ਬਈ ! ਤੈਨੂੰ ਸੱਤ ਸਲਾਮਾਂ.. ਚਰਨਜੀਤ ਭੁੱਲਰ
ਚੰਡੀਗੜ੍ਹ : ਪੰਜਾਬ ਕਿੰਨਾ ਭਾਗਾਂ ਵਾਲੈ। ਜਿਨ੍ਹਾਂ ਰੰਗ ਭਾਗ ਲਾਏ, ਸੱਤ ਸਲਾਮਾਂ ਐਸੇ ਪ੍ਰਤਾਪੀ ਬੰਦਿਆਂ ਨੂੰ। ਹਰਿਆਣਾ ਦਾ ‘ਖੱਟਰ ਯੁੱਗ’, ਪੰਜਾਬ ਦਾ ‘ਕੱਟੜ ਯੁੱਗ’, ਰਹਿੰਦੀ ਦੁਨੀਆ ਤੱਕ ਯਾਦ ਰਹੇਗਾ। ‘ਕੀ ਖੱਟਿਆ ਠੋਡੀ ਨੂੰ ਹੱਥ ਲਾ ਕੇ, ਲਾਲਾ-ਲਾਲਾ ਹੋਗੀ ਮਿੱਤਰਾ’, ਹਰਿਆਣਾ ਦੀ ਲੀਲਾ ਛੱਡੋ, ਪੰਜਾਬ ਤਾਂ ਮਗੈਂਬੋ ਤੋਂ ਵੱਧ ਖ਼ੁਸ਼ ਹੈ। ਹੁਣ ਪੰਜਾਬ ਦੇ ਸ਼ਾਲੀਮਾਰ ਬਾਗ਼ ’ਚ ਇਮਾਨਦਾਰੀ ਦੀ ਕਾਟੋ ਫੁੱਲਾਂ ’ਤੇ ਖੇਡ ਰਹੀ ਹੈ। ਬਿੰਨੂ ਢਿੱਲੋਂ ਇੱਕ ਪੰਜਾਬੀ ਫ਼ਿਲਮ ’ਚ ਪੁੱਛਣੋਂ ਨੀ ਹਟਦਾ, ‘ਕਾਟੋ ਕਾਹਤੋਂ’। ਬਈ! ਇਹ ਕਾਟੋ ਦੀ ਨਿੱਜਤੈ, ਉਹ ਫੁੱਲਾਂ ’ਤੇ ਖੇਡੇ, ਚਾਹੇ ਕੰਡਿਆਂ ’ਤੇ।
ਸਰਕਾਰੀ ਇਮਾਨ ਏਨਾ ਕੱਟੜ ਹੈ ਕਿ ਰਹੇ ਰੱਬ ਦਾ ਨਾਮ। ਚੌਵੀ ਕੈਰੇਟ ਸੋਨੇ ਵਰਗਾ,ਐਨ ਸ਼ੁੱਧ ’ਤੇ ਖਰਾ। ਕੋਈ ਸ਼ੱਕ ਹੋਵੇ ਤਾਂ ਚਾਹੇ ਡੀਆਈਜੀ ਹਰਚਰਨ ਸਿਓਂ ਨੂੰ ਪੁੱਛ ਕੇ ਦੇਖ ਲੈਣਾ। ਸੰਘੀ ਏਜੰਸੀ ਸੀਬੀਆਈ ਦਾ ਕੱਖ ਨਾ ਰਹੇ, ਜੀਹਨੇ ਇਮਾਨ ਨੂੰ ਮੇਕਅਪ ਵੀ ਨੀ ਕਰਨ ਦਿੱਤਾ। ਮੁੰਨੀ ਤੋਂ ਵੱਧ ਬਦਨਾਮ ਕਰ’ਤਾ, ਸਾਢੇ ਸੱਤ ਕਰੋੜ ਦੀ ਮਾਇਆ, ਨਾਲੇ ਢਾਈ ਕਿੱਲੋ ਸੋਨਾ ਅਬਦਾਲੀ ਵਾਂਗੂ ਚੁੱਕ ਕੇ ਅਹੁ ਗਏ। ਕੰਵਰ ਗਰੇਵਾਲ ਨਸੀਹਤਾਂ ਦੀ ਪੰਡ ਖੋਲ੍ਹੀ ਬੈਠਾ, ‘ਮੈਂ ਉਹਦੀਆਂ ਗਠੜੀਆਂ ਬੰਨ੍ਹ ਬੈਠਾ, ਜਿਹੜਾ ਨਾਲ ਨਹੀਂ ਜਾਣਾ।’ ਭਲਾ ਪੁਰਸ਼ ਕ੍ਰਿਸ਼ਨੂੰ ਪ੍ਰਸ਼ਾਦ, ਕੋਲਿਆਂ ਦੀ ਦਲਾਲੀ ’ਚ ਮੂੰਹ ਕਾਲਾ ਕਰਾ ਬੈਠਾ।
ਅਦਲਾ ਬਦਲੀ ਸਰਕਾਰਾਂ ਦੀ ਹੁੰਦੀ ਹੈ, ਦਲਾਲਾਂ ਦੀ ਨਹੀਂ, ਇਹ ਪ੍ਰਜਾਤੀ ਅਮਰ ਰਹਿੰਦੀ ਹੈ। ਦਲਾਲਪੁਰੀਏ ਨਾ ਹੋਣ ਤਾਂ ਦਫ਼ਤਰੀ ਫਾਈਲਾਂ ਨੂੰ ਸਿਉਂਕ ਛਕ’ਜੇ, ਖੱਜਲ ਜਣੋ! ਇਹੋ ਤਾਂ ਫਾਈਲਾਂ ਨੂੰ ਧੱਕਾ ਲਾਉਂਦੇ ਨੇ। ਇੰਜ ਲੱਗਦੈ ਜਿਵੇਂ ਕ੍ਰਿਸ਼ਨੂੰ ਪ੍ਰਸ਼ਾਦ ਦਲਾਲ ਨੀ, ਐੱਚਆਰ ਮੈਨੇਜਰ ਹੋਵੇ, ਉਹ ਵੀ ਸਦਾਬਹਾਰ। ਹੁਣ ਨੇਕ ਅਫ਼ਸਰਾਂ ਨੂੰ ਧੁੜਕੂ ਲੱਗਿਐ, ਜਿਨ੍ਹਾਂ ਦੇ ਰੈਣ ਬਸੇਰੇ ’ਚ ਕ੍ਰਿਸ਼ਨੂੰ ਪ੍ਰਸ਼ਾਦ ਜੀ ਦੇ ਚਰਨ ਪਏ ਨੇ। ਵਿਜੀਲੈਂਸ ਨੂੰ ‘ਖ਼ੁਦਾਈ’ ਮੌਕੇ ਇੱਕ ਆਈਏਐੱਸ ਅਫ਼ਸਰ ਦੇ ਘਰੋਂ ਸੋਨੇ ਦੀਆਂ ਨੌ ਇੱਟਾਂ ਮਿਲੀਆਂ। ਇਨ੍ਹਾਂ ਅਫ਼ਸਰਾਂ ਦੀ ਨਿਸ਼ਕਾਮ ਸੇਵਾ ਦਾ ਕਲਯੁਗੀ ਬੰਦਿਆਂ ਨੇ ਧੇਲਾ ਮੁੱਲ ਨੀ ਪਾਇਆ। ‘ਇਵੇਂ ਹੋਣੀ ਸੀ ਕਿ ਦੋਸ਼ ਨਣਦ ਨੂੰ ਦੇਵਾਂ’। ਪਰਮੀਸ਼ ਵਰਮਾ ਗਾਰੰਟੀ ਦੇ ਰਿਹੈ, ‘ਫ਼ਿਕਰ ਨਾ ਕਰੋ, ਸਭ ਫੜੇ ਜਾਣਗੇ।’
ਕੋਈ ਨਹੀਂ ਫੜੇਗਾ, ਜੇ ਹਰੀ ਸ਼ੰਕਰ ਪਰਸਾਈ ਦੀ ਗੱਲ ਮੰਨੋਗੇ, ‘ਰਿਸ਼ਵਤ ਲੇਤਾ ਪਕੜਾ ਜਾਏ ਤੋ ਰਿਸ਼ਵਤ ਦੇ ਕੇ ਛੂਟ।’ ਉੜੀਸਾ ਦੇ ਰੇਲਵੇ ਅਫ਼ਸਰ ਦੇ ਘਰੋਂ ਸੰਘੀ ਏਜੰਸੀ ਨੇ 17 ਕਿੱਲੋ ਸੋਨਾ ਵਸੂਲ ਪਾਇਆ ਸੀ। ਸੰਸਦ ਮੈਂਬਰ ਧੀਰਜ ਪ੍ਰਸ਼ਾਦ ਸਾਹ ਦੀ ਕੁਟੀਆ ਚੋਂ 60 ਕਿੱਲੋ ਸੋਨਾ ਮਿਲਿਆ ਸੀ। ਏਧਰ, ਪੰਜਾਬ ਨੂੰ ਰਾਮ ਰਾਜ ਲੱਭਿਐ। ਅਮਿਤਾਭ ਬਚਨ ਪੁੱਛਦਾ ਪਿਐ, ਕੌਣ ਬਣੇਗਾ ਕਰੋੜਪਤੀ। ਮਾਹਤੜਾਂ ਨਾਲ ਤਾਂ ਲੱਛਮੀ ਦੀ ਅਣਬਣ ਐ, ਇਕੱਲੀ ਸਾਹਾਂ ਦੀ ਪੂੰਜੀ ਬਚੀ ਹੈ। ਸ਼ੁੱਧ ਸੋਨੇ ਦੀ ਮਾਲਕੀ ਕ੍ਰਿਸ਼ਨੂੰ ਦੇ ਬੌਸਾਂ ਕੋਲ ਐ। ਕਾਮਰੇਡੀ ਪ੍ਰਵਚਨ ਐ, ਇੱਕ ਬੰਦੇ ਦੀ ਅਮੀਰੀ ਪਿੱਛੇ ਲੱਖਾਂ ਲੋਕਾਂ ਦੀ ਗ਼ਰੀਬੀ ਹੁੰਦੀ ਹੈ।
ਬਾਬਾ ਆਲਮ ਵੀ ਸੱਚ ਆਖਦੈ, ‘ਸਾਨੂੰ ਆਟੇ ਦਾ ਵੀ ਘਾਟਾ, ਤੇਰੇ ਕੁੱਤਿਆਂ ਨੂੰ ਖੀਰ, ਤੇਰੇ ਰੇਸ਼ਮੀ ਦੁਸ਼ਾਲੇ, ਸਾਡੇ ਤਨ ’ਤੇ ਨਾ ਲੀਰ।’ ਬਾਬਿਓ! ਚਿੰਤਾ ਛੱਡੋ, ਬੱਸ ਸਮਾਜਵਾਦ ਸ਼ੰਭੂ ਬਾਰਡਰ ਟੱਪ ਆਇਐ। ਤੁਸੀਂ ਸ਼ੁਕਰਾਨੇ ਕਰੋ ਕ੍ਰਾਂਤੀਵੀਰਾਂ ਦੇ। ਏਨੀ ਤਾਂ ਪੰਜਾਬੀ ਔਰਤ ਬਜਾਜੀ ਦੀ ਦੁਕਾਨ ਤੇ ਨਹੀਂ ਖਿੜਦੀ ਜਿਨ੍ਹਾਂ ਅੱਜ ਕੱਲ੍ਹ ਪੰਜਾਬ ’ਚ ਇਨਕਲਾਬੀ ਫੁੱਲ ਖਿੜਿਐ। ਥਾਮਸ ਐਡੀਸਨ ਨੇ ਬੱਲਬ ਦੀ ਖੋਜ ਕੀਤੀ, ਹਨੇਰਾ ਦੂਰ ਕੀਤਾ। ਇਵੇਂ ਕੇਜਰੀਵਾਲ ਬਦਲਾਅ ਆਲੀ ਕਰੇਨ ਨਾਲ ਕੁਰੱਪਸ਼ਨ ਨੂੰ ਜੜ੍ਹੋਂ ਪੁੱਟ ਰਿਹੈ। ਮਨੀਸ਼ ਸਿਸੋਦੀਆ ਪੰਜਾਬ ਖ਼ਾਤਰ ਘਰ ਬਾਰ ਛੱਡ ਆਇਆ। ਕਿੰਨੇ ਪਿਆਰ ਨਾਲ ‘ਸਾਮ, ਦਾਮ ਤੇ ਦੰਡ’ ਦੀ ਪਰਿਭਾਸ਼ਾ ਸਮਝਾ ਰਿਹੈ।
ਪੇਂਡੂ ਬਾਬਾ ਆਖਦੈ, ਭਾਈ! ਅਸੀਂ ਚਾਰ ਸਾਲ ਪਹਿਲਾਂ ਛੱਲੀਆਂ ਆਲੇ ਖੇਤ ’ਚ ਡਰਨਾ ਗੱਡਿਆ ਸੀ, ਡਰਨਾ ਹੀ ਛੱਲੀਆਂ ਲੈ ਕੇ ਭੱਜ ਗਿਆ, ਹੁਣ ਕੀ ਕਰੀਏ। ਕਰਨਾ ਕੀ ਐ, ਸ਼ਾਹਰੁਖ਼ ਖ਼ਾਨ ਨੂੰ ਸੁਣੋ, ‘ਬੜੇ ਬੜੇ ਦੇਸ਼ੋਂ ਮੇ ਛੋਟੀ ਛੋਟੀ ਬਾਤੇਂ ਹੋਤੀ ਰਹਿਤੀ ਹੈਂ।’ ਜੇ ਫਿਰ ਵੀ ਦਿਲ ਨਾ ਟਿਕੇ, ਸਤਿੰਦਰ ਸਰਤਾਜ ਨੂੰ ਧਿਆ ਲੈਣਾ, ‘ਛੱਡ ਮਾਲਕ ’ਤੇ ਡੋਰਾਂ, ਬਹੁਤਾ ਸੋਚੀਂ ਨਾ’। ਸੰਧਵਾਂ ਆਲਾ ਕੁਲਤਾਰ ਸੋਚੀ ਜਾਂਦੈ, ਨਾਲੇ ‘ਕਾਲੀਆਂ ਭੇਡਾਂ’ ਆਲੀ ਸੂਚੀ ਉਡੀਕੀ ਜਾਂਦੈ।
ਵੱਡੇ ਬਾਦਲ ਨੇ ਫ਼ਰਮਾਨ ਕੀਤਾ, ਕਾਲੀਆਂ ਭੇਡਾਂ ਦੀ ਲਿਸਟ ਬਣਾਓ। ਸਿਆਣੇ ਅਫ਼ਸਰਾਂ ਨੇ ਜੁਆਬੀ ਮਸ਼ਵਰਾ ਦਿੱਤਾ, ‘ਚਿੱਟੀਆਂ ਦੀ ਬਣਾ ਲੈਂਦੇ ਹਾਂ, ਨਾਲੇ ਜਲਦੀ ਬਣਜੂ।’ ਕੱਟੜ ਇਮਾਨੀ ਅਫ਼ਸਰਾਂ ਦਾ ਕੀ ਕਸੂਰ, ਰੱਬ ਦਾ ਦਿੱਤਾ ਛਕ ਰਹੇ ਨੇ, ਇਕੱਲੇ ਨਹੀਂ, ਵੰਡ ਕੇ। ਸੱਤਿਆ ਫ਼ਿਲਮ ਦਾ ਡਾਇਲਾਗ ਢੁਕਵੈਂ, ‘ਇਸ ਸ਼ਹਿਰ ਮੇ ਪੁਲੀਸ ਕੇ ਬਿਨਾਂ ਪੱਤਾ ਨਹੀਂ ਹਿਲਤਾ, ਸਭ ਕੀ ਹਿੱਸੇਦਾਰੀ ਤੈਅ ਹੈ।’ ਜਿਨ੍ਹਾਂ ਦਾ ਕਿਤੇ ਹੱਥ ਨੀ ਪੈਂਦਾ, ਉਹ ‘ਅੱਜ ਦੇ ਰਾਂਝੇ’ ਫਿਲਮ ਦੇ ਸਿਪਾਹੀ ਵਾਂਗੂ ਬੀਵੀ ਨੂੰ ਪੈ ਨਿਕਲਦੇ ਨੇ ‘ਕਿਥੋਂ ਲਿਆ ਦਿਆਂ ਰਾਣੀ ਹਾਰ, ਮੈਂ ਸਿਪਾਹੀ ਹਾਂ, ਕੋਈ ਡੀਆਈਜੀ ਨਹੀਂ।’
ਡੀਆਈਜੀ ਹਰਚਰਨ ਸਿਓਂ ਦੇ ਘਰ ਰੱਬ ਦਾ ਦਿੱਤਾ ਸਭ ਕੁੱਝ ਸੀ। ਸੰਘੀ ਏਜੰਸੀ ਨੇ ਸਿੱਧਾ ਰੱਬ ਦੇ ਕੰਮ ’ਚ ਦਖਲ ਦੇਤਾ। ‘ਚੱਲ ਉੱਡ ਜਾ ਰੇ ਪੰਛੀ, ਅਬ ਯੇ ਦੇਸ਼ ਹੂਆ ਬਿਗਾਨਾ’। ਜਿੰਨੇ ਵੀ ਸੋਨਾਮੁਖੀ ਨੇ, ਜਦੋਂ ਭੀੜ ਪਈ, ਫਿਰ ਦੇਸ਼ ਚੇਤੇ ਕਰੇਗਾ। ਖ਼ੁਦਾ ਨਖਾਸਤਾ, ਕਦੇ ਜੰਗ ਲੱਗ ਜਾਏ। ਚੀਨ ਦੀ ਜੰਗ ਤਾਂ ਯਾਦ ਹੋਊ, ਜਦੋਂ ਲੋਕਾਂ ਨੇ ਦੇਸ਼ ਖ਼ਾਤਰ ਸੋਨਾ ਦਾਨ ਕੀਤਾ ਸੀ। ਮੂਰਖ ਦਾਸੋ! ਅੱਜ ਦੇ ਦੇਸ਼ ਭਗਤਾਂ ਨੇ ਕੌਮੀ ਸੁਰੱਖਿਆ ਵਾਸਤੇ ਹੀ ਤਾਂ ਘਰਾਂ ’ਚ ਸੋਨਾ ਰੱਖਿਐ। ਭਾਰਤ ਮਾਂ ਦੇ ਇਹ ਸਪੂਤ ਜੇਲ੍ਹਾਂ ਤੋਂ ਕਿੱਥੇ ਡਰਨ ਵਾਲੇ ਨੇ। ਸੰਘੀ ਏਜੰਸੀ ਨੇ ਐਵੇਂ ਬਾਤ ਦਾ ਬਤੰਗੜ ਬਣਾ’ਤਾ। ਰਾਂਝਾ ਜੀ ਠੀਕ ਆਖਦੇ ਸਨ, ‘ਜੋ ਰੰਨਾਂ ਤੋਂ ਵਰਜਦੇ ਚੇਲਿਆਂ ਨੂੰ, ਉਹ ਗੁਰੂ ਕੀ ਬੰਨ੍ਹ ਕੇ ਚੋਵਣੇਂ ਨੇ।’
ਪੰਜਾਬ ਪੁਲੀਸ ਕੋਲ ਪੰਜ ਸੱਤ ਅਨਮੋਲ ਰਤਨ ਨੇ ਜਿਨ੍ਹਾਂ ਦੀ ਤੂਤੀ ਹਮੇਸ਼ਾ ਬੋਲਦੀ ਐ। ਬੱਸ ਇੱਕੋ ਅਸੂਲ ‘ਹਾਂਜੀ ਹਾਂਜੀ ਕਹਿਣਾ, ਸਦਾ ਸੁਖੀ ਰਹਿਣਾ।’ ਜਿਉਂ ਹੀ ਨਵੀਂ ਸਰਕਾਰ ਸਹੁੰ ਚੁੱਕਦੀ ਹੈ, ਇਹ ਐਨੂਅਲ ਪੈਕ ਲੈਂਦੇ ਨੇ, ਫਿਰ ਹਰ ਵਰ੍ਹੇ ਰਿਨਿਊ ਕਰਾਉਂਦੇ ਰਹਿੰਦੇ ਨੇ। ਅੱਜ ਕੱਲ੍ਹ ਤਾਂ ਬਿਜਲੀ ਮਹਿਕਮੇ ਦੇ ਵਿਹੜੇ ਵੀ ਬਸੰਤ-ਬਹਾਰ ਹੈ। ਪਹਿਲਾਂ ਆਨੰਦ ਫਿਲਮ ਦਾ ਡਾਇਲਾਗ ਸੁਣੋ, ‘ਲੋਗ ਕਹਿਤੇ ਹੈਂ ਇਮਾਨਦਾਰੀ ਮੇ ਕਿਆ ਮਿਲਤਾ ਹੈ,ਮੈਨੇ ਕਹਾ ਸਕੂਨ। ’ਪਾਵਰਕੌਮ ਦੇ ਡਾਇਰੈਕਟਰ ਹਰਜੀਤ ਸਿਓਂ ਵੀ ਇਸੇ ਸਕੂਨ ਦੇ ਆਸ਼ਕ ਨੇ। ਨਵੇਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪਹਿਲੇ ਝਟਕੇ ਹਰਜੀਤ ਨੂੰ ਘਰੇ ਤੋਰ’ਤਾ। ਅਖੇ ਆਸ਼ਕਾਂ ਦਾ ਏਥੇ ਕੀ ਕੰਮ।
ਪੰਜਾਬ ਜਣੋ! ਰਾਹਾਂ ਚੋਂ ਰੋੜੇ ਹਟਾਉਣੇ, ਕੋਈ ਅਰੋੜਾ ਸਾਹਿਬ ਤੋਂ ਸਿੱਖੇ। ਬਦਲਾਅ ਨੂੰ ਹੁਣ ਅੰਮ੍ਰਿਤਸਰ (ਦਿਹਾਤੀ) ਆਲੇ ਐੱਸਐੱਸਪੀ ਮਨਿੰਦਰ ਤੋਂ ਐਲਰਜੀ ਹੋ ਗਈ। ਮਨਿੰਦਰ ਅਖੀਰ ਤੱਕ ਗੈਂਗਸਟਰਾਂ ਨਾਲ ਭਿੜਿਆ। ਉਪ ਚੋਣ ਵੇਲੇ ਸਿਆਸਤ ਨਾਲ ਭਿੜ ਬੈਠਾ। ਮਨਿੰਦਰ ਹੁਣ ਉਸ ਬੈਂਚ ਤੇ ਬੈਠੇਗਾ ਜਿੱਥੇ ਪਹਿਲਾਂ ਗੁਰਕੀਰਤ ਕਿਰਪਾਲ ਹੋਰੀਂ ਬੈਠੇ ਨੇ। ਇਹ ਸਾਰੇ ਇਮਾਨਦਾਰੀ ਦਾ ਟੈਂਡਰ ਚੁੱਕਣਾ ਚਾਹੁੰਦੇ ਸੀ। ਗੋਨਿਆਣੇ ਆਲਾ ਹੇਮ ਰਾਜ ਮਿੱਤਲ, ਗਿਆਨੀ ਜ਼ੈਲ ਸਿੰਘ ਨੇ ਐੱਸਐੱਸਐੱਸ ਬੋਰਡ ਦਾ ਚੇਅਰਮੈਨ ਲਾ’ਤਾ। ਸਾਈਕਲ ’ਤੇ ਦਫ਼ਤਰ ਜਾਂਦਾ।
ਆਖ਼ਰੀ ਸਾਹ ਤੱਕ ਗੋਨਿਆਣੇ ਆਪਣੀ ਆਟਾ ਚੱਕੀ ’ਤੇ ਬੈਠਿਆ। ਕਿਸੇ ਨੇ ਪੁੱਛਿਆ, ‘ਚਾਰ ਛਿੱਲੜ ਕਮਾ ਲੈਂਦਾ, ਅੱਜ ਇੱਥੇ ਨਾ ਬੈਠਣਾ ਪੈਂਦਾ।’ ਅੱਗਿਓ ਜੁਆਬ ਮਿਲਿਆ, ‘ਜੇਬਾਂ ਭਰਦਾ ਤਾਂ ਅੱਜ ਜੇਲ੍ਹ ਦੀ ਚੱਕੀ ’ਤੇ ਬੈਠਾ ਹੋਣਾ ਸੀ।’ ਪੈਪਸੂ ਸਰਕਾਰ ’ਚ ਜੈਤੋ ਦਾ ਸੇਠ ਰਾਮ ਨਾਥ ਮੰਤਰੀ ਬਣਿਆ। ਬੱਸ ਤੇ ਬੈਠ ਸਹੁੰ ਚੁੱਕਣ ਪਹੁੰਚ ਗਿਆ ਪਟਿਆਲੇ। ਪਟਿਆਲੇ ਆਲਾ ਰਾਜਾ ਕਹਿੰਦਾ, ਸਹੁੰ ਚੁੱਕਣੀ ਹੈ ਤਾਂ ਅਚਕਨ ਪਹਿਨ ਕੇ ਆਵੋ, ਧੋਤੀ ਨਹੀਂ ਚੱਲੇਗੀ। ‘ਮੈਨੂੰ ਨੀ ਚਾਹੀਦੀ ਇਹੋ ਜੇਹੀ ਵਜ਼ੀਰੀ’, ਆਖ ਸੇਠ ਜੀ ਤੁਰ ਪਏ। ਮਗਰੋਂ ਮਸਾਂ ਮੋੜ ਕੇ ਲਿਆਏ।
ਸਾਦਗੀ ਤੇ ਇਮਾਨਦਾਰੀ ਦੇ ਵੇਲੇ ਹੁਣ ਕਿਥੇ ਰਹੇ ਨੇ। ਪੰਜਾਬ ਦਾ ਸਿਰ ਉੱਚਾ ਹੁਣ ਇਨਕਲਾਬੀ ਵੀਰਾਂ ਨੇ ਕੀਤੈ। ਤਰੱਕੀ ਦੇ ਰਾਹ ’ਚ ਜਿੰਨੇ ਵੀ ਅੜਿੱਕਾ ਸਿੰਘ ਰੋੜਾ ਬਣੇ, ਉਨ੍ਹਾਂ ਨੂੰ ‘ਪਰਚਾ ਸਿੰਘ’ ਨਾਲ ਸਾਈਕਲ ’ਤੇ ਬਿਠਾ ਜੇਲ੍ਹ ਨਾਥ ਦੇ ਡੇਰੇ ਛੱਡ ਆਏ। ਸਦੀਆਂ ਬਾਅਦ ਜਦ ਕੋਈ ਬ੍ਰਹਿਮੰਡ ਦਾ ਖ਼ੋਜੀ ਪੰਜਾਬ ਆਏਗਾ, ਬੌਂਦਲ ਜਾਏਗਾ ਜਦ ਜਾਣ ਜਾਏਗਾ ਕਿ ‘ਕੱਟੜ ਘਾਟੀ ਦੀ ਸਭਿਅਤਾ’ ਦੇ ਬਾਸ਼ਿੰਦੇ ਪੰਜਾਬੀ ਸਨ। ਜਦ ਘੱਗਰ ਤੋਂ ਰਾਵੀ ਤੱਕ ਥੇਹਾਂ ਦੀ ਖ਼ੁਦਾਈ ਹੋਵੇਗੀ ਤਾਂ ‘ਕ੍ਰਾਂਤੀ ਯੋਜਨਾ’ ਦੇ ਨਮੂਨੇ ਖੰਡਰਾਤਾਂ ਚੋਂ ਮਿਲਣਗੇ। ਇਮਾਨ ਦੀ ਤੜਾਗੀ ਦੇ ਚਿੰਨ੍ਹ ਲੱਭਣਗੇ।
ਅਖੀਰ ’ਚ ਚਾਨਣ ਸਿੰਘ ਹਨੇਰਾ ਲਤੀਫ਼ਾ ਲੈ ਕੇ ਹਾਜ਼ਰ ਹੈ। ਪ੍ਰਤਾਪ ਸਿੰਘ ਕੈਰੋਂ ਦੀ ਜਾਂਚ ਲਈ ਕੇਂਦਰ ਨੇ ‘ਦਾਸ ਕਮਿਸ਼ਨ’ ਬਿਠਾ’ਤਾ। ਕੈਰੋਂ ਨੂੰ ਅਸਤੀਫ਼ਾ ਦੇਣਾ ਪਿਆ। ਜਦੋਂ ਹਲਕੇ ’ਚ ਗਏ ਤਾਂ ਕੋਈ ਪੁਰਾਣਾ ਚੇਲਾ ਗੋਡੀਂ ਹੱਥ ਲਾ ਆਖਣ ਲੱਗਿਆ, ‘ਜੀ! ਮੈਂ ਥੋਡਾ ਦਾਸ ਹਾਂ’। ਕੈਰੋਂ ਸਾਹਿਬ ਭੜਕ ਉੱਠੇ, ‘ਪਹਿਲੇ ਦਾਸ ਦਾ ਪੱਟਿਆ ਤਾਬ ਨੀ ਆਇਆ, ਹੁਣ ਤੂੰ ਕਿਹੜਾ ਦਾਸ ਆ ਗਿਆ।’
(20 ਨਵੰਬਰ 2025)
.jpg)
No comments:
Post a Comment