ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ਦਸੰਬਰ ਦੇ ਦੂਸਰੇ ਹਫ਼ਤੇ ਦੇ ਅਖੀਰ ’ਚ ਚਰਨਜੀਤ ਭੁੱਲਰ
ਚੰਡੀਗੜ੍ਹ : ਪੰਜਾਬ ’ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਸੰਬਰ ਦੇ ਦੂਸਰੇ ਹਫ਼ਤੇ ਦੇ ਅਖੀਰ ’ਚ ਹੋਣੀਆਂ ਤੈਅ ਹਨ। ਪੰਜਾਬ ਰਾਜ ਚੋਣ ਕਮਿਸ਼ਨ 25 ਨਵੰਬਰ ਤੋਂ ਬਾਅਦ ਕਿਸੇ ਵੇਲੇ ਚੋਣਾਂ ਦਾ ਐਲਾਨ ਕਰ ਸਕਦਾ ਹੈ। ਅਹਿਮ ਸੂਤਰ ਦੱਸਦੇ ਹਨ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋ ਸਕਦੀਆਂ ਹਨ। ਉਸ ਦਿਨ ਐਤਵਾਰੀ ਛੁੱਟੀ ਵੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਹ ਚੋਣਾਂ ਪੰਜ ਦਸੰਬਰ ਤੱਕ ਕਰਵਾਉਣ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਹਲਫ਼ੀਆ ਬਿਆਨ ਦਾਇਰ ਕੀਤਾ ਹੋਇਆ ਹੈ। ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਖ਼ਤਮ ਹੋਣ ਮਗਰੋਂ ਹੀ ਇਨ੍ਹਾਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੇ ਜ਼ੋਨਾਂ ਦਾ ਗਠਨ ਕਰ ਦਿੱਤਾ ਹੈ ਅਤੇ ਇਨ੍ਹਾਂ ਜ਼ੋਨਾਂ ਦਾ ਰਾਖਵਾਂਕਰਨ ਵੀ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰਾਂ ਵੱਲੋਂ ਤਿਆਰ ਤਜਵੀਜ਼ਾਂ ਸਬੰਧੀ ਜ਼ੋਨਾਂ ਅਤੇ ਉਨ੍ਹਾਂ ਦੇ ਰਾਖਵੇਂਕਰਨ ਬਾਰੇ ਜ਼ਿਲ੍ਹਾਵਾਰ ਸਰਕਾਰੀ ਨੋਟੀਫ਼ਿਕੇਸ਼ਨ ਲਗਾਤਾਰ ਜਾਰੀ ਹੋ ਰਹੇ ਹਨ। ਪੰਜਾਬ ਸਰਕਾਰ ਨੇ ਇਸ ਵਾਰ ਬਲਾਕ ਨੂੰ ਇਕਾਈ ਮੰਨ ਕੇ ਰਾਖਵਾਂਕਰਨ ਕੀਤਾ ਹੈ। ਸੂਬਾ ਸਰਕਾਰ ਨੇ ਬਲਾਕਾਂ ਦਾ ਪੁਨਰਗਠਨ ਵੀ ਕੀਤਾ ਹੈ, ਜਿਸ ਨਾਲ ਪਿੰਡਾਂ ਦੀ ਇੱਕ-ਦੂਸਰੇ ਬਲਾਕ ’ਚ ਅਦਲਾ-ਬਦਲੀ ਵੀ ਹੋ ਗਈ ਹੈ। ਸੂਤਰਾਂ ਅਨੁਸਾਰ ਵਿਧਾਇਕਾਂ ਤੇ ਵਜ਼ੀਰਾਂ ਦੇ ਮਸ਼ਵਰੇ ਨਾਲ ਹੀ ਜ਼ੋਨਾਂ ਦੇ ਰਾਖਵੇਂਕਰਨ ਦਾ ਕੰਮ ਨੇਪਰੇ ਚਾੜ੍ਹਿਆ ਗਿਆ ਹੈ। ਸੂਬੇ ’ਚ 23 ਜ਼ਿਲ੍ਹਾ ਪਰਿਸ਼ਦਾਂ ਅਤੇ 154 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਹੋਣੀਆਂ ਹਨ। ਇੱਕ ਸੀਨੀਅਰ ਅਧਿਕਾਰੀ ਅਨੁਸਾਰ ਇਹ ਚੋਣਾਂ ਦਸੰਬਰ ਦੇ ਦੂਜੇ ਹਫ਼ਤੇ ਦੇ ਅਖੀਰ ਵਿੱਚ ਹੋਣੀਆਂ ਤੈਅ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਪਟੀਸ਼ਨ ਦੇ ਜਵਾਬ ’ਚ ਪੰਜਾਬ ਸਰਕਾਰ ਨੇ ਪਹਿਲਾਂ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ 31 ਮਈ ਤੱਕ ਕਰਾਏ ਜਾਣ ਦਾ ਹਲਫ਼ੀਆ ਬਿਆਨ ਦਿੱਤਾ ਸੀ।
ਉਸ ਮਗਰੋਂ ਬਲਾਕਾਂ ਦੇ ਪੁਨਰਗਠਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਹਾਈ ਕੋਰਟ ਤੋਂ ਮਹਿਕਮੇ ਨੇ ਤਿੰਨ ਮਹੀਨਾ ਦਾ ਸਮਾਂ ਲੈ ਕੇ ਇਹ ਚੋਣਾਂ 5 ਅਕਤੂਬਰ ਤੱਕ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ। ਇਸੇ ਦੌਰਾਨ ਪੰਜਾਬ ਹੜ੍ਹਾਂ ਦੀ ਲਪੇਟ ’ਚ ਆ ਗਿਆ ਅਤੇ ਇਨ੍ਹਾਂ ਦੇ ਹਵਾਲੇ ਨਾਲ ਮਹਿਕਮੇ ਨੇ ਮੁੜ ਹਾਈ ਕੋਰਟ ਨੂੰ ਪੰਜ ਦਸੰਬਰ ਤੱਕ ਚੋਣਾਂ ਕਰਵਾਉਣ ਦਾ ਹਲਫ਼ੀਆ ਬਿਆਨ ਦੇ ਦਿੱਤਾ। ਇਹ ਚੋਣਾਂ ਜਨਵਰੀ 2025 ਦੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਦੀ ਸੰਭਾਵਨਾ ਹੈ। ਸਰਪੰਚੀ ਚੋਣਾਂ ਵੇਲੇ ਪੰਜਾਬ ’ਚ 1.33 ਕਰੋੜ ਵੋਟਰ ਸਨ। ਇਸ ਤੋਂ ਪਹਿਲਾਂ 15 ਅਕਤੂਬਰ 2024 ਨੂੰ ਪੰਚਾਇਤੀ ਚੋਣਾਂ ਹੋਈਆਂ ਸਨ। ਪੰਜਾਬ ’ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਆਖ਼ਰੀ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ 19 ਸਤੰਬਰ 2018 ਨੂੰ ਹੋਈਆਂ ਸਨ, ਜਦਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਮਈ 2013 ’ਚ ਇਹ ਚੋਣਾਂ ਕਰਵਾਈਆਂ ਸਨ।
ਟੋਹੀ ਜਾਏਗੀ ਦਿਹਾਤੀ ਪੰਜਾਬ ਦੀ ਨਬਜ਼
ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸਿਆਸੀ ਧਿਰਾਂ ਲਈ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਤਰੀਕੇ ਨਾਲ ਰਾਜਸੀ ਕਾਰਗੁਜ਼ਾਰੀ ਮਾਪਣ ਦਾ ਪੈਮਾਨਾ ਬਣਨਗੀਆਂ। ਪੰਜਾਬ ਦਾ ਪੇਂਡੂ ਖ਼ਿੱਤਾ ਕਿਸ ਸਿਆਸੀ ਧਿਰ ਵੱਲ ਝੁਕਾਅ ਰੱਖਦਾ ਹੈ, ਇਸ ਰੌਂਅ ਦਾ ਇਨ੍ਹਾਂ ਚੋਣਾਂ ਤੋਂ ਪਤਾ ਲੱਗੇਗਾ। ਭਾਜਪਾ ਨੇ ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਵੀ ਇਨ੍ਹਾਂ ਚੋਣਾਂ ’ਤੇ ਟੇਕ ਰੱਖ ਰਿਹਾ ਹੈ।
.jpg)
No comments:
Post a Comment