Friday, March 18, 2011


                                                                    
               ਨਾਲੇ ਰਾਜ , ਨਾਲੇ 'ਸੇਵਾ'
                           ਚਰਨਜੀਤ ਭੁੱਲਰ
ਬਠਿੰਡਾ  : ਬਠਿੰਡਾ 'ਚ ਉਹ ਮੰਗਣ ਰੁਜ਼ਗਾਰ ਆਏ ਸਨ ਪ੍ਰੰਤੂ ਮਿਲ ਗਈਆਂ ਡਾਂਗਾ। ਉਹ ਵੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਹਾਜ਼ਰੀ ਸੀ ਜੋ ਕਿ 'ਨੰਨ੍ਹੀ ਛਾਂ' ਦੇ ਮੁੱਖ ਪ੍ਰਬੰਧਕ ਹਨ। ਕੁੱਟਮਾਰ ਦਾ ਸਥਾਨ ਗੁਰਦੁਆਰਾ ਹਾਜੀ ਰਤਨ ਦਾ ਕੰਪਲੈਕਸ ਸੀ। ਅਕਾਲੀਆਂ 'ਤੇ ਪੁਲੀਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਧੈਂਅ ਧੈਂਅ ਕਰਕੇ ਕੁੱਟਿਆ। ਇਸ ਪੂਰੇ ਹੰਗਾਮੇ ਮਗਰੋਂ ਬੀਬਾ ਬਾਦਲ ਨਥਾਣਾ ਵਿਖੇ ਚੱਲ ਰਹੇ 'ਕੀਰਤਨ ਦਰਬਾਰ' 'ਚ ਚਲੇ ਗਏ ਜਿਥੇਂ ਉਨ੍ਹਾਂ ਨੇ ਇੱਕ ਮਨ ਚਿੱਤ ਹੋ ਕੇ ਕੀਰਤਨ ਸੁਣਿਆ। ਅਕਾਲੀਆਂ ਨੇ ਤਾਂ ਆਪਣੇ ਦਿੱਤੇ ਹੋਏ ਨਾਹਰੇ ' ਰਾਜ ਨਹੀਂ, ਸੇਵਾ' ਦੀ ਬਠਿੰਡਾ 'ਚ ਇੰਨ ਬਿੰਨ ਪਾਲਣਾ ਕਰ ਦਿੱਤੀ ਹੈ। ਕੀ ਇਹ ਇਤਫਾਕ ਸੀ ਕਿ ਚੰਡੀਗੜ੍ਹ 'ਚ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਸਟੇਜ ਤੋਂ ਇਹ ਸੁਨੇਹਾ ਦੇ ਰਹੇ ਸਨ ਕਿ ਬਾਲੜੀਆਂ ਨੂੰ ਬਚਾਉਣ ਖਾਤਰ ਪੁਰਸ਼ ਅੱਗੇ ਆਉਣ। ਇੱਧਰ ਬਠਿੰਡਾ 'ਚ ਉਸੇ ਸਮੇਂ ਅਕਾਲੀਆਂ ਵਲੋਂ ਨੌਜਵਾਨ ਕੁੜੀਆਂ ਨੂੰ ਘੇਰ ਘੇਰ ਕੇ ਕੁੱਟਿਆ ਜਾ ਰਿਹਾ ਸੀ। ਜਦੋਂ ਅਕਾਲੀ ਇਨ੍ਹਾਂ ਮੈਡਲ ਜੇਤੂ ਅਧਿਆਪਕਾਂ ਦੀ ਕੁੱਟਮਾਰ ਕਰ ਰਹੇ ਸਨ ਤਾਂ ਉਦੋਂ ਬੀਬਾ ਬਾਦਲ ਕਾਹਲੀ 'ਚ ਨੀਂਹ ਪੱਥਰਾਂ ਤੋਂ ਪਰਦੇ ਹਟਾ ਰਹੇ ਸਨ। ਬੇਰੁਜ਼ਗਾਰਾਂ ਦੀ ਕੁੱਟਮਾਰ ਕਰਨ 'ਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਸ਼ਾਮਲ ਸਨ।  ਮੈਂਬਰ ਪਾਰਲੀਮੈਂਟ ਬੀਬੀ ਬਾਦਲ ਸ੍ਰੋਮਣੀ ਕਮੇਟੀ ਵਲੋਂ ਖੋਲ੍ਹੇ ਜਾ ਰਹੇ ਦੋ ਨਵੇਂ ਸਕੂਲਾਂ ਦਾ ਨੀਂਹ ਪੱਥਰ ਰੱਖਣ ਲਈ ਇੱਥੇ ਆਏ ਹੋਏ ਸਨ।
ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕ ਯੂਨੀਅਨ ਦੇ ਕਰੀਬ ਡੇਢ ਕੁ ਦਰਜ਼ਨ ਨੌਜਵਾਨ ਅੱਜ ਬੀਬੀ ਬਾਦਲ ਨੂੰ ਮਿਲਣ ਵਾਸਤੇ ਆਏ ਹੋਏ ਸਨ। ਜਦੋਂ ਪੁਲੀਸ ਨੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਮਿਲਣ ਦੇਣ 'ਚ ਅੜਿੱਕਾ ਪਾਇਆ ਤਾਂ ਉਨ੍ਹਾਂ ਨੇ ਨਾਹਰੇਬਾਜੀ ਕਰ ਦਿੱਤੀ। ਕਰੀਬ ਅੱਧੀ ਕੁ ਦਰਜ਼ਨ ਦਲੇਰ ਕੁੜੀਆਂ ਨੇ ਕੁੱਟ ਮਾਰ ਝੱਲ ਕੇ ਵੀ ਬੀਬੀ ਬਾਦਲ ਦਾ ਪਿੱਛਾ ਨਾ ਛੱਡਿਆ। ਅਕਾਲੀ ਲੀਡਰਾਂ ਨੇ ਅੱਜ ਇਨ੍ਹਾਂ ਬੇਰੁਜ਼ਗਾਰਾਂ ਦੇ ਥਪੇੜੇ ਮਾਰੇ। ਇੱਕ ਅਕਾਲੀ ਕੌਂਸਲਰ ਨੇ ਕੁੜੀਆਂ ਦੀ ਕੁੱਟਮਾਰ ਕੀਤੀ। ਗੁਰੂਹਰਸਹਾਏ ਤੋਂ ਆਈ ਬੇਰੁਜ਼ਗਾਰ ਲੜਕੀ ਸਵਿਤਾ ਰਾਣੀ ਦਾ ਤਾਂ ਕਮੀਜ਼ ਹੀ ਪਾੜ ਦਿੱਤਾ। ਉਸ ਦਾ ਤਣ ਢੱਕਣ ਲਈ ਬਾਕੀ ਲੜਕੀਆਂ ਨੇ ਮੱਦਦ ਕੀਤੀ। ਹਾਲਾਂਕਿ  ਅਕਾਲੀਆਂ ਨੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਖਿੱਚ ਖਿੱਚ ਕੇ ਕੁੱਟਿਆ ਪ੍ਰੰਤੂ ਇਨ੍ਹਾਂ ਨੇ ਈਨ ਨਾ ਮੰਨੀ। ਆਖਰ ਉਹ ਖਿੱਚ ਧੂਹ 'ਚ ਬੀਬੀ ਬਾਦਲ ਨੂੰ ਮਿਲਣ 'ਚ ਕਾਮਯਾਬ ਹੋ ਗਏ।
          ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕ ਯੂਨੀਅਨ ਵਲੋਂ ਕਰੀਬ 18 ਦਿਨ੍ਹਾਂ ਤੋਂ ਲੰਬੀ ਵਿਖੇ ਧਰਨਾ ਲਾਇਆ ਹੋਇਆ ਹੈ।  ਅੱਜ ਇਹ ਬੇਰੁਜ਼ਗਾਰ ਅਧਿਆਪਕ ਬੀਬਾ ਬਾਦਲ ਨੂੰ ਮਿਲਣਾ ਚਾਹੁੰਦੇ ਸਨ ਜਿਸ ਦੀ ਭਿਣਕ ਕਿਸੇ ਵੀ ਖੁਫੀਆ ਵਿੰਗ ਜਾਂ ਪੁਲੀਸ ਨੂੰ ਨਹੀਂ ਲੱਗ ਸਕੀ। ਜਦੋਂ ਬਠਿੰਡਾ ਪੁਲੀਸ ਨੇ ਇਨ੍ਹਾਂ ਲੜਕੀਆਂ ਨੂੰ ਦੇਖਿਆ ਤਾਂ ਉਨ੍ਹਾਂ 'ਚ ਭਾਜੜ ਮੱਚ ਗਈ। ਮੌਕੇ 'ਤੇ ਮਹਿਲਾ ਪੁਲੀਸ ਦੀਆਂ ਕੇਵਲ ਚਾਰ ਪੰਜ ਮੁਲਾਜ਼ਮਾਂ ਹੀ ਸਨ। ਜਦੋਂ ਦੁਪਾਹਿਰ ਮਗਰੋਂ ਬੀਬੀ ਬਾਦਲ ਨੇ ਕੰਪਲੈਕਸ 'ਚ ਇੱਕ ਸਕੂਲ ਦਾ ਨੀਂਹ ਪੱਥਰ ਰੱਖ ਦਿੱਤਾ ਤਾਂ ਕੰਪਲੈਕਸ 'ਚ ਮੌਜੂਦ ਬੇਰੁਜ਼ਗਾਰ ਅਧਿਆਪਕਾਂ ਨੇ ਮਿਲਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲੀਸ ਅੜ ਗਈ ਤਾਂ ਇਨ੍ਹਾਂ ਬੇਰੁਜ਼ਗਾਰਾਂ ਨੇ ਸਰਕਾਰ ਖਿਲਾਫ ਨਾਹਰੇ ਲਗਾ ਦਿੱਤੇ। ਜਦੋਂ ਬੀਬੀ ਬਾਦਲ ਦੂਸਰੇ ਸਕੂਲ ਦਾ ਲਾਗੇ ਹੀ ਨੀਂਹ ਪੱਥਰ ਰੱਖਣ ਜਾ ਰਹੇ ਸਨ ਤਾਂ ਉਦੋਂ ਪਿਛੇ ਪਿਛੇ ਲੜਕੀਆਂ ਨਾਹਰੇ ਮਾਰ ਰਹੀਆਂ ਸਨ। ਪੁਲੀਸ ਅਤੇ ਅਕਾਲੀ ਆਗੂ ਇਸ ਨਾਹਰੇਬਾਜੀ ਤੋਂ ਔਖੇ ਹੋ ਗਏ। ਉਨ੍ਹਾਂ ਨੇ ਕੁਟਾਪਾ ਸ਼ੁਰੂ ਕਰ ਦਿੱਤਾ। ਸਟੇਟ ਜੇਤੂ ਖਿਡਾਰਨ ਕੁਲਵਿੰਦਰ ਕੌਰ ਦੀਆਂ ਬਾਹਾਂ ਮਰੋੜ ਕੇ ਥੱਪੜ ਮਾਰੇ ਜਦੋਂ ਕਿ ਫਿਰੋਜਪੁਰ ਤੋਂ ਆਈ ਸਟੇਟ ਜੇਤੂ ਖਿਡਾਰਨ ਨਰਿੰਦਰਜੀਤ ਕੌਰ ਦੀ ਚੁੰਨੀ ਪਾੜ ਦਿੱਤੀ। ਸਵਿਤਾ ਰਾਣੀ ਨੇ ਦੱਸਿਆ ਕਿ ਉਸ ਦੀ ਕਮੀਜ਼ ਅਤੇ ਚੁੰਨੀ ਪਾੜ ਦਿੱਤੀ ਗਈ ਹੈ। ਲੜਕੀਆਂ 'ਚ ਏਨਾ ਸਿਦਕ ਦੇਖਣ ਨੂੰ ਮਿਲਿਆ ਕਿ ਉਹ ਕੁੱਟ ਵੀ ਖਾਂਦੀਆਂ ਰਹੀਆਂ ਤੇ ਇਸ ਕੁਟਾਪੇ ਦਾ ਟਾਕਰਾ ਕਰਕੇ ਨਾਹਰੇ ਵੀ ਮਾਰਦੀਆਂ ਰਹੀਆਂ।
           ਬਠਿੰਡਾ ਪੁਲੀਸ ਦੇ ਮੁਲਾਜ਼ਮਾਂ ਨੇ ਵੀ ਇਨ੍ਹਾਂ ਲੜਕੀਆਂ 'ਤੇ ਹੱਥ ਖੋਲ੍ਹ ਲਏ। ਪੁਲੀਸ ਮੁਲਾਜ਼ਮ ਵਾਰ ਵਾਰ ਲੜਕੀਆਂ ਨੂੰ ਘੇਰਾ ਪਾਉਂਦੇ ਰਹੇ। ਪੁਲੀਸ ਲਾਠੀਚਾਰਜ ਕਰਨੋਂ ਬੇਵੱਸ ਰਹੀ। ਐਮ.ਪੀ ਬੀਬਾ ਬਾਦਲ ਦੇ ਸੁਰੱਖਿਆ ਗਾਰਦਾਂ ਨੂੰ ਵੀ ਭਾਜੜ ਪਈ ਰਹੀ। ਬੀਬੀ ਬਾਦਲ ਨੂੰ ਇਸੇ ਦੌਰਾਨ ਕੰਪਲੈਕਸ ਚੋਂ ਬਾਹਰ ਨਿਕਲਣ ਦੀ ਤੇਜ਼ੀ ਹੋ ਗਈ। ਬੀਬਾ ਬਾਦਲ ਬੁਰੀ ਤਰ੍ਹਾਂ ਖਿਝ ਗਏ। ਜਦੋਂ ਉਹ ਵਾਪਸ ਜਾਣ ਲੱਗੇ ਤਾਂ ਬੇਰੁਜ਼ਗਾਰ ਉਸ ਦਾ ਸੁਰੱਖਿਆ ਘੇਰਾ ਤੋੜ ਕੇ ਉਸ ਨੂੰ ਮਿਲਣ 'ਚ ਕਾਮਯਾਬ ਹੋ ਗਈਆਂ। ਬੇਰੁਜ਼ਗਾਰਾਂ ਨੇ ਬੀਬੀ ਬਾਦਲ ਨੂੰ ਘੇਰ ਲਿਆ ਅਤੇ ਆਖਿਆ ਕਿ ਉਹ 10-10 ਸਾਲ ਤੋਂ ਸੜਕਾਂ 'ਤੇ ਰੁਜ਼ਗਾਰ ਖਾਤਰ ਰੁਲ ਰਹੇ ਹਨ ਅਤੇ ਕੁੱਟ ਖਾ ਰਹੇ ਹਨ। ਬੀਬੀ ਬਾਦਲ ਨੇ ਆਖਿਆ ਕਿ ਉਹ ਤਾਂ ਸੰਸਦ ਮੈਂਬਰ ਹੈ ਅਤੇ ਤੁਹਾਡਾ ਮਸਲਾ ਉਸ ਦੇ ਅਧਿਕਾਰ ਖੇਤਰ 'ਚ ਨਹੀਂ ਹੈ। ਬੀਬਾ ਬਾਦਲ ਨੇ ਆਖਿਆ ਕਿ ਉਹ ਉਸ ਦੇ ਖਿਲਾਫ ਏਦਾ ਕਿਉਂ ਕਰ ਰਹੇ ਹਨ। ਅਧਿਆਪਕਾਂ ਦਾ ਕਹਿਣਾ ਸੀ ਕਿ ਉਹ ਬਾਦਲ ਪ੍ਰਵਾਰ ਚੋਂ ਹੈ। ਭੱਜ ਨੱਠ 'ਚ ਹੋਈ ਗੱਲਬਾਤ ਮਗਰੋਂ ਬੀਬੀ ਬਾਦਲ ਕਾਹਲੀ ਨਾਲ ਤੁਰਦੇ ਬਣੇ।
                                                   ਉਦੋਂ ਬਾਦਲ ਖੀਰ ਭੇਜਦਾ ਹੁੰਦਾ ਸੀ- ਸੂਬਾ ਪ੍ਰਧਾਨ
ਪੀ.ਟੀ.ਆਈ.ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮਨਦੀਪ ਸਿੰਘ ਦਾ ਕਹਿਣਾ ਸੀ ਕਿ ਪੰਜਾਬ 'ਚ 4500 ਦੇ ਕਰੀਬ ਪੀ.ਟੀ.ਆਈ ਬੇਰੁਜ਼ਗਾਰ ਅਧਿਆਪਕ ਹਨ ਅਤੇ ਉਹ 18 ਦਿਨ੍ਹਾਂ ਤੋਂ ਲੰਬੀ 'ਚ ਬੈਠੇ ਹਨ। ਪਿਛਲੇ ਹਫਤੇ ਉਪ ਮੁੱਖ ਮੰਤਰੀ ਨੂੰ ਮਿਲ ਚੁੱਕੇ ਹਨ ਪ੍ਰੰਤੂ ਹੁਣ ਉਨ੍ਹਾਂ ਦੀ ਗੱਲ ਕੋਈ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਆਖਿਆ ਕਿ ਅੱਜ ਉਹ ਰੁਜ਼ਗਾਰ ਮੰਗਣ ਆਏ ਹਨ ਤੇ ਅਕਾਲੀਆਂ ਨੇ ਪੁਲੀਸ ਨਾਲ ਮਿਲ ਕੇ ਅੱਜ ਨੌਜਵਾਨ ਲੜਕੀਆਂ ਦੀ ਕੁੱਟਮਾਰ ਕੀਤੀ ਹੈ। ਉਨ੍ਹਾਂ ਆਖਿਆ ਕਿ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਟਰੱਕ ਯੂਨੀਅਨ ਦਾ ਸਾਬਕਾ ਪ੍ਰਧਾਨ ਅਤੇ ਇੱਕ ਮਹਿਲਾ ਨਗਰ ਕੌਂਸਲਰ ਨੇ ਲੜਕੀਆਂ ਦੀਆਂ ਗੁੱਤਾਂ ਪੁੱਟ ਦਿੱਤੀਆਂ ਅਤੇ ਥਪੇੜੇ ਮਾਰੇ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਸਮੇਂ ਬਾਦਲ ਪ੍ਰਵਾਰ ਹੀ ਉਨ੍ਹਾਂ ਨੂੰ ਧਰਨੇ ਮੁਜ਼ਾਹਰਿਆ 'ਚ ਲੰਗਰ ਭੇਜਦਾ ਸੀ,ਫਲ ਅਤੇ ਖੀਰ ਭੇਜੀ ਜਾਂਦੀ ਸੀ। ਉਨ੍ਹਾਂ ਆਖਿਆ ਕਿ ਹੁਣ ਉਨ੍ਹਾਂ ਨੂੰ ਸਰਕਾਰ ਦੇ ਭਰੋਸੇ ਦੀ ਕੋਈ ਲੋੜ ਨਹੀਂ ਰਹੀ ਅਤੇ ਉਹ ਹਰ ਫਰੰਟ 'ਤੇ ਇਸੇ ਤਰ੍ਹਾਂ ਸਰਕਾਰ ਨੂੰ ਘੇਰਨਗੇ। ਉਨ੍ਹਾਂ ਆਖਿਆ ਕਿ ਉਹ ਵਾਪਸ ਲੰਬੀ ਧਰਨੇ 'ਚ ਜਾਣਗੇ ਅਤੇ ਹਰ ਪ੍ਰੋਗਰਾਮ 'ਚ ਆਪਣੀ ਗੱਲ ਰੱਖਣਗੇ। ਸਰਕਾਰ ਜਦੋਂ ਬੁਲਾਏਗੀ,ਉਦੋਂ ਹੀ ਹੁਣ ਉਹ ਜਾਣਗੇ।
                                                   ਕਿਸੇ ਦੀ ਕੋਈ ਕੁੱਟਮਾਰ ਨਹੀਂ ਹੋਈ- ਮਲੂਕਾ।
 ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਕਹਿਣਾ ਸੀ ਕਿ ਅੱਜ ਸਮਾਗਮਾਂ ਮੌਕੇ ਕਿਸੇ ਆਗੂ ਜਾਂ ਵਰਕਰ ਵਲੋਂ ਕਿਸੇ ਵੀ ਬੇਰੁਜ਼ਗਾਰ ਲੜਕੀ ਜਾਂ ਲੜਕੇ ਦੀ ਕੋਈ ਕੁੱਟਮਾਰ ਨਹੀਂ ਕੀਤੀ ਗਈ। ਉਨ੍ਹਾਂ ਆਖਿਆ ਕਿ ਵਰਕਰਾਂ ਵਲੋਂ ਕੇਵਲ ਲੜਕਿਆਂ ਨੂੰ ਉਸ ਵਕਤ ਜ਼ਰੂਰ ਰੋਕਿਆ ਗਿਆ ਅਤੇ ਖਿੱਚ ਧੂਹ ਹੋਈ ਜਦੋਂ ਇਹ ਲੜਕੇ ਬੀਬੀ ਬਾਦਲ ਵੱਲ ਭੱਜ ਭੱਜ ਜਾਂਦੇ ਸਨ। ਉਨ੍ਹਾਂ ਆਖਿਆ ਕਿ ਮਹਿਲਾ ਕੌਸਲਰਾਂ ਨੇ ਲੜਕੀਆਂ ਨੂੰ ਰੋਕਿਆ ਜ਼ਰੂਰ ਸੀ। ਉਨ੍ਹਾਂ ਆਖਿਆ ਕਿ ਉਹ ਖੁਦ ਬੇਰੁਜ਼ਗਾਰ ਅਧਿਆਪਕਾਂ ਨੂੰ ਬੀਬੀ ਬਾਦਲ ਨੂੰ ਮਿਲਾਉਣਾ ਚਾਹੁੰਦੇ ਸਨ ਪ੍ਰੰਤੂ ਕੋਈ ਇਸ ਗੱਲ ਲਈ ਮੰਨਿਆ ਹੀ ਨਹੀਂ। ਉਨ੍ਹਾਂ ਆਖਿਆ ਕਿ ਸਾਰੇ ਭੱਜ ਭੱਜ ਕੇ ਬੀਬੀ ਬਾਦਲ ਵੱਲ ਹੀ ਜਾ ਰਹੇ ਸਨ। ਉਨ੍ਹਾਂ ਆਖਿਆ ਕਿ ਉਹ ਤਾਂ ਬੀਬੀ ਬਾਦਲ ਨਾਲ ਹੀ ਦੂਸਰੇ ਸਮਾਗਮਾਂ 'ਚ ਚਲੇ ਗਏ ਸਨ,ਪਿਛੋਂ ਕੀ ਹੋਇਆ,ਉਸ ਦਾ ਉਨ੍ਹਾਂ ਨੂੰ ਕੋਈ ਪਤਾ ਨਹੀਂ ਹੈ। ਉਨ੍ਹਾਂ ਖੁਦ ਵੀ ਕਿਸੇ ਤਰ੍ਹਾਂ ਦੀ ਕੁੱਟਮਾਰ ਕਰਨ ਤੋਂ ਇਨਕਾਰ ਕੀਤਾ।

No comments:

Post a Comment