Monday, September 9, 2024

                                                        ਵਿੱਤੀ ਸੰਕਟ
                                  ਕੇਂਦਰ ਤੋਂ ਕਰਜ਼ਾ ਹੱਦ ਵਧਾਉਣ ਦੀ ਮੰਗ
                                                      ਚਰਨਜੀਤ ਭੁੱਲਰ 

ਚੰਡੀਗੜ੍ਹ : ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਲਈ ਆਪਣੀ ਕਰਜ਼ਾ ਹੱਦ ਵਿਚ 10 ਹਜ਼ਾਰ ਕਰੋੜ ਦੇ ਵਾਧੇ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰਾਲੇ ਨੂੰ ਭੇਜੇ ਪੱਤਰ ਵਿਚ 10 ਹਜ਼ਾਰ ਕਰੋੜ ਦੀ ਵਾਧੂ ਕਰਜ਼ਾ ਹੱਦ ਨੂੰ ਪ੍ਰਵਾਨਗੀ ਦੇਣ ਲਈ ਕਿਹਾ ਗਿਆ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੇ ਪੱਤਰ ਵਿਚ ਆਪਣੇ ਖ਼ਰਚਿਆਂ ਦੀ ਪੂਰਤੀ ਦਾ ਹਵਾਲਾ ਦਿੱਤਾ ਹੈ। ਸੂਬਾ ਸਰਕਾਰ ਨੂੰ ਜਾਪਦਾ ਹੈ ਕਿ ਮੌਜੂਦਾ ਸਾਲਾਨਾ ਕਰਜ਼ਾ ਹੱਦ ਨਾਲ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਭਰਪਾਈ ਨਹੀਂ ਹੋਵੇਗੀ। ਪੰਜਾਬ ਸਰਕਾਰ ਹੋਰ ਕਰਜ਼ਾ ਚੁੱਕ ਕੇ ਆਪਣੇ ਖ਼ਰਚਿਆਂ ਦੀ ਪੂਰਤੀ ਕਰਨਾ ਚਾਹੁੰਦੀ ਹੈ। ਸਾਲ 2024-25 ਲਈ ਪੰਜਾਬ ਦੀ ਕਰਜ਼ਾ ਹੱਦ 30,464.92 ਕਰੋੜ ਰੁਪਏ ਹੈ ਜਿਸ ’ਚੋਂ ਜੁਲਾਈ ਤੱਕ ਸਰਕਾਰ ਨੇ 13,094 ਕਰੋੜ ਦਾ ਕਰਜ਼ਾ ਚੁੱਕ ਲਿਆ ਹੈ। ਇਸ ਤੋਂ ਇਲਾਵਾ ਸਰਕਾਰ ਨੇ ਚਾਲੂ ਵਿੱਤੀ ਸਾਲ ਲਈ 10 ਹਜ਼ਾਰ ਕਰੋੜ ਦੀ ਕਰਜ਼ਾ ਹੱਦ ਦੀ ਲੋੜ ਮਹਿਸੂਸ ਕੀਤੀ ਹੈ। 

          ਵਿੱਤੀ ਸਾਲ 2023-24 ਵਿਚ ਸੂਬਾ ਸਰਕਾਰ ਦੀ ਕਰਜ਼ਾ ਲੈਣ ਦੀ ਹੱਦ 45,730 ਕਰੋੜ ਰੁਪਏ ਸੀ। ਕੇਂਦਰ ਸਰਕਾਰ ਨੇ ਪਿਛਲੇ ਸਾਲ ਇੱਕ ਦਫ਼ਾ ਪੰਜਾਬ ਦੀ ਕਰਜ਼ਾ ਹੱਦ ਵਿਚ 2387 ਕਰੋੜ ਰੁਪਏ ਦੀ ਕਟੌਤੀ ਕੀਤੀ ਸੀ। ਅਗਸਤ ਮਹੀਨੇ ਹੋਈ ਕੈਬਨਿਟ ਮੀਟਿੰਗ ਵਿਚ ਕੇਂਦਰੀ ਵਿੱਤ ਮੰਤਰਾਲੇ ਨੂੰ ਕਰਜ਼ਾ ਹੱਦ ਵਧਾਉਣ ਲਈ ਪੱਤਰ ਲਿਖੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਮਗਰੋਂ ਸੂਬਾ ਸਰਕਾਰ ਨੇ ਇਹ ਪੱਤਰ ਵਿੱਤ ਮੰਤਰਾਲੇ ਨੂੰ ਭੇਜ ਦਿੱਤਾ ਹੈ। ਸੂਬਾ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ’ਚ ਕਰਜ਼ਾ ਮਿਲਿਆ ਹੈ ਜਿਸ ਨੂੰ ਵਾਪਸ ਕੀਤਾ ਜਾਣਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਾਲ 69,867 ਕਰੋੜ ਰੁਪਏ ਦੀ ਰਕਮ ਅਦਾ ਕੀਤੀ ਜਾਣੀ ਹੈ ਅਤੇ 23,900 ਕਰੋੜ ਰੁਪਏ ਤਾਂ ਕੇਵਲ ਕਰਜ਼ਿਆਂ ਦੇ ਵਿਆਜ ਦੀ ਅਦਾਇਗੀ ਵਿਚ ਚਲੇ ਜਾਣੇ ਹਨ।

           ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਨੇ ਪੰਜਾਬ ਦੇ ਵਿੱਤੀ ਸੰਕਟ ਦੇ ਮੱਦੇਨਜ਼ਰ ਸਖ਼ਤ ਫ਼ੈਸਲੇ ਵੀ ਕੀਤੇ ਹਨ ਜਿਨ੍ਹਾਂ ਵਿਚ ਘਰੇਲੂ ਬਿਜਲੀ ਦੀ ਢਾਈ ਰੁਪਏ ਪ੍ਰਤੀ ਯੂਨਿਟ ਸਬਸਿਡੀ ਦੀ ਵਾਪਸੀ, ਤੇਲ ਕੀਮਤਾਂ ’ਤੇ ਵੈਟ ਵਿਚ ਵਾਧਾ, ਜ਼ਮੀਨਾਂ ਦੇ ਸਰਕਾਰੀ ਭਾਅ ’ਚ ਬੜੋਤਰੀ, ਬੱਸ ਕਿਰਾਏ ਵਿਚ ਵਾਧਾ ਅਤੇ ਗਰੀਨ ਟੈਕਸ ਆਦਿ ਲਗਾਇਆ ਗਿਆ ਹੈ। ਪੰਜਾਬ ਸਰਕਾਰ ਨੂੰ ਮਾਲੀਆ ਪ੍ਰਾਪਤੀਆਂ ਵਿਚ ਵਾਧੇ ਤੋਂ ਤਾਂ ਤਸੱਲੀ ਹੈ ਪਰ ਸਰਕਾਰ ਦੇ ਖ਼ਰਚਿਆਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਮਦਨ ਤੇ ਖ਼ਰਚ ਵਿਚਲਾ ਖੱਪਾ ਵਧਦਾ ਜਾ ਰਿਹਾ ਹੈ। ਸਰਕਾਰ ਦੀ ਵੱਡੀ ਚਿੰਤਾ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਦੇਣ ਦੀ ਹੈ। ਅਗਸਤ ਮਹੀਨੇ ਦੀ ਤਨਖ਼ਾਹ 4 ਸਤੰਬਰ ਨੂੰ ਦਿੱਤੀ ਜਾ ਸਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨਾਂ ਤੋਂ ਵਿੱਤੀ ਸੰਕਟ ਦੇ ਮੱਦੇਨਜ਼ਰ ਕਮਾਨ ਆਪਣੇ ਹੱਥ ਲੈ ਲਈ ਹੈ ਪਰ ਪੰਜਾਬ ਦੇ ਵਿੱਤ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਈ ਇਹ ਪਰਖ ਦੀ ਘੜੀ ਹੈ।

           ਸੂਬਾ ਸਰਕਾਰ ਨੇ ਵੱਖ ਵੱਖ ਵਿਭਾਗਾਂ ਨੂੰ ਪੱਤਰ ਲਿਖ ਕੇ ਮੌਜੂਦ ਪਏ ਫੰਡਾਂ ਦੇ ਵੇਰਵੇ ਵੀ ਪੁੱਛੇ ਹਨ। ਪੁੱਡਾ ਨੇ ਵੀ ਸੂਬੇ ਭਰ ਵਿਚ ਆਪਣੀਆਂ ਸੰਮਤੀਆਂ ਦੀ ਨਿਲਾਮੀ ਦੀ ਮੁਹਿੰਮ ਵਿੱਢੀ ਹੋਈ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਕਰਜ਼ਾ ਹੱਦ ਵਿਚ ਵਾਧੇ ਲਈ ਕੋਈ ਹੁੰਗਾਰਾ ਨਾ ਭਰਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾ ਸਕਦੇ ਹਨ। ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਨੇ ਪੰਜਾਬ ਦੇ ਕੌਮੀ ਸਿਹਤ ਮਿਸ਼ਨ ਅਤੇ ਪੇਂਡੂ ਵਿਕਾਸ ਫ਼ੰਡ ਦੇ ਬਕਾਏ ਜਾਰੀ ਨਹੀਂ ਕੀਤੇ ਹਨ ਅਤੇ ਜੀਐੱਸਟੀ ਦੇ ਲਾਗੂ ਹੋਣ ਤੋਂ ਬਾਅਦ ਮੁਆਵਜ਼ਾ ਵੀ ਬੰਦ ਕਰ ਦਿੱਤਾ ਹੈ। ਇਸੇ ਤਰ੍ਹਾਂ 15ਵੇਂ ਵਿੱਤ ਕਮਿਸ਼ਨ ਦੁਆਰਾ ਦਿੱਤੀ ਗਈ ਮਾਲੀਆ ਘਾਟਾ ਗ੍ਰਾਂਟ ਚਾਲੂ ਵਿੱਤੀ ਸਾਲ ਲਈ ਘੱਟ ਕੇ 1995 ਕਰੋੜ ਰੁਪਏ ਰਹਿ ਗਈ ਹੈ।

No comments:

Post a Comment