ਪੰਜਾਬ 'ਬੁੱਢਾ' ਹੋਇਆ।
ਚਰਨਜੀਤ ਭੁੱਲਰ
ਬਠਿੰਡਾ : 'ਇੰਂਝ ਲੱਗਦੈ ਕਿ ਜਿਵੇਂ ਪੂਰਾ ਪੰਜਾਬ ਹੀ ਬੁੱਢਾ ਹੋ ਗਿਆ ਹੋਵੇ।' ਇਹ ਗੱਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਟੇਜ ਤੋਂ ਇੱਕ ਵਾਰੀ ਹਾਸੇ 'ਚ ਆਖੀ ਸੀ। ਉਹ ਹਾਸਾ ਨਹੀਂ ਸੀ, ਸੱਚਮੁੱਚ ਅੰਦਰਲਾ ਸੱਚ ਸੀ ਜੋ ਹੁਣ ਨੰਗਾ ਹੋਇਆ ਹੈ। ਬੁਢਾਪਾ ਪੈਨਸ਼ਨ ਲੈਣ ਖਾਤਰ 'ਜਵਾਨ' ਵੀ 'ਬੁੱਢੇ' ਬਣ ਗਏ ਗਏ ਹਨ। 'ਮਿਹਰ' ਪੰਜਾਬ ਸਰਕਾਰ ਦੀ ਹੋਈ ਹੈ ਜਿਸ ਵਜੋਂ 'ਬੁੱਢੇ' ਰੁਲ ਰਹੇ ਹਨ, ਜਵਾਨ ਬੁੱਢੇ ਬਣ ਕੇ ਪੈਨਸ਼ਨਾਂ ਛੱਕ ਰਹੇ ਹਨ। ਹਾਲੇ ਤਾਂ ਅੱਧੀ ਦਰਜਨ ਜ਼ਿਲ੍ਹਿਆਂ ਦੀ ਪੜਤਾਲ ਹੀ ਹੋਈ ਹੈ। ਸੂਚਨਾ ਦੇ ਅਧਿਕਾਰ ਤਹਿਤ ਜੋ ਵੇਰਵੇ ਸਰਕਾਰ ਨੇ ਦਿੱਤੇ ਹਨ, ਉਸ 'ਚ ਅੱਧੀ ਦਰਜਨ ਜ਼ਿਲ੍ਹਿਆਂ 'ਚ 32 ਹਜ਼ਾਰ ਬੁਢਾਪਾ ਪੈਨਸ਼ਨ ਲੈਣ ਵਾਲੇ 'ਜਾਅਲੀ' ਨਿਕਲੇ ਹਨ। ਇਸ ਡਰੋਂ ਕਿ ਕਿਤੇ ਪੂਰੇ ਪੰਜਾਬ ਦਾ ਭਾਂਡਾ ਨਾ ਭੰਨਿਆ ਜਾਵੇ, ਸਰਕਾਰ ਨੇ ਪੜਤਾਲ ਨੂੰ ਹੀ ਬਰੇਕ ਲਾ ਦਿੱਤੀ ਹੈ। ਉਲਟਾ ਤੀਸਰੀ ਦਫ਼ਾ ਨਵੇਂ ਸਿਰਿਓਂ ਪੜਤਾਲ ਦੇ ਹੁਕਮ ਕਰ ਦਿੱਤੇ ਹਨ। ਜੋ 'ਜਾਅਲੀ' ਨਿਕਲੇ ਹਨ, ਉਨ੍ਹਾਂ ਨੂੰ ਵੀ ਪੈਨਸ਼ਨ ਦੇਣੀ ਬੰਦ ਨਹੀਂ ਕੀਤੀ। ਅੱਧੀ ਦਰਜਨ ਜ਼ਿਲ੍ਹਿਆਂ ਦੀ ਪੜਤਾਲ ਰਿਪੋਰਟ ਅਨੁਸਾਰ 2,89,838 ਲਾਭਪਾਤਰੀਆਂ ਦੀ ਪੜਤਾਲ ਕਰਾਈ ਗਈ ਹੈ। ਇਸ ਪੜਤਾਲ 'ਚ 31969 ਲਾਭਪਾਤਰੀ ਅਯੋਗ ਪਾਏ ਗਏ ਹਨ ਜੋ ਸ਼ਰਤਾਂ ਪੂਰੀਆਂ ਨਹੀਂ ਕਰਦੇ ਹਨ। ਜਿਆਦਾ ਲਾਭਪਾਤਰੀ ਘੱਟ ਉਮਰ ਵਾਲੇ ਅਤੇ ਵੱਧ ਜ਼ਮੀਨ ਜਾਇਦਾਦ ਵਾਲੇ ਹਨ। 2064 ਲਾਭਪਾਤਰੀ ਮ੍ਰਿਤਕ ਪਾਏ ਗਏ ਹਨ। 11520 ਲਾਭਪਾਤਰੀ ਗੈਰਹਾਜ਼ਰ ਪਾਏ ਗਏ ਹਨ। ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਮੁਕਤਸਰ 'ਚ ਵੱਡਾ ਘਪਲਾ ਹੋ ਸਕਦਾ ਹੈ। ਇਸ ਜ਼ਿਲ੍ਹੇ 'ਚ ਤਾਂ ਅਫਸਰਾਂ ਨੇ ਪੜਤਾਲ ਕਿਸੇ ਤਣ ਪੱਤਣ ਹੀ ਨਹੀਂ ਲਾਈ। ਕਿਤੇ ਪੜਤਾਲ ਹੋ ਗਈ ਤਾਂ ਹਾਸੇ ਦਾ ਤਮਾਸ਼ਾ ਬਣ ਜਾਣਾ ਹੈ।
ਬਠਿੰਡਾ ਜ਼ਿਲ੍ਹੇ ਦੀ ਪੜਤਾਲ ਅਧੂਰੀ ਹੈ ਜੋ ਇਸ 'ਚ ਸ਼ਾਮਲ ਨਹੀਂ ਹੈ। ਜ਼ਿਲ੍ਹਾ ਮਾਨਸਾ 'ਚ 41240 ਲਾਭਪਾਤਰੀਆਂ ਦੀ ਪੜਤਾਲ ਹੋਈ ਜਿਸ ਚੋਂ 4410 ਲਾਭਪਾਤਰੀ ਅਯੋਗ ਪਾਏ ਗਏ ਜਦੋਂ ਕਿ ਜ਼ਿਲ੍ਹਾ ਮੋਗਾ 'ਚ 39676 ਲਾਭਪਾਤਰੀਆਂ ਚੋਂ 2623 ਲਾਭਪਾਤਰੀ ਅਯੋਗ ਨਿਕਲੇ ਹਨ। ਜ਼ਿਲ੍ਹਾ ਫਰੀਦਕੋਟ 'ਚ 27058 ਲਾਭਪਾਤਰੀਆਂ ਦੀ ਪੜਤਾਲ ਹੋਈ ਹੈ ਜਿਸ ਚੋਂ 1100 ਲਾਭਪਾਤਰੀ ਅਯੋਗ ਨਿਕਲੇ ਹਨ। ਜ਼ਿਲ੍ਹਾ ਫਿਰੋਜ਼ਪੁਰ 'ਚ 102474 ਲਾਭਪਾਤਰੀਆਂ ਚੋਂ 9080 ਲਾਭਪਾਤਰੀ ਅਯੋਗ ਪਾਏ ਗਏ ਹਨ। ਜ਼ਿਲ੍ਹਾ ਮਾਨਸਾ 'ਚ ਤਾਂ 7422 ਲਾਭਪਾਤਰੀ ਗੈਰਹਾਜ਼ਰ ਵੀ ਪਾਏ ਗਏ ਹਨ। ਜ਼ਿਲ੍ਹਾ ਬਠਿੰਡਾ 'ਚ ਚਾਰ ਤਰ੍ਹਾਂ ਦੀਆਂ ਪੈਨਸ਼ਨਾਂ ਦੇ ਕਰੀਬ 93 ਹਜ਼ਾਰ ਲਾਭਪਾਤਰੀ ਹਨ। ਪਿੰਡ ਗਿੱਦੜ 'ਚ ਕੁੱਲ 128 ਲਾਭਪਾਤਰੀ ਹਨ ਜਿਨ੍ਹਾਂ ਚੋਂ 25 ਲਾਭਪਾਤਰੀ ਅਯੋਗ ਪਾਏ ਗਏ ਸਨ। ਇਹ ਜਵਾਨ ਲਾਭਪਾਤਰੀ ਸਨ ਜਿਨ੍ਹਾਂ ਦੀ ਬੁਢਾਪਾ ਪੈਨਸ਼ਨ ਸਰਕਾਰ ਨੇ ਨਾ ਕੱਟਣ ਦਾ ਫੈਸਲਾ ਕੀਤਾ ਹੈ। ਪਿੰਡ ਕਲਿਆਣ ਸੁੱਖਾ 'ਚ ਤਿੰਨ ਚਾਰ ਜਵਾਨ ਔਰਤਾਂ 'ਬੁਢਾਪਾ ਪੈਨਸ਼ਨ' ਲੈ ਰਹੀਆਂ ਸਨ। ਇਨ੍ਹਾਂ ਔਰਤਾਂ ਦੀ ਉਮਰ 45 ਸਾਲ ਦੇ ਕਰੀਬ ਹੈ ਅਤੇ ਨਵੇਂ ਫੈਸਲੇ ਅਨੁਸਾਰ ਉਨ੍ਹਾਂ ਨੂੰ ਵੀ ਬੁਢਾਪਾ ਪੈਨਸ਼ਨ ਜਾਰੀ ਰਹੇਗੀ। ਇਸ ਪਿੰਡ 'ਚ ਕੁੱਲ 273 ਲਾਭਪਾਤਰੀ ਹਨ ਜਿਨ੍ਹਾਂ ਚੋਂ 27 ਲਾਭਪਾਤਰੀ ਅਯੋਗ ਪਾਏ ਗਏ। ਇਸੇ ਪਿੰਡ ਦੀ ਉਸ ਔਰਤ ਨੂੰ ਵੀ ਬੁਢਾਪਾ ਪੈਨਸ਼ਨ ਮਿਲਦੀ ਰਹੇਗੀ ਜਿਸ ਦੇ ਪ੍ਰਵਾਰ ਕੋਲ 21 ਏਕੜ ਜ਼ਮੀਨ ਹੈ। ਲਾਭਪਾਤਰੀਆਂ 'ਚ ਕਈ ਔਰਤਾਂ 48 ਸਾਲ ਵਾਲੀਆਂ ਵੀ ਹਨ। ਪਿੰਡ ਮਹਿਰਾਜ ਦੀ ਸੰਦਲੀ ਪੱਤੀ ਦਾ ਇੱਕ 42 ਸਾਲ ਦਾ ਨੌਜਵਾਨ ਵੀ ਬੁਢਾਪਾ ਪੈਨਸ਼ਨ ਲੈ ਰਿਹਾ ਹੈ।
ਪਿੰਡ ਰਾਏਕੇ ਕਲਾਂ 'ਚ ਤਿੰਨ ਚਾਰ ਔਰਤਾਂ ਦੀ ਪੈਨਸ਼ਨ ਕੱਟੀ ਗਈ ਹੈ ਜਿਨ੍ਹਾਂ ਦੀ ਉਮਰ ਘੱਟ ਸੀ। ਇਹ ਔਰਤਾਂ ਮਾਲੀ ਤੌਰ 'ਤੇ ਕਾਫੀ ਗਰੀਬ ਸਨ। ਪਿੰਡ ਦੇ ਪਟਵਾਰੀ ਨੇ ਜਦੋਂ ਪੜਤਾਲੀਆਂ ਟੀਮ ਨੂੰ ਰਿਪੋਰਟ ਦਿੱਤੀ ਤਾਂ ਇੱਕ 15 ਏਕੜ ਜ਼ਮੀਨ ਵਾਲੇ ਪਰਿਵਾਰ ਦੀ ਔਰਤ ਨੂੰ ਬੁਢਾਪਾ ਪੈਨਸ਼ਨ ਲੱਗੀ ਹੋਈ ਸੀ। ਇਸ ਪਿੰਡ 'ਚ 30 ਬੁਢਾਪਾ ਪੈਨਸ਼ਨਾਂ ਅਯੋਗ ਨਿਕਲੀਆਂ ਹਨ। ਪਿੰਡ ਪੂਹਲਾ 'ਚ ਜੋ 27 ਬੁਢਾਪਾ ਪੈਨਸ਼ਨਾਂ ਕੱਟੀਆਂ ਗਈਆਂ ਹਨ, ਉਨ੍ਹਾਂ ਚੋਂ ਕਾਫੀ ਪੈਨਸ਼ਨਾਂ ਤਾਂ ਘੱਟ ਉਮਰ ਦੀਆਂ ਔਰਤਾਂ ਨੂੰ ਲੱਗੀਆਂ ਹੋਈਆਂ ਸਨ। ਰਾਮਪੁਰਾ ਦੇ ਬਜ਼ੁਰਗ ਜਵਾਲਾ ਪ੍ਰਸ਼ਾਦ ਨੂੰ ਬੁਢਾਪਾ ਪੈਨਸ਼ਨ ਲੱਗੀ ਹੋਈ ਹੈ। ਇਸ ਬਜ਼ੁਰਗ ਦਾ ਇੱਕ ਲੜਕਾ ਸਰਕਾਰੀ ਮੁਲਾਜ਼ਮ ਹੈ ਅਤੇ ਦੂਸਰਾ ਲੜਕਾ ਸਰਕਾਰੀ ਅਧਿਆਪਕ ਹੈ ਤੇ ਤੀਸਰਾ ਲੜਕਾ ਦੁਕਾਨਦਾਰ ਹੈ। ਸਰਕਾਰੀ ਨਿਯਮਾਂ ਅਨੁਸਾਰ ਬੁਢਾਪਾ ਪੈਨਸ਼ਨ ਲੈਣ ਲਈ ਇਕੱਲੇ ਜੀਅ ਲਈ ਆਮਦਨ ਦੀ ਸੀਮਾ 1000 ਰੁਪਏ ਪ੍ਰਤੀ ਮਹੀਨਾ ਅਤੇ ਦੋਹਾਂ ਜੀਆਂ ਦੀ ਆਮਦਨ 1500 ਰੁਪਏ ਪ੍ਰਤੀ ਮਹੀਨਾ ਹੋਣੀ ਚਾਹੀਦੀ ਹੈ। ਇਸ ਮੰਡੀ 'ਚ ਇੱਕ ਅਜਿਹੇ ਵਿਅਕਤੀ ਦਾ ਬਾਪ ਬੁਢਾਪਾ ਪੈਨਸ਼ਨ ਲੈ ਰਿਹਾ ਹੈ ਜੋ ਆੜ੍ਹਤ ਦੀ ਦੁਕਾਨ 'ਚ ਹਿੱਸੇਦਾਰ ਹੈ। ਇਥੋਂ ਦੀ ਇੱਕ ਬਿਰਧ ਔਰਤ ਬੁਢਾਪਾ ਪੈਨਸ਼ਨ ਲੈ ਰਹੀ ਹੈ ਜਦੋਂ ਕਿ ਉਸ ਦਾ ਪਤੀ ਸਰਕਾਰੀ ਮੁਲਾਜ਼ਮ ਵਜੋਂ ਸੇਵਾ ਮੁਕਤ ਹੋਇਆ ਹੈ ਜਦੋਂ ਕਿ ਉਸ ਦਾ ਲੜਕਾ ਵੀ ਸਰਕਾਰੀ ਅਧਿਆਪਕ ਹੈ। ਇੱਕ ਹੋਰ ਲਛਮੀ ਦੇਵੀ ਨਾਮ ਦੀ ਔਰਤ ਦਾ ਲੜਕਾ ਸਰਕਾਰੀ ਮੁਲਾਜ਼ਮ ਹੈ ਅਤੇ ਇਹ ਔਰਤ ਬੁਢਾਪਾ ਪੈਨਸ਼ਨ ਲੈ ਰਹੀ ਹੈ। ਇਥੇ ਤਾਂ ਇੱਕ ਵਕੀਲ ਦੀ ਮਾਂ ਵੀ ਬੁਢਾਪਾ ਪੈਨਸ਼ਨ ਪ੍ਰਾਪਤ ਕਰ ਰਹੀ ਹੈ। ਪਿੰਡ ਝੁੰਬਾ 'ਚ 225 ਲੋਕਾਂ ਨੂੰ ਪੈਨਸ਼ਨ ਲੱਗੀ ਹੋਈ ਹੈ ਜਿਸ ਚੋਂ 39 ਲਾਭਪਾਤਰੀ ਅਯੋਗ ਪਾਏ ਗਏ ਹਨ। ਇਸੇ ਤਰ੍ਹਾਂ ਪਿੰਡ ਤਿਉਣਾ 'ਚ 146 ਪੈਨਸ਼ਨਾਂ ਚੋ 21 ਪੈਨਸ਼ਨਾਂ ਗਲਤ ਨਿਕਲੀਆਂ ਹਨ। ਪਿੰਡ ਜੱਸੀ ਬਾਗ ਵਾਲੀ ਚੋਂ ਡੇਢ ਦਰਜਨ ਕੇਸ ਅਯੋਗ ਪਾਏ ਗਏ ਹਨ। ਇਹ ਤਾਂ ਹਾਲੇ ਇੱਕ ਨਮੂਨਾ ਹੀ ਹੈ।
ਪਿੰਡ ਬਾਦਲ 'ਚ 'ਘਾਲਾ ਮਾਲਾ'
ਸਰਕਾਰੀ 'ਮਿਹਰ' ਨੇ ਤਾਂ ਮ੍ਰਿਤਕਾਂ ਦੇ ਵੀ ਵਾਰੇ ਨਿਆਰੇ ਕਰ ਦਿੱਤੇ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ 'ਚ ਦਰਜਨਾਂ ਕੇਸ ਉਹ ਹਨ ਜਿਨ੍ਹਾਂ 'ਚ ਇਕੱਲੇ 'ਜਵਾਨਾਂ' ਨੂੰ ਹੀ ਬੁਢਾਪਾ ਪੈਨਸ਼ਨ ਨਹੀਂ ਦਿੱਤੀ ਗਈ ਬਲਕਿ ਮ੍ਰਿਤਕਾਂ ਨੂੰ ਵੀ ਬੁਢਾਪਾ ਪੈਨਸ਼ਨ ਵੰਡੀ ਜਾਂਦੀ ਰਹੀ ਹੈ। ਮਹਿਕਮੇ ਦੀ ਜਾਂਚ ਤਾਂ ਬਹੁਤੀ ਸਿਰੇ ਨਹੀਂ ਲੱਗ ਸਕੀ। ਆਖਰ ਜਦੋਂ ਸਰਕਾਰ ਦੀ ਬਦਨਾਮੀ ਹੁੰਦੀ ਦਿੱਖੀ ਤਾਂ ਸਰਕਾਰ ਨੇ ਪਿੰਡ ਦੇ ਸਰਪੰਚ ਦੀ ਬਲੀ ਲੈ ਲਈ। ਸਰਪੰਚ ਤੋਂ ਸਰਕਾਰ ਨੇ ਅਸਤੀਫ਼ਾ ਮੰਗ ਲਿਆ। ਪੁਲੀਸ ਕੇਸ ਦੇ ਡਰੋਂ ਸਰਪੰਚ ਨੇ ਹੱਥੋਂ ਹੱਥੀ ਸਿਹਤ ਠੀਕ ਨਾ ਹੋਣ ਦਾ ਬਹਾਨਾ ਲਗਾ ਕੇ ਅਸਤੀਫਾ ਦੇ ਦਿੱਤਾ। ਹੁਣ ਪਿੰਡ ਬਾਦਲ ਦਾ ਨਵਾਂ ਸਰਪੰਚ ਬਣਾਇਆ ਗਿਆ ਹੈ। ਜਿਨ੍ਹਾਂ ਜਵਾਨਾਂ ਨੂੰ ਬੁਢਾਪਾ ਪੈਨਸ਼ਨ ਲੱਗੀ ਸੀ, ਉਨ੍ਹਾਂ ਨੇ ਮਾਮਲਾ ਵਿਗੜਦਾ ਦੇਖ ਕੇ ਲਈ ਪੈਨਸ਼ਨ ਹੀ ਵਾਪਸ ਬੈਂਕ 'ਚ ਜਮ੍ਹਾ ਕਰਾ ਦਿੱਤੀ। ਇਵੇਂ ਹੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਲਿਆਂ ਵਾਲੀ 'ਚ ਹੋਇਆ। ਪੰਚਾਇਤ ਨੇ ਜਨਵਰੀ 2010 ਤੋਂ ਜੂਨ 2010 ਮਹੀਨੇ ਤੱਕ ਦੀਆਂ ਜੋ ਬੁਢਾਪਾ ਪੈਨਸ਼ਨਾਂ ਵੰਡੀਆਂ, ਉਸ 'ਚ ਕਈ ਮ੍ਰਿਤਕਾਂ ਨੂੰ ਪੈਨਸ਼ਨ ਵੰਡ ਦਿੱਤੀ। ਮ੍ਰਿਤਕਾਂ ਦੀਆਂ ਪੈਨਸ਼ਨਾਂ ਵੀ ਜਾਅਲੀ ਅੰਗੂਠੇ ਲਗਾ ਕੇ ਕਢਵਾ ਲਈਆਂ। ਪਿੰਡ ਦੀ ਸੋਧਾ ਕੌਰ ਦੀ ਮੌਤ 26 ਦਸੰਬਰ 2007 ਨੂੰ ਹੋ ਗਈ ਸੀ ਲੇਕਿਨ ਉਸ ਦੀ ਮੌਤ ਮਗਰੋਂ ਵੀ ਬੁਢਾਪਾ ਪੈਨਸ਼ਨ ਦਿੱਤੀ ਹੋਈ ਹੈ।
ਪਿੰਡ ਦੇ ਦੁੱਲਾ ਸਿੰਘ ਪੁੱਤਰ ਕਰਤਾਰ ਸਿੰਘ ਦੀ ਮੌਤ 2 ਮਈ 2009 ਨੂੰ ਹੋ ਚੁੱਕੀ ਹੈ ਪ੍ਰੰਤੂ ਉਸ ਨੂੰ ਪੈਨਸ਼ਨ ਨੰਬਰ 67465 ਤਹਿਤ ਬੁਢਾਪਾ ਪੈਨਸ਼ਨ ਜਾਰੀ ਕੀਤੀ ਹੋਈ ਹੈ। ਮਾਂਗਾ ਰਾਮ ਪੁੱਤਰ ਸ਼ੰਕਰ ਰਾਮ ਦੀ ਮੌਤ 20 ਦਸੰਬਰ 2009 ਨੂੰ ਹੋ ਗਈ ਸੀ ਪ੍ਰੰਤੂ ਮਰਨ ਮਗਰੋਂ ਵੀ ਉਸ ਨੂੰ ਪੈਨਸ਼ਨ ਦਿੱਤੀ ਰਿਕਾਰਡ 'ਚ ਦਿਖਾਈ ਗਈ ਹੈ। ਇਸੇ ਤਰ੍ਹਾਂ ਸਤਿਆ ਦੇਵੀ ਪਤਨੀ ਰਾਮ ਜੀ ਦਾਸ ਦੀ ਮੌਤ 30 ਮਾਰਚ 2010 ਨੂੰ ਹੋ ਚੁੱਕੀ ਹੈ ਪ੍ਰੰਤੂ ਉਸ ਨੂੰ ਵੀ ਮੌਤ ਮਗਰੋਂ ਬੁਢਾਪਾ ਪੈਨਸ਼ਨ ਦਿੱਤੀ ਦਿਖਾਈ ਗਈ ਹੈ। ਅਜਮੇਰ ਸਿੰਘ ਪੁੱਤਰ ਸੰਤਾ ਸਿੰਘ ਦੀ ਮੌਤ 7 ਮਾਰਚ 2010 ਨੂੰ ਹੋ ਚੁੱਕੀ ਹੈ ਪ੍ਰੰਤੂ ਪੈਨਸ਼ਨ ਵਾਲੀ ਰਿਕਾਰਡ 'ਚ ਉਸ ਦੀ ਸਹੀ ਪਾਈ ਦਿਖਾਈ ਗਈ ਹੈ। ਇਸ ਤੋਂ ਇਲਾਵਾ ਪਿੰਡ ਦੇ ਹੀ ਭੂਰਾ ਸਿੰਘ ਪੁੱਤਰ ਗੁਰਬਖਸ ਸਿੰਘ ਦੀ ਮੌਤ 22 ਫਰਵਰੀ 2010 ਨੂੰ ਹੋ ਚੁੱਕੀ ਹੈ ਅਤੇ ਮੁਕੰਦ ਸਿੰਘ ਪੁੱਤਰ ਰੂੜ ਸਿੰਘ ਦੀ ਮੌਤ ਵੀ 28 ਮਾਰਚ 2010 ਨੂੰ ਹੋ ਚੁੱਕੀ ਹੈ।
Balle bai jwana
ReplyDelete