੇ ਮੋਹਰੀ ਗੁਰਮੀਤ ਸਿੰਘ ਮਾਨ ਤੇ ਦਵਿੰਦਰ ਸਿੰਘ ਫਰਾਂਸ ਨੇ ਇਸ ਵਾਸਤੇ ਵਿੱਤੀ ਸਹਿਯੋਗ ਵੀ ਦਿੱਤਾ ਹੈ। ਪੰਚਾਇਤ ਮੈਂਬਰ ਜਗਤਾਰ ਸਿੰਘ ਨੇ ਦੱਸਿਆ ਕਿ ਪੰਚਾਇਤ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਸਬਸਿਡੀ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 700 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਕਮ ਸਬਸਿਡੀ ਦਿੱਤੀ ਜਾਂਦੀ ਹੈ ਤੇ ਪੰਚਾਇਤ ਵੱਲੋਂ ਅਜਿਹੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜਾਂਦਾ ਹੈ। ਸਰਪੰਚ ਨੇ ਦੱਸਿਆ ਕਿ ਦਾਨੀ ਸੱਜਣਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਤੋਂ ਇਲਾਵਾ ਗਰਾਮ ਸੇਵਕ ਪਰਮਜੀਤ ਸਿੰਘ ਭੁੱਲਰ ਨੇ ਵੀ ਆਪਣੇ ਤੌਰ ’ਤੇ ਇਨ੍ਹਾਂ ਕੰਮਾਂ ਲਈ ਪਿੰਡ ਦੀ ਅਗਵਾਈ ਕੀਤੀ ਹੈ।

           ਪਿੰਡ ਦੇ ਸਕੂਲ ਵਿੱਚ ਮੀਂਹ ਦੇ ਪਾਣੀ ਨੂੰ ਧਰਤੀ ਹੇਠਲੇ ਪਾਣੀ ਵਿੱਚ ਰੀਚਾਰਜ ਕਰਨ ਲਈ ਰੇਨ ਵਾਟਰ ਰੀਚਾਰਜ ਪਿਟ ਬਣਾਏ ਗਏ ਹਨ। ਸੰਸਥਾ ਦੇ ਮੈਂਬਰ ਕਰਮਜੀਤ ਸਿੰਘ ਦਾ ਕਹਿਣਾ ਹੈ ਕਿ ਪਿੰਡ ਵਿੱਚ ਪਾਰਕ ਬਣਾ ਕੇ ਸਾਂਝੀਆਂ ਥਾਵਾਂ ’ਤੇ ਬੂਟੇ ਲਾਏ ਗਏ ਹਨ। ਪਿੰਡ ਬੱਲ੍ਹੋ ਦੇ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ’ਚੋਂ ਬਲਾਕ ਦੇ ਪਿੰਡਾਂ ’ਚੋਂ ਨਿਕਲਣ ਵਾਲੇ ਪਲਾਸਟਿਕ ਨੂੰ ਰੀਸਾਈਕਲ ਕਰਕੇ ਮੁੜ ਵਰਤੋਂ ਵਿੱਚ ਲਿਆਉਣ ਵਾਲਾ ਪ੍ਰਾਜੈਕਟ ਚੱਲ ਰਿਹਾ ਹੈ। ਐਵਾਰਡ ਲਈ ਚੁਣੇ ਜਾਣ ’ਤੇ ਖ਼ੁਸ਼ੀ ਸਾਂਝੀ ਕਰਦਿਆਂ ਸਰਪੰਚ ਪ੍ਰੀਤਮ ਕੌਰ ਤੇ ਉੱਘੇ ਕਾਰੋਬਾਰੀ ਗੁਰਮੀਤ ਸਿੰਘ ਬੱਲ੍ਹੋ ਨੇ ਇਸ ਹੱਲਾਸ਼ੇਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਤੇ ਪਿੰਡ ਵਿੱਚ ਲੱਡੂ ਵੀ ਵੰਡੇ।

No comments:

Post a Comment