Wednesday, October 30, 2024

                                                            ਅੰਨਦਾਤਾ
                                  ਦੁੱਖਾਂ ਦਾ ਤੇਲ,ਗਮਾਂ ਦੇ ਦੀਵੇ.! 
                                                         ਚਰਨਜੀਤ ਭੁੱਲਰ    

ਚੰਡੀਗੜ੍ਹ : ਐਤਕੀਂ ਕਿਸਾਨਾਂ ਦੇ ਘਰਾਂ ’ਚ ਦੁੱਖਾਂ ਦੇ ਦੀਪ ਬਲਣਗੇ। ਇਸ ਖੁਸ਼ੀ ਦੇ ਤਿਉਹਾਰ ਮੌਕੇ ਕਿਸਾਨ ਮੰਡੀਆਂ ’ਚ ਬੈਠਾ ਹੈ। ਕਿਸਾਨ ਇਸ ਗੱਲੋਂ ਔਖ ’ਚ ਹੈ ਕਿ ਉਨ੍ਹਾਂ ਨੂੰ ਫਸਲ ਵੇਚਣ ਲਈ ਖੱਜਲ ਹੋਣਾ ਪੈ ਰਿਹਾ ਹੈ, ਉਪਰੋਂ ਝੋਨੇ ਦਾ ਝਾੜ ਦਸ ਫੀਸਦੀ ਤੱਕ ਘੱਟ ਗਿਆ ਹੈ। ਇੱਕ ’ਤੇ ਇੱਕ ਬਿਪਤਾ ਸਿਰ ’ਤੇ ਹੈ, ਹਾੜ੍ਹੀ ਦੀ ਫਸਲ ਲਈ ਡੀਏਪੀ ਮਿਲੇਗੀ ਜਾਂ ਨਹੀਂ, ਇਸ ਸੁਆਲ ਨੇ ਵੀ ਕਿਸਾਨਾਂ ਦਾ ਚੈਨ ਖੋਹ ਲਿਆ ਹੈ। ਬਠਿੰਡਾ ਦੇ ਪਿੰਡ ਮਲਕਾਣਾ ਦਾ ਕਿਸਾਨ ਗੁਰਮੇਲ ਸਿੰਘ ਆਖਦਾ ਹੈ ਕਿ ਨਮੀ ਦਾ ਬਹਾਨਾ ਲਾ ਕੇ ਫਸਲ ਦੀ ਢੇਰੀ ਵੱਲ ਕੋਈ ਮੂੰਹ ਨਹੀਂ ਕਰ ਰਿਹਾ ਹੈ, ਗਰਮੀ ਕਰਕੇ ਨਿਕਲੇ ਘੱਟ ਝਾੜ ਨੇ ਰਗੜਾ ਲਾ ਕੇ ਰੱਖ ਦਿੱਤਾ ਹੈ। ਉਹ ਆਖਦਾ ਹੈ ਕਿ ਡੀਏਪੀ ਨਾ ਸਹਿਕਾਰੀ ਸਭਾ ਚੋਂ ਮਿਲ ਰਿਹਾ ਹੈ ਅਤੇ ਨਾ ਹੀ ਬਾਜ਼ਾਰ ਚੋਂ, ਸਾਡੀ ਕਾਹਦੀ ਦੀਵਾਲੀ। ਪਿੰਡ ਗੌਂਸਪੁਰਾ ਦਾ ਕਿਸਾਨ ਰਜਿੰਦਰ ਸਿੰਘ ਫਸਲ ਦੀ ਵਿਕਰੀ ਲਈ ਮੰਡੀ ਵਿਚ ਬੈਠਾ ਹੈ। ਉਸ ਦੀ ਦੀਵਾਲੀ ਇਸ ਵਾਰ ਮੰਡੀ ਵਿਚ ਹੀ ਨਿਕਲੇਗੀ। 

         ਭਦੌੜ ਦਾ ਆੜ੍ਹਤੀਆ ਕੇਵਲ ਸਿੰਘ ਆਖਦਾ ਹੈ ਕਿ ਕਈ ਵਰਿ੍ਹਆਂ ਮਗਰੋਂ ਏਦਾਂ ਦੇ ਹਾਲਾਤ ਬਣੇ ਹਨ ਕਿ ਤਿੱਥ ਤਿਉਹਾਰ ਵਾਲੇ ਮੌਕੇ ਵੀ ਕਿਸਾਨ ਮੰਡੀਆਂ ਵਿਚ ਰਾਤਾਂ ਕੱਟਣਗੇ। ਖੇਤੀਬਾੜੀ ਵਿਭਾਗ ਦੇ ਮੁਢਲੇ ਮੁਲਾਂਕਣ ਤੋਂ ਪਤਾ ਲੱਗਿਆ ਹੈ ਕਿ ਫਸਲ ਦਾ ਝਾੜ 67 ਕੁਇੰਟਲ ਪ੍ਰਤੀ ਹੈਕਟੇਅਰ ਤੋਂ ਘਟ ਕੇ 64 ਕੁਇੰਟਲ ਪ੍ਰਤੀ ਹੈਕਟੇਅਰ ਰਹਿ ਗਿਆ ਹੈ।ਝੋਨੇ ਦੇ ਝਾੜ ’ਚ ਕਟੌਤੀ ਹੋਣ ਕਰਕੇ ਪ੍ਰਤੀ ਹੈਕਟੇਅਰ ਪਿਛੇ ਕਿਸਾਨਾਂ ਨੂੰ 6960 ਰੁਪਏ ਦਾ ਨੁਕਸਾਨ ਹੋਵੇਗਾ। ਹਾਲਾਂਕਿ ਝਾੜ ਬਾਰੇ ਖੇਤੀ ਮਹਿਕਮੇ ਦੀ ਆਖਰੀ ਰਿਪੋਰਟ ਪੰਦਰਵਾੜੇ ਤੋਂ ਬਾਅਦ ਵਿਚ ਆਵੇਗੀ। ਖੇਤੀ ਮਹਿਕਮੇ ਦੇ ਡਾਇਰੈਕਟਰ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਮਹਿਕਮੇ ਵੱਲੋਂ ਇਸ ਵਾਰ ਪ੍ਰਤੀ ਹੈਕਟੇਅਰ ਪਿਛੇ ਝੋਨੇ ਦੀ ਝਾੜ ਵਿਚ 3 ਕੁਇੰਟਲ ਦੀ ਕਮੀ ਦੇਖਣ ਨੂੰ ਮਿਲੀ ਹੈ। ਭਗਤਾ ਭਾਈਕਾ ਦੇ ਆੜ੍ਹਤੀਏ ਰਾਜਵਿੰਦਰ ਸਿੰਘ ਦਾ ਕਹਿਣਾ ਸੀ ਕਿ ਪੀ.ਆਰ.126 ਅਤੇ ਹਾਈਬ੍ਰਿਡ ਝੋਨੇ ਦੀਆਂ ਕਿਸਮਾਂ ਦੇ ਕਾਸ਼ਤਕਾਰਾਂ ਨੂੰ ਫਸਲ ਵੇਚਣ ਵਿਚ ਵੱਡੇ ਅੜਿੱਕੇ ਖੜ੍ਹੇ ਹੋਏ ਹਨ। 

          ਮਾਨਸਾ ਦੇ ਪਿੰਡ ਗੁਰਨੇ ਕਲਾਂ ਦਾ ਕਿਸਾਨ ਦਰਸ਼ਨ ਸਿੰਘ ਆਖਦਾ ਹੈ ਕਿ ਕਿਸਾਨ ’ਤੇ ਇੱਕੋ ਵੇਲੇ ਕਈ ਮੁਸੀਬਤਾਂ ਪੈ ਗਈਆਂ ਹਨ ਜਿਸ ਕਰਕੇ ਕਿਸਾਨ ਘਰਾਂ ’ਚ ਦੀਵਾਲੀ ਦੇ ਰੰਗ ਐਤਕੀਂ ਫਿੱਕੇ ਹੀ ਰਹਿਣਗੇ। ਇਸੇ ਜ਼ਿਲ੍ਹੇ ਦੇ ਪਿੰਡ ਸੰਘਾ ਦਾ ਕਿਸਾਨ ਗੁਰਮੀਤ ਸਿੰਘ ਦੱਸਦਾ ਹੈ ਕਿ ਸਤੰਬਰ-ਅਕਤੂਬਰ ਮਹੀਨੇ ਵਿਚ ਗਰਮੀ ਘਟੀ ਨਹੀਂ ਜਿਸ ਕਰਕੇ ਪ੍ਰਤੀ ਏਕੜ ਪਿਛੇ ਪੰਜ ਮਣ ਝਾੜ ਘੱਟ ਨਿਕਲ ਰਿਹਾ ਹੈ। ਮੁਕਤਸਰ ਦੇ ਪਿੰਡ ਕੋਟਲੀ ਦੇਵਨ ਦਾ ਕਿਸਾਨ ਯਾਦਵਿੰਦਰ ਸਿੰਘ ਆਖਦਾ ਹੈ ਕਿ ਪੀਆਰ 126 ਅਤੇ ਹਾਈਬ੍ਰਿਡ ਕਿਸਮਾਂ ਦਾ ਝਾੜ ਚੰਗਾ ਹੈ ਪ੍ਰੰਤੂ ਇਨ੍ਹਾਂ ਦੀ ਵੇਚ ਵੱਟਤ ’ਤੇ ਕੱਟ ਲੱਗ ਰਿਹਾ ਹੈ। ਇੰਜ ਜਾਪਦਾ ਹੈ ਕਿ ਅਕਤੂਬਰ ਤੇ ਨਵੰਬਰ ਦਾ ਮਹੀਨਾ ਕਿਸਾਨ ਸੰਕਟਾਂ ਦੀ ਵਲਗਣ ਤੋਂ ਨਿਕਲਣੇ ਔਖੇ ਹਨ।ਪੁਆਧ ਦੇ ਕਿਸਾਨਾਂ ਤੋਂ ਪਤਾ ਲੱਗਿਆ ਹੈ ਕਿ ਉਹ ਪ੍ਰਤੀ ਕੁਇੰਟਲ 200 ਰੁਪਏ ਦਾ ਘਾਟਾ ਪਾ ਕੇ ਫਸਲ ਵੇਚ ਰਹੇ ਹਨ ਕਿਉਂਕਿ ਪੁਆਧ ਦੇ ਖਿੱਤੇ ਵਿਚ ਹਾਈਬ੍ਰਿਡ ਕਿਸਮਾਂ ਦੀ ਜ਼ਿਆਦਾ ਬਿਜਾਂਦ ਹੋਈ ਹੈ।                                                                                      

           ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਦਾ ਕਹਿਣਾ ਸੀ ਕਿ ਝੋਨੇ ਦਾ ਝਾੜ ਚਾਰ ਕੁਇੰਟਲ ਤੱਕ ਘਟਣ ਕਰਕੇ ਕਿਸਾਨਾਂ ਨੂੰ ਵਿੱਤੀ ਸੱਟ ਵੱਜੀ ਹੈ।ਕਿਸਾਨ ਆਗੂ ਆਖਦੇ ਹਨ ਕਿ ਫਸਲਾਂ ਦੀ ਖਰੀਦ ਵਿਚ ਅੜਿੱਕੇ ਪੈਣ ਕਰਕੇ ਕਣਕ ਦੀ ਬਿਜਾਈ ਪਛੜ ਰਹੀ ਹੈ ਅਤੇ ਕਿਸਾਨ ਹੁਣ ਇਸ ਲੇਟ ਦੇ ਖੱਪੇ ਨੂੰ ਭਰਨ ਵਾਸਤੇ ਮਜਬੂਰੀ ਵੱਸ ਪਰਾਲੀ ਨੂੰ ਅੱਗਾਂ ਵੀ ਲਾਉਣਗੇ ਪ੍ਰੰਤੂ ਸਰਕਾਰ ਨੇ ਪਹਿਲਾਂ ਹੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਚੰਗੀ ਗੱਲ ਇਹ ਵੀ ਹੈ ਕਿ ਹੁਣ ਤੱਕ ਅੱਗਾਂ ਦੇ ਕੇਸਾਂ ਵਿਚ 50 ਫੀਸਦੀ ਕਮੀ ਆਈ ਹੈ। ਪੰਜਾਬ ਵਿਚ ਇਸ ਵਾਰ ਝੋਨੇ ਹੇਠ 32.43 ਲੱਖ ਹੈਕਟੇਅਰ ਰਕਬਾ ਹੈ ਜਿਸ ਚੋਂ 6.80 ਲੱਖ ਹੈਕਟੇਅਰ ਰਕਬੇ ਵਿਚ ਬਾਸਮਤੀ ਹੈ ਜਦੋਂ ਕਿ ਬਾਕੀ ਦੇ ਰਕਬੇ ਚੋਂ 40 ਫੀਸਦੀ ’ਚ ਪੀਆਰ 126 ਅਤੇ ਹਾਈਬ੍ਰਿਡ ਕਿਸਮਾਂ ਦਾ ਝੋਨਾ ਹੈ। 

                                40 ਫੀਸਦੀ ਫਸਲ ਦੀ ਲਿਫਟਿੰਗ

ਮੰਡੀਆਂ ਚੋਂ ਹਾਲੇ ਤੱਕ 40 ਫੀਸਦੀ ਫਸਲ ਦੀ ਹੀ ਲਿਫਟਿੰਗ ਹੋਈ ਹੈ। ਲਿਫਟਿੰਗ ਨੇ ਰਫਤਾਰ ਤਾਂ ਫੜੀ ਹੈ ਪ੍ਰੰਤੂ ਫਸਲ ਦੀ ਆਮਦ ਅੱਜ ਇੱਕੋ ਦਿਨ ’ਚ 6.22 ਲੱਖ ਐੱਮਟੀ ਹੋ ਗਈ ਹੈ। ਮੰਡੀਆਂ ਵਿਚ ਹੁਣ ਤੱਕ ਕੁੱਲ 75.82 ਲੱਖ ਮੀਟਰਿਕ ਟਨ ਝੋਨਾ ਆਇਆ ਹੈ ਜਿਸ ਚੋਂ 70.53 ਲੱਖ ਮੀਟਰਿਕ ਝੋਨਾ ਵਿਕਿਆ ਹੈ। ਵਿਕੇ ਝੋਨੇ ਚੋਂ 28.49 ਲੱਖ ਮੀਟਰਿਕ ਟਨ ਦੀ ਲਿਫਟਿੰਗ ਹੋਈ ਹੈ। ਮੰਡੀਆਂ ਵਿਚ ਕਰੀਬ 5.29 ਲੱਖ ਮੀਟਰਿਕ ਟਨ ਫਸਲ ਅਣਵਿਕੀ ਪਈ ਹੈ। 


No comments:

Post a Comment