Thursday, August 25, 2022

                                                        ਸਪੈਸ਼ਲ ਪੈਕੇਜ
                               ਪ੍ਰਧਾਨ ਮੰਤਰੀ ਦੀ ਖ਼ਾਮੋਸ਼ੀ ਤੋਂ ਪੰਜਾਬ ਨਿਰਾਸ਼
                                                         ਚਰਨਜੀਤ ਭੁੱਲਰ    

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਮੌਕੇ ‘ਸਪੈਸ਼ਲ ਪੈਕੇਜ’ ਦੇ ਮਾਮਲੇ ’ਤੇ ਖ਼ਾਮੋਸ਼ ਹੀ ਰਹੇ। ਪ੍ਰਧਾਨ ਮੰਤਰੀ ਦੀ ਚੁੱਪ ਨੇ ਪੰਜਾਬ ਨੂੰ ਨਿਰਾਸ਼ ਕੀਤਾ ਹੈ। ਬੇਸ਼ੱਕ ਪ੍ਰਧਾਨ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੀ ਸੌਗਾਤ ਪੰਜਾਬ ਦੀ ਝੋਲੀ ਪਾਈ ਗਈ ਹੈ, ਪਰ ਉਨ੍ਹਾਂ ਪੰਜਾਬ ਦੀ ਕਿਸਾਨੀ ਤੇ ਜਵਾਨੀ ’ਤੇ ਕੋਈ ਚਰਚਾ ਨਹੀਂ ਕੀਤੀ। ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਪ੍ਰਾਹੁਣਚਾਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ, ਪਰ ਉਨ੍ਹਾਂ ਇਸ ਖ਼ਾਤਰਦਾਰੀ ਦਾ ਕੋਈ ਮੁੱਲ ਨਹੀਂ ਪਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਪਈ ਕੈਂਸਰ ਦੀ ਮਾਰ ਪਿੱਛੇ ਹਰੀ ਕ੍ਰਾਂਤੀ ਦੀ ਭੂਮਿਕਾ ਵੀ ਦੱਸੀ। ਉਨ੍ਹਾਂ ਸਰਹੱਦੀ ਸੂਬਾ ਹੋਣ ਕਰਕੇ ਗੁਆਂਢੀ ਮੁਲਕ ਦੀਆਂ ਨਾਪਾਕ ਕੋਸ਼ਿਸ਼ਾਂ ਦਾ ਜ਼ਿਕਰ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਨਾਲ ਡੂੰਘਾ ਨਾਤਾ ਰਿਹਾ ਹੈ ਜਿਸ ਕਰਕੇ ਪ੍ਰਧਾਨ ਮੰਤਰੀ ਪੰਜਾਬ ਨੂੰ ਜ਼ਰੂਰ ਕਿਸੇ ਤੋਹਫ਼ੇ ਦਾ ਐਲਾਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਸਟੇਜ ਤੋਂ ਪੰਜਾਬ ਸਰਕਾਰ ਪ੍ਰਤੀ ਕਿਧਰੇ ਬਹੁਤਾ ਅਪਣੱਤ ਨਹੀਂ ਦਿਖਾਇਆ, ਜਿਸ ਦਾ ਪੰਜਾਬੀਆਂ ਨੇ ਨੋਟਿਸ ਲਿਆ ਹੈ। ਪੰਜਾਬ ਦੀ ਘਾਲਣਾ ’ਤੇ ਕੋਈ ਚਰਚਾ ਨਹੀਂ ਕੀਤੀ। 

         ਪੰਜਾਬ ਸਰਕਾਰ ਨੂੰ ਉਮੀਦ ਸੀ ਕਿ ਵਿੱਤੀ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਕੋਈ ਨਾ ਕੋਈ ਪੈਕੇਜ ਜ਼ਰੂਰ ਦੇਣਗੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੀ ਫ਼ਿਰੋਜ਼ਪੁਰ ਰੈਲੀ ਦੇ ਰਸਤੇ ’ਚੋਂ 5 ਜਨਵਰੀ ਨੂੰ ਹੋਈ ਵਾਪਸੀ ’ਤੇ ਅਫ਼ਸੋਸ ਜ਼ਾਹਿਰ ਵੀ ਕੀਤਾ। ਅੱਜ ਦੇ ਸਵਾਗਤ ਲਈ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਲਈ ਰੈੱਡ ਕਾਰਪੈੱਟ ਵਿਛਾਇਆ। ਪੰਡਾਲ ਵਿਚ ਭਰਵਾਂ ਇਕੱਠ ਕੀਤਾ। ਸੁਰੱਖਿਆ ਦੇ ਮਾਮਲੇ ਵਿਚ ਕੋਈ ਮੋਰੀ ਨਹੀਂ ਛੱਡੀ। ਦੂਜੇ ਬੰਨੇ ਪ੍ਰਧਾਨ ਮੰਤਰੀ ਨੇ ਸਟੇਜ ਤੋਂ ਪੰਜਾਬ ਨਾਲੋਂ ਹਿਮਾਚਲ ਪ੍ਰਦੇਸ਼ ਦੀ ਵੱਧ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿਚ ਚਾਰ ਦਫ਼ਾ ਹਿਮਾਚਲ ਪ੍ਰਦੇਸ਼ ਦੀ ਗੱਲ ਕੀਤੀ ਜਿਸ ਤੋਂ ਪ੍ਰਧਾਨ ਮੰਤਰੀ ਦੀ ਅੱਜ ਦੀ ਫੇਰੀ ਹਿਮਾਚਲ ਪ੍ਰਦੇਸ਼ ਚੋਣਾਂ ਵੱਲ ਸੇਧਿਤ ਦਿਖੀ। ਪ੍ਰਧਾਨ ਮੰਤਰੀ ਦਾ 2014 ਤੋਂ ਹੁਣ ਤੱਕ ਪੰਜਾਬ ਦਾ ਇਹ ਤੇਰ੍ਹਵਾਂ ਦੌਰਾ ਹੈ। ਉਨ੍ਹਾਂ ਹਰ ਦੌਰੇ ਸਮੇਂ ਪੰਜਾਬ ਦੀ ਕਿਸਾਨੀ ਨੂੰ ਜ਼ਰੂਰ ਛੋਹਿਆ ਪ੍ਰੰਤੂ ਅੱਜ ਪ੍ਰਧਾਨ ਮੰਤਰੀ ਨੇ ਪੂਰੀ ਤਰ੍ਹਾਂ ਕਿਸਾਨੀ ਨੂੰ ਨਜ਼ਰਅੰਦਾਜ਼ ਕੀਤਾ। ‘ਹਰ ਘਰ ਤਿਰੰਗਾ’ ਦੀ ਗੱਲ ਕਰਦਿਆਂ ਪੰਜਾਬ ਦੀ ਜਵਾਨੀ ਦਾ ਧੰਨਵਾਦ ਜ਼ਰੂਰ ਕੀਤਾ।

         ਪ੍ਰਧਾਨ ਮੰਤਰੀ ਨੇ ਪੰਜਾਬ ਦੀ ਤਾਰੀਫ਼ ਵਿਚ ਸਿਰਫ਼ ਏਨਾ ਹੀ ਕਿਹਾ ਕਿ ਪੰਜਾਬ ਸੁਤੰਤਰਤਾ ਸੈਨਾਨੀਆਂ, ਕਰਾਂਤੀਵੀਰਾਂ ਅਤੇ ਰਾਸ਼ਟਰ ਭਗਤੀ ਵਾਲੀ ਧਰਤੀ ਹੈ। ਭਾਜਪਾ ਦੇ ਕੁਝ ਆਗੂਆਂ ਨੇ ਤਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਐਲਾਨ ਦੀ ਆਸ ਵੀ ਲਾਈ ਹੋਈ ਸੀ, ਪ੍ਰੰਤੂ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦਾ ਜ਼ਿਕਰ ਤੱਕ ਨਹੀਂ ਕੀਤਾ ਜਦੋਂ ਕਿ ਪਹਿਲਾਂ ਹਰ ਪੰਜਾਬ ਫੇਰੀ ਦੌਰਾਨ ਉਹ ਆਪਣੇ ਭਾਸ਼ਣ ਵਿਚ ਗੁਰੂਆਂ ਦੀ ਗੱਲ ਜ਼ਰੂਰ ਕਰਦੇ ਰਹੇ ਹਨ। ਪ੍ਰਧਾਨ ਮੰਤਰੀ ਦਾ ਭਾਸ਼ਣ ਸਿਰਫ਼ ਸਿਹਤ ਦੇ ਮੁੱਦੇ ’ਤੇ ਹੀ ਕੇਂਦਰਿਤ ਰਿਹਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ਤੋਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਲੋਕਾਂ ਨੇ ਅੱਖਾਂ ਵਿਛਾਈਆਂ ਹਨ। ਪ੍ਰਧਾਨ ਮੰਤਰੀ ਅੱਜ ਜ਼ਿਆਦਾ ਗੰਭੀਰ ਤੌਰ ’ਤੇ ਹੀ ਵਿਚਰੇ। ਮੁੱਖ ਸਟੇਜ ਤੋਂ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਵੀ ਕੀਤੀ ਪ੍ਰੰਤੂ ਉਨ੍ਹਾਂ ਦਾ ਹਾਵ ਭਾਵ ਗੰਭੀਰ ਹੀ ਰਿਹਾ। ਪ੍ਰਧਾਨ ਮੰਤਰੀ ਨੇ ਸਿਹਤ ਸੈਕਟਰ ਵਿਚ ਕੇਂਦਰ ਸਰਕਾਰ ਵੱਲੋਂ ਉਠਾਏ ਕਦਮਾਂ ਦੀ ਵਿਸਥਾਰਤ ਚਰਚਾ ਕੀਤੀ। ਪ੍ਰਧਾਨ ਮੰਤਰੀ ਵੱਲੋਂ ਅੱਜ ਕੋਈ ਐਲਾਨ ਨਾ ਕੀਤੇ ਜਾਣਾ, ਪੰਜਾਬ ਦੇ ਲੋਕਾਂ ਨੂੰ ਚੁਭ ਰਿਹਾ ਹੈ।

                               ਸਮਾਗਮ ’ਤੇ ਦਿਸਿਆ ਖਿੱਚੋਤਾਣ ਦਾ ਪਰਛਾਵਾਂ

ਭਾਜਪਾ ਦੀ ਕੇਂਦਰੀ ਹਕੂਮਤ ਅਤੇ ‘ਆਪ’ ਦੀ ਹਾਈਕਮਾਨ ਦਰਮਿਆਨ ਖਿੱਚੋਤਾਣ ਦਾ ਪਰਛਾਵਾਂ ਅੱਜ ਇੱਥੇ ਪ੍ਰਧਾਨ ਮੰਤਰੀ ਦੇ ਸਮਾਰੋਹਾਂ ’ਤੇ ਵੀ ਦੇਖਣ ਨੂੰ ਮਿਲਿਆ। ਮਨੀਸ਼ ਸਿਸੋਦੀਆ ਦੇ ਟਿਕਾਣਿਆਂ ’ਤੇ ਸੀਬੀਆਈ ਦੇ ਛਾਪਿਆ ਮਗਰੋਂ ‘ਆਪ’ ਲਗਾਤਾਰ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਲੈ ਰਹੀ ਹੈ। ਪ੍ਰਧਾਨ ਮੰਤਰੀ ਹਮੇਸ਼ਾ ‘ਸਭ ਦਾ ਸਾਥ ਅਤੇ ਸਭ ਦਾ ਵਿਕਾਸ’ ਦੀ ਗੱਲ ਕਰਦੇ ਹਨ। ਪ੍ਰਧਾਨ ਮੰਤਰੀ ਵੱਲੋਂ ਪੰਜਾਬ ਸਰਕਾਰ ਦੀ ਕਿਸੇ ਗੱਲ ’ਤੇ ਚਰਚਾ ਕਰਨੀ ਤਾਂ ਦੂਰ ਦੀ ਗੱਲ, ਸੂਬਾਈ ਸਰਕਾਰ ਨਾਲ ਅੱਜ ਆਪਸੀ ਤਾਲਮੇਲ ਬਾਰੇ ਵੀ ਕੋਈ ਗੱਲ ਨਹੀਂ ਕੀਤੀ ਗਈ।

                                   ਜਾਖੜ ਨੇ ਜੌੜੇਮਾਜਰਾ ’ਤੇ ਕਸਿਆ ਵਿਅੰਗ

ਭਾਜਪਾ ਆਗੂ ਸੁਨੀਲ ਜਾਖੜ ਨੇ ਅੱਜ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ’ਤੇ ਵਿਅੰਕ ਕਸਿਆ। ਜਾਖੜ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਅੱਜ ‘ਹੋਮੀ ਭਾਬਾ ਕੈਂਸਰ ਹਸਪਤਾਲ’ ਤੋਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਦੂਰ ਹੀ ਰੱਖਣ। ਜਾਖੜ ਨੇ ਕਿਹਾ ਕਿ ਸਿਹਤ ਮੰਤਰੀ ਦੂਰ ਹੀ ਰਹਿਣ ਕਿਉਂਕਿ ਹਸਪਤਾਲ ਬਣ ਜਾਣਗੇ, ਇਮਾਰਤਾਂ ਬਣ ਜਾਣਗੀਆਂ ਪ੍ਰੰਤੂ ਡਾਕਟਰ ਸਭ ਤੋਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੱਡੀ ਸੌਗਾਤ ਮਿਲੀ ਹੈ ਅਤੇ ਉਹ ਚਾਹੁੰਦੇ ਹਨ ਕਿ ਕੋਈ ਵਿਵਾਦ ਨਾ ਹੋਵੇ।

                           ਮੁੱਖ ਮੰਤਰੀ ਫ਼ੰਡ: ਮਰੀਜ਼ਾਂ ਦੇ ਦੁੱਖਾਂ ਦਾ ਨਹੀਂ ਬਣ ਰਿਹਾ ਦਾਰੂ !

ਪੰਜਾਬ ਦੇ ਕਰੀਬ 75 ਫ਼ੀਸਦੀ ਮਰੀਜ਼ਾਂ ਲਈ ‘ਮੁੱਖ ਮੰਤਰੀ ਕੈਂਸਰ ਰਾਹਤ ਫ਼ੰਡ’ ਦੁੱਖਾਂ ਦੀ ਦਾਰੂ ਨਹੀਂ ਬਣ ਸਕਿਆ। ਏਨੇ ਵਰ੍ਹਿਆਂ ਮਗਰੋਂ ਅੱਜ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਇਨ੍ਹਾਂ ਮਰੀਜ਼ਾਂ ਨੂੰ ਨਸੀਬ ਹੋ ਸਕਿਆ ਹੈ। ਜਿਹੜੇ ਮਰੀਜ਼ ਇਸ ਜਹਾਨੋਂ ਚਲੇ ਗਏ ਹਨ, ਉਨ੍ਹਾਂ ਦੇ ਵਾਰਸਾਂ ਪੱਲੇ ਸਿਰਫ਼ ਨਿਰਾਸ਼ਾ ਹੀ ਬਚੀ ਹੈ। ਪੰਜਾਬ ਵਿਚ ਮੁੱਖ ਮੰਤਰੀ ਕੈਂਸਰ ਰਾਹਤ ਫ਼ੰਡ ਵਰ੍ਹਾ 2013 ਵਿਚ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ ਮਰੀਜ਼ਾਂ ਨੂੰ ਇਲਾਜ ਲਈ ਡੇਢ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਂਦੀ ਹੈ।  ਵੇਰਵਿਆਂ ਅਨੁਸਾਰ ਵਰ੍ਹਾ 2013 ਤੋਂ ਹੁਣ ਤੱਕ ‘ਮੁੱਖ ਮੰਤਰੀ ਕੈਂਸਰ ਰਾਹਤ ਫ਼ੰਡ’ ਵਿੱਚੋਂ ਸੂਬੇ ਦੇ 69 ਹਜ਼ਾਰ ਕੈਂਸਰ ਮਰੀਜ਼ਾਂ ਨੂੰ ਵਿੱਤੀ ਮਦਦ ਦਿੱਤੀ ਗਈ ਹੈ ਜੋ ਕਿ 888 ਕਰੋੜ ਰੁਪਏ ਬਣਦੀ ਹੈ। ਦੂਜੇ ਪਾਸੇ ਜਨਵਰੀ 2014 ਤੋਂ ਹੁਣ ਤੱਕ ਪੰਜਾਬ ’ਚ ਕੈਂਸਰ ਨੇ 1.50 ਲੱਖ ਕੈਂਸਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਇਨ੍ਹਾਂ ਸਾਲਾਂ ’ਚ 2.72 ਲੱਖ ਕੈਂਸਰ ਦੇ ਨਵੇਂ ਕੇਸ ਸਾਹਮਣੇ ਆਏ ਹਨ।  ਵਰ੍ਹਾ 2018 ਤੋਂ 2020 ਦੌਰਾਨ ਪੰਜਾਬ ਵਿਚ ਕੈਂਸਰ ਨਾਲ 65,317 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ 1.13 ਲੱਖ ਕੈਂਸਰ ਦੇ ਨਵੇਂ ਕੇਸ ਸਾਹਮਣੇ ਆਏ ਹਨ। 

           2014 ਤੋਂ ਹੁਣ ਤੱਕ ਦੇ ਕੈਂਸਰ ਮਰੀਜ਼ਾਂ ਦੇ ਇਲਾਜ ਦੀ ਗੱਲ ਕਰੀਏ ਤਾਂ ਪ੍ਰਤੀ ਮਰੀਜ਼ ਘੱਟੋ-ਘੱਟ ਡੇਢ ਲੱਖ ਰੁਪਏ ਵੀ ਇਲਾਜ ਖਰਚਾ ਮੰਨ ਲਈਏ ਤਾਂ ਇਨ੍ਹਾਂ ਸਾਲਾਂ ਦੌਰਾਨ ਮਰੀਜ਼ਾਂ ਦੇ ਇਲਾਜ ’ਤੇ 4080 ਕਰੋੜ ਰੁਪਏ ਖ਼ਰਚ ਆਏ ਹਨ ਜਦੋਂਕਿ ਪੰਜਾਬ ਸਰਕਾਰ ਵੱਲੋਂ ਸਿਰਫ਼ 888 ਕਰੋੜ ਦੀ ਵਿੱਤੀ ਮਦਦ ਕੀਤੀ ਗਈ ਹੈ। ਜਿਹੜੇ ਮਰੀਜ਼ ਮੌਤ ਦੇ ਮੂੰਹ ਵਿਚ ਜਾ ਪਏ ਹਨ, ਉਨ੍ਹਾਂ ਦਾ ਅੰਕੜਾ ਇਸ ’ਚ ਸ਼ਾਮਲ ਨਹੀਂ ਕੀਤਾ ਗਿਆ। ਪੰਜਾਬ ’ਚ ਕੈਂਸਰ ਔਸਤਨ ਰੋਜ਼ਾਨਾ 61 ਜਾਨਾਂ ਲੈ ਰਿਹਾ ਹੈ। ਜ਼ਿਲ੍ਹਾ ਮਾਨਸਾ, ਬਠਿੰਡਾ, ਫਾਜ਼ਿਲਕਾ, ਮੁਕਤਸਰ ਤੇ ਬਰਨਾਲਾ ਨੂੰ ਕੈਂਸਰ ਨੇ ਸਭ ਤੋਂ ਵੱਧ ਮਾਰ ਪਾਈ ਹੈ। ਪਿਛਾਂਹ ਨਜ਼ਰ ਮਾਰੀਏ ਤਾਂ ਸਾਲ 2014 ਵਿਚ ਪੰਜਾਬ ਵਿਚ ਕੈਂਸਰ ਨਾਲ ਰੋਜ਼ਾਨਾ ਔਸਤਨ 53 ਮੌਤਾਂ ਹੁੰਦੀਆਂ ਸਨ ਜਦਕਿ 2017 ’ਚ ਇਹ ਗਿਣਤੀ 56 ਹੋ ਗਈ। ਮਾਲਵੇ ’ਚ ਇਸ ਬਿਮਾਰੀ ਦੇ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਬਹੁਤ ਸਾਰੇ ਕੈਂਸਰ ਦੇ ਵੱਡੇ ਪ੍ਰਾਈਵੇਟ ਹਸਪਤਾਲ ਵੀ ਬਠਿੰਡਾ, ਮਾਨਸਾ ਵਿੱਚ ਖੁੱਲ੍ਹ ਗਏ ਹਨ।

No comments:

Post a Comment