ਪਿੰਡ ਛੋਟਾ, ਫ਼ੈਸਲਾ ਵੱਡਾ
ਜਿਸ ਦੀ ਜੂਹ ’ਚ ਕਦੇ ਨਹੀਂ ਹੋਈ ਚੋਣ ..!
ਚਰਨਜੀਤ ਭੁੱਲਰ
ਚੰਡੀਗੜ੍ਹ : ਜਦੋਂ ਇਸ ਵੇਲੇ ਪੰਜਾਬ ਵਿਚ ਪੰਚਾਇਤ ਚੋਣਾਂ ’ਚ ਸਭ ਲੜ ਭਿੜ ਰਹੇ ਹਨ ਤਾਂ ਬਲਾਕ ਮਾਜਰੀ ਦਾ ਇੱਕ ਛੋਟਾ ਜੇਹਾ ਪਿੰਡ ਵੱਡੀ ਇਬਾਰਤ ਲਿਖ ਰਿਹਾ ਹੈ। ਮੁਲਕ ਆਜ਼ਾਦ ਹੋਇਆ ਤਾਂ ਪਹਿਲੀ ਪੰਚਾਇਤੀ ਚੋਣ 1952 ਵਿਚ ਹੋਈ। ਉਦੋਂ ਤੋਂ ਹੀ ਬਲਾਕ ਮਾਜਰੀ ਦਾ ਪਿੰਡ ਨੱਗਲ ਗੜ੍ਹੀਆਂ ਪੰਚਾਇਤੀ ਚੋਣਾਂ ਦੇ ਝੰਜਟ ਤੋਂ ਆਜ਼ਾਦ ਹੈ। ਆਜ਼ਾਦੀ ਤੋਂ ਮਗਰੋਂ ਕਦੇ ਵੀ ਇਸ ਪਿੰਡ ਵਿਚ ਪੰਚਾਇਤੀ ਚੋਣ ਨਹੀਂ ਹੋਈ। ‘ਬਜ਼ੁਰਗਾਂ ਦਾ ਕਿਹਾ ਸਿਰ ਮੱਥੇ’ ਆਖ ਪਿੰਡ ਦੇ ਲੋਕ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣ ਲੈਂਦੇ ਹਨ। ਪਿੰਡ ਨੱਗਲ ਗੜ੍ਹੀਆਂ ਦੀ ਇਹ ਖ਼ਾਨਦਾਨੀ ਖ਼ੂਬੀ ਹੈ ਕਿ ਨਾ ਕਦੇ ਪੁਰਾਣੀ ਪੀੜੀ ਨੇ ਅਤੇ ਨਾ ਕਦੇ ਨਵੀਂ ਪੀੜੀ ਨੇ ਕੋਈ ਸ਼ਰੀਕੇਬਾਜ਼ੀ ਨਹੀਂ ਦੇਖੀ ਹੈ। ਜਦੋਂ ਪੰਚਾਇਤੀ ਚੋਣ ਆਉਂਦੀ ਹੈ ਤਾਂ ਪੂਰਾ ਪਿੰਡ ਇੱਕੋ ਮੋਰੀ ਨਿਕਲ ਜਾਂਦਾ ਹੈ। ਥੋੜ੍ਹੇ ਦਿਨ ਪਹਿਲਾਂ ਹੀ ਪਿੰਡ ਨੇ ਸਰਬਸੰਮਤੀ ਨਾਲ ਪੰਚਾਇਤ ਚੁਣ ਲਈ ਹੈ ਅਤੇ ਮਹਿਲਾ ਰਜਿੰਦਰ ਕੌਰ ਨੂੰ ਪਿੰਡ ਦੀ ਸਰਪੰਚੀ ਸੌਂਪੀ ਹੈ।
ਪਹਿਲਾਂ ਉਸ ਦਾ ਸਹੁਰਾ ਗੁਰਬਖ਼ਸ਼ ਸਿੰਘ ਪਿੰਡ ਦਾ ਡੇਢ ਦਹਾਕਾ ਸਰਪੰਚ ਰਿਹਾ ਹੈ। ਪੰਜ ਮੈਂਬਰੀ ਪੰਚਾਇਤ ਵੀ ਸਹਿਮਤੀ ਨਾਲ ਬਣਦੀ ਹੈ। ਪਿੰਡ ਦੇ ਕਿਸੇ ਵੀ ਘਰ ਆਏ ਦੁੱਖ ਸੁੱਖ ਨੂੰ ਪੂਰਾ ਪਿੰਡ ਆਪਣਾ ਦੁੱਖ ਸੁੱਖ ਮੰਨਦਾ ਹੈ।ਜਦੋਂ ਵਿਧਾਨ ਸਭਾ ਅਤੇ ਲੋਕ ਸਭਾ ਦੀ ਚੋਣ ਆਉਂਦੀ ਹੈ ਤਾਂ ਪਿੰਡ ਵਿਚ ਕਦੇ ਵੋਟਾਂ ਵਾਲੇ ਦਿਨ ਵੱਖੋ ਵੱਖਰੇ ਸਿਆਸੀ ਧਿਰਾਂ ਦੇ ਬੂਥ ਨਹੀਂ ਲੱਗਦੇ ਹਨ। ਪੂਰਾ ਪਿੰਡ ਵਿਚ ਸਭਨਾਂ ਸਿਆਸੀ ਪਾਰਟੀਆਂ ਦਾ ਇੱਕੋ ਬੂਥ ਹੀ ਲੱਗਦਾ ਹੈ। ਜਦੋਂ ਸਿਆਸੀ ਆਗੂ ਪਿੰਡ ਵਿਚ ਪੈਰ ਪਾਉਂਦੇ ਹਨ ਤਾਂ ਸਮੁੱਚਾ ਪਿੰਡ ਉਨ੍ਹਾਂ ਦਾ ਮਾਣ ਤਾਣ ਕਰਦਾ ਹੈ ਅਤੇ ਉਨ੍ਹਾਂ ਦੇ ਇਕੱਠ ਦੀ ਸੋਭਾ ਵਧਾਉਂਦਾ ਹੈ। ਪਿੰਡ ਦਾ ਪੰਚਾਇਤ ਸਕੱਤਰ ਓਂਕਾਰ ਸਿੰਘ ਪਿੰਡ ਦੇ ਵਿਕਾਸ ਦੀ ਕਹਾਣੀ ਲਿਖ ਰਿਹਾ ਹੈ।ਪਿੰਡ ਦੀ 520 ਲੋਕਾਂ ਦੀ ਆਬਾਦੀ ਹੈ ਜਦੋਂ ਕਿ 380 ਵੋਟਾਂ ਹਨ।
ਪਿੰਡ ਦਾ ਵਾਸੀ ਸੁਰਿੰਦਰ ਸਿੰਘ ਆਖਦਾ ਹੈ ਕਿ ਜਦੋਂ ਪੰਚਾਇਤੀ ਚੋਣ ਆਉਂਦੀ ਹੈ ਤਾਂ ਪਿੰਡ ਦੇ ਬਜ਼ੁਰਗ ਅਗਵਾਈ ਕਰਦੇ ਹਨ ਅਤੇ ਸਹਿਮਤੀ ਨਾਲ ਪੂਰੀ ਪੰਚਾਇਤ ਚੁਣ ਦਿੰਦੇ ਹਨ ਜਿਸ ’ਤੇ ਕੋਈ ਇਤਰਾਜ਼ ਨਹੀਂ ਕਰਦਾ। ਉਹ ਆਖਦਾ ਹੈ ਕਿ ਇਸ ਪਿੰਡ ਵਿਚ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਪੰਚਾਇਤੀ ਚੋਣਾਂ ਨਹੀਂ ਹੋਈਆਂ ਹਨ। ਪਿੰਡ ਦੇ ਲੋਕ ਧਰਮਸ਼ਾਲਾ ਵਿਚ ਇਕੱਠੇ ਹੁੰਦੇ ਹਨ ਅਤੇ ਸਰਬਸੰਮਤੀ ਨਾਲ ਪੰਚਾਇਤ ਚੁਣ ਕੇ ਘਰੋਂ ਘਰੀਂ ਪਰਤ ਜਾਂਦੇ ਹਨ। ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਆਖਦਾ ਹੈ ਕਿ ਪਹਿਲਾਂ ਪਿੰਡ ਵਿਚ ਦੋ ਸ਼ਮਸ਼ਾਨਘਾਟ ਹੁੰਦੇ ਸਨ ਅਤੇ ਹੁਣ ਇੱਕੋ ਸ਼ਮਸ਼ਾਨ ਘਾਟ ਕਰ ਦਿੱਤਾ ਹੈ। ਪਿੰਡ ਵਿਚ ਕਮਿਊਨਿਟੀ ਸੈਂਟਰ ਹੈ ਜਿੱਥੇ ਕੋਈ ਵੀ ਸਮਾਜਿਕ ਸਮਾਗਮ ਕਰ ਸਕ ਸਕਦਾ ਹੈ। ਲੋਕ ਦੱਸਦੇ ਹਨ ਕਿ ਪਿੰਡ ਦੇ ਟੋਭੇ ’ਤੇ ਨਜਾਇਜ਼ ਕਬਜ਼ਾ ਸੀ ਜੋ ਪੰਚਾਇਤ ਨੇ ਹਟਾ ਦਿੱਤਾ ਹੈ। ਜਰਨੈਲ ਸਿੰਘ ਆਖਦਾ ਹੈ ਕਿ ਪਿੰਡ ਦੇ ਮਸਲੇ ਪਿੰਡ ਵਿਚ ਹੀ ਨਜਿੱਠ ਲਏ ਜਾਂਦੇ ਹਨ। ਕੋਈ ਟਾਵਾਂ ਹੀ ਪੁਲੀਸ ਕੇਸ ਪਿੰਡ ਦੇ ਕਿਸੇ ਬਾਸ਼ਿੰਦੇ ’ਤੇ ਦਰਜ਼ ਹੋਵੇਗਾ।
ਛੋਟੇ ਜੇਹੇ ਇਸ ਪਿੰਡ ਦੇ 65 ਦੇ ਕਰੀਬ ਐਨਆਰਆਈ ਹਨ ਜਿਨ੍ਹਾਂ ਦੇ ਦਿਲ ’ਚ ਪਿੰਡ ਧੜਕਦਾ ਹੈ ਜੋ ਵਿਦੇਸ਼ਾਂ ਵਿਚ ਆਪਣੇ ਪਿੰਡ ਦੀ ਅਨੋਖੀ ਰੀਤ ’ਤੇ ਫ਼ਖਰ ਕਰਦੇ ਹਨ। ਪਿੰਡ ਦੇ 40 ਤੋਂ ਉਪਰ ਮੌਜੂਦਾ ਅਤੇ ਸਾਬਕਾ ਫ਼ੌਜੀ ਹਨ। ਜਦੋਂ ਨਵੀਂ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਂਦੀ ਹੈ ਤਾਂ ਸਮੁੱਚਾ ਪਿੰਡ ਚਾਹ ਪਾਰਟੀ ’ਤੇ ਇਕੱਠਾ ਹੁੰਦਾ ਹੈ। ਜਦੋਂ ਪਿੰਡ ਦੇ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਿਆਸਤਦਾਨਾਂ ਨੇ ਕਦੇ ਵੀ ਪਿੰਡ ਨੂੰ ਸ਼ਾਬਾਸ਼ ਨਹੀਂ ਦਿੱਤੀ ਹੈ। ਪਿੰਡ ਨੱਗਲ ਗੜ੍ਹੀਆਂ ਦੀ ਇਸ ਪ੍ਰਾਪਤੀ ਦੇ ਵਜੋਂ ਪਿੰਡ ਦੀ ਪੰਚਾਇਤ ਨੂੰ ਦੋ ਕੌਮੀ ਐਵਾਰਡ ਮਿਲ ਚੁੱਕੇ ਹਨ ਅਤੇ ਇੱਕ ਸਟੇਟ ਪੁਰਸਕਾਰ ਮਿਲ ਚੁੱਕਾ ਹੈ। ਸਮੁੱਚੇ ਪਿੰਡ ਵਿਚ ਸੀਵਰੇਜ ਪਿਆ ਹੋਇਆ ਹੈ ਅਤੇ ਹਾਲੇ ਵੀ ਵਿਕਾਸ ਦੇ ਕੰਮ ਚੱਲ ਰਹੇ ਹਨ। ਪ੍ਰਵਾਸੀ ਭਾਰਤੀ ਆਪਣੇ ਇਸ ਪਿੰਡ ਲਈ ਤਿਲ ਫੁੱਲ ਭੇਜਦੇ ਰਹਿੰਦੇ ਹਨ। ਸੱਚਮੁੱਚ ਇਹ ਪਿੰਡ ਪੇਂਡੂ ਪੰਜਾਬ ਲਈ ਇੱਕ ਜਗਦੀ ਮਿਸਾਲ ਹੈ।
No comments:
Post a Comment