ਗੁਆਚੀਆਂ ਪੈੜਾਂ
ਛੱਡ ਆਲ੍ਹਣੇ ਤੁਰ ਗਏ ਸੁੰਨੇ ਰਾਹਾਂ ’ਤੇ..!
ਚਰਨਜੀਤ ਭੁੱਲਰ
ਚੰਡੀਗੜ੍ਹ : ਜਦੋਂ ਪੰਜਾਬ ’ਚ ਤੱਤੀਆਂ ਪੌਣਾਂ ਵਗੀਆਂ ਤਾਂ ਆਲ੍ਹਣੇ ਸੁੰਨੇ ਹੋਣ ਲੱਗੇ। ਜਿਨ੍ਹਾਂ ਹੱਥਾਂ ਨਾਲ ਆਲ੍ਹਣੇ ਸਿਰਜੇ, ਉਨ੍ਹਾਂ ਹੱਥਾਂ ਨਾਲ ਉਹ ਜਿੰਦਰੇ ਮਾਰ ਤੁਰ ਗਏ, ਇੱਕ ਧੁੰਦਲੀ ਆਸ ਨਾਲ ਕਿ ਜਦੋਂ ਦਿਨ ਫਿਰਨਗੇ, ਅਸੀਂ ਵਾਪਸ ਪਰਤਾਂਗੇ। ਪਿੰਡਾਂ ਦੀ ਜੂਹ ’ਚ ਮੌਤ ਸ਼ੂਕਦੀ ਸੀ, ਜ਼ਿੰਦਗੀ ਦੀ ਹਿਫ਼ਾਜ਼ਤ ਲਈ ਹਜ਼ਾਰਾਂ ਪਰਿਵਾਰ ਪਿੰਡਾਂ ਚੋਂ ਹਿਜਰਤ ਕਰ ਗਏ। ਕੋਈ ਡਰ ਦਾ ਝੰਬਿਆ ਸ਼ਹਿਰ ਚਲਾ ਗਿਆ, ਕਿਸੇ ਨੂੰ ਪੰਜਾਬ ਛੱਡਣ ਦੀ ਨੌਬਤ ਆਈ। ਸੱਚ ਪੁੱਛੋ ਤਾਂ ਇਹ ਪੰਜਾਬ ਦੀ ਰੂਹ, ਸਾਂਝੀ ਤਹਿਜ਼ੀਬ ਤੇ ਮੁਹੱਬਤੀ ਅਹਿਸਾਸਾਂ ਦਾ ਉਜਾੜਾ ਸੀ। ਜਦੋਂ ਪੰਜਾਬ ਦੇ ਕਾਲੇ ਵਰਕੇ ਦੀ ਇਬਾਰਤ ਪੜ੍ਹਦੇ ਹਾਂ ਤਾਂ ਅੰਕੜਾ ਅੱਗੇ ਆ ਖੜ੍ਹਦਾ ਹੈ ਕਿ ਕਿਵੇਂ ਸੈਂਕੜੇ ਪਰਿਵਾਰਾਂ ਨੂੰ ਜਾਨਾਂ ਬਚਾਉਣ ਲਈ ਆਪਣੇ ਘਰ ਬਾਰ ਛੱਡਣੇ ਪਏ। ਜੀਵਨ ਦੇ ਖ਼ਲਾਅ ਨੂੰ ਭਰਨ ਲਈ ਇਨ੍ਹਾਂ ਪਰਿਵਾਰਾਂ ਨੂੰ ਬਿਗਾਨੇ ਬੋਹੜ ਦੀ ਸ਼ਰਨ ਲੈਣੀ ਪਈ। ਸ੍ਰੀ ਗੁਰੂ ਨਾਨਕ ਦੇਵ ‘ਵਰਸਿਟੀ ਦੇ ਅਧਿਆਪਕ ਪ੍ਰੋ. ਹਰੀਸ਼ ਕੇ ਪੁਰੀ, ਪ੍ਰੋ. ਪਰਮਜੀਤ ਸਿੰਘ ਤੇ ਪ੍ਰੋ. ਜਗਰੂਪ ਸਿੰਘ ਸੇਖੋਂ ਵੱਲੋਂ ਕਾਲੇ ਦੌਰ ਦਾ ਕੇਂਦਰ ਬਿੰਦੂ ਰਹੇ ਅੰਮ੍ਰਿਤਸਰ, ਮਜੀਠਾ, ਬਟਾਲਾ ਤੇ ਤਰਨ ਤਾਰਨ ਦੇ 28 ਪਿੰਡਾਂ ਦੀ ਕੀਤੀ ਫ਼ੀਲਡ ਸਟੱਡੀ ਸੱਚ ਨੂੰ ਚੁਰਾਹੇ ਰੱਖਣ ਵਾਲੀ ਹੈ।
ਅਧਿਐਨ ਅਨੁਸਾਰ ਕਾਲੇ ਦੌਰ ’ਚ ਮਜੀਠਾ ਖ਼ਿੱਤੇ ਚੋਂ ਸਭ ਤੋਂ ਵੱਡੀ ਹਿਜਰਤ ਹੋਈ। ਕਿਸੇ ਨੂੰ ਪੁਲੀਸ ਦਾ ਡਰ ਤੇ ਕਿਸੇ ਨੂੰ ਕਾਲੀ ਨੋਕ ਦਾ ਖ਼ੌਫ਼, ਦਹਿਸ਼ਤ ਦੌਰਾਨ 28 ਪਿੰਡਾਂ ਚੋਂ ਹਿਜਰਤ ਕਰਨ ਵਾਲਿਆਂ ਚੋਂ 59 ਫ਼ੀਸਦੀ ਹਿੰਦੂ ਸਨ ਅਤੇ 23.48 ਫ਼ੀਸਦੀ ਸਿੱਖ ਪਰਿਵਾਰ। ਇਨ੍ਹਾਂ ਚੋਂ 37.66 ਫ਼ੀਸਦੀ ਦੁਕਾਨਦਾਰ, 16.41 ਫ਼ੀਸਦੀ ਖੇਤੀ ਕਰਨ ਵਾਲੇ, 14.81 ਫ਼ੀਸਦੀ ਸਰਕਾਰੀ ਨੌਕਰੀ ਵਾਲੇ,6.68 ਪੁਲੀਸ ਪੁਲੀਸ ਵਾਲੇ ਤੇ 4.86 ਫ਼ੀਸਦੀ ਸਕੂਲ ਅਧਿਆਪਕ ਸਨ ਜਿਨ੍ਹਾਂ ਨੂੰ ਡਰ ਦੇ ਮਾਹੌਲ ’ਚ ਆਪਣਾ ਪਿੰਡ ਛੱਡਣਾ ਪਿਆ। ਖੋਜ ਕਾਰਜ ’ਚ ਸਾਹਮਣੇ ਆਇਆ ਕਿ ਕਾਲੀ ਹਨੇਰੀ ’ਚ ਕੁੱਦਣ ਵਾਲੇ 323 ਨੌਜਵਾਨਾਂ ਦੇ ਪਰਿਵਾਰਾਂ ਚੋਂ 60 ਫ਼ੀਸਦੀ ਨੂੰ ਪੁਲੀਸ ਤਸ਼ੱਦਦ ਦੇ ਡਰੋਂ ਜੱਦੀ ਘਰ ਛੱਡਣੇ ਪਏ। ਖੋਜ ਕਾਰਜ ’ਚ ਸ਼ਾਮਲ ਕੀਤੇ ਕੁੱਲ 494 ਪਰਿਵਾਰਾਂ ਚੋਂ 124 ਪਰਿਵਾਰਾਂ ਨੂੰ ਗੁਆਂਢੀ ਸੂਬਿਆਂ ’ਚ ਢੋਈ ਲੈਣੀ ਪਈ। ਮਜੀਠਾ ਦੇ ਪਿੰਡ ਸਹਿੰਸਰਾ ਦੇ 85 ਪਰਿਵਾਰਾਂ ਨੂੰ ਪਿੰਡ ਛੱਡਣਾ ਪਿਆ। ਪਿੰਡ ਮੀਆਂਵਿੰਡ ਦਾ ਇੱਕ ਪਰਿਵਾਰ ਖ਼ੌਫ਼ ਦੇ ਡਰੋਂ ਯਮੁਨਾ ਨਗਰ ਚਲਾ ਗਿਆ। ਭਿੱਖੀਵਿੰਡ ਇਲਾਕੇ ਦੇ ਕਰੀਬ 700 ਪਰਿਵਾਰ ਨੂੰ ਘਰ ਬਾਰ ਛੱਡ ਜਾਣਾ ਪਿਆ।
ਨੌਸ਼ਹਿਰਾ ਪੰਨੂਆਂ ਦਾ ਵਿਕਾਸ ਪਿੰਡ ਛੱਡ ਚਲਾ ਗਿਆ। ਦੂਸਰੇ ਰਾਜ ’ਚ ਪੈਰ ਜੰਮ ਨਾ ਸਕੇ, ਆਖ਼ਰ ਵਾਪਸ ਮੁੜਨਾ ਪਿਆ। ਕਿੰਨੇ ਹੀ ਪਰਿਵਾਰ ਸਨ ਜੋ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਪਿੰਡ ਨੂੰ ਅਲਵਿਦਾ ਆਖ ਗਏ। ਆਪਣੇ ਪੁਰਖਿਆਂ ਦੇ ਪਿੰਡ ’ਚ ਹੀ ਉਹ ਅਜਨਬੀ ਬਣ ਗਏ ਸਨ। ਜਦੋਂ ਪਿੰਡਾਂ ਚੋਂ ਤੁਰੇ ਤਾਂ ਕਾਲੇ ਖ਼ੌਫ਼ ਦੇ ਡਰੋਂ ਉਨ੍ਹਾਂ ਦਾ ਨਾ ਕੋਈ ਘਰ ਖ਼ਰੀਦਣ ਨੂੰ ਤਿਆਰ ਸੀ ਅਤੇ ਨਾ ਹੀ ਜ਼ਮੀਨ। ਉਪਰੋਕਤ ਸਟੱਡੀ ਅਨੁਸਾਰ ਬਾਅਦ ’ਚ 33 ਪਰਿਵਾਰਾਂ ਨੇ ਆਪਣੀ ਜ਼ਮੀਨ ਵੇਚੀ, 49 ਪਰਿਵਾਰਾਂ ਨੇ ਦੁਕਾਨਾਂ ਤੇ 45 ਪਰਿਵਾਰਾਂ ਨੂੰ ਘਰ ਵੇਚਣੇ ਪਏ। ਹੋਰ ਮਿਲੇ ਵੇਰਵਿਆਂ ਅਨੁਸਾਰ ਗੋਬਿੰਦਗੜ੍ਹ ਤੇ ਲੁਧਿਆਣਾ ਦੇ ਕਾਰੋਬਾਰੀ ਲੋਕਾਂ ਨੇ ਉਸ ਦੌਰ ’ਚ ਅੰਬਾਲਾ ਤੇ ਪਾਣੀਪਤ ’ਚ ਆਪਣੇ ਕਾਰੋਬਾਰ ਸ਼ੁਰੂ ਕਰ ਲਏ। ਫ਼ਾਜ਼ਿਲਕਾ, ਫ਼ਿਰੋਜ਼ਪੁਰ ਤੇ ਬਠਿੰਡਾ ਇਲਾਕੇ ਦੇ ਬਹੁਤੇ ਲੋਕ ਗੰਗਾਨਗਰ ਤੇ ਹਨੂਮਾਨਗੜ੍ਹ ਚਲੇ ਗਏ ਸਨ। ਅੰਮ੍ਰਿਤਸਰ ਦੇ ਪਿੰਡ ਜਗਦੇਵ ਕਲਾਂ ’ਚ ਹਿੰਸਾ ਨੇ 26 ਜਾਨਾਂ ਲਈਆਂ। ਇਸ ਪਿੰਡ ਦੇ ਅਰਜਨ ਦਾਸ ਤੇ ਉਸ ਦੇ ਚਾਰ ਪੁੱਤਾਂ ਦਾ ਸਿਵਾ ਇੱਕੋ ਸਮੇਂ ਬਲਿਆ ਸੀ।
ਜਗਦੇਵ ਕਲਾਂ ਹਾਸ਼ਮ ਸ਼ਾਹ ਤੇ ਬਾਬੇ ਨਜ਼ਮੀ ਦਾ ਪਿੰਡ ਹੈ ਜਿੱਥੋਂ ਇੱਕ ਫ਼ਿਰਕੇ ਦੇ ਲੋਕ ਪਿੰਡ ਛੱਡ ਚਲੇ ਗਏ। ਇਸ ਪਿੰਡ ਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਆਖਦਾ ਹੈ ਕਿ ਜੋ ਕਾਲੇ ਦੌਰ ’ਚ ਚਲੇ ਗਏ, ਉਨ੍ਹਾਂ ਦੀਆਂ ਪੈੜਾਂ ਅੱਜ ਵੀ ਪਿੰਡ ਲੱਭ ਰਿਹਾ ਹੈ। ਮਾਝੇ ਦੇ ਪਿੰਡ ਭੀਲੋਵਾਲ ਦਾ ਇੱਕ ਪਰਿਵਾਰ ਉਸ ਦੌਰ ’ਚ ਕਰਨਾਲ ਚਲਾ ਗਿਆ ਜਿਨ੍ਹਾਂ ਦਾ ਅੱਜ ਉੱਥੇ ਝਿਰਮਲ ਢਾਬਾ ਹੈ। ਪਿੰਡ ਚੁਗਾਵਾਂ ਨੂੰ ਛੱਡਣ ਵਾਲਿਆਂ ਦੇ ਅੱਜ ਜੀਂਦ ਇਲਾਕੇ ’ਚ ਭੱਠੇ ਹਨ ਜਦੋਂ ਕਿ ਪਿੰਡ ਝੰਜੋਟੀ ਚੋਂ ਜਾਣ ਵਾਲਿਆਂ ਨੇ ਕੁਰੂਕਸ਼ੇਤਰ ’ਚ ਕੰਮ ਸ਼ੁਰੂ ਕਰ ਲਏ। ਜਦੋਂ ਪਿੰਡਾਂ ਚੋਂ ਇੱਕ ਭਾਈਚਾਰਾ ਹਿਜਰਤ ਕਰ ਗਿਆ ਤਾਂ ਉਨ੍ਹਾਂ ਸਮਿਆਂ ’ਚ ਆੜ੍ਹਤ ਤੇ ਦੁਕਾਨੀ ਧੰਦੇ ’ਚ ਦੂਸਰੇ ਭਾਈਚਾਰੇ ਦਾ ਦਾਖਲ ਵਧਿਆ। ਗਿੱਦੜਬਾਹਾ ਦੇ ਕਾਰੋਬਾਰੀ ਸ਼ਿਆਮ ਕਟਾਰੀਆ ਆਖਦੇ ਹਨ ਕਿ ਉਨ੍ਹਾਂ ਵਕਤਾਂ ’ਚ ਜਿਨ੍ਹਾਂ ਨੂੰ ਗੁਆਂਢੀ ਸੂਬਿਆਂ ’ਚ ਜਾਣਾ ਪਿਆ, ਉਨ੍ਹਾਂ ਚੋਂ ਬਹੁਤੇ ਉੱਥੇ ਵੀ ਪੈਰ ਜਮ੍ਹਾ ਨਹੀਂ ਸਕੇ।
ਉਪਰੋਕਤ ਸਟੱਡੀ ਅਨੁਸਾਰ ਅਮਨ ਸ਼ਾਂਤੀ ਬਣਨ ਮਗਰੋਂ ਹਿਜਰਤ ਕਰਨ ਵਾਲਿਆਂ ਚੋਂ 12.35 ਫ਼ੀਸਦੀ ਪਰਿਵਾਰ ਹੀ ਵਾਪਸ ਪਿੰਡਾਂ ਨੂੰ ਪਰਤੇ। ਜੂਹਾਂ ਛੱਡਣ ਵਾਲੇ ਅੱਜ ਵੀ ਪਿੰਡ ਦੀ ਰੂਹ ਤੇ ਅਹਿਸਾਸ ਨੂੰ ਦਿਲਾਂ ’ਚ ਚੁੱਕੀ ਫਿਰਦੇ ਹਨ। ਬਹੁਤਿਆਂ ਨੂੰ ਪੁੱਤ ਬਚਾਉਣ ਲਈ ਪਿੰਡ ਤੋਂ ਪਿੱਠ ਕਰਨ ਲਈ ਮਜਬੂਰ ਹੋਣਾ ਪਿਆ। ਹੁਣ ਪੰਜਾਬ ਦੀਆਂ ਹਵਾਵਾਂ ਸ਼ਾਂਤ ਹਨ ਪਰ ਹਿਜਰਤ ਦੇ ਜ਼ਖ਼ਮ ਅੱਜ ਵੀ ਤਾਜ਼ੇ ਹਨ।
ਤਸਵੀਰ ਦਾ ਇੱਕ ਪਾਸਾ ਏਹ ਵੀ..
ਤਸਵੀਰ ਦਾ ਦੂਜਾ ਪਾਸਾ ਮਜੀਠਾ ਦੇ ਪਿੰਡ ਮੱਤੇਵਾਲ ਚੋਂ ਦੇਖਦੇ ਹਨ ਜਿੱਥੇ ਪਿੰਡ ਦੀ ਸਰਕਾਰੀ ਡਿਸਪੈਂਸਰੀ ’ਚ ਤਾਇਨਾਤ ਜੈਪੁਰ ਤੋਂ ਆਏ ਡਾ. ਬਰਜੇਸ਼ ਸ਼ਰਮਾ ਨੂੰ ਹਿੰਸਾ ਦੇ ਸਿਖਰ ਮੌਕੇ ਵੀ ਪਿੰਡ ਨਹੀਂ ਛੱਡਣ ਦਿੱਤਾ ਗਿਆ। ਡਾ.ਸ਼ਰਮਾ ਨੇ ਲੋਕ ਸਹਿਯੋਗ ਦੇ ਬਲਬੂਤੇ ਡਿਸਪੈਂਸਰੀ ਨੂੰ ਮਿੰਨੀ ਹਸਪਤਾਲ ’ਚ ਬਦਲਿਆ। ਛੋਟੇ ਵੱਡੇ ਸਰਜੀਕਲ ਅਪਰੇਸ਼ਨ ਮੁਫ਼ਤ ਕਰਨ ਲੱਗੇ। ਮੈਡੀਕਲ ਪੇਸ਼ੇ ਦੇ ਅਸੂਲਾਂ ਅਨੁਸਾਰ ਹਰ ਮਰੀਜ਼ ਦਾ ਇਲਾਜ ਕੀਤਾ, ਚਾਹੇ ਉਹ ਹਿੰਸਾ ਦੇ ਦੌਰ ’ਚ ਕੁੱਦਿਆ ਕੋਈ ਵਿਅਕਤੀ ਕਿਉਂ ਨਾ ਹੋਵੇ। ਫ਼ੌਜ ਨੇ ਇਸ ਡਾਕਟਰ ਨੂੰ ਪਿੰਡ ਚੋਂ ਸੁਰੱਖਿਅਤ ਕੱਢਣਾ ਚਾਹਿਆ ਪਰ ਲੋਕਾਂ ਨੇ ਏਕੇ ਨੇ ਫ਼ੌਜ ਦੀ ਪੇਸ਼ ਨਾ ਜਾਣ ਦਿੱਤੀ। ਹਿੰਸਾ ਉਸ ਦਾ ਵਾਲ ਵਿੰਗਾ ਨਾ ਕਰ ਸਕੀ।
ਹਿਜਰਤ ਕਰਨ ਵਾਲੇ ਪਰਿਵਾਰ
ਪੁਲੀਸ ਜ਼ਿਲ੍ਹਾ ਪਰਿਵਾਰ ਵਿਅਕਤੀ
ਅੰਮ੍ਰਿਤਸਰ 60 436
ਮਜੀਠਾ 196 1195
ਬਟਾਲਾ 76 498
ਤਰਨ ਤਾਰਨ 162 1053
ਕੁੱਲ 494 3182

No comments:
Post a Comment