Thursday, December 8, 2011

        ਜ਼ਿੰਦਗੀ ਭਰ ਨਹੀਂ ਭੁੱਲਾਂਗੀ ਥੱਪੜ
                             ਚਰਨਜੀਤ ਭੁੱਲਰ
ਬਠਿੰਡਾ : 'ਆਪਣੇ ਘਰ ਦੀ ਗੁਰਬਤ ਭੁੱਲ ਸਕਦੀ ਹਾਂ ਪਰ ਅਕਾਲੀ ਸਰਪੰਚ ਵੱਲੋਂ ਮਾਰਿਆ ਥੱਪੜ ਜ਼ਿੰਦਗੀ ਭਰ ਨਹੀਂ ਭੁੱਲਾਂਗੀ।' ਬੇਰੁਜ਼ਗਾਰੀ ਦੀ ਜੰਗ ਲੜਣ ਵਾਲੀ ਬਰਿੰਦਰਪਾਲ ਕੌਰ ਦਾ ਕਹਿਣਾ ਹੈ ਕਿ ਉਸ ਦੇ ਜੋ ਥੱਪੜ ਪਿਆ ਹੈ, ਉਹ ਅਕਾਲੀ ਸਰਪੰਚ ਦਾ ਥੱਪੜ ਨਹੀਂ ਹੈ, ਅਸਲ ਵਿੱਚ ਉਹ ਹਕੂਮਤ ਵੱਲੋਂ ਹੱਕ ਸੱਚ ਲਈ ਲੜਣ ਵਾਲੇ ਕਿਰਤੀ ਲੋਕਾਂ ਦੇ ਮੂੰਹ 'ਤੇ ਮਾਰੀ ਚਪੇੜ ਹੈ।ਪਿੰਡ ਸੁਖਨਾ ਅਬਲੂ ਦੀ ਬਰਿੰਦਰਪਾਲ ਕੌਰ, ਜਿਸਨੂੰ ਪਿੰਡ ਦੌਲਾ ਵਿੱਚ ਬੀਬੀ ਹਰਸਿਮਰਤ ਕੌਰ ਬਾਦਲ ਦੇ ਸੰਗਤ ਦਰਸ਼ਨ ਪ੍ਰੋਗਰਾਮ ਮੌਕੇ  ਅਕਾਲੀ ਸਰਪੰਚ ਨੇ ਥੱਪੜ ਮਾਰਿਆ ਸੀ, ਦੀ ਬਚਪਨ ਤੋਂ ਹੀ ਗਰੀਬੀ ਨਾਲ ਸਾਂਝ ਰਹੀ ਹੈ। ਉਹ ਇਸ ਹਾਦਸੇ ਤੋਂ ਕਾਫੀ ਪ੍ਰੇਸ਼ਾਨ ਹੈ ਪਰ ਇਹ ਵੀ ਆਖਦੀ ਹੈ ਕਿ ਇਸ ਹਾਦਸੇ ਨੇ ਉਸ ਦੇ ਹੱਕਾਂ ਪ੍ਰਤੀ ਲੜਣ ਦੇ ਰੋਹ ਨੂੰ ਹੋਰ ਪ੍ਰਚੰਡ ਕਰ ਦਿੱਤਾ ਹੈ।
          ਬਰਿੰਦਰਪਾਲ ਕੌਰ ਦੇ ਪਿਤਾ ਕੁਲਵੰਤ ਸਿੰਘ ਕੋਲ ਇੱਕ ਏਕੜ ਤੋਂ ਵੀ ਘੱਟ ਜ਼ਮੀਨ ਹੈ। ਉਹ ਟੈਕਸੀ ਚਲਾ ਕੇ ਆਪਣਾ ਪਰਿਵਾਰ ਪਾਲਦਾ ਹੈ। ਉਸ ਦੀਆਂ ਤਿੰਨ ਧੀਆਂ 'ਚੋਂ ਇੱਕ ਧੀ ਦੀ ਮੌਤ ਹੋ ਚੁੱਕੀ ਹੈ ਜਦਕਿ ਵੱਡੀ ਧੀ ਵਿਆਹੀ ਹੋਈ ਹੈ। ਘਰ ਦੀ ਮਾਲੀ ਹਾਲਤ ਠੀਕ ਨਾ ਹੋਣ ਕਰਕੇ ਆਪਣੀਆਂ ਵੱਡੀਆਂ ਧੀਆਂ ਨੂੰ 10 ਜਮਾਤਾਂ ਤੋਂ ਅੱਗੇ ਨਾ ਪੜ੍ਹਾ ਸਕਿਆ। ਉਸ ਦੇ ਦੋ ਛੋਟੇ ਲੜਕੇ ਹਨ, ਜਿਨ੍ਹਾਂ ਨੂੰ ਗਰੀਬੀ ਕਾਰਨ ਸਕੂਲੋਂ ਹਟਾਉਣਾ ਪੈ ਗਿਆ ਹੈ। ਬਰਿੰਦਰਪਾਲ ਨੂੰ ਪੜ੍ਹਾਈ ਦਾ ਜਨੂੰਨ ਹੈ ਅਤੇ ਪੜ੍ਹਾਈ ਲਈ ਉਹ ਸਖ਼ਤ ਮਿਹਨਤ ਕਰਕੇ ਪੈਸੇ ਇਕੱਠੇ ਕਰਦੀ ਹੈ। ਬਰਿੰਦਰ ਪਾਲ ਦੀ ਮਾਂ ਜਸਵਿੰਦਰ ਕੌਰ ਰੀੜ ਦੀ ਹੱਡੀ ਦੀ ਬਿਮਾਰੀ ਤੋਂ ਪੀੜਤ ਹੈ ਜਦਕਿ ਉਸਦੇ ਪਿਤਾ ਦੀ ਨਿਗ੍ਹਾ ਕਮਜ਼ੋਰ ਹੋ ਗਈ ਹੈ। ਜਸਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਧੀ ਨੂੰ ਥੱਪੜ ਖਾਣ ਲਈ ਨਹੀਂ ਪੜ੍ਹਾਇਆ ਸੀ।
            ਬਰਿੰਦਰ ਕੌਰ ਨੇ ਗਰੈਜੂਏਸ਼ਨ ਕਰਨ ਮਗਰੋਂ ਈ.ਟੀ.ਟੀ. ਕੀਤੀ। ਉਸ ਨੇ ਪਿੰਡ ਦੇ ਹੀ ਈ.ਜੀ.ਐਸ ਸੈਂਟਰ ਵਿੱਚ ਪੌਣੇ ਦੋ ਸਾਲ ਇੱਕ ਹਜ਼ਾਰ ਰੁਪਏ ਮਹੀਨਾ 'ਤੇ ਪੜ੍ਹਾਇਆ। ਜਦੋਂ ਸਰਕਾਰ ਨੇ ਈ.ਜੀ.ਐਸ ਕੇਂਦਰ ਬੰਦ ਕਰ ਦਿੱਤਾ ਤਾਂ ਉਸ ਨੇ ਪਿੰਡ ਦੇ ਸਰਕਾਰੀ ਸਕੂਲ 'ਚ ਕੇਵਲ ਪੰਜ ਸੌ ਰੁਪਏ ਪ੍ਰਤੀ ਮਹੀਨਾ 'ਤੇ ਪੜ੍ਹਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਉਹ ਆਪਣੀ ਪੜ੍ਹਾਈ ਜਾਰੀ ਰੱਖਣ ਵਾਸਤੇ ਸ਼ਾਮ ਵੇਲੇ ਦੋ ਤਿੰਨ ਘੰਟੇ ਬੱਚਿਆਂ ਨੂੰ ਟਿਊਸ਼ਨਾਂ ਵੀ ਪੜ੍ਹਾਉਂਦੀ ਰਹੀ ਹੈ। ਜਦੋਂ ਪੰਜ ਸੌ ਰੁਪਏ ਵਾਲੀ ਨੌਕਰੀ ਵੀ ਹੱਥੋਂ ਨਿਕਲ ਗਈ ਤਾਂ ਉਸ ਨੇ ਇੱਕ ਕਾਲਜ ਲੈਕਚਰਾਰ ਵੱਲੋਂ ਕੀਤੀ ਮਾਲੀ ਮੱਦਦ ਨਾਲ ਅਬੋਹਰ ਦੇ ਕਾਲਜ ਵਿੱਚ ਪੜ੍ਹਾਈ ਕੀਤੀ। ਬਰਿੰਦਰ ਕੌਰ ਨੇ ਦੱਸਿਆ ਕਿ ਉਸਨੇ ਉਹ ਦਿਨ ਵੀ ਦੇਖੇ ਹਨ ਜਦੋਂ ਉਸਦੀ  ਵੱਡੀ ਭੈਣ ਆਖਰੀ ਸਾਹਾਂ 'ਤੇ ਸੀ ਅਤੇ ਘਰ ਵਿੱਚ ਸਿਰਫ 60 ਰੁਪਏ ਸਨ।ਉਸਦਾ ਕਹਿਣਾ ਹੈ ਕਿ ਉਸ ਦੇ ਮਾਪਿਆਂ ਜਾਂ ਅਧਿਆਪਕਾਂ ਨੇ ਕਦੇ ਉਸ 'ਤੇ ਹੱਥ ਨਹੀਂ ਚੁੱਕਿਆ ਸੀ ਪਰ ਉਸਨੇ ਕਦੇ ਨਹੀਂ ਸੋਚਿਆ ਸੀ ਕਿ ਬੇਰੁਜ਼ਗਾਰੀ ਅਜਿਹੇ ਦਿਨ ਵੀ ਦਿਖਾਏਗੀ।  ਬਰਿੰਦਰ ਪਾਲ ਕੌਰ ਐਮ.ਏ ਅੰਗਰੇਜ਼ੀ ਕਰਕੇ ਯੂ.ਜੀ.ਸੀ. ਪਾਸ ਕਰਨਾ ਚਾਹੁੰਦੀ ਹੈ ਤਾਂ ਜੋ ਕਾਲਜ ਲੈਕਚਰਾਰ ਬਣ ਸਕੇ ਪਰ ਉਸ ਲਈ ਏਨੀ ਮਾਲੀ ਤੰਗੀ ਵਿੱਚ ਰਹਿ ਕੇ ਪੜ੍ਹਾਈ ਜਾਰੀ ਰੱਖਣਾ ਹੀ ਕਿਸੇ ਜੰਗ ਨਾਲੋਂ ਘੱਟ ਨਹੀਂ ਹੈ

No comments:

Post a Comment