Saturday, January 31, 2026

 ਬਦਲੇ ਸੁਰ,ਮਿਲੇ ਤਾਲ
 ਪੰਜਾਬ-ਹਰਿਆਣਾ ਹੁਣ ‘ਭਰਾ-ਭਰਾ’
ਚਰਨਜੀਤ ਭੁੱਲਰ 

ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ’ਤੇ ਅੱਜ ਇੱਥੇ ਛੇਵੇਂ ਗੇੜ ਦੀ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਮਿਜਾਜ਼ ਬਦਲੇ ਹੋਏ ਨਜ਼ਰ ਆਏ। ਸ੍ਰੀ ਮਾਨ ਅਤੇ ਸ੍ਰੀ ਸੈਣੀ ਵਿੱਚ ਅੱਜ ਸੁਰ ਵੀ ਮਿਲੇ ਅਤੇ ਤਾਲ ਵੀ। ਇੱਕ-ਦੂਜੇ ਖ਼ਿਲਾਫ਼ ਸਿਆਸੀ ਤੀਰ ਖਿੱਚਣ ਵਾਲੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਅੱਜ ਮੁਹੱਬਤੀ ਰੌਂਅ ’ਚ ਦਿਖੇ। ਮੀਟਿੰਗ ਵੀ ਦੋਸਤਾਨਾ ਮਾਹੌਲ ’ਚ ਹੋਈ ਅਤੇ ਮੀਟਿੰਗ ਵਿੱਚ ਜਾਣ ਤੋਂ ਪਹਿਲਾਂ ਦੋਵੇਂ ਮੁੱਖ ਮੰਤਰੀ ਸਵੇਰ ਦੇ ਖਾਣੇ ’ਤੇ ਮਿਲੇ। ਪਹਿਲੀ ਵਾਰ ਦੋਵਾਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਪਹਿਲਾਂ ਸ੍ਰੀ ਮਾਨ ਅਤੇ ਸ੍ਰੀ ਸੈਣੀ ਨੇ ਮੀਟਿੰਗ ਦੌਰਾਨ ਯਾਦਗਾਰੀ ਤੋਹਫ਼ੇ ਸਾਂਝੇ ਕੀਤੇ ਅਤੇ ਆਪੋ-ਆਪਣੇ ਅਫ਼ਸਰਾਂ ਦੀ ਜਾਣ-ਪਛਾਣ ਕਰਾਈ। ਪਿਛੇ ਦੇਖੀਏ ਤਾਂ ਪੰਜ ਮੀਟਿੰਗਾਂ ਵਿੱਚ ਦੋਵੇਂ ਮੁੱਖ ਮੰਤਰੀ ਆਪੋ-ਆਪਣੇ ਸੂਬੇ ਦੇ ਹੱਕ ਨੂੰ ਠੋਸ ਤਰੀਕੇ ਨਾਲ ਪੇਸ਼ ਕਰਦੇ ਰਹੇ ਸਨ। ਪਾਣੀ ਦੀ ਇੱਕ ਬੂੰਦ ਨਾ ਦੇਣ, ਨਹਿਰ ਦੀ ਉਸਾਰੀ ਕਰਨ ਅਤੇ ਹਰਿਆਣਾ ਤੋਂ ਯਮੁਨਾ ਦੇ ਪਾਣੀ ’ਚੋਂ ਹਿੱਸਾ ਮੰਗਣ ਵਰਗੇ ਇਹ ਮੁੱਦੇ ਜ਼ੋਰਦਾਰ ਤਰੀਕੇ ਨਾਲ ਉਠਦੇ ਰਹੇ ਹਨ।

        ਅਧਿਕਾਰੀ ਵੀ ਅੱਜ ਬਦਲੇ ਮਾਹੌਲ ਤੋਂ ਕਾਫ਼ੀ ਹੈਰਾਨ ਸਨ। ਅੱਜ ਦੋਵੇਂ ਮੁੱਖ ਮੰਤਰੀ ਆਪੋ-ਆਪਣੇ ਸੂਬੇ ਦੇ ਮਾਹੌਲ ਨੂੰ ਖ਼ਰਾਬ ਨਾ ਹੋਣ ਦੀ ਗੱਲ ਵੀ ਆਖਦੇ ਰਹੇ। ਸਿਆਸੀ ਮਾਹਿਰ ਆਖਦੇ ਹਨ ਕਿ ਪੰਜਾਬ ਵਿਧਾਨ ਸਭਾ ਚੋਣਾਂ ਹੁਣ ਬਹੁਤਾ ਦੂਰ ਨਹੀਂ ਹਨ। ਭਾਜਪਾ ਪੂਰੀ ਤਿਆਰੀ ਨਾਲ ਇਨ੍ਹਾਂ ਚੋਣਾਂ ’ਚ ਉੱਤਰੇਗੀ ਅਤੇ ਖ਼ਾਸ ਕਰ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ’ਚ ਗੇੜੇ ਮਾਰ ਰਹੇ ਹਨ। ਹਰਿਆਣਾ ਦੇ ਕਿਸਾਨਾਂ ਲਈ ਕੀਤੇ ਕੰਮਾਂ ਨੂੰ ਪੰਜਾਬ ’ਚ ਉਭਾਰ ਰਹੇ ਹਨ। ਸਤਲੁਜ ਯਮੁਨਾ ਲਿੰਕ ਨਹਿਰ ਭਾਵੁਕ ਮੁੱਦਾ ਹੈ ਅਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਇਸ ਨੂੰ ਪੰਜਾਬ ਚੋਣਾਂ ਦੇ ਮੱਦੇਨਜ਼ਰ ਗਰਮਾਉਣਾ ਨਹੀਂ ਚਾਹੁੰਦੀ। ਪੰਜਾਬ ਚੋਣਾਂ ਦਾ ਪਰਛਾਵਾਂ ਅੱਜ ਮੀਟਿੰਗ ’ਤੇ ਸਾਫ਼ ਨਜ਼ਰ ਆਇਆ। ਭਾਜਪਾ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਦੇ ਕਿਸਾਨੀ ਨੂੰ ਫ਼ਿਲਹਾਲ ਨਾਰਾਜ਼ ਨਹੀਂ ਕਰਨਾ ਚਾਹੁੰਦੀ। ਇਸੇ ਕਰ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰੀ ਜ਼ੋਨਲ ਕੌਂਸਲ ਦੀ ਫ਼ਰੀਦਾਬਾਦ ’ਚ ਹੋਈ ਮੀਟਿੰਗ ਪਾਣੀਆਂ ਨਾਲ ਸਬੰਧਤ ਸਭ ਮੁੱਦੇ ਮੁਲਤਵੀ ਕਰ ਦਿੱਤੇ ਸਨ।

        ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਬਾਬੇ ਨਾਨਕ ਦੀ ਬਾਣੀ ਦੇ ਹਵਾਲੇ ਨਾਲ ਕਿਹਾ ਕਿ ਗੁਰੂਆਂ ਦੀਆਂ ਸਿੱਖਿਆਵਾਂ ਨੇ ਮਾਰਗ ਦਰਸ਼ਨ ਕੀਤਾ ਹੈ ਅਤੇ ਗੱਲਬਾਤ ਸੁਖਾਵੇਂ ਮਾਹੌਲ ’ਚ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਤਾਂ ਭਾਈ ਘਨ੍ਹੱਈਆ ਦੇ ਵਾਰਸ ਹਨ ਅਤੇ ਹਰਿਆਣਾ ਦੁਸ਼ਮਣ ਨਹੀਂ, ਸਾਡਾ ਭਰਾ ਹੈ। ਹਰਿਆਣਾ 1966 ’ਚ ਵੱਖ ਹੋ ਗਿਆ ਪਰ ਛੋਟਾ ਭਰਾ ਹੈ। ਮੁੱਖ ਮੰਤਰੀ ਮਾਨ ਨੇ ਪ੍ਰੈੱਸ ਕਾਨਫਰੰਸ ਦੇ ਅਖੀਰ ’ਚ ਕਿਹਾ ਕਿ ਉਹ ਅੱਜ ਕੋਈ ਬਰੇਕਿੰਗ ਨਹੀਂ ਦੇਣਗੇ। ਸਿਆਸੀ ਮਾਹਿਰ ਇਹ ਵੀ ਆਖ ਰਹੇ ਹਨ ਕਿ ਸਤਲੁਜ ਯਮੁਨਾ ਲਿੰਕ ਨਹਿਰ ਦਾ ਮਾਮਲਾ ਸੁਪਰੀਮ ਕੋਰਟ ’ਚ ਹੈ ਅਤੇ ਸੁਪਰੀਮ ਕੋਰਟ ਨੇ ਦੋਵੇਂ ਸੂਬਿਆਂ ਨੂੰ ਗੱਲਬਾਤ ਜ਼ਰੀਏ ਮਾਮਲਾ ਨਜਿੱਠਣ ਲਈ ਨਿਰਦੇਸ਼ ਦਿੱਤੇ ਹੋਏ ਹਨ।ਦੋਵੇਂ ਸੂਬੇ ਹੁਣ ਸੁਪਰੀਮ ਕੋਰਟ ਨੂੰ ਵੀ ਇਹ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਉਹ ਸਾਰਥਿਕ ਤਰੀਕੇ ਨਾਲ ਗੱਲਬਾਤ ਨੂੰ ਅਗਾਂਹ ਵਧਾ ਰਹੇ ਹਨ ਅਤੇ ਤਲਖ਼ੀ ਦੀ ਥਾਂ ਸੁਖਾਵੇਂ ਮਾਹੌਲ ’ਚ ਹੋ ਰਹੀ ਵਾਰਤਾ ਦਾ ਅਸਰ ਵੀ ਦਿਖਾਉਣਾ ਚਾਹੁੰਦੇ ਹਨ। ਕਾਰਨ ਕੁੱਝ ਵੀ ਹੋਣ ਪਰ ਬਦਲੇ ਸੁਰ ਕਾਫ਼ੀ ਚਰਚੇ ’ਚ ਹਨ।

No comments:

Post a Comment