ਪਾਲੀ ਹੁਣ ਉਦਾਸ ਹੈ…
ਚਰਨਜੀਤ ਭੁੱਲਰ
ਨਾ ਹੁਣ ਖੂਹ ਰਹੇ ਹਨ ਅਤੇ ਨਾ ਪਾਲੀ। ਬਾਬਾ ਗੁਰਪਾਲ ਸਿੰਘ ਪਾਲ ਫਿਰ ਵੀ ਗਾ ਰਿਹਾ ਹੈ- 'ਪਾਲੀ ਪਾਣੀ ਖੂਹ ਤੋਂ ਭਰੇ'। ਉਹ ਪਾਲੀ ਗਾਉਂਦਾ-ਗਾਉਂਦਾ ਬੁੱਢਾ ਹੋ ਗਿਆ ਹੈ। ਉਹ ਭਲੇ ਦਿਨਾਂ ਦੇ ਪਰਤਣ ਦੀ ਆਸ ਲਾਈ ਬੈਠਾ ਹੈ। ਮਾਲਵੇ ਦੀ ਪਾਲੀ ਹੁਣ ਬੇਆਸ ਹੈ, ਉਦਾਸ ਹੈ ਤੇ ਸੱਚ ਪੁੱਛੋ ਤਾਂ ਇੱਕ ਤੁਰਦੀ-ਫਿਰਦੀ ਲਾਸ਼ ਹੈ। ਉਹ ਤਾਂ ਉਮਰੋਂ ਪਹਿਲਾਂ ਹੀ ਬੁੱਢੀ ਹੋ ਗਈ ਹੈ। ਹੁਣ ਉਸ ਦੇ ਘਰ ਜ਼ਿੰਦਗੀ ਪੈਲਾਂ ਨਹੀਂ ਪਾਉਂਦੀ। ਨਿੱਤ ਦੁੱਖਾਂ ਦਾ ਸੱਥਰ ਵਿਛਦਾ ਹੈ। ਉਦਾਸੀ ਦਾ ਕਾਰਨ ਵੀ ਵੱਡਾ ਹੈ। ਉਸ ਨੂੰ ਕੋਈ ਬੂਹਾ ਨਹੀਂ ਦਿਖਦਾ, ਆਖ਼ਰ ਕਿਸ ਦਰ 'ਤੇ ਜਾਵੇ। ਮਾਲਵਾ ਖਿੱਤੇ ਵਿੱਚ ਹਰ ਘਰ ਦੀ ਪਾਲੀ ਦੇ ਇਹੀ ਦੁੱਖ ਹਨ। ਹਰ ਪਾਲੀ ਹੁਣ ਜ਼ਿੰਦਗੀ ਤੋਂ ਮੋਹਲਤ ਮੰਗਦੀ ਹੈ। ਪਤਾ ਨਹੀਂ ਕਦੋਂ ਆਖ਼ਰੀ ਮੋੜ ਆ ਜਾਵੇ। ਜਦੋਂ ਖੇਤਾਂ ਵਿੱਚ ਹਰੀ ਭਰੀ ਕ੍ਰਾਂਤੀ ਆਈ ਤਾਂ ਉਸ ਤੋਂ ਚਾਅ ਸਾਂਭੇ ਨਹੀਂ ਜਾਂਦੇ ਸਨ। ਪਾਲੀ ਦੇ ਪਤੀ ਦੀ ਰੱਜਵੀਂ ਤਾਰੀਫ਼ ਹੋਈ। ਚਾਰ-ਚੁਫ਼ੇਰੇ 'ਜੈ ਜਵਾਨ, ਜੈ ਕਿਸਾਨ' ਹੋ ਗਈ, ਭੰਗੜੇ ਪੈਣ ਲੱਗੇ ਤੇ ਖੇਤਾਂ ਵਿੱਚ ਫ਼ਸਲਾਂ ਨੱਚਣ ਲੱਗੀਆਂ। ਲਹਿਰ-ਬਹਿਰ ਹੋ ਗਈ। ਅਨਾਜ ਦੀ ਕਮੀ ਫੁਰਰ ਹੋ ਗਈ। ਸ਼ਾਹੂਕਾਰ ਕਿਸਾਨਾਂ ਦੇ ਅੱਗੇ-ਪਿੱਛੇ ਘੁੰਮਣ ਲੱਗੇ। ਜਦੋਂ ਫ਼ਸਲ ਆਉਂਦੀ ਤਾਂ ਸ਼ਾਹੂਕਾਰ ਪ੍ਰਾਹੁਣਿਆਂ ਵਾਂਗ ਕਿਸਾਨਾਂ ਦੀ ਸੇਵਾ ਕਰਦੇ। ਮਸ਼ੀਨਰੀ ਕਿਸਾਨ ਦੀ ਬਾਂਹ ਬਣ ਗਈ ਤੇ ਖੇਤ ਮਣਾਂ ਮੂਹੀ ਫ਼ਸਲਾਂ ਦੇਣ ਲੱਗੇ। ਖਾਦਾਂ ਨੇ ਧਰਤੀ ਨੂੰ ਦੁੱਗਣੀ ਤਾਕਤ ਦੇ ਦਿੱਤੀ। ਇਸੇ ਤਾਕਤ ਨੇ ਕਿਸਾਨਾਂ ਦੀ ਤਕਦੀਰ ਬਦਲ ਦਿੱਤੀ। ਕੱਤੇ ਦੀ ਕਪਾਹ ਵਾਂਗ ਪਾਲੀ ਦੀ ਜ਼ਿੰਦਗੀ ਵੀ ਖਿੜ ਗਈ। ਜਦੋਂ ਪੈਦਾਵਾਰ ਨੂੰ ਬਰੇਕ ਲੱਗ ਗਈ ਤਾਂ ਪਾਲੀ ਸਹਿਮ ਗਈ। ਵਕਤ ਦਾ ਪੁੱਠਾ ਗੇੜਾ ਸ਼ੁਰੂ ਹੋਇਆ ਤਾਂ ਦੇਖਿਆ ਕਿ ਖੇਤ ਥੱਕੇ ਹੋਏ ਸਨ। ਅੰਮ੍ਰਿਤ ਵਰਗਾ ਪਾਣੀ ਵੀ ਬਕਬਕਾ ਹੋ ਗਿਆ ਸੀ।
ਪਾਲੀ ਫਿਰ ਜਾਂਦੀ ਕਿੱਥੇ, ਖੂਹਾਂ ਨੂੰ ਤਾਂ ਵੀ ਸੋਕਾ ਪੈ ਗਿਆ ਸੀ। ਪੰਜਾਬ ਵਿੱਚ ਕਾਲੇ ਦਿਨਾਂ ਦਾ ਦੌਰ ਸ਼ੁਰੂ ਹੋ ਗਿਆ। ਕਿਸੇ ਪਾਲੀ ਦਾ ਪਤੀ ਚਲਾ ਗਿਆ ਤੇ ਕਿਸੇ ਦਾ ਪੁੱਤ। ਫ਼ਸਲਾਂ ਨੇ ਬਾਂਹ ਛੱਡ ਦਿੱਤੀ ਤੇ ਇੱਧਰੋਂ ਨੇਤਾਵਾਂ ਨੇ। ਪਾਲੀ ਹਾਲੋਂ ਬੇਹਾਲ ਹੋ ਗਈ ਸੀ। ਜਿਨ੍ਹਾਂ ਖੇਤਾਂ ਦੀ ਵੱਟਾਂ 'ਤੋਂ ਉਹ ਭੱਤਾ ਲੈ ਕੇ ਜਾਂਦੀ ਸੀ, ਉਨ੍ਹਾਂ ਖੇਤਾਂ 'ਤੇ ਹੀ ਅਮਰੀਕਨ ਸੁੰਡੀ ਨੇ ਹੱਲਾ ਬੋਲ ਦਿੱਤਾ। ਪੂਰੇ ਦਸ ਵਰ੍ਹਿਆਂ ਵਿੱਚ ਇਸ ਸੁੰਡੀ ਨੇ ਪਾਲੀ ਦੇ ਘਰ ਨੂੰ ਕਰਜ਼ੇ ਵਿੱਚ ਬਿੰਨ ਦਿੱਤਾ। ਬੇਈਮਾਨੀ ਸ਼ੁਰੂ ਹੋ ਗਈ ਤੇ ਮਹਿੰਗੇ ਦਾਮ ਵਾਲੇ ਘਟੀਆ ਕੀਟਨਾਸ਼ਕ ਸੁੰਡੀ ਨਾ ਮਾਰ ਸਕੇ। ਦਮਾਮੇ ਮਾਰਨ ਵਾਲਾ ਕਿਸਾਨ ਆਖ਼ਰ ਖ਼ੁਦਕਸ਼ੀ ਦੇ ਰਾਹ ਪੈ ਗਿਆ। ਅੱਜ ਤਕ ਸਰਕਾਰ ਨੇ ਕਿਸੇ ਪਾਲੀ ਦੇ ਕਿਸਾਨ ਪਤੀ ਨੂੰ 'ਖੇਤਾਂ ਦੇ ਸ਼ਹੀਦ' ਨਹੀਂ ਮੰਨਿਆ। ਪਾਲੀ ਵਿਧਵਾ ਹੋ ਗਈ ਹੈ। ਕਦੇ ਸ਼ਾਹੂਕਾਰ ਉਸ ਨੂੰ ਧਮਕਾਉਂਦਾ ਹੈ ਅਤੇ ਕਦੇ ਬੈਂਕ ਦਾ ਨੋਟਿਸ ਆ ਜਾਂਦਾ ਹੈ।
ਕਿਸਾਨ ਨੇਤਾ ਨਾ ਆਉਂਦੇ ਤਾਂ ਉਸ ਦੇ ਖੇਤ ਵੀ ਸ਼ਾਹੂਕਾਰ ਦੇ ਮੁੰਡੇ ਦੇ ਨਾਂ ਲੱਗ ਜਾਣੇ ਸਨ। ਉਸ ਦੇ ਕਰਜ਼ੇ ਦੀ ਪੰਡ ਦੁੱਗਣੀ ਹੋ ਗਈ ਹੈ। ਸਰਕਾਰ ਆਖਦੀ ਹੈ ਕਿ ਉਸ ਨੂੰ ਦੋ ਲੱਖ ਦੀ ਮਾਲੀ ਇਮਦਾਦ ਦਿੱਤੀ ਜਾਵੇਗੀ ਪਰ ਕਦੋਂ ਮਿਲੇਗੀ- ਕੁਝ ਪਤਾ ਨਹੀਂ। ਹਾਲੇ ਤਾਂ ਇਨ੍ਹਾਂ ਪਾਲੀਆਂ ਦਾ ਸਰਵੇਖਣ ਹੀ ਕੀਤਾ ਗਿਆ ਹੈ ਜਿਨ੍ਹਾਂ ਦੇ ਪਤੀ ਖੇਤਾਂ ਵਿੱਚ ਹੀ ਮਰ-ਮੁੱਕ ਗਏ ਹਨ। ਪਾਲੀ ਦਾ ਬੇਰੁਜ਼ਗਾਰ ਮੁੰਡਾ ਡਿਗਰੀਆਂ ਚੁੱਕ ਕੇ ਕਦੇ ਕਿਸੇ ਟੈਂਕੀ 'ਤੇ ਚੜ੍ਹਦਾ ਹੈ ਤੇ ਕਦੇ ਕਿਸੇ ਮੁਜ਼ਾਹਰੇ ਵਿੱਚ ਬੈਠਦਾ ਹੈ। ਨੌਜਵਾਨ ਧੀ ਨੂੰ ਕੈਂਸਰ ਹੋ ਗਿਆ ਹੈ। ਹੁਣ ਪਾਲੀ ਧੀ ਦੇ ਇਲਾਜ ਲਈ ਸਰਕਾਰਾਂ ਦੀਆਂ ਲੇਲ੍ਹੜੀਆਂ ਕੱਢ ਰਹੀ ਹੈ। ਤਾਹੀਓਂ ਪਾਲੀ ਹੁਣ ਉਦਾਸ ਹੈ। ਪਾਲੀ ਤੇ ਪਾਣੀ ਦਾ ਆਪਸ ਵਿੱਚ ਇੱਕ ਰਿਸ਼ਤਾ ਰਿਹਾ ਹੈ। ਪਾਣੀ ਪਲੀਤ ਹੋ ਗਏ ਹਨ ਤੇ ਪਾਲੀ ਦਾ ਭਵਿੱਖ ਵੀ। ਪਾਣੀਆਂ ਵਿੱਚ ਯੂਰੇਨੀਅਮ ਤੇ ਹੋਰ ਪਤਾ ਨਹੀਂ ਕੀ-ਕੀ ਹੈ ਜਿਸ ਬਾਰੇ ਪਾਲੀ ਨੂੰ ਨਿੱਤ ਨਵਾਂ ਸੁਣਨ ਨੂੰ ਮਿਲਦਾ ਹੈ। ਸਰਕਾਰ ਨੇ ਪਿੰਡ ਪਿੰਡ ਆਰ. ਓ. ਪਲਾਂਟ ਲਗਾ ਦਿੱਤੇ ਹਨ। ਪਾਲੀ ਹੁਣ ਆਰ.ਓ. 'ਤੇ ਨਹੀਂ ਜਾਂਦੀ, ਉਸ ਦਾ ਰਿਸ਼ਤਾ ਤਾਂ ਖੂਹਾਂ ਨਾਲ ਸੀ। ਤਾਹੀਓਂ ਹੁਣ ਇਨ੍ਹਾਂ ਪਲਾਂਟਾਂ 'ਤੇ ਆਦਮੀਆਂ ਦਾ ਮੇਲਾ ਲੱਗਿਆ ਹੁੰਦਾ ਹੈ। ਪਿੰਡਾਂ ਵਿੱਚ ਸਾਉਣ ਮਹੀਨੇ ਲੱਗਦੀਆਂ ਤੀਆਂ ਨੂੰ ਵੀ ਆਪਣੀ ਹੋਂਦ ਦਾ ਖਤਰਾ ਖੜਾ ਹੋ ਗਿਆ ਹੈ। ਬਾਬਲ ਵੱਲੋਂ ਕਰਜ਼ਾ ਚੁੱਕ ਕੇ ਤੋਰੀ ਧੀ ਵੀ ਹੁਣ ਮਾਪਿਆਂ ਤੋਂ ਸੰਧਾਰੇ ਦੀ ਆਸ ਨਹੀਂ ਰੱਖਦੀ। ਮਾਂ ਨੂੰ ਸੁੱਖ-ਸਾਂਦ ਪੁੱਛਣ ਤੋਂ ਪਹਿਲਾਂ ਉਹ ਬੈਂਕ ਦੀ ਕਿਸ਼ਤ ਦੀ ਗੱਲ ਕਰਦੀ ਹੈ।
ਮਾਲਵੇ ਦੇ ਹਰ ਕਿਸਾਨ ਮਜ਼ਦੂਰ ਦੇ ਘਰ ਦੀ ਇਹੋ ਕਹਾਣੀ ਹੈ। ਵੱਡਾ ਕਾਰਨ ਪਾਣੀ ਹੈ ਜਿਸ ਨੇ ਜ਼ਿੰਦਗੀ ਨੂੰ ਢਾਹ ਲਾਈ ਹੈ। ਧਰਤੀ ਹੇਠਲੇ ਪਲੀਤ ਹੋਏ ਪਾਣੀ ਨੇ ਖੇਤਾਂ ਦੀ ਜਾਨ ਵੀ ਲੈ ਲਈ ਹੈ। ਤਾਹੀਓਂ ਅੱਜ ਸਬਜ਼ੀ ਵੀ ਜ਼ਹਿਰੀਲੀ ਹੈ ਅਤੇ ਫਲ ਵੀ। ਤਾਹੀਓਂ ਪਾਲੀ ਹੁਣ ਉਦਾਸ ਹੈ। ਪਾਲੀ ਵੋਟ ਪਾਉਣ ਵੀ ਗਈ ਹੈ ਤੇ ਸੰਗਤ ਦਰਸ਼ਨਾਂ ਵਿੱਚ ਵੀ ਗਈ ਹੈ। ਉਸ ਨੂੰ ਢਾਰਸ ਮਿਲਦੀ ਹੈ ਪਰ ਹੋਰ ਕੁਝ ਨਹੀਂ ਮਿਲਦਾ। ਉਹ ਸਰਕਾਰ ਤੋਂ ਆਪਣੇ ਦੁੱਖਾਂ ਦਾ ਹੱਲ ਪੁੱਛਦੀ ਹੈ। ਸਰਕਾਰ ਕੋਲ ਪਾਲੀ ਨੂੰ ਦੇਣ ਲਈ ਕੁਝ ਨਹੀਂ ਪਰ ਸ਼ਰਾਬ ਸਨਅਤਾਂ ਦੇ ਮਾਲਕਾਂ ਨੂੰ ਕਰੋੜਾਂ ਰੁਪਏ ਦੀ ਛੋਟ ਦੇਣ ਲਈ ਕੋਈ ਕਮੀ ਨਹੀਂ। ਪਾਲੀ ਜਦੋਂ ਆਪਣੇ ਅੱਧ ਕੱਚੇ-ਪੱਕੇ ਘਰ ਦੇ ਮੀਟਰ ਪੁੱਟੇ ਜਾਣ ਦੀ ਗੱਲ ਕਰਦੀ ਹੈ ਤਾਂ ਕੋਈ ਸੁਣਦਾ ਨਹੀਂ। ਪੰਜਾਬ ਵਿੱਚ ਪ੍ਰਾਈਵੇਟ ਕਲੋਨੀਆਂ ਦੇ ਮਾਲਕਾਂ ਨੂੰ ਕਰੋੜਾਂ ਰੁਪਏ ਦੀਆਂ ਛੋਟਾਂ ਦਿੱਤੀਆਂ ਗਈਆਂ ਹਨ ਪਰ ਪਾਲੀ ਦੇ ਭਾਗਾਂ ਵਿੱਚ ਇਹ ਨਹੀਂ ਹਨ। ਪਾਲੀ ਤਾਂ ਇਕੱਲੀ ਵੋਟ ਦਿੰਦੀ ਹੈ ਪਰ ਇਹ ਕਲੋਨੀਆਂ ਵਾਲੇ ਤਾਂ ਸਭ ਕੁਝ ਦਿੰਦੇ ਹਨ। ਚੋਣਾਂ ਵੇਲੇ ਚੰਦਾ ਵੀ ਅਤੇ ਕਬੱਡੀ ਕੱਪਾਂ ਲਈ ਲੱਖਾਂ ਰੁਪਏ ਦੇ ਚੈੱਕ ਵੀ। ਪਾਲੀ ਕੋਲ ਦੇਣ ਨੂੰ ਕੁਝ ਨਹੀਂ ਹੈ। ਤਾਹੀਓਂ ਪਾਲੀ ਉਦਾਸ ਹੈ। ਪਾਲੀ ਤਾਂ ਸਿਰਫ਼ ਬੁਢਾਪਾ ਪੈਨਸ਼ਨ ਲੈਣ ਜੋਗੀ ਰਹਿ ਗਈ ਹੈ। ਉਹ ਵੀ ਵਕਤ ਨਾਲ ਮਿਲਦੀ ਨਹੀਂ।
ਮਜ਼ਦੂਰਾਂ ਦੇ ਵਿਹੜੇ ਦੀ ਪਾਲੀ ਨੂੰ ਤਾਂ ਛੱਤ ਵੀ ਨਸੀਬ ਨਹੀਂ ਹੋਈ। ਪਸ਼ੂਆਂ ਦੇ ਵਾੜੇ ਵਿੱਚ ਰਹਿਣਾ ਉਸ ਦਾ ਸ਼ੌਕ ਨਹੀਂ। ਜਦੋਂ ਚੋਣਾਂ ਹੁੰਦੀਆਂ ਹਨ ਤਾਂ ਪਾਲੀ ਨੂੰ ਪੰਜ ਮਰਲੇ ਦਾ ਪਲਾਟ ਦੇਣ ਦੀ ਗੱਲ ਚੱਲਦੀ ਹੈ। ਚੋਣਾਂ ਮਗਰੋਂ ਪਾਲੀ ਉਡੀਕਦੀ ਰਹਿ ਜਾਂਦੀ ਹੈ ਅਤੇ ਸ਼ਹਿਰਾਂ ਵਿਚਲੇ ਮਹਿੰਗੇ ਪਲਾਟ ਸਰਕਾਰ ਸਿਆਸੀ ਧਿਰਾਂ ਨੂੰ ਦਫ਼ਤਰਾਂ ਵਾਸਤੇ ਕੱਟ ਦਿੰਦੀ ਹੈ। ਪਾਲੀ ਦੀ ਵਾਰੀ ਨਹੀਂ ਆਉਂਦੀ। ਇਸੇ ਗੱਲੋਂ ਪਾਲੀ ਉਦਾਸ ਹੈ।
ਪਾਲੀ ਨੇ ਸਭ ਕੁਝ ਦੇਖਿਆ ਹੈ। ਸੜਕਾਂ 'ਤੇ ਬੈਠ ਕੇ ਵੀ ਅਤੇ ਰੇਲ ਲਾਈਨਾਂ 'ਤੇ ਵੀ। ਉਹ ਤਾਂ ਆਪਣੇ ਪੁੱਤ-ਪੋਤਿਆਂ ਨੂੰ ਵੀ ਮੁਜ਼ਾਹਰਿਆਂ ਵਿੱਚ ਲੈ ਕੇ ਗਈ ਹੈ। ਬੈਠਿਆਂ ਦੀ ਕੋਈ ਨਹੀਂ ਸੁਣਦਾ, ਸ਼ਾਇਦ ਇਸੇ ਕਰਕੇ ਪਾਲੀ ਨੇ ਉੱਚੀ ਬਾਂਹ ਕਰ-ਕਰ ਕੇ ਨਾਅਰੇ ਮਾਰੇ ਹਨ। ਭੁੱਲਿਆ ਤਾਂ ਪੁੱਤ-ਪੋਤਿਆਂ ਤੋਂ ਵੀ ਕੁਝ ਨਹੀਂ। ਉਨ੍ਹਾਂ ਆਪਣੀ ਮਾਂ ਨੂੰ ਪੂਰੀ ਉਮਰ ਕਿਰਤ ਕਰਦੇ ਹੀ ਦੇਖਿਆ ਹੈ। ਹੁਣ ਕਿਰਤ ਕਰਦੀ-ਕਰਦੀ ਪਾਲੀ ਬੁੱਢੀ ਹੋ ਗਈ ਹੈ। ਉਹ ਹੁਣ ਆਪਣੀ ਸੁੱਖ ਨਹੀਂ ਮੰਗਦੀ, ਆਪਣੇ ਪੋਤਿਆਂ ਦੇ ਭਵਿੱਖ ਦੀ ਕਾਮਨਾ ਕਰਦੀ ਹੈ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਖਾਤਰ ਟੈਂਕੀਆਂ 'ਤੇ ਨਾ ਚੜ੍ਹਨਾ ਪਵੇ ਜਾਂ ਫਿਰ ਖ਼ੁਦਕਸ਼ੀ ਦੇ ਰਾਹ ਨਾ ਪੈਣਾ ਪਵੇ। ਗੁਰਪਾਲ ਸਿੰਘ ਪਾਲ ਸੰਨ 1959 ਤੋਂ 'ਪਾਲੀ ਪਾਣੀ ਖੂਹ ਤੋਂ ਭਰੇ' ਗਾਉਂਦਾ ਆ ਰਿਹਾ ਹੈ। ਉਹ ਗੀਤ ਵਿੱਚ ਪਾਲੀ ਦੀ ਤਾਰੀਫ਼ ਕਰਦਾ ਹੈ ਜੋ ਖੂਹ ਤੋਂ ਪਾਣੀ ਭਰਨ ਆਉਂਦੀ ਹੈ। 78 ਸਾਲ ਨੂੰ ਪੁੱਜੇ ਗੁਰਪਾਲ ਸਿੰਘ ਪਾਲ ਦਾ ਉਸੇ ਕਲਪਿਤ ਪਾਲੀ ਨੂੰ ਦੇਖ ਕੇ ਹੁਣ ਗੱਚ ਭਰ ਆਉਂਦਾ ਹੈ। ਇਸ ਗੀਤ ਦਾ ਰਚੇਤਾ ਗੁਰਦੀਪ ਘੋਲੀਆ ਜੇ ਅੱਜ ਜਿਉਂਦਾ ਹੁੰਦਾ ਤਾਂ ਉਸ ਨੂੰ ਇਹ ਲਿਖਣਾ ਪੈਂਦਾ- 'ਪਾਲੀ ਹੁਣ ਪਾਣੀ ਤੋਂ ਡਰੇ'।

No comments:
Post a Comment