Thursday, July 30, 2020

                      ਮਾਵਾਂ ਵੀ ਬਣ ਗਈਆਂ
    ਮੁੱਖ ਮੰਤਰੀ ਕਦੋਂ ਦੇਣਗੇ ‘ਆਸ਼ੀਰਵਾਦ’
                           ਚਰਨਜੀਤ ਭੁੱਲਰ
ਚੰਡੀਗੜ੍ਹ : ਪੰਜਾਬ ਸਰਕਾਰ ਤੋਂ ਪਿੰਡ ਢੋਲਣਵਾਲ ਦੀ ਬਲਜੀਤ ਕੌਰ ਨੂੰ ਸਰਕਾਰੀ ‘ਆਸ਼ੀਰਵਾਦ’ ਨਹੀਂ ਮਿਲਿਆ ਜਦੋਂ ਕਿ ਉਹ ਮਾਂ ਵੀ ਬਣ ਚੁੱਕੀ ਹੈ। ਲੁਧਿਆਣਾ ਦੇ ਇਸ ਪਿੰਡ ਦੀ ਬਲਜੀਤ ਕੌਰ ਦੀ ਬੱਚੀ ਵੀ ਚਾਰ ਮਹੀਨੇ ਦੀ ਹੋ ਗਈ ਹੈ। ਪਰਿਵਾਰ ਨੂੰ ਸਰਕਾਰੀ ਆਸ਼ੀਰਵਾਦ ਦੀ 21 ਹਜ਼ਾਰ ਰੁਪਏ ਦੀ ਰਾਸ਼ੀ ਦੀ ਉਡੀਕ ਬਣੀ ਹੋਈ ਹੈ। ਵਿਧਵਾ ਮਾਂ ਕਸ਼ਮੀਰ ਕੌਰ ਨੇ ਕਰਜ਼ਾ ਚੁੱਕ ਕੇ ਆਪਣੀ ਧੀ ਬਲਜੀਤ ਕੌਰ ਦਾ ਵਿਆਹ 12 ਮਈ 2019 ਨੂੰ ਕੀਤਾ ਸੀ। ਕਸ਼ਮੀਰ ਕੌਰ ਆਖਦੀ ਹੈ ਕਿ ਸਰਕਾਰੀ ਸ਼ਗਨ ਦੀ ਝਾਕ ਵਿਚ ਕਰਜ਼ ਚੁੱਕ ਲਿਆ। ਸਰਕਾਰੀ ਰਾਸ਼ੀ ਮਿਲੀ ਨਹੀਂ, ਕਰਜ਼ੇ ਦਾ ਵਿਆਜ ਪੈ ਰਿਹਾ ਹੈ। ਉਹ ਆਪਣੇ ਲੜਕੇ ਦੇ ਨਸ਼ਿਆਂ ਦੇ ਰਾਹ ਪੈਣ ਦਾ ਰੌਣਾ ਵੀ ਰੋ ਰਹੀ ਸੀ। ਲੁਧਿਆਣਾ ਦੇ ਦੀਪ ਨਗਰ ਦੇ ਮਜ਼ਦੂਰ ਨਿਰਮਲ ਕੁਮਾਰ ਨਾਲ ਜੱਗੋਂ ਤੇਰ੍ਹਵੀਂ ਹੋਈ ਹੈ। ਕਰੋਨਾ ਕਰਕੇ ਉਸ ਨੂੰ ਮਜ਼ਦੂਰੀ ਨਹੀਂ ਮਿਲ ਰਹੀ। ਉਸ ਨੇ ਆਪਣੀ ਬੇਟੀ ਰੁਬੀਨਾ ਦਾ ਵਿਆਹ ਕਰਜ਼ ਚੁੱਕ ਕੇ ਕੀਤਾ। ਨਿਰਮਲ ਕੁਮਾਰ ਦੱਸਦਾ ਹੈ ਕਿ 27 ਅਪਰੈਲ 2019 ਨੂੰ ਸ਼ਾਦੀ ਕੀਤੀ ਸੀ ਤੇ ਸਰਕਾਰ ਨੇ ਅੱਜ ਤੱਕ ਆਸ਼ੀਰਵਾਦ ਸਕੀਮ ਦੀ ਰਾਸ਼ੀ ਨਹੀਂ ਦਿੱਤੀ।ਨਿਰਮਲ ਕੁਮਾਰ ਆਖਦਾ ਹੈ ਕਿ ਉਸ ਦਾ ਮਜ਼ਦੂਰ ਬਾਪ ਵੀ ਹੁਣ ਬਿਮਾਰ ਪੈ ਗਿਆ ਹੈ। ਦਫ਼ਤਰਾਂ ਦੇ ਗੇੜੇ ਮਾਰ ਕੇ ਵੀ ਥੱਕ ਚੁੱਕਾ ਹਾਂ। ਜ਼ਿਲ੍ਹਾ ਭਲਾਈ ਅਫਸਰ ਲੁਧਿਆਣਾ ਰਜਿੰਦਰ ਕੁਮਾਰ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕੇਸ ਪ੍ਰਵਾਨਗੀ ਲਈ ਭੇਜੇ ਹੋਏ ਹਨ ਅਤੇ ਜੂਨ 2019 ਤੋਂ ਪੈਸਾ ਨਹੀਂ ਆਇਆ ਹੈ।
               ਜਾਣਕਾਰੀ ਅਨੁਸਾਰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੁਹਾੜਕਾ ਦਾ ਕਾਮਾ ਗੁਲਜ਼ਾਰ ਸਿੰਘ ਵੀ ਇਸ ਗੱਲੋਂ ਪ੍ਰੇਸ਼ਾਨ ਹੈ। ਇਸ ਮਜ਼ਦੂਰ ਦੀ ਬੇਟੀ ਕੋਮਲਪ੍ਰੀਤ ਕੌਰ ਕੋਲ ਤਿੰਨ ਮਹੀਨੇ ਦੀ ਬੱਚੀ ਹੈ ਜਿਸ ਨੂੰ ਸਰਕਾਰੀ ਸ਼ਗਨ ਹਾਲੇ ਤੱਕ ਨਹੀਂ ਮਿਲਿਆ।ਗੁਲਜ਼ਾਰ ਸਿੰਘ ਨੇ ਦੱਸਿਆ ਕਿ ਉਸ ਨੇ ਤਾਂ ਸਰਕਾਰੀ ਰਾਸ਼ੀ ਦੀ ਝਾਕ ਵਿਚ ਬੇਟੀ ਨੂੰ ਦਾਜ ਵਗੈਰਾ ਦਾ ਸਮਾਨ ਵੀ ਨਹੀਂ ਦਿੱਤਾ ਹੈ। ਇਸੇ ਤਰ੍ਹਾਂ ਤਰਨਤਾਰਨ ਦੇ ਪਿੰਡ ਬਾਗੜੀਆ ਦਾ ਰਿਕਸ਼ਾ ਚਾਲਕ ਹਰਬੰਸ ਸਿੰਘ ਦੀ ਬੇਟੀ ਪ੍ਰਵੀਨ ਕੌਰ ਦੀ ਸ਼ਾਦੀ ਨੂੰ 13 ਮਹੀਨੇ ਬੀਤ ਚੱਲੇ ਹਨ ਲੇਕਿਨ ਉਸ ਨੂੰ ਸਰਕਾਰੀ ‘ਆਸ਼ੀਰਵਾਦ’ ਨਹੀਂ ਮਿਲਿਆ। ਜ਼ਿਲ੍ਹਾ ਭਲਾਈ ਅਫਸਰ ਤਰਨਤਾਰਨ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਰੀਬ 1300 ਕੇਸ ਹਾਲੇ ਬਕਾਇਆ ਪਏ ਹਨ। ਬਰਨਾਲਾ ਜ਼ਿਲ੍ਹੇ ਦੇ ਪਿੰਡ ਨੈਣੇਵਾਲ ਦੀ ਰਜਿੰਦਰ ਕੌਰ ਦਾ ਵਿਆਹ 2 ਜੂਨ 2019 ਨੂੰ ਹੋਇਆ ਸੀ ਪ੍ਰੰਤੂ ਉਸ ਨੂੰ ਸਰਕਾਰੀ ਸ਼ਗਨ ਨਹੀਂ ਮਿਲਿਆ। ਭਰਾ ਤਰਸਪਾਲ ਸਿੰਘ ਨੇ ਦੱਸਿਆ ਕਿ ਵਿਆਹ ਵਾਸਤੇ 70 ਹਜ਼ਾਰ ਰੁਪਏ ਕਰਜ਼ਾ ਚੁੱਕਿਆ ਸੀ ਜਿਸ ਦਾ ਹੁਣ ਵਿਆਹ ਪੈ ਗਿਆ ਹੈ। ਉਸ ਦੀ ਮਾਂ ਲਖਵੀਰ ਕੌਰ ਕੈਂਸਰ ਦੀ ਮਰੀਜ਼ ਹੈ ਅਤੇ ਕਿਧਰੋਂ ਵੀ ਇਸ ਪਰਿਵਾਰ ਨੂੰ ਢਾਰਸ ਨਹੀਂ ਮਿਲ ਰਹੀ ਹੈ।
               ਪੰਜਾਬ ਖੇਤ ਮਜ਼ਦੂਰ ਯੂਨੀਅਨ ਮੁਕਤਸਰ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਜ਼ਿਲ੍ਹੇ ਦੇ ਸੈਂਕੜੇ ਕੇਸ ਬਕਾਇਆ ਖੜ੍ਹੇ ਹਨ ਜਿਨ੍ਹਾਂ ਬਾਰੇ ਉਹ ਭਲਕੇ ਜ਼ਿਲ੍ਹਾ ਭਲਾਈ ਅਫਸਰ ਨੂੰ ਮਿਲ ਰਹੇ ਹਨ। ਪਿੰਡ ਖੁੰਡੇ ਹਲਾਲ ਦੀ ਰਮਨਦੀਪ ਕੌਰ ਦੇ ਘਰ ਇੱਕ ਦੋ ਹਫਤੇ ਵਿਚ ਖ਼ੁਸ਼ਖ਼ਬਰੀ ਆਉਣ ਵਾਲੀ ਹੈ ਪ੍ਰੰਤੂ ਇਸ ਧੀ ਨੂੰ ਸਰਕਾਰੀ ਸ਼ਗਨ ਨਹੀਂ ਮਿਲਿਆ।ਜ਼ਿਲ੍ਹਾ ਮਾਨਸਾ ਦੇ 2019-20 ਦੇ ਕਰੀਬ 2033 ਕੇਸ ਪੈਂਡਿੰਗ ਪਏ ਹਨ ਜਿਨ੍ਹਾਂ ਵਾਸਤੇ 4.26 ਕਰੋੜ ਦੀ ਲੋੜ ਹੈ। ਇਸੇ ਤਰ੍ਹਾਂ ਜ਼ਿਲ੍ਹਾ ਨਵਾਂ ਸ਼ਹਿਰ ਵਿਚ ਕਰੀਬ 372 ਕੇਸ ਪੈਂਡਿੰਗ ਪਏ ਹਨ ਜਿਨ੍ਹਾਂ ਨੂੰ ਸਰਕਾਰੀ ਆਸ਼ੀਰਵਾਦ ਨਹੀਂ ਮਿਲਿਆ ਹੈ। ਜ਼ਿਲ੍ਹਾ ਮੁਕਤਸਰ ਵਿਚ ਕਰੀਬ 1300 ਕੇਸ ਬਕਾਇਆ ਪਏ ਹਨ। ਮੋਟੇ ਅੰਦਾਜ਼ੇ ਅਨੁਸਾਰ ਪੰਜਾਬ ਵਿਚ ਕਰੀਬ 20 ਹਜ਼ਾਰ ਲਾਭਪਾਤਰੀਆਂ ਨੂੰ ਸਰਕਾਰੀ ਸਕੀਮ ਦੀ ਰਾਸ਼ੀ ਹਾਲੇ ਤੱਕ ਨਹੀਂ ਮਿਲੀ ਹੈ। ਕਰੀਬ 700 ਪਰਿਵਾਰਾਂ ਵਿਚ ਤਾਂ ਲੜਕੀਆਂ ਦੀ ਗੋਦ ਬੱਚੇ ਵੀ ਖੇਡਣ ਲੱਗ ਪਏ ਹਨ। ਮਾਰਚ ਮਹੀਨੇ ਤੋਂ ਕਰੋਨਾ ਕਰਕੇ ਇਨ੍ਹਾਂ ਦਰਖਾਸਤਾਂ ਵਿਚ ਕਮੀ ਆ ਗਈ ਹੈ।
                             ਸ਼ਗਨ ’ਚ ਤਿੰਨ ਵਾਰ ਵਾਧਾ
ਪੰਜਾਬ ਸਰਕਾਰ ਨੇ ਜੁਲਾਈ 2017 ਵਿਚ ਆਸ਼ੀਰਵਾਦ ਸਕੀਮ ਤਹਿਤ ਰਾਸ਼ੀ 15 ਹਜ਼ਾਰ ਤੋਂ ਵਧਾ ਕੇ 21 ਹਜ਼ਾਰ ਕਰ ਦਿੱਤੀ ਸੀ ਜਦੋਂ ਕਿ ਵਾਅਦਾ 51 ਹਜ਼ਾਰ ਦਾ ਕੀਤਾ ਗਿਆ ਸੀ। ਸਭ ਤੋਂ ਪਹਿਲਾਂ ਇਹ ਸਕੀਮ 1 ਅਪਰੈਲ 1997 ਵਿਚ ਸ਼ੁਰੂ ਹੋਈ ਸੀ ਜਿਸ ’ਚ 5100 ਰੁਪਏ ਰਾਸ਼ੀ ਦਿੱਤੀ ਜਾਂਦੀ ਸੀ। ਜਨਵਰੀ 2004 ਵਿਚ ਇਹ ਰਾਸ਼ੀ 6100 ਰੁਪਏ ਕੀਤੀ ਗਈ ਅਤੇ 1 ਅਪਰੈਲ 2006 ਤੋਂ ਰਾਸ਼ੀ ਵਧਾ ਕੇ 15 ਹਜ਼ਾਰ ਕਰ ਦਿੱਤੀ ਗਈ ਸੀ। ਐਸ.ਐਸ ਅਤੇ ਬੀ.ਸੀ ਪਰਿਵਾਰਾਂ ਦੀਆਂ ਬੱਚੀਆਂ ਨੂੰ ਇਹ ਰਾਸ਼ੀ ਵਿਆਹ ਉਪਰੰਤ ਦਿੱਤੀ ਜਾਂਦੀ ਹੈ। 
                ਕਰੋਨਾ ਕਰਕੇ ਥੋੜੀ ਦੇਰੀ ਹੋਈ ਹੈ : ਧਰਮਸੋਤ
ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਆਖਦੇ ਹਨ ਕਿ ਮਹਿਕਮੇ ਤਰਫੋਂ ਹਰ ਤਿੰਨ ਮਹੀਨੇ ਮਗਰੋਂ ਸਰਕਾਰੀ ਰਾਸ਼ੀ ਭੇਜ ਦਿੱਤੀ ਜਾਂਦੀ ਹੈ ਪ੍ਰੰਤੂ ਹੁਣ ਕਰੋਨਾ ਕਰਕੇ ਥੋੜੀ ਦੇਰੀ ਹੋਈ ਹੈ। ਉਹ ਫਰਵਰੀ 2020 ਤੱਕ ਰਾਸ਼ੀ ਭੇਜ ਚੁੱਕੇ ਹਨ। ਕਈ ਕੇਸ ਤਕਨੀਕੀ ਅੜੱਚਨਾਂ ਕਰਕੇ ਫਸ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤਰਫ਼ੋਂ ਹਰ ਹੀਲੇ ਇਸ ਸਕੀਮ ਦੀ ਰਾਸ਼ੀ 51 ਹਜ਼ਾਰ ਕੀਤੀ ਜਾਵੇਗੀ।
         

No comments:

Post a Comment