Monday, August 3, 2026

 ਮਗਨਰੇਗਾ ਸਕੀਮ 
ਪੰਜ ਸਾਲਾਂ ’ਚ ਅੱਠ ਲੱਖ ਜੌਬ ਕਾਰਡ ਰੱਦ
ਚਰਨਜੀਤ ਭੁੱਲਰ 

ਚੰਡੀਗੜ੍ਹ : ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ’ਚ ਮਗਨਰੇਗਾ ਸਕੀਮ ਦੇ ਅੱਠ ਲੱਖ ਤੋਂ ਵੱਧ ਜੌਬ ਕਾਰਡ ਰੱਦ ਕਰ ਕੇ 14 ਲੱਖ ਮਗਨਰੇਗਾ ਕਾਮਿਆਂ ਨੂੰ ਸਕੀਮ ਤੋਂ ਬਾਹਰ ਕੀਤਾ ਗਿਆ ਹੈ। ਇਹ ਸਕੀਮ ਪਹਿਲੀ ਜੁਲਾਈ ਤੋਂ ‘ਵਿਕਸਿਤ ਭਾਰਤ ਜੀ ਰਾਮ ਜੀ’ ਵਿੱਚ ਤਬਦੀਲ ਹੋ ਗਈ ਹੈ। ਕੇਂਦਰ ਸਰਕਾਰ ਨੇ ਨਵੀਂ ਸਕੀਮ ’ਚ ਰੁਜ਼ਗਾਰ ਦੇ ਰਾਹ ਮੋਕਲੇ ਕਰਨ ਦੀ ਗੱਲ ਕਹੀ ਹੈ ਪਰ ਸਾਲ 2021 ਤੋਂ 2026 ਤੱਕ ਪੰਜਾਬ ’ਚ ਅੱਠ ਲੱਖ ਜੌਬ ਕਾਰਡ ਡਿਲੀਟ ਕੀਤੇ ਗਏ ਹਨ। ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਵੱਲੋਂ ਪੇਸ਼ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਅਯੋਗ ਲਾਭਪਾਤਰੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਮੁਹਿੰਮ ਤਹਿਤ 14 ਲੱਖ ਤੋਂ ਵੱਧ ਕਾਮਿਆਂ ਤੇ ਅੱਠ ਲੱਖ ਤੋਂ ਵੱਧ ਮਗਨਰੇਗਾ ਜੌਬ ਕਾਰਡ ਰੱਦ ਕੀਤੇ ਗਏ ਹਨ। 

        ਵੇਰਵਿਆਂ ਅਨੁਸਾਰ ਸਾਲ 2021-2026 ਦੌਰਾਨ ਕੁੱਲ 14.05 ਲੱਖ ਕਾਮਿਆਂ ਨੂੰ ਡੇਟਾਬੇਸ ’ਚੋਂ ਹਟਾਇਆ ਗਿਆ। ਪੰਜਾਬ ’ਚ 8.04 ਲੱਖ ਅਯੋਗ ਜੌਬ ਕਾਰਡ ਰੱਦ ਕੀਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਲਾਭਪਾਤਰੀਆਂ ਦੇ ਰਿਕਾਰਡ ’ਚ ਬੇਨਿਯਮੀਆਂ ਰੋਕਣ ਲਈ ਸਮੇਂ-ਸਮੇਂ ’ਤੇ ਕੀਤੀ ਗਈ ਪੜਤਾਲ ਦੌਰਾਨ ਉਪਰੋਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।ਮਗਰਨੇਗਾ ਤਹਿਤ ਰੁਜ਼ਗਾਰ ਦੀ ਮੰਗ ਕਰਨ ਵਾਲੇ ਪਰਿਵਾਰਾਂ ਦੀ ਗਿਣਤੀ 2025-26 ਵਿੱਚ 6.46 ਲੱਖ ਪਰਿਵਾਰਾਂ ਦੇ ਮੁਕਾਬਲੇ 2026-27 ਵਿੱਚ ਘਟ ਕੇ 3.02 ਲੱਖ ਰਹਿ ਗਈ ਹੈ। ਪੰਚਾਇਤ ਵਿਭਾਗ ਦੇ ਅਧਿਕਾਰੀ ਇਸ ਲਈ ਕਈ ਕਾਰਨਾਂ ਨੂੰ ਜ਼ਿੰਮੇਵਾਰ ਮੰਨਦੇ ਹਨ, ਜਿਨ੍ਹਾਂ ਵਿੱਚ ਨਕਲੀ ਜੌਬ ਕਾਰਡਾਂ ਨੂੰ ਹਟਾਉਣਾ, ਮ੍ਰਿਤਕ ਲਾਭਪਾਤਰੀਆਂ ਦੇ ਨਾਮ ਕੱਟਣਾ, ਨਿਯਮਤ ਰੁਜ਼ਗਾਰ ਮਿਲਣ ਤੋਂ ਬਾਅਦ ਲਾਭਪਾਤਰੀਆਂ ਦਾ ਖ਼ੁਦ ਬਾਹਰ ਹੋਣਾ ਅਤੇ ਲੰਮੇ ਸਮੇਂ ਤੋਂ ਗ਼ੈਰ-ਸਰਗਰਮ ਕਾਰਡਾਂ ਨੂੰ ਰੱਦ ਕਰਨਾ ਸ਼ਾਮਲ ਹੈ।

       ਲਾਜ਼ਮੀ ਆਧਾਰ ਆਧਾਰਿਤ ਪ੍ਰਮਾਣੀਕਰਨ ਅਤੇ ਰਿਕਾਰਡਾਂ ਦੀ ਸਮੇਂ-ਸਮੇਂ ’ਤੇ ਪੜਤਾਲ ਨਾਲ ਵੀ ਅਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਵਿੱਚ ਮਦਦ ਮਿਲੀ ਹੈ। ਕਈ ਮਾਮਲਿਆਂ ਵਿੱਚ ਜਦੋਂ ਸਾਰੇ ਰਜਿਸਟਰਡ ਮੈਂਬਰ ਅਯੋਗ ਮਿਲੇ ਜਾਂ ਪਿੰਡ ਵਿੱਚ ਨਹੀਂ ਰਹਿ ਰਹੇ ਸਨ, ਤਾਂ ਪੂਰੇ ਜੌਬ ਕਾਰਡ ਹੀ ਰੱਦ ਕਰ ਦਿੱਤੇ ਗਏ। ਅਧਿਕਾਰੀਆਂ ਮੁਤਾਬਕ ਹੁਣ ਸਾਰਾ ਧਿਆਨ ਇਸ ਗੱਲ ’ਤੇ ਕੇਂਦਰਤ ਹੈ ਕਿ ਲਾਭ ਸਿਰਫ਼ ਯੋਗ ਪੇਂਡੂ ਪਰਿਵਾਰਾਂ ਤੱਕ ਪਹੁੰਚੇ ਅਤੇ ਯੋਜਨਾ ਤਹਿਤ ਤਿਆਰ ਕੀਤੀਆਂ ਗਈਆਂ ਸੰਪਤੀਆਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇ।ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਅਸਲ ’ਚ ਕੇਂਦਰ ਸਰਕਾਰ ਦਾ ਇੱਕੋ ਮਕਸਦ ਹੈ ਕਿ ਲੋਕ ਪੱਖੀ ਸਕੀਮਾਂ ’ਚੋਂ ਗਰੀਬ ਲੋਕਾਂ ਨੂੰ ਕਿਵੇਂ ਬਾਹਰ ਕੀਤਾ ਜਾਵੇ। ਕੇਂਦਰ ਸਰਕਾਰ ਮਗਨਰੇਗਾ ਸਕੀਮ ਦਾ ਦਾਇਰਾ ਘਟਾਉਣ ਦੇ ਨਾਲ ਬਜਟ ’ਚ ਵੀ ਕਟੌਤੀ ਕਰ ਰਹੀ ਹੈ।

 ਕੇਂਦਰ ਸਰਕਾਰ 
ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਇਨਕਾਰ
ਚਰਨਜੀਤ ਭੁੱਲਰ 

ਚੰਡੀਗੜ੍ਹ :ਕੇਂਦਰ ਸਰਕਾਰ ਨੇ ਮੌਜੂਦਾ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦਿਆਂ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਸਿੱਖ ਧਾਰਮਿਕ ਸਮੂਹਾਂ ਵੱਲੋਂ ਪੱਤਰ ਪ੍ਰਾਪਤ ਹੋਏ ਹਨ, ਪਰ ਸੁਰੱਖਿਆ ਹਾਲਤਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣ ਲਈ ਮਜਬੂਰ ਕੀਤਾ ਹੋਇਆ ਹੈ। ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇਹ ਸਵਾਲ ਉਠਾਇਆ ਗਿਆ ਸੀ।ਕੇਂਦਰੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਨੂੰ 7 ਮਈ 2025 ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। 

       ਹੁਣ ਕਰੀਬ ਸਵਾ ਸਾਲ ਤੋਂ ਕਰਤਾਰਪੁਰ ਲਾਂਘਾ ਬੰਦ ਪਿਆ ਹੈ ਅਤੇ ਸਿੱਖ ਭਾਈਚਾਰੇ ਵੱਲੋਂ ਇਹ ਲਾਂਘਾ ਖੋਲ੍ਹੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਭਾਰਤ-ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਦੀ ਸਹੂਲਤ ਲਈ 24 ਅਕਤੂਬਰ 2019 ਨੂੰ ਇੱਕ ਸਮਝੌਤਾ ਕੀਤਾ ਸੀ ਤਾਂ ਜੋ ਸੰਗਤਾਂ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣ।ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਇੱਥੇ ਬਿਤਾਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਇਹ ਪਵਿੱਤਰ ਲਾਂਘਾ ਦੋਵੇਂ ਮੁਲਕਾਂ ਨੇ ਇੱਕ ਸਮਝੌਤੇ ਤਹਿਤ ਖੋਲ੍ਹਿਆ ਸੀ। ਜਦੋਂ ਕਰੋਨਾ ਮਹਾਂਮਾਰੀ ਚੱਲ ਰਹੀ ਸੀ ਤਾਂ ਉਸ ਵਕਤ ਅਸਥਾਈ ਤੌਰ ’ਤੇ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਅਤੇ ਮੁੜ 17 ਨਵੰਬਰ 2021 ਨੂੰ ਲਾਂਘਾ ਖੋਲ੍ਹ ਦਿੱਤਾ ਗਿਆ ਸੀ।

       ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਮਗਰੋਂ ਭਾਰਤ-ਪਾਕਿਸਤਾਨ ਦਰਮਿਆਨ ਸਰਹੱਦੀ ਤਣਾਅ ਵਧ ਗਿਆ ਸੀ। ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਸਥਾਈ ਤੌਰ ’ਤੇ ਪਵਿੱਤਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਅਤੇ ਹਾਲੇ ਤੱਕ ਇਹ ਲਾਂਘਾ ਮੁੜ ਖੁੱਲ੍ਹਿਆ ਨਹੀਂ ਹੈ।ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਬਾਕੀ ਸਿਆਸੀ ਧਿਰਾਂ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਮੰਗ ਉਠਾਈ ਜਾ ਰਹੀ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦੇ ਮੌਜੂਦਾ ਰੁਖ਼ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਆਸਾਰ ਕਾਫ਼ੀ ਘੱਟ ਹਨ। ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਹੋਣ ਕਰਕੇ ਸਿੱਖ ਭਾਈਚਾਰੇ ਨੇ ਲਾਂਘਾ ਖੋਲ੍ਹਣ ਦੀ ਮੰਗ ਨੂੰ ਉਠਾਉਣਾ ਸ਼ੁਰੂ ਕਰ ਦਿੱਤਾ ਹੈ, ਪਰ ਭਾਜਪਾ ਇਸ ਬਾਰੇ ਕੋਈ ਫ਼ੈਸਲਾ ਨਹੀਂ ਕਰ ਸਕੀ ਹੈ। 

        ਹਾਲਾਂਕਿ ਪੰਜਾਬ ਭਾਜਪਾ ਵੀ ਅੰਦਰੂਨੀ ਤੌਰ ’ਤੇ ਇਹ ਲਾਂਘਾ ਖੋਲ੍ਹੇ ਜਾਣ ਲਈ ਹਾਈਕਮਾਂਡ ਨੂੰ ਕਹਿ ਰਹੀ ਹੈ। ਉਂਝ, ਅਕਤੂਬਰ 2024 ਵਿੱਚ ਕਰਤਾਰਪੁਰ ਲਾਂਘੇ ਦੀ ਮਿਆਦ ਵਿੱਚ ਪੰਜ ਸਾਲ ਦਾ ਵਾਧਾ ਕਰ ਦਿੱਤਾ ਗਿਆ ਸੀ। ਸੂਤਰ ਆਖਦੇ ਹਨ ਕਿ ਫ਼ਿਲਹਾਲ ਤਾਂ ਪਵਿੱਤਰ ਲਾਂਘਾ ਖੋਲ੍ਹੇ ਜਾਣ ਦੀ ਸੰਭਾਵਨਾ ਘੱਟ ਜਾਪਦੀ ਹੈ, ਪਰ ਪੰਜਾਬ ਚੋਣਾਂ ਦੇ ਨੇੜੇ ਭਾਜਪਾ ਸਿੱਖ ਭਾਈਚਾਰੇ ਨੂੰ ਖ਼ੁਸ਼ ਕਰਨ ਲਈ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫ਼ੈਸਲਾ ਲੈ ਵੀ ਸਕਦੀ ਹੈ। ਜਦੋਂ 2019 ਵਿੱਚ ਇਹ ਲਾਂਘਾ ਖੋਲ੍ਹਿਆ ਗਿਆ ਸੀ ਤਾਂ ਪਹਿਲੇ ਤਿੰਨ ਮਹੀਨਿਆਂ ਵਿੱਚ 44,951 ਯਾਤਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਗਏ ਸਨ।ਪ੍ਰਾਪਤ ਵੇਰਵਿਆਂ ਅਨੁਸਾਰ ਕਰਤਾਰਪੁਰ ਲਾਂਘੇ ਜ਼ਰੀਏ ਸਾਲ 2021 ਵਿੱਚ 10,025, ਸਾਲ 2022 ਵਿੱਚ 86,097 ਅਤੇ ਸਾਲ 2023 ਵਿੱਚ 96,555 ਯਾਤਰੀ ਗਏ ਸਨ। ਬਾਕੀ ਵਰ੍ਹਿਆਂ ਦੇ ਅੰਕੜੇ ਪ੍ਰਾਪਤ ਨਹੀਂ ਹੋ ਸਕੇ।

 ਮੋਹ ਟੁੱਟਿਆ 
ਅਸੀਂ ਅਧਿਆਪਕ ਨੀਂ ਬਣਨਾ..!
ਚਰਨਜੀਤ ਭੁੱਲਰ  

ਚੰਡੀਗੜ੍ਹ :ਪੰਜਾਬ ’ਚ ਹੁਣ ‘ਬੈਚਲਰ ਆਫ਼ ਐਜੂਕੇਸ਼ਨ’ (ਬੀ.ਐੱਡ) ਕੋਰਸ ਲਈ ਕਤਾਰਾਂ ਨਹੀਂ ਲੱਗਦੀਆਂ। ਬੀ.ਐੱਡ ਦਾ ਕੋਰਸ ਹੁਣ ਨੌਜਵਾਨਾਂ ਦੀ ਪਹਿਲੀ ਪਸੰਦ ਨਹੀਂ ਰਿਹਾ। ਏਨਾ ਜ਼ਰੂਰ ਹੈ ਕਿ ਬੀ.ਐੱਡ ਦੇ ਕੋਰਸ ’ਚ ਕੁੜੀਆਂ ਨੇ ਝੰਡੀ ਲੈ ਲਈ ਹੈ। ਅੱਜ ਪੰਜਾਬੀ ’ਵਰਸਿਟੀ ਪਟਿਆਲਾ ਨੇ ਸਮੁੱਚੇ ਪੰਜਾਬ ਦੇ ਕਾਲਜਾਂ ਲਈ ਬੀ.ਐੱਡ ਦਾਖ਼ਲਾ ਪ੍ਰੀਖਿਆ ਲਈ ਜਿਸ ’ਚ ਕਰੀਬ 17,500 ਵਿਦਿਆਰਥੀ ਬੈਠੇ ਹਨ ਜਿਸ ’ਚ 85 ਫ਼ੀਸਦੀ ਲੜਕੀਆਂ ਸਨ। ਪੰਜਾਬ ਭਰ ਦੇ ਕਾਲਜਾਂ ’ਚ ਬੀ.ਐੱਡ ਦੀਆਂ ਸੀਟਾਂ ਦਾ ਅੰਕੜਾ 21,125  ਹੈ। ਵੇਰਵਿਆਂ ਅਨੁਸਾਰ ਬੀ.ਐੱਡ ਦੀ ਦਾਖ਼ਲਾ ਪ੍ਰੀਖਿਆ ਲਈ ਕੁੱਲ 21000 ਹਜ਼ਾਰ ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ ਜਿਸ  ਚੋਂ 17,984 ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਕੀਤੇ ਗਏ ਸਨ।  ਕਰੀਬ 3016 ਵਿਦਿਆਰਥੀਆਂ ਚੋਂ ਬਹੁਤਿਆਂ ਨੇ ਫ਼ੀਸ ਹੀ ਨਹੀਂ ਭਰੀ ਸੀ ਜਾਂ ਫਿਰ ਇੱਕ ਵਿਦਿਆਰਥੀ ਨੇ ਇੱਕ ਤੋਂ ਜ਼ਿਆਦਾ ਵਾਰ ਅਪਲਾਈ ਕੀਤਾ ਹੋਇਆ ਸੀ।

        ਪੰਜਾਬ ਦੇ 16 ਸ਼ਹਿਰਾਂ ’ਚ ਅੱਜ 55 ਪ੍ਰੀਖਿਆ ਕੇਂਦਰਾਂ ’ਚ ਹੋਈ ਦਾਖ਼ਲਾ ਪ੍ਰੀਖਿਆ ’ਚ 17,500 ਵਿਦਿਆਰਥੀ ਬੈਠੇ। ਪੰਜਾਬ ’ਚ ਇਸ ਵੇਲੇ ਬੀ.ਐੱਡ 200 ਕਾਲਜ ਕਰਾ ਰਹੇ ਹਨ ਜਿਨ੍ਹਾਂ ’ਚ ਹੁਣ ਸੀਟਾਂ ਖਾਲੀ ਰਹਿ ਜਾਂਦੀਆਂ ਹਨ। ਕੁੱਲ 21,125 ਸੀਟਾਂ ਦੇ ਮੁਕਾਬਲੇ ਅੱਜ ਦਾਖ਼ਲਾ ਪ੍ਰੀਖਿਆ ’ਚ 17,500 ਵਿਦਿਆਰਥੀ ਹੀ ਬੈਠੇ ਜਿਸ ਦਾ ਮਤਲਬ ਹੈ ਕਿ ਕੁੱਲ ਸੀਟਾਂ ਤੋਂ 3625 ਵਿਦਿਆਰਥੀ ਘੱਟ ਬੈਠੇ ਹਨ। ਜਦੋਂ ਹੁਣ ਪ੍ਰਵਾਨਿਤ ਸੀਟਾਂ ਤੋਂ ਵਿਦਿਆਰਥੀ ਹੀ ਘੱਟ ਗਿਣਤੀ ’ਚ ਦਾਖ਼ਲਾ ਪ੍ਰੀਖਿਆ ਦਿੰਦੇ ਹਨ ਤਾਂ ਦਾਖ਼ਲਾ ਪ੍ਰੀਖਿਆ ਕਰਾਏ ਜਾਣ ਦੀ ਕੀ ਸਾਰਥਿਕਤਾ ਰਹਿ ਜਾਂਦੀ ਹੈ। ਸਾਲ 1991-92 ਦੇ ਆਸ ਪਾਸ ਪੰਜਾਬ ’ਚ ਸਿਰਫ਼ 18 ਬੀ.ਐੱਡ ਕਾਲਜ ਸਨ ਅਤੇ 2200 ਦੇ ਕਰੀਬ ਸੀਟਾਂ ਹੁੰਦੀਆਂ ਸਨ।ਪੰਜਾਬ ’ਵਰਸਿਟੀ ਦੇ ਸਾਬਕਾ ਸੈਨੇਟ ਮੈਂਬਰ ਤੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਮੁਕਤਸਰ ਦੇ ਪ੍ਰਿੰਸੀਪਲ ਤਰਲੋਕ ਬੰਧੂ ਆਖਦੇ ਹਨ ਕਿ ਕਰੀਬ ਤਿੰਨ ਦਹਾਕੇ ਪਹਿਲਾਂ ਬੀ ਐੱਡ ਕਰਨ ਲਈ ਹਰ ਵਿਦਿਆਰਥੀ ਹੱਥ ਪੈਰ ਮਾਰਦਾ ਸੀ ਪ੍ਰੰਤੂ ਹੁਣ ਕਈ ਕਾਰਨਾਂ ਕਰਕੇ ਬੀ.ਐੱਡ ਦੇ ਕੋਰਸ ਦਾ ਆਕਰਸ਼ਣ ਨਹੀਂ ਰਿਹਾ।

        ਜਦੋਂ ਤੋਂ ਬੀ ਐੱਡ ਦਾ ਕੋਰਸ ਦੋ ਸਾਲ ਹੋਇਆ ਹੈ ਅਤੇ ਟੈੱਟ ਪ੍ਰੀਖਿਆ ਸ਼ੁਰੂ ਹੋਈ ਹੈ, ਉਦੋਂ ਤੋਂ ਇਸ ਕੋਰਸ ਵੱਲ ਖਿੱਚ ਘਟੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ’ਚ ਕਮੀ ਅਤੇ ਠੇਕੇ ਪ੍ਰਣਾਲੀ ਨੇ ਬੀ.ਐੱਡ ਕੋਰਸ ਦੀ ਭੱਲ ਨੂੰ ਸੱਟ ਮਾਰੀ ਹੈ। ਪੰਜਾਬ ’ਚ ਇਸ ਵੇਲੇ 27,404 ਸਕੂਲਾਂ (ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ) ਸਕੂਲ ਹਨ। ਪੰਜਾਬ ’ਚ ਸਰਕਾਰੀ ਅਧਿਆਪਕਾਂ ਦੀਆਂ 1,03,052 ਪ੍ਰਵਾਨਿਤ ਅਸਾਮੀਆਂ ਹਨ ਜਿਨ੍ਹਾਂ ਚੋਂ 18015 ਅਸਾਮੀਆਂ ਖ਼ਾਲੀ ਹਨ। ਸਰਕਾਰੀ ਸਕੂਲਾਂ ’ਚ ਮਹਿਲਾ ਅਧਿਆਪਕਾਵਾਂ ਦਾ ਅੰਕੜਾ ਵੀ ਵੱਡਾ ਹੈ। ਸਕੂਲਾਂ ’ਚ ਕਰੀਬ 65 ਫ਼ੀਸਦੀ ਮਹਿਲਾ ਅਧਿਆਪਕ ਹਨ। ਪੰਜਾਬ ’ਚ ਸਾਲ 2014 ਤੋਂ ਪਹਿਲਾਂ ਬੀ.ਐੱਡ ਦਾ ਕੋਰਸ ਇੱਕ ਸਾਲ ਦਾ ਹੁੰਦਾ ਸੀ ਅਤੇ ਉਸ ਵੇਲੇ ਹਰ ਕੋਈ ਇਹ ਕੋਰਸ ਕਰਨ ਲਈ ਕਾਹਲਾ ਸੀ। ਸੂਬੇ ’ਚ ਇਸ ਵੇਲੇ ਸਭ ਤੋਂ ਵੱਧ 93ਬੀ.ਐੱਡ ਕਾਲਜ ਪੰਜਾਬੀ ਵਰਸਿਟੀ ਅਧੀਨ ਹਨ ਜਦੋਂ ਕਿ ਪੰਜਾਬ ਵਰਸਿਟੀ ਅਧੀਨ 58 ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ 49 ਬੀ ਐੱਡ ਕਾਲਜ ਪੈਂਦੇ ਹਨ।

                        ਬੀ.ਐੱਡ ਕੋਰਸ ’ਤੇ ਇੱਕ ਨਜ਼ਰ

ਵਰਸਿਟੀ ਦਾ ਨਾਮ           ਕਾਲਜਾਂ ਦੀ ਗਿਣਤੀ         ਸੀਟਾਂ ਦਾ ਅੰਕੜਾ

ਪੰਜਾਬੀ ’ਵਰਸਿਟੀ                   93                        10025

ਪੰਜਾਬ ’ਵਰਸਿਟੀ                58                        6650

ਗੁਰੂ ਨਾਨਕ ਦੇਵ ’ਵਰਸਿਟੀ                49                        4450

ਕੁੱਲ                       200                     21,125