Tuesday, January 16, 2018

                                                          ਨਹੀਂ ਲੈਣੀ ਕੈਮਰੀ..
                                        ਕੈਪਟਨ ਦੇ ਵਜ਼ੀਰਾਂ ਦੇ ਸ਼ੌਕ ਨਵਾਬੀ !
                                                            ਚਰਨਜੀਤ ਭੁੱਲਰ
ਬਠਿੰਡਾ : ਪੰਜਾਬ ਦੇ ਵਜ਼ੀਰ ‘ਫਾਰਚੂਨਰ’ ਦੇ ਸ਼ੌਕੀਨ ਹਨ ਜਿਨ੍ਹਾਂ ਨੇ ਸਰਕਾਰੀ ‘ਕੈਮਰੀ’ ਲੈਣ ਤੋਂ ਪਾਸਾ ਵੱਟ ਲਿਆ ਹੈ। ਉਂਜ, ਸਿਆਸੀ ਰਾਹ ਭਾਵੇਂ ਵੱਖੋ ਵੱਖਰੇ ਹਨ ਪ੍ਰੰਤੂ ‘ਫਾਰਚੂਨਰ’ ਦਾ ਸ਼ੌਕ ਅਕਾਲੀਆਂ ਤੇ ਕਾਂਗਰਸ ਲੀਡਰਾਂ ਦਾ ਇੱਕੋ ਜੇਹਾ ਹੈ। ਪੰਜਾਬ ’ਚ ਇਸ ਵੇਲੇ ਇਕਲੌਤੇ ਵਜ਼ੀਰ ਸਾਧੂ ਸਿੰਘ ਧਰਮਸੋਤ ਹਨ ਜੋ ਸਰਕਾਰੀ ‘ਕੈਮਰੀ’ ਗੱਡੀ ਵਰਤ ਰਹੇ ਹਨ। ਬਾਕੀ ਸੱਤ ਮੰਤਰੀ ਇਸ ਮੌਕੇ ਪ੍ਰਾਈਵੇਟ ਗੱਡੀਆਂ ਵਰਤ ਰਹੇ ਹਨ। ਵਜ਼ੀਰ ਨਵਜੋਤ ਸਿੱਧੂ ਇਸ ਵੇਲੇ ਲੈਂਡ ਕਰੂਜਰ (ਡੀਐਲ 8 ਸੀਬੀਐਲ 0001) ਵਰਤਦੇ ਹਨ ਜਦੋਂ ਕਿ ਗਠਜੋੜ ਵਜ਼ਾਰਤ ਸਮੇਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਲੈਂਡ ਕਰੂਜਰ ਖ਼ਰੀਦੀਆਂ ਸਨ। ਕਿਸੇ ਵੇਲੇ ਅੰਬੈਸਡਰ ਗੱਡੀ ਵਜ਼ੀਰਾਂ ਦੀ ਪਹਿਲੀ ਪਸੰਦ ਹੁੰਦੀ ਸੀ। ਮੰਤਰੀ ਮਾਮਲੇ ਸ਼ਾਖਾ ਤੋਂ ਆਰਟੀਆਈ ’ਚ ਪ੍ਰਾਪਤ ਵੇਰਵਿਆਂ ਅਨੁਸਾਰ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ,ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰਾਈਵੇਟ ‘ਫਾਰਚੂਨਰ’ ਗੱਡੀ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਨ੍ਹਾਂ ਦਾ ਤੇਲ ਤੇ ਮੁਰੰਮਤ ਖਰਚਾ ਸਰਕਾਰ ਦਿੰਦੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪ੍ਰਾਈਵੇਟ ‘ਫਾਰਚੂਨਰ’ ਵਰਤ ਰਹੇ ਹਨ ਪ੍ਰੰਤੂ ਉਹ ਫਿਲਹਾਲ ਤੇਲ ਖਰਚਾ ਵਗੈਰਾ ਨਹੀਂ ਲੈ ਰਹੇ ਹਨ। ਜਦੋਂ ਉਹ ਪਹਿਲੀ ਦਫ਼ਾ ਮੰਤਰੀ ਬਣੇ ਸਨ ਤਾਂ ਉਦੋਂ ਉਨ੍ਹਾਂ ਨੂੰ ਕੈਮਰੀ ਗੱਡੀ ਦਿੱਤੀ ਗਈ ਸੀ ਜੋ ਉਨ੍ਹਾਂ ਨੇ 18 ਜੁਲਾਈ 2007 ਨੂੰ ਵਾਪਸ ਕਰ ਦਿੱਤੀ ਸੀ।
                ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸਿੱਖਿਆ ਮੰਤਰੀ ਅਰੁਨਾ ਚੌਧਰੀ ਵਲੋਂ ਪ੍ਰਾਈਵੇਟ ‘ਇਨੋਵਾ’ ਗੱਡੀ ਵਰਤੀ ਜਾ ਰਹੀ ਹੈ। ਸਰਕਾਰੀ ਗੱਡੀ ਵਰਤ ਰਹੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਸਰਕਾਰੀ ਗੱਡੀ ਚੰਗੀ ਹਾਲਤ ਵਿਚ ਚੱਲ ਰਹੀ ਹੈ ਅਤੇ ਕੋਈ ਦਿੱਕਤ ਨਹੀਂ ਹੈ, ਉਹ ਕਿਉਂ ਪ੍ਰਾਈਵੇਟ ਗੱਡੀ ਵਰਤਣ। ਵੇਰਵਿਆਂ ਅਨੁਸਾਰ ਸਭ ਤੋਂ ਪਹਿਲਾਂ ਵਜ਼ੀਰ ਬ੍ਰਹਮ ਮਹਿੰਦਰਾ ਨੇ 7 ਅਪਰੈਲ 2017 ਤੋਂ ਪ੍ਰਾਈਵੇਟ ਗੱਡੀ ਵਰਤਣੀ ਸ਼ੁਰੂ ਕੀਤੀ ਜਦੋਂ ਕਿਸ ਸਭ ਤੋਂ ਮਗਰੋਂ ਮੰਤਰੀ ਚਰਨਜੀਤ ਚੰਨੀ ਨੇ 10 ਅਕਤੂਬਰ 2017 ਤੋਂ ਪ੍ਰਾਈਵੇਟ ਗੱਡੀ ਤੇ ਸਫਰ ਸ਼ੁਰੂ ਕੀਤਾ। ਪੰਜਾਬ ਸਰਕਾਰ ਵਲੋਂ 20 ਅਪਰੈਲ 2016 ਨੂੰ ਪ੍ਰਾਈਵੇਟ ਗੱਡੀ ਦਾ ਪ੍ਰਤੀ ਕਿਲੋਮੀਟਰ 15 ਰੁਪਏ ਦਿੱਤਾ ਹੈ ਜੋ ਪਹਿਲਾਂ ਪ੍ਰਤੀ ਕਿਲੋਮੀਟਰ 18 ਰੁਪਏ ਦਿੱਤਾ ਜਾਂਦਾ ਸੀ। ਇਸ ਤੋਂ ਇਲਾਵਾ 10 ਹਜ਼ਾਰ ਰੁਪਏ ਡਰਾਇਵਰ ਦੀ ਤਨਖਾਹ ਸਮੇਤ ਮੁਰੰਮਤ ਆਦਿ ਦੇ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਕਈ ਵਜ਼ੀਰਾਂ ਦਾ ਤਰਕ ਹੈ ਕਿ ਪੁਰਾਣੀਆਂ ਗੱਡੀਆਂ ਦੀ ਹਾਲਤ ਚੰਗੀ ਨਹੀਂ ਹੈ ਜਿਸ ਕਰਕੇ ਉਹ ਪ੍ਰਾਈਵੇਟ ਵਾਹਨ ਵਰਤ ਰਹੇ ਹਨ। ਪਿਛਲੀ ਗਠਜੋੜ ਵਜ਼ਾਰਤ ਸਮੇਂ ਵੀ ਪੰਜ ਵਜ਼ੀਰ ਅਤੇ 11 ਮੁੱਖ ਸੰਸਦੀ ਸਕੱਤਰ ਪ੍ਰਾਈਵੇਟ ਗੱਡੀਆਂ ਵਰਤਦੇ ਰਹੇ ਹਨ।
                  ਉਦੋਂ ਦੇ ਵਜ਼ੀਰ ਸਿਕੰਦਰ ਸਿੰਘ ਮਲੂਕਾ,ਸੁਰਜੀਤ ਸਿੰਘ ਰੱਖੜਾ,ਗੁਲਜ਼ਾਰ ਸਿੰਘ ਰਣੀਕੇ ਅਤੇ ਸੋਹਣ ਸਿੰਘ ਠੰਡਲ ਪ੍ਰਾਈਵੇਟ ‘ਫਾਰਚੂਨਰ’ ਵਰਤਦੇ ਰਹੇ ਹਨ ਜਦੋਂ ਕਿ ਵਜ਼ੀਰ ਜਨਮੇਜਾ ਸਿੰਘ ਸੇਖੋਂ ਬੀ.ਐਮ.ਡਬਲਿਊ/ਵੋਲਵੋ ਕਾਰ ਵਰਤਦੇ ਰਹੇ ਹਨ। ਤਤਕਾਲੀ ਮੁੱਖ ਸੰਸਦੀ ਸਕੱਤਰ ਹਰਮੀਤ ਸੰਧੂ ਤੇ ਮਨਤਾਰ ਬਰਾੜ ਕੋਲ ਵੀ ਪ੍ਰਾਈਵੇਟ ‘ਫਾਰਚੂਨਰ’ ਗੱਡੀ ਰਹੀ ਹੈ। ਜਦੋਂ ਪੰਜਾਬ ’ਚ ਸਾਲ 2002-2007 ਦੌਰਾਨ ਕਾਂਗਰਸ ਸਰਕਾਰ ਸੀ ਤਾਂ ਉਦੋਂ ਸਰਕਾਰ ਨੇ ਪੰਜ ਵਰ੍ਹਿਆਂ ਵਿਚ ਕੁੱਲ 266 ਗੱਡੀਆਂ ਖਰੀਦ ਕੀਤੀਆਂ ਸਨ ਜਿਨ੍ਹਾਂ ’ਤੇ 13.70 ਕਰੋੜ ਖਰਚੇ ਸਨ। ਵਜ਼ੀਰਾਂ ਲਈ 18 ਕੈਮਰੀ ਗੱਡੀਆਂ ਤੇ 2.83 ਕਰੋੜ ਖਰਚ ਕੀਤੇ ਗਏ ਸਨ। ਉਸ ਮਗਰੋਂ ਜਦੋਂ ਅਕਾਲੀ ਵਜ਼ਾਰਤ (2007-12) ਸੀ ਤਾਂ ਉਸ ਦੌਰਾਨ ਕੁੱਲ 120 ਗੱਡੀਆਂ ਤੇ 9.69 ਕਰੋੜ ਖਰਚੇ ਗਏ ਸਨ। ਗਠਜੋੜ ਸਰਕਾਰ ਨੇ 21 ਕੈਮਰੀ ਗੱਡੀਆਂ ਦੀ ਖਰੀਦ ਕੀਤੀ ਸੀ।




No comments:

Post a Comment