Saturday, December 13, 2025

ਖਾਕਾ ਤਿਆਰ
ਤਿੰਨ ਹਜ਼ਾਰ ਕਰੋੜ ਦੀ ਵਿਕੇਗੀ ਸੰਪਤੀ 
ਚਰਨਜੀਤ ਭੁੱਲਰ 

ਚੰਡੀਗੜ੍ਹ :ਪੰਜਾਬ ਸਰਕਾਰ ਨੇ ਸੂਬੇ ਦੇ ਵਿੱਤੀ ਸੰਕਟ ਦੇ ਮੱਦੇਨਜ਼ਰ ਕਰੀਬ ਤਿੰਨ ਹਜ਼ਾਰ ਕਰੋੜ ਦੀ ਸੰਪਤੀ ਵੇਚਣ ਦਾ ਫ਼ੈਸਲਾ ਕੀਤਾ ਹੈ ਜਿਸ ’ਚ ਅਹਿਮ 15 ਸੰਪਤੀਆਂ ਸ਼ਾਮਲ ਹਨ। ਸੂਬਾ ਸਰਕਾਰ ਨੇ ਵਿੱਤੀ ਬਿਪਤਾ ਨੂੰ ਠੁੰਮ੍ਹਣਾ ਦੇਣ ਲਈ ਸੰਪਤੀਆਂ ਨੂੰ ਵੇਚਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਅਜਿਹੀਆਂ ਸੰਪਤੀਆਂ ਦੀ ਸ਼ਨਾਖ਼ਤ ਕੀਤੀ ਹੈ ਜੋ ਵਰਤੋਂ ’ਚ ਨਹੀਂ ਹਨ ਜਿਨ੍ਹਾਂ ਨੂੰ ਵਿਕਸਿਤ ਕਰਕੇ ਅੱਗੇ ਵੇਚਿਆ ਜਾਵੇਗਾ। ਕਾਫ਼ੀ ਦਹਾਕੇ ਪਹਿਲਾਂ ਬਣੀ ਸਕੀਮ ਓਯੂਵੀਜੀਐੱਲ (ਖਾਲੀ ਸਰਕਾਰੀ ਜ਼ਮੀਨਾਂ ਦੀ ਸਰਵੋਤਮ ਵਰਤੋਂ) ਤਹਿਤ ਮੌਜੂਦਾ ਸਰਕਾਰ ਨੇ ਸੰਪਤੀ ਵੇਚਣ ਦੀ ਪ੍ਰਕਿਰਿਆ ਅੱਗੇ ਵਧਾਈ ਹੈ। ਵੇਰਵਿਆਂ ਅਨੁਸਾਰ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਦੀ ਅਗਵਾਈ ਵਾਲੀ ਉੱਚ ਤਾਕਤੀ ਕਮੇਟੀ (ਓਯੂਵੀਜੀਐੱਲ) ਦੀ ਵੀਰਵਾਰ ਨੂੰ ਹੋਈ ਮੀਟਿੰਗ ’ਚ ਪੰਜ ਵੱਡੇ ਸ਼ਹਿਰਾਂ ’ਚ ਪਈ ਖ਼ਾਲੀ ਸੰਪਤੀ ਅਤੇ ਇਸ ਸੰਪਤੀ ਤੋਂ ਹੋਣ ਵਾਲੇ ਸ਼ੁੱਧ ਮੁਨਾਫ਼ੇ ਤੇ ਮਾਲੀਆ ’ਤੇ ਚਰਚਾ ਕੀਤੀ ਗਈ ਹੈ।

        ਪਟਿਆਲਾ, ਜਲੰਧਰ, ਲੁਧਿਆਣਾ ਬਠਿੰਡਾ ਅਤੇ ਅੰਮ੍ਰਿਤਸਰ ਸ਼ਹਿਰਾਂ ਦੀ ਜ਼ਮੀਨ ਵੱਖ-ਵੱਖ ਵਿਭਾਗਾਂ ਤੋਂ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਤਬਦੀਲ ਕਰਨ ਵਿੱਚ ਪ੍ਰਗਤੀ ਦੀ ਸਥਿਤੀ ’ਤੇ ਵਿਚਾਰ ਵਟਾਂਦਰਾ ਹੋਇਆ। ਪੰਜਾਬੀ ਟ੍ਰਿਬਿਊਨ ਕੋਲ ਮੌਜੂਦਾ ਦਸਤਾਵੇਜ਼ਾਂ ਅਨੁਸਾਰ ਇਨ੍ਹਾਂ ਜ਼ਮੀਨਾਂ ਦੀ ਵਿੱਕਰੀ ਨਾਲ ਸੂਬੇ ਦੇ ਖ਼ਜ਼ਾਨੇ ’ਚ 2789 ਕਰੋੜ ਸ਼ੁੱਧ ਲਾਭ/ਮਾਲੀਏ ਦੇ ਰੂਪ ’ਚ ਆਉਣ ਦਾ ਅਨੁਮਾਨ ਹੈ। ਅੱਧੀ ਦਰਜਨ ਵਿਭਾਗਾਂ ਦੀ ਇਹ ਬਹੁ ਕੀਮਤੀ ਜਾਇਦਾਦ ਸ਼ਨਾਖ਼ਤ ਕੀਤੀ ਗਈ ਹੈ ਜਿਸ ਦੀ ਅਨੁਮਾਨਿਤ ਪ੍ਰਾਪਤ ਹੋਣ ਵਾਲੀ ਕੀਮਤ ਦਾ ਮੁਲਾਂਕਣ ਸ਼ਹਿਰੀ ਵਿਕਾਸ ਅਥਾਰਿਟੀਜ਼ ਵੱਲੋਂ ਕੀਤਾ ਗਿਆ ਹੈ। ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਤਬਦੀਲ ਕਰਨ ਲਈ ਵਿਚਾਰੀ ਜਾ ਰਹੀ ਜ਼ਮੀਨ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ), ਸਿਹਤ, ਆਵਾਜਾਈ ਵਿਭਾਗ, ਮਾਰਕਫੈੱਡ, ਪੰਜਾਬ ਮੰਡੀ ਬੋਰਡ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਅਤੇ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੀ ਹੈ।

        ਵੇਚੀਆਂ ਜਾਣ ਵਾਲੀਆਂ ਸੰਪਤੀਆਂ ਤੋਂ ਕਰੀਬ ਤਿੰਨ ਹਜ਼ਾਰ ਕਰੋੜ ਦੀ ਕਮਾਈ ਦੀ ਸੰਭਾਵਨਾ ਹੈ ਅਤੇ ਸਭ ਤੋਂ ਵੱਧ ਪਾਵਰਕੌਮ/ਟਰਾਂਸਕੋ ਦੀ ਵੇਚੀ ਜਾਣ ਵਾਲੀ ਸੰਪਤੀ ਤੋਂ 2219.58 ਕਰੋੜ ਦੀ ਕਮਾਈ ਹੋਣ ਦਾ ਅਨੁਮਾਨ ਹੈ। ਬਠਿੰਡਾ ਸ਼ਹਿਰ ਵਿਚਲੀ ਬਠਿੰਡਾ ਥਰਮਲ ਦੀ ਕਾਲੋਨੀ ਅਤੇ ਹੋਰਨਾਂ ਥਾਵਾਂ ਤੋਂ ਮੋਟੀ ਕਮਾਈ ਦਾ ਅਨੁਮਾਨ ਹੈ। 1972 ’ਚ ਵਸਾਈ ਗਈ ਥਰਮਲ ਕਾਲੋਨੀ ਨੂੰ ਵੇਚਿਆ ਜਾਣਾ ਹੈ ਜਿਸ ਦੇ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪ੍ਰਦਰਸ਼ਨ ਵੀ ਸ਼ੁਰੂ ਕੀਤਾ ਹੋਇਆ ਹੈ। ਸੂਬਾ ਸਰਕਾਰ ਦੇ ਖ਼ਜ਼ਾਨੇ ਦੀ ਵਿੱਤੀ ਸਥਿਤੀ ਕਾਫ਼ੀ ਨਾਜ਼ੁਕ ਬਣੀ ਹੋਈ ਹੈ ਅਤੇ ਅਕਤੂਬਰ ਮਹੀਨੇ ਤੱਕ ਸੂਬੇ ਸਿਰ ਕਰਜ਼ਾ 3.98 ਲੱਖ ਕਰੋੜ ਨੂੰ ਛੂਹ ਗਿਆ ਹੈ। ਪੂੰਜੀਗਤ ਖ਼ਰਚੇ ਲਈ ਸਰਕਾਰ ਕੋਲ ਪੈਸੇ ਦੀ ਕਿੱਲਤ ਹੈ ਕਿਉਂਕਿ ਬਜਟ ਦਾ ਕਾਫ਼ੀ ਹਿੱਸਾ ਸਬਸਿਡੀ ਬਿੱਲਾਂ, ਕਰਜ਼ੇ ਤੇ ਵਿਆਜ, ਤਨਖ਼ਾਹਾਂ ਤੇ ਪੈਨਸ਼ਨਾਂ ’ਤੇ ਚਲਾ ਜਾਂਦਾ ਹੈ। ਪੰਜਾਬ ਵਿਧਾਨ ਸਭਾ ਦੀਆਂ ਅਗਲੀਆਂ ਚੋਣਾਂ ’ਚ ਸਿਰਫ਼ 14 ਮਹੀਨੇ ਬਚੇ ਹਨ ਅਤੇ ਸੂਬਾ ਸਰਕਾਰ ਦਬਾਅ ਹੇਠ ਹੈ ਕਿਉਂਕਿ ਚੋਣਾਂ ਵਾਲੇ ਵਰ੍ਹੇ ’ਚ ਵਧੇਰੇ ਵਿੱਤੀ ਵਸੀਲਿਆਂ ਦੀ ਲੋੜ ਹੈ।

         ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਵੀ ਹਾਲੇ ਦਿੱਤਾ ਜਾਣਾ ਹੈ। ਪਤਾ ਲੱਗਿਆ ਹੈ ਕਿ ਵੀਰਵਾਰ ਨੂੰ ਉੱਚ ਤਾਕਤੀ ਕਮੇਟੀ ਦੀ ਮੀਟਿੰਗ ’ਚ ਮੁਹਾਲੀ ਦੇ ਮੁੱਲਾਂਪੁਰ ਗਰੀਬਦਾਸ ਵਿਚਲੀ 57.82 ਏਕੜ ਦੀ ਜਗ੍ਹਾ ਨੂੰ ਜੰਗਲਾਤ ਵਿਭਾਗ ਤੋਂ ਸ਼ਹਿਰੀ ਵਿਕਾਸ ਅਥਾਰਿਟੀ ਨੂੰ ਤਬਦੀਲ ਕਰਨ ’ਤੇ ਵੀ ਚਰਚਾ ਹੋਈ। ਇਸ ਜ਼ਮੀਨ ਨੂੰ ਪਹਿਲਾਂ ਮਾਰਚ 2004 ਵਿੱਚ ਪੁੱਡਾ ਨੂੰ ਤਬਦੀਲ ਕੀਤਾ ਗਿਆ ਸੀ। ਤਕਨੀਕੀ ਕਾਰਨਾਂ ਕਰਕੇ ਪੁੱਡਾ ਦੀ ਅਧਿਕਾਰ ਕਮੇਟੀ ਨੇ ਅਕਤੂਬਰ 2010 ’ਚ ਇਹ ਜ਼ਮੀਨ ਮੁੜ ਜੰਗਲਾਤ ਵਿਭਾਗ ਨੂੰ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਸੀ। ਹੁਣ ਮੁੜ ਇਸ ਜ਼ਮੀਨ ’ਤੇ ਚਰਚਾ ਸ਼ੁਰੂ ਹੋਈ ਹੈ।

        ਵੱਧ ਕਮਾਈ ਵਾਲੀਆਂ ਸੰਪਤੀਆਂ (ਅਨੁਮਾਨਿਤ ਸ਼ੁੱਧ ਲਾਭ/ਮਾਲੀਆ)

1. ਥਰਮਲ ਕਾਲੋਨੀ ਬਠਿੰਡਾ                   168 ਏਕੜ             649.28 ਕਰੋੜ

2. ਪਾਵਰ ਕਾਲੋਨੀ-2 ਲੁਧਿਆਣਾ             120 ਏਕੜ                 643 ਕਰੋੜ

3. ਪਾਵਰ ਕਾਲੋਨੀ ਲੁਧਿਆਣਾ                  12 ਏਕੜ             385.78 ਕਰੋੜ

4. ਸੀ-ਕੰਪਾਊਂਡ ਸਾਈਟ ਬਠਿੰਡਾ                53 ਏਕੜ             237.25 ਕਰੋੜ

5. ਬਡੂੰਗਰ ਸਾਈਟ ਪਟਿਆਲਾ             68.92 ਏਕੜ            213.92 ਕਰੋੜ

6. ਮਾਰਕਫੈੱਡ ਸਾਈਟ ਜਲੰਧਰ                10 ਏਕੜ                  208 ਕਰੋੜ 

7. ਪੁਰਾਣੀ ਪੀਆਰਟੀਸੀ ਵਰਕਸ਼ਾਪ ਪਟਿਆਲਾ   5.20 ਏਕੜ   145.19 ਕਰੋੜ


No comments:

Post a Comment