ਮੋਹ ਟੁੱਟਿਆ ਅਸੀਂ ਅਧਿਆਪਕ ਨੀਂ ਬਣਨਾ..!ਚਰਨਜੀਤ ਭੁੱਲਰ
ਚੰਡੀਗੜ੍ਹ :ਪੰਜਾਬ ’ਚ ਹੁਣ ‘ਬੈਚਲਰ ਆਫ਼ ਐਜੂਕੇਸ਼ਨ’ (ਬੀ.ਐੱਡ) ਕੋਰਸ ਲਈ ਕਤਾਰਾਂ ਨਹੀਂ ਲੱਗਦੀਆਂ। ਬੀ.ਐੱਡ ਦਾ ਕੋਰਸ ਹੁਣ ਨੌਜਵਾਨਾਂ ਦੀ ਪਹਿਲੀ ਪਸੰਦ ਨਹੀਂ ਰਿਹਾ। ਏਨਾ ਜ਼ਰੂਰ ਹੈ ਕਿ ਬੀ.ਐੱਡ ਦੇ ਕੋਰਸ ’ਚ ਕੁੜੀਆਂ ਨੇ ਝੰਡੀ ਲੈ ਲਈ ਹੈ। ਅੱਜ ਪੰਜਾਬੀ ’ਵਰਸਿਟੀ ਪਟਿਆਲਾ ਨੇ ਸਮੁੱਚੇ ਪੰਜਾਬ ਦੇ ਕਾਲਜਾਂ ਲਈ ਬੀ.ਐੱਡ ਦਾਖ਼ਲਾ ਪ੍ਰੀਖਿਆ ਲਈ ਜਿਸ ’ਚ ਕਰੀਬ 17,500 ਵਿਦਿਆਰਥੀ ਬੈਠੇ ਹਨ ਜਿਸ ’ਚ 85 ਫ਼ੀਸਦੀ ਲੜਕੀਆਂ ਸਨ। ਪੰਜਾਬ ਭਰ ਦੇ ਕਾਲਜਾਂ ’ਚ ਬੀ.ਐੱਡ ਦੀਆਂ ਸੀਟਾਂ ਦਾ ਅੰਕੜਾ 21,125 ਹੈ। ਵੇਰਵਿਆਂ ਅਨੁਸਾਰ ਬੀ.ਐੱਡ ਦੀ ਦਾਖ਼ਲਾ ਪ੍ਰੀਖਿਆ ਲਈ ਕੁੱਲ 21000 ਹਜ਼ਾਰ ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ ਜਿਸ ਚੋਂ 17,984 ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਕੀਤੇ ਗਏ ਸਨ। ਕਰੀਬ 3016 ਵਿਦਿਆਰਥੀਆਂ ਚੋਂ ਬਹੁਤਿਆਂ ਨੇ ਫ਼ੀਸ ਹੀ ਨਹੀਂ ਭਰੀ ਸੀ ਜਾਂ ਫਿਰ ਇੱਕ ਵਿਦਿਆਰਥੀ ਨੇ ਇੱਕ ਤੋਂ ਜ਼ਿਆਦਾ ਵਾਰ ਅਪਲਾਈ ਕੀਤਾ ਹੋਇਆ ਸੀ।
ਪੰਜਾਬ ਦੇ 16 ਸ਼ਹਿਰਾਂ ’ਚ ਅੱਜ 55 ਪ੍ਰੀਖਿਆ ਕੇਂਦਰਾਂ ’ਚ ਹੋਈ ਦਾਖ਼ਲਾ ਪ੍ਰੀਖਿਆ ’ਚ 17,500 ਵਿਦਿਆਰਥੀ ਬੈਠੇ। ਪੰਜਾਬ ’ਚ ਇਸ ਵੇਲੇ ਬੀ.ਐੱਡ 200 ਕਾਲਜ ਕਰਾ ਰਹੇ ਹਨ ਜਿਨ੍ਹਾਂ ’ਚ ਹੁਣ ਸੀਟਾਂ ਖਾਲੀ ਰਹਿ ਜਾਂਦੀਆਂ ਹਨ। ਕੁੱਲ 21,125 ਸੀਟਾਂ ਦੇ ਮੁਕਾਬਲੇ ਅੱਜ ਦਾਖ਼ਲਾ ਪ੍ਰੀਖਿਆ ’ਚ 17,500 ਵਿਦਿਆਰਥੀ ਹੀ ਬੈਠੇ ਜਿਸ ਦਾ ਮਤਲਬ ਹੈ ਕਿ ਕੁੱਲ ਸੀਟਾਂ ਤੋਂ 3625 ਵਿਦਿਆਰਥੀ ਘੱਟ ਬੈਠੇ ਹਨ। ਜਦੋਂ ਹੁਣ ਪ੍ਰਵਾਨਿਤ ਸੀਟਾਂ ਤੋਂ ਵਿਦਿਆਰਥੀ ਹੀ ਘੱਟ ਗਿਣਤੀ ’ਚ ਦਾਖ਼ਲਾ ਪ੍ਰੀਖਿਆ ਦਿੰਦੇ ਹਨ ਤਾਂ ਦਾਖ਼ਲਾ ਪ੍ਰੀਖਿਆ ਕਰਾਏ ਜਾਣ ਦੀ ਕੀ ਸਾਰਥਿਕਤਾ ਰਹਿ ਜਾਂਦੀ ਹੈ। ਸਾਲ 1991-92 ਦੇ ਆਸ ਪਾਸ ਪੰਜਾਬ ’ਚ ਸਿਰਫ਼ 18 ਬੀ.ਐੱਡ ਕਾਲਜ ਸਨ ਅਤੇ 2200 ਦੇ ਕਰੀਬ ਸੀਟਾਂ ਹੁੰਦੀਆਂ ਸਨ।ਪੰਜਾਬ ’ਵਰਸਿਟੀ ਦੇ ਸਾਬਕਾ ਸੈਨੇਟ ਮੈਂਬਰ ਤੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਮੁਕਤਸਰ ਦੇ ਪ੍ਰਿੰਸੀਪਲ ਤਰਲੋਕ ਬੰਧੂ ਆਖਦੇ ਹਨ ਕਿ ਕਰੀਬ ਤਿੰਨ ਦਹਾਕੇ ਪਹਿਲਾਂ ਬੀ ਐੱਡ ਕਰਨ ਲਈ ਹਰ ਵਿਦਿਆਰਥੀ ਹੱਥ ਪੈਰ ਮਾਰਦਾ ਸੀ ਪ੍ਰੰਤੂ ਹੁਣ ਕਈ ਕਾਰਨਾਂ ਕਰਕੇ ਬੀ.ਐੱਡ ਦੇ ਕੋਰਸ ਦਾ ਆਕਰਸ਼ਣ ਨਹੀਂ ਰਿਹਾ।
ਜਦੋਂ ਤੋਂ ਬੀ ਐੱਡ ਦਾ ਕੋਰਸ ਦੋ ਸਾਲ ਹੋਇਆ ਹੈ ਅਤੇ ਟੈੱਟ ਪ੍ਰੀਖਿਆ ਸ਼ੁਰੂ ਹੋਈ ਹੈ, ਉਦੋਂ ਤੋਂ ਇਸ ਕੋਰਸ ਵੱਲ ਖਿੱਚ ਘਟੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ’ਚ ਕਮੀ ਅਤੇ ਠੇਕੇ ਪ੍ਰਣਾਲੀ ਨੇ ਬੀ.ਐੱਡ ਕੋਰਸ ਦੀ ਭੱਲ ਨੂੰ ਸੱਟ ਮਾਰੀ ਹੈ। ਪੰਜਾਬ ’ਚ ਇਸ ਵੇਲੇ 27,404 ਸਕੂਲਾਂ (ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ) ਸਕੂਲ ਹਨ। ਪੰਜਾਬ ’ਚ ਸਰਕਾਰੀ ਅਧਿਆਪਕਾਂ ਦੀਆਂ 1,03,052 ਪ੍ਰਵਾਨਿਤ ਅਸਾਮੀਆਂ ਹਨ ਜਿਨ੍ਹਾਂ ਚੋਂ 18015 ਅਸਾਮੀਆਂ ਖ਼ਾਲੀ ਹਨ। ਸਰਕਾਰੀ ਸਕੂਲਾਂ ’ਚ ਮਹਿਲਾ ਅਧਿਆਪਕਾਵਾਂ ਦਾ ਅੰਕੜਾ ਵੀ ਵੱਡਾ ਹੈ। ਸਕੂਲਾਂ ’ਚ ਕਰੀਬ 65 ਫ਼ੀਸਦੀ ਮਹਿਲਾ ਅਧਿਆਪਕ ਹਨ। ਪੰਜਾਬ ’ਚ ਸਾਲ 2014 ਤੋਂ ਪਹਿਲਾਂ ਬੀ.ਐੱਡ ਦਾ ਕੋਰਸ ਇੱਕ ਸਾਲ ਦਾ ਹੁੰਦਾ ਸੀ ਅਤੇ ਉਸ ਵੇਲੇ ਹਰ ਕੋਈ ਇਹ ਕੋਰਸ ਕਰਨ ਲਈ ਕਾਹਲਾ ਸੀ। ਸੂਬੇ ’ਚ ਇਸ ਵੇਲੇ ਸਭ ਤੋਂ ਵੱਧ 93ਬੀ.ਐੱਡ ਕਾਲਜ ਪੰਜਾਬੀ ਵਰਸਿਟੀ ਅਧੀਨ ਹਨ ਜਦੋਂ ਕਿ ਪੰਜਾਬ ਵਰਸਿਟੀ ਅਧੀਨ 58 ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ 49 ਬੀ ਐੱਡ ਕਾਲਜ ਪੈਂਦੇ ਹਨ।
ਬੀ.ਐੱਡ ਕੋਰਸ ’ਤੇ ਇੱਕ ਨਜ਼ਰ
ਵਰਸਿਟੀ ਦਾ ਨਾਮ ਕਾਲਜਾਂ ਦੀ ਗਿਣਤੀ ਸੀਟਾਂ ਦਾ ਅੰਕੜਾ
ਪੰਜਾਬੀ ’ਵਰਸਿਟੀ 93 10025
ਪੰਜਾਬ ’ਵਰਸਿਟੀ 58 6650
ਗੁਰੂ ਨਾਨਕ ਦੇਵ ’ਵਰਸਿਟੀ 49 4450
ਕੁੱਲ 200 21,125
.jpg)
No comments:
Post a Comment