Friday, October 25, 2024

                                                     ਪੰਜਾਬ ਨੂੰ ਹਲੂਣਾ
                         ਕੇਂਦਰੀ ਮੰਤਰਾਲੇ ਵੱਲੋਂ ਚੌਲਾਂ ਦੇ ਨਮੂਨੇ ਫੇਲ੍ਹ
                                                       ਚਰਨਜੀਤ ਭੁੱਲਰ 

ਚੰਡੀਗੜ੍ਹ : ਪੰਜਾਬ ਵਿੱਚੋਂ ਉੱਤਰੀ-ਪੂਰਬੀ ਸੂਬੇ ’ਚ ਭੇਜੇ ਗਏ ਚੌਲਾਂ ਦੇ ਨਮੂਨੇ ਫੇਲ੍ਹ ਹੋ ਗਏ ਹਨ, ਜਿਨ੍ਹਾਂ ’ਚੋਂ ਚੌਲਾਂ ਦਾ ਕੁੱਝ ਭੰਡਾਰ ਤਾਂ ਮਨੁੱਖੀ ਵਰਤੋਂ ਲਈ ਵੀ ਅਯੋਗ ਪਾਇਆ ਗਿਆ ਹੈ। ਕੇਂਦਰ ਸਰਕਾਰ ਨੇ ਇਹ ਖ਼ੁਲਾਸਾ ਉਦੋਂ ਕੀਤਾ ਹੈ ਜਦੋਂ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨੂੰ ਲੈ ਕੇ ਕਿਸਾਨ ਸੜਕਾਂ ’ਤੇ ਉੱਤਰੇ ਹੋਏ ਹਨ ਅਤੇ ਸ਼ੈਲਰ ਮਾਲਕ ਝੋਨਾ ਚੁੱਕਣ ਤੋਂ ਇਨਕਾਰੀ ਹਨ। ਕੇਂਦਰ ਦੀ ਭਾਜਪਾ ਹਕੂਮਤ ਅਤੇ ਪੰਜਾਬ ਦੀ ‘ਆਪ’ ਸਰਕਾਰ ਦਰਮਿਆਨ ਪਹਿਲਾਂ ਹੀ ਖਿੱਚੋਤਾਣ ਬਣੀ ਹੋਈ ਹੈ। ਕੇਂਦਰੀ ਖ਼ੁਰਾਕ ਮੰਤਰਾਲੇ ਵੱਲੋਂ ਭਾਰਤੀ ਖ਼ੁਰਾਕ ਨਿਗਮ ਨੂੰ 23 ਅਕਤੂਬਰ ਨੂੰ ਭੇਜੇ ਗਏ ਪੱਤਰ ਵਿੱਚ ਚੌਲਾਂ ਦੇ ਫੇਲ੍ਹ ਹੋਏ ਨਮੂਨਿਆਂ ਦਾ ਹਵਾਲਾ ਦਿੱਤਾ ਗਿਆ ਹੈ। ‘ਪੰਜਾਬੀ ਟ੍ਰਿਬਿਊਨ’ ਕੋਲ ਮੌਜੂਦ ਪੱਤਰ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚੋਂ ਸਾਲ 2022-23 ਅਤੇ ਵਰ੍ਹਾ 2023-24 ਦੌਰਾਨ ਚੌਲਾਂ ਦੀ ਖੇਪ ਉੱਤਰੀ-ਪੂਰਬੀ ਸੂਬੇ ਅਰੁਣਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਾਂਦਰਦੇਵਾ ’ਚ ਗਈ ਸੀ। ਇਸੇ ਵਰ੍ਹੇ ਬਾਂਦਰਦੇਵਾ ਦੇ ਚੌਲਾਂ ਦੇ ਇਸ ਭੰਡਾਰ ਵਿੱਚੋਂ 16 ਤੋਂ 21 ਸਤੰਬਰ ਤੱਕ ਨਮੂਨੇ ਭਰੇ ਗਏ ਸਨ।

        ਚੌਲਾਂ ਦੇ ਭੰਡਾਰ ਵਿੱਚੋਂ ਲਏ 19 ਨਮੂਨਿਆਂ ਵਿੱਚੋਂ 18 ਨਮੂਨੇ ਫੇਲ੍ਹ ਹੋ ਗਏ ਹਨ। ਫੇਲ੍ਹ ਹੋਏ ਨਮੂਨਿਆਂ ਵਿੱਚੋਂ 15 ਨਮੂਨੇ ਤਾਂ ਮਿਆਰਾਂ ’ਤੇ ਖਰੇ ਨਹੀਂ ਉੱਤਰੇ ਜਦੋਂ ਕਿ ਤਿੰਨ ਨਮੂਨੇ ਤਾਂ ਮਨੁੱਖੀ ਵਰਤੋਂ ਲਈ ਅਯੋਗ ਵੀ ਪਾਏ ਗਏ। ਸਿਰਫ਼ ਇੱਕ ਨਮੂਨਾ ਹੀ ਪਾਸ ਹੋਇਆ ਹੈ। ਸਿਆਸੀ ਹਲਕੇ ਆਖਦੇ ਹਨ ਕਿ ਕੇਂਦਰ ਸਰਕਾਰ ਦਾ ਝੋਨੇ ਦੀ ਖ਼ਰੀਦ ਦੇ ਰੌਲ਼ੇ-ਰੱਪੇ ਦੌਰਾਨ ਇਹ ਖ਼ੁਲਾਸਾ ਬਲਦੀ ’ਤੇ ਤੇਲ ਪਾਉਣ ਵਾਂਗ ਹੈ ਅਤੇ ਸ਼ੈਲਰ ਮਾਲਕਾਂ ਵਿੱਚ ਹੋਰ ਬੇਚੈਨੀ ਪੈਦਾ ਕਰਨ ਵਾਲਾ ਹੈ। ਹਾਲਾਂਕਿ ਇਹ ਕੇਂਦਰੀ ਫ਼ੈਸਲਾ ਕਿਸਾਨ ਧਿਰਾਂ ਅਤੇ ‘ਆਪ’ ਨੂੰ ਕੇਂਦਰ ਦੇ ਪੰਜਾਬ ਪ੍ਰਤੀ ਪੱਖਪਾਤੀ ਹੋਣ ਦੇ ਦੋਸ਼ ਲਾਉਣ ਲਈ ਇੱਕ ਮੌਕਾ ਦੇਵੇਗਾ।ਕੇਂਦਰੀ ਖ਼ੁਰਾਕ ਮੰਤਰਾਲੇ ਨੇ ਨਮੂਨੇ ਫੇਲ੍ਹ ਹੋਣ ਮਗਰੋਂ ਹੁਣ ਐੱਫਸੀਆਈ ਸੰਗਰੂਰ, ਜਿਸ ਅਧੀਨ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਾ ਆਉਂਦੇ ਹਨ, ਦੇ ਸਾਰੇ ਗੁਦਾਮਾਂ ਅਤੇ ਅਰੁਣਾਚਲ ਪ੍ਰਦੇਸ਼ ਦੇ ਬਾਂਦਰਦੇਵਾ ਵਿੱਚ ਭੰਡਾਰ ਕੀਤੇ ਚੌਲਾਂ ਦੇ ਸਮੁੱਚੇ ਸਟਾਕ ਦੇ ਨਮੂਨੇ ਭਰਨ ਦੇ ਹੁਕਮ ਦੇ ਦਿੱਤੇ ਹਨ। ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਇਨ੍ਹਾਂ ਨਮੂਨਿਆਂ ਦੀ ਜਾਂਚ ਮਗਰੋਂ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਦਿੱਤੀ ਜਾਵੇ।

         ਭਾਰਤੀ ਖ਼ੁਰਾਕ ਨਿਗਮ ਦੇ ਅਧਿਕਾਰੀ ਆਖਦੇ ਹਨ ਕਿ ਚੌਲਾਂ ਦੀ ਗੁਣਵੱਤਾ ਦੀ ਜਾਂਚ ਲਈ ਹਰ ਮਹੀਨੇ ਨਮੂਨੇ ਭਰੇ ਜਾਂਦੇ ਹਨ ਅਤੇ ਸਤੰਬਰ ਵਿੱਚ ਸੈਂਪਲਿੰਗ ਕੀਤੀ ਗਈ ਸੀ। ਅਧਿਕਾਰੀ ਆਖਦੇ ਹਨ ਕਿ ਦੇਖਣ ਵਾਲੀ ਅਹਿਮ ਗੱਲ ਇਹ ਹੈ ਕਿ ਚੌਲਾਂ ਦੀ ਗੁਣਵੱਤਾ ਇੱਥੇ ਵਿਗੜੀ ਹੈ ਜਾਂ ਜ਼ਿਲ੍ਹਾ ਬਾਂਦਰਦੇਵਾ ਵਿੱਚ। ਦੱਸਣਯੋਗ ਹੈ ਕਿ ਲੰਘੇ ਕੱਲ੍ਹ ਹੀ ਕੇਂਦਰੀ ਖ਼ੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੰਜਾਬ ਦੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ ਹੈ ਅਤੇ ਮੌਜੂਦਾ ਖ਼ਰੀਦ ਦੇ ਹੱਲ ਲਈ ਚਾਰ ਦਿਨਾਂ ਦਾ ਸਮਾਂ ਮੰਗਿਆ ਹੈ। ਪੰਜਾਬ ਵਿੱਚ ਹਫ਼ਤੇ ਤੋਂ ਖ਼ਰੀਦ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਹੋ ਰਹੇ ਹਨ ਅਤੇ ਹੁਣ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਨੇ 26 ਅਕਤੂਬਰ ਨੂੰ ਸੂਬੇ ਵਿੱਚ ਚਾਰ ਥਾਵਾਂ ’ਤੇ ਚੱਕਾ ਜਾਮ ਦਾ ਸੱਦਾ ਦਿੱਤਾ ਹੈ। ਪੰਜਾਬ ਸਰਕਾਰ ਦੇ ਅਧਿਕਾਰੀ ਪੱਬਾਂ ਭਾਰ ਹਨ ਅਤੇ ਲਿਫ਼ਟਿੰਗ ਵਿੱਚ ਥੋੜ੍ਹਾ ਸੁਧਾਰ ਦੇਖਣ ਨੂੰ ਮਿਲਣ ਲੱਗਿਆ ਹੈ। ਸ਼ੈਲਰ ਮਾਲਕਾਂ ਵਿੱਚੋਂ 3253 ਚੌਲ ਮਿੱਲ ਮਾਲਕਾਂ ਨੇ ਝੋਨਾ ਅਲਾਟਮੈਂਟ ਲਈ ਅਰਜ਼ੀਆਂ ਦਿੱਤੀਆਂ ਹਨ, ਜਿਨ੍ਹਾਂ ਵਿੱਚੋਂ 1600 ਚੌਲ ਮਿੱਲਾਂ ਨੇ ਐਗਰੀਮੈਂਟ ਕਰ ਲਏ ਹਨ।

         ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ ’ਤੇ ਗੱਲ ਕਰਕੇ ਪੰਜਾਬ ਵਿੱਚੋਂ ਅਨਾਜ ਦੀ ਜਲਦੀ ਢੋਆ-ਢੁਆਈ ਕਰਨ ਲਈ ਕਿਹਾ ਹੈ।ਤਾਜ਼ਾ ਰਿਪੋਰਟ ਅਨੁਸਾਰ ਸੂਬੇ ਵਿੱਚ 46.41 ਲੱਖ ਮੀਟਰਿਕ ਟਨ ਫ਼ਸਲ ਆ ਚੁੱਕੀ ਹੈ, ਜਿਸ ਵਿੱਚੋਂ 42.27 ਲੱਖ ਐੱਮਟੀ ਫ਼ਸਲ ਖ਼ਰੀਦੀ ਗਈ ਹੈ। ਇਸ ਖ਼ਰੀਦੀ ਫ਼ਸਲ ਵਿੱਚੋਂ 10.85 ਲੱਖ ਮੀਟਰਿਕ ਟਨ ਫ਼ਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ। ਅੱਜ ਇੱਕੋ ਦਿਨ ਵਿੱਚ 2.36 ਲੱਖ ਮੀਟਰਿਕ ਟਨ ਦੀ ਚੁਕਾਈ ਹੋਈ ਹੈ। ਦੇਖਿਆ ਜਾਵੇ ਤਾਂ ਪੰਜਾਬ ਵਿੱਚੋਂ ਹੁਣ ਤੱਕ ਖਰੀਦੀ ਫ਼ਸਲ ਦਾ ਚੌਥਾ ਹਿੱਸਾ ਝੋਨਾ ਹੀ ਚੁੱਕਿਆ ਗਿਆ ਹੈ।

No comments:

Post a Comment