Wednesday, September 23, 2020

       ਕਿਸਾਨ ਲਹਿਰ   
   ਜਦੋਂ ਪਿੰਡ ਜਾਗ ਪੈਣ..!
        ਚਰਨਜੀਤ ਭੁੱਲਰ
ਚੰਡੀਗੜ੍ਹ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ 'ਚ ਨੌਜਵਾਨਾਂ ਵੱਲੋਂ 'ਕਿਸਾਨ ਵਿੰਗ' ਬਣਾਉਣਾ ਨਵੀਂ ਸਵੇਰ ਦਾ ਸੁਨੇਹਾ ਹੈ। ਬਨੇਰਿਆਂ 'ਤੇ ਲਹਿਰਾ ਰਹੇ ਝੰਡੇ ਪਿੰਡਾਂ ਦੇ ਖੌਲ ਰਹੇ ਖੂਨ ਦਾ ਪ੍ਰਤੀਕ ਹਨ। ਕਿਸਾਨ ਧਿਰਾਂ ਕੋਲ ਬੈਜਾਂ ਦੀ ਮੰਗ ਪੂਰੀ ਨਾ ਹੋਣਾ ਕਿਸਾਨੀ ਰੋਹ ਦੀ ਡੂੰਘਾਈ ਦਾ ਪ੍ਰਮਾਣ ਹੈ। ਨਵੇਂ ਖੇਤੀ ਬਿੱਲਾਂ ਨੇ ਪਿੰਡਾਂ ਨੂੰ ਸੰਘਰਸ਼ੀ ਮੋੜਾ ਦੇ ਦਿੱਤਾ ਹੈ। ਅੰਮ੍ਰਿਤਸਰ ਦੇ ਪਿੰਡ ਚੱਬਾ 'ਚ ਦਿਨ ਰਾਤ ਕਿਸਾਨੀ ਲਹਿਰ ਦੇ ਝੰਡੇ ਬਣ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦਾ ਪੂਰਾ ਪਰਿਵਾਰ 15 ਦਿਨਾਂ ਤੋਂ ਕਿਸਾਨੀ ਝੰਡੇ ਬਣਾਉਣ ਵਿਚ ਜੁਟਿਆ ਹੋਇਆ ਹੈ। ਕਿਸਾਨ ਆਗੂ ਚੱਬਾ ਦੱਸਦਾ ਹੈ ਕਿ ਪਿੰਡਾਂ 'ਚ ਝੰਡਿਆਂ ਦੀ ਮੰਗ ਤੇਜੀ ਨਾਲ ਵਧੀ ਹੈ, ਜਿਸ ਕਰਕੇ ਚਾਰ ਔਰਤਾਂ ਦਿਨ-ਰਾਤ ਝੰਡੇ ਬਣਾ ਰਹੀਆਂ ਹਨ। ਇੱਕ ਹਜ਼ਾਰ ਬੈਜ ਹੁਣ ਆਰਡਰ ਕੀਤਾ ਹੈ। ਦੋਆਬੇ ਤੇ ਮਾਝੇ ਦੇ 200 ਪਿੰਡਾਂ ਵਿਚ ਨਵੀਆਂ ਆਪ ਮੁਹਾਰੇ ਕਿਸਾਨ ਇਕਾਈਆਂ ਬਣ ਗਈਆਂ ਹਨ, ਜਿਸ 'ਚ ਵੱਡੀ ਗਿਣਤੀ ਨੌਜਵਾਨਾਂ ਦੀ ਹੈ।
           ਮੁਕਤਸਰ ਦੇ ਪਿੰਡ ਦੋਦਾ ਦਾ ਨੌਜਵਾਨ ਕਿਸਾਨ ਜਗਮੀਤ ਸਿੰਘ ਆਖਦਾ ਹੈ ਕਿ ਖੇਤੀ ਬਿੱਲਾਂ ਨੇ ਤਾਂ ਸੁੱਤੀ ਕਿਸਾਨੀ ਜਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤਾਂ ਆੜ੍ਹਤੀਏ ਵੀ ਆਖਣ ਲੱਗੇ ਹਨ ਕਿ ਕਿਸਾਨ ਧਿਰਾਂ ਬਿਨਾਂ ਗੁਜ਼ਾਰਾ ਨਹੀਂ। ਵੇਰਵਿਆਂ ਅਨੁਸਾਰ ਸੰਗਰੂਰ ਤੇ ਬਰਨਾਲਾ ਜ਼ਿਲ੍ਹੇ ਦੇ ਪਿੰਡੋਂ ਪਿੰਡ ਨਾਅਰੇ ਗੂੰਜਣ ਲੱਗੇ ਹਨ। ਬਰਨਾਲਾ ਦੇ ਪਿੰਡ ਉਪਲੀ ਦੇ ਕਿਸਾਨ ਰਸਵੀਰ ਸਿੰਘ ਦਾ ਕਹਿਣਾ ਸੀ ਕਿ ਕਿਸਾਨੀ ਤਾਂ ਇੱਕਦਮ 'ਕਰੋ ਜਾਂ ਮਰੋ' ਦੇ ਰੌਂਅ ਵਿਚ ਆ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੀਨੀਅਰ ਆਗੂ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਖੇਤੀ ਬਿੱਲਾਂ  ਮਗਰੋਂ  ਕਿਸਾਨੀ ਸੰਘਰਸ਼ ਦੌਰਾਨ ਉਹ 24 ਹਜ਼ਾਰ ਝੰਡੇ ਅਤੇ 48 ਹਜ਼ਾਰ ਜੇਬੀ ਬੈਜ ਵੰਡ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਮੰਗ ਵਧ ਰਹੀ ਹੈ, ਜਿਸ ਕਰਕੇ ਉਨ੍ਹਾਂ ਨੇ ਹੋਰ 50 ਹਜ਼ਾਰ ਬੈਜ ਅਤੇ 30 ਹਜ਼ਾਰ ਝੰਡੇ ਤਿਆਰ ਕਰਾਉਣ ਦਾ ਆਰਡਰ ਦਿੱਤਾ ਹੈ। ਬਠਿੰਡਾ ਜ਼ਿਲ੍ਹੇ ਦੇ ਪਹਿਲਾਂ 80 ਪਿੰਡਾਂ 'ਚੋਂ ਕਿਸਾਨ ਸੰਘਰਸ਼ਾਂ 'ਚ ਆਉਂਦੇ ਸਨ, ਜਦੋਂ ਕਿ ਹੁਣ ਸਵਾ ਸੌ ਪਿੰਡ ਸਰਗਰਮ ਹੋਏ ਹਨ।
             ਸੰਗਰੂਰ ਜ਼ਿਲ੍ਹੇ ਦੀ ਚੀਮਾ ਮੰਡੀ 'ਚ ਕਿਸਾਨ ਮੀਟਿੰਗ ਦੌਰਾਨ ਹੀ ਤਿੰਨ ਲੱਖ ਦੇ ਝੰਡੇ ਅਤੇ ਬੈਜ ਕਿਸਾਨਾਂ ਨੇ ਲੈ ਲਏ। ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਮਹਿਰਾਜ 'ਚ ਪਹਿਲਾਂ ਕਿਸੇ ਧਿਰ ਦੀ ਪਿੰਡ ਇਕਾਈ ਨਹੀਂ ਸੀ ਜਦੋਂ ਕਿ ਹੁਣ 40 ਨੌਜਵਾਨਾਂ ਨੇ ਆਪ ਮੁਹਾਰੇ ਇਕਾਈ ਖੜ੍ਹੀ ਕਰ ਰਹੀ ਹੈ ਅਤੇ 75 ਝੰਡੇ ਮਹਿਰਾਜ 'ਚ ਗਏ ਹਨ। ਫਾਜ਼ਿਲਕਾ ਜ਼ਿਲ੍ਹੇ ਦੇ ਦੋ ਦਰਜਨ ਪਿੰਡਾਂ ਵਿਚ ਕਿਸਾਨ ਵਿੰਗ ਖੜ੍ਹੇ ਹੋ ਗਏ ਹਨ।ਪਿੰਡ ਬਾਦਲ ਦੇ ਕਿਸਾਨ ਵੀ ਸੰਘਰਸ਼ ਵਿਚ ਕੁੱਦੇ ਹਨ। ਕਿਸਾਨ ਮੋਰਚੇ ਦੌਰਾਨ ਇੱਕ ਕਿਸਾਨ ਨੇ ਦੋ ਦਿਨ ਨਿੰਬੂ ਪਾਣੀ ਅਤੇ ਇੱਕ ਦਿਨ ਚਾਹ ਦਾ ਲੰਗਰ ਲਾਇਆ। ਇੰਝ ਜਾਪਦਾ ਹੈ ਕਿ ਜਿਵੇਂ ਖੇਤੀ ਬਿੱਲ ਕਿਸਾਨ ਪਰਿਵਾਰਾਂ ਦੇ ਹਰ ਨਿਆਣੇ-ਸਿਆਣੇ ਲਈ ਜ਼ਿੰਦਗੀ ਮੌਤ ਦਾ ਸਵਾਲ ਹੋਣ।ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਇਸ ਹਫਤੇ ਪੰਜ ਹਜ਼ਾਰ ਝੰਡੇ ਬਣਵਾਏ ਗਏ ਸਨ, ਜੋ ਖ਼ਤਮ ਹੋ ਚੁੱਕੇ ਹਨ ਅਤੇ ਹੁਣ 3500 ਝੰਡਿਆਂ ਅਤੇ 3500 ਬੈਜਾਂ ਦਾ ਨਵਾਂ ਆਰਡਰ ਕਰਨਾ ਪਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ 'ਚ ਸੂਝ ਵਧੀ ਹੈ। ਬੀਤੇ ਦਿਨ ਪਿੰਡ ਕਰਾੜਵਾਲਾ 'ਚ ਨੌਜਵਾਨਾਂ ਨੇ ਖੁਦ ਇਕੱਠੇ ਹੋ ਕੇ 'ਪਿੰਡ ਇਕਾਈ' ਦਾ ਗਠਨ ਕਰ ਲਿਆ ਹੈ।
            ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ 'ਚ ਕਿਸਾਨੀ ਲਹਿਰ ਨੂੰ ਚੰਗਾ ਹੁਲਾਰਾ ਮਿਲਿਆ ਹੈ। ਫ਼ਤਹਿਗੜ੍ਹ ਸਾਹਿਬ ਦੇ ਪਿੰਡ ਭੜੀ ਪਨੈਜਾ 'ਚ ਕਦੇ ਵੀ ਕਿਸਾਨੀ ਲਹਿਰ ਦੀ ਹਵਾ ਨਹੀਂ ਰੁਮਕੀ ਸੀ ਪਰ ਹੁਣ ਇਸ ਪਿੰਡ 'ਚੋਂ ਸੰਘਰਸ਼ਾਂ 'ਚ ਬੱਸਾਂ ਭਰ ਕੇ ਗਈਆਂ ਹਨ। ਜ਼ਿਲ੍ਹੇ ਦੇ ਪਿੰਡ ਹਰੀਪੁਰ ਦੇ ਕਿਸਾਨ ਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਖੇਤੀ ਬਿੱਲਾਂ ਨੇ ਕਿਸਾਨੀ ਪਰਿਵਾਰਾਂ 'ਚ ਫਿਕਰ ਖੜ੍ਹੇ ਕੀਤੇ ਹਨ। ਹੁਸ਼ਿਆਰਪੁਰ 'ਚ ਗੰਨਾ ਕਾਸ਼ਤਕਾਰਾਂ ਦੇ ਹੱਕਾਂ ਲਈ ਲੜ ਰਹੇ ਕਿਸਾਨ ਆਗੂ ਸਤਿਨਾਮ ਸਿੰਘ ਫਗਵਾੜਾ ਨੇ ਕਿਹਾ ਕਿ ਨੌਜਵਾਨਾਂ ਦੇ ਸੰਘਰਸ਼ 'ਚ ਕੁੱਦਣ ਨਾਲ ਕਿਸਾਨ ਲਹਿਰ ਬਣ ਗਈ ਹੈ। ਦੇਖਿਆ ਗਿਆ ਕਿ ਪਿੰਡੋਂ ਪਿੰਡ ਹੁਣ ਦਿਨ ਰਾਤ ਖੇਤੀ ਬਿੱਲਾਂ 'ਤੇ ਹੀ ਚਰਚੇ ਛਿੜੇ ਹੋਏ ਹਨ ਅਤੇ ਕਿਸਾਨ ਪਰਿਵਾਰ ਇਸ ਤੋਂ ਕਾਫ਼ੀ ਫਿਕਰਮੰਦ ਵੀ ਹਨ।
                      ਸੰਘਰਸ਼ 'ਚ ਗੂੰਜਣਗੇ ਭਗਤ ਸਿੰਘ ਦੇ ਬੋਲ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਇਸ ਵਾਰ ਕਿਸਾਨੀ ਸੰਘਰਸ਼ ਦੌਰਾਨ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਤਾਂ 28 ਸਤੰਬਰ ਤੋਂ ਇਲਾਵਾ 29 ਅਤੇ 30 ਸਤੰਬਰ ਤੱਕ ਤਿੰਨ ਦਿਨ ਪਿੰਡੋਂ-ਪਿੰਡ ਜਾ ਕੇ ਨੌਜਵਾਨਾਂ ਨੂੰ ਭਗਤ ਸਿੰਘ ਦੇ ਸੁਫਨਿਆਂ ਤੋਂ ਜਾਣੂ ਕਰਾਉਣ ਦੀ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਕਿਸਾਨ ਇਕੱਠਾਂ 'ਚ ਭਗਤ ਸਿੰਘ ਤਸਵੀਰਾਂ ਨੂੰ ਲਿਜਾਇਆ ਜਾਵੇਗਾ।

2 comments: