Wednesday, February 5, 2025

                                                          ਉਲਟੀ ਗੰਗਾ
                                  ਸਰਕਾਰੀ ਸਕੂਲਾਂ ਨੂੰ ਲੱਗੇ ਜਿੰਦੇ
                                                          ਚਰਨਜੀਤ ਭੁੱਲਰ  

ਚੰਡੀਗੜ੍ਹ : ਪੰਜਾਬ ’ਚ ਸਰਕਾਰੀ ਸਕੂਲਾਂ ਨੂੰ ਜਿੰਦੇ ਲੱਗ ਰਹੇ ਹਨ ਜਦੋਂਕਿ ਪ੍ਰਾਈਵੇਟ ਸਕੂਲਾਂ ਦੀ ਗਿਣਤੀ ਵਧ ਰਹੀ ਹੈ। ਲੰਘੇ ਦਹਾਕੇ ਦਾ ਰੁਝਾਨ ਗਵਾਹ ਹੈ ਕਿ ਪੰਜਾਬ ’ਚ ਸਾਲਾਨਾ ਔਸਤਨ 153 ਸਰਕਾਰੀ ਸਕੂਲ ਬੰਦ ਜਾਂ ਮਰਜ਼ ਹੋ ਰਹੇ ਹਨ। ਕਰੋਨਾ ਮਹਾਂਮਾਰੀ ਦੌਰਾਨ ਪ੍ਰਾਈਵੇਟ ਸਕੂਲਾਂ ਨੂੰ ਵੀ ਜਿੰਦੇ ਲੱਗੇ ਸਨ। ਕੇਂਦਰੀ ਸਿੱਖਿਆ ਮੰਤਰਾਲੇ ਦੇ ਵੇਰਵੇ ਹਨ ਕਿ ਪੰਜਾਬ ’ਚ ਸਾਲ 2014-15 ਤੋਂ ਲੈ ਕੇ ਵਰ੍ਹਾ 2023-24 ਤੱਕ 1530 ਸਰਕਾਰੀ ਸਕੂਲ ਬੰਦ/ਮਰਜ਼ ਹੋਏ ਹਨ ਜਦੋਂਕਿ ਇਨ੍ਹਾਂ ਦਸ ਸਾਲਾਂ ਦੇ ਦੌਰਾਨ 309 ਪ੍ਰਾਈਵੇਟ ਸਕੂਲ ਵਧੇ ਹਨ। ਤੱਥਾਂ ਅਨੁਸਾਰ ਸਾਲ 2014-15 ’ਚ ਪੰਜਾਬ ਵਿਚ 20,772 ਸਰਕਾਰੀ ਸਕੂਲ ਸਨ। ਇਹ ਗਿਣਤੀ ਸਾਲ 2023-24 ਵਿੱਚ 19,242 ਰਹਿ ਗਈ। ਅਕਾਲੀ-ਭਾਜਪਾ ਹਕੂਮਤ ਦੇ ਆਖ਼ਰੀ ਤਿੰਨ ਵਰ੍ਹਿਆਂ (2014-15 ਤੋਂ 2016-17 ਤੱਕ) ’ਚ 204 ਸਰਕਾਰੀ ਸਕੂਲ ਬੰਦ/ਮਰਜ਼ ਹੋਏ ਹਨ। ਉਸ ਮਗਰੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ 1309 ਸਰਕਾਰੀ ਸਕੂਲ ਬੰਦ/ਮਰਜ਼ ਹੋਏ ਹਨ। 

         ਮੌਜੂਦਾ ‘ਆਪ’ ਸਰਕਾਰ ਦੇ ਪਹਿਲੇ ਦੋ ਸਾਲਾਂ ’ਚ 17 ਸਰਕਾਰੀ ਸਕੂਲ ਬੰਦ/ਮਰਜ਼ ਹੋਏ ਹਨ। ਦੂਜੇ ਪਾਸੇ, ਸਾਲ 2014-15 ’ਚ 7395 ਪ੍ਰਾਈਵੇਟ ਸਕੂਲ ਸਨ। ਇਨ੍ਹਾਂ ਦੀ ਗਿਣਤੀ 2023-24 ’ਚ 7704 ਹੋ ਗਈ। ਉਂਜ, ਸਾਲ 2020-21 ’ਚ 8893 ਪ੍ਰਾਈਵੇਟ ਸਕੂਲ ਸਨ ਅਤੇ ਕਰੋਨਾ ਦੇ ਅਸਰ ਵਜੋਂ ਅਗਲੇ ਸਾਲ 2021-22 ਪ੍ਰਾਈਵੇਟ ਸਕੂਲਾਂ ਦੀ ਗਿਣਤੀ ਘਟ ਕੇ 7978 ਰਹਿ ਗਈ। ਮਤਲਬ ਇੱਕੋ ਸਾਲ ’ਚ 914 ਪ੍ਰਾਈਵੇਟ ਸਕੂਲ ਬੰਦ/ਮਰਜ਼ ਹੋ ਗਏ। ਸੂਬੇ ’ਚ ਸਾਲ 2023-24 ’ਚ ਸਰਕਾਰੀ ਸਕੂਲਾਂ ’ਚ ਸਿਰਫ਼ 47.14 ਫ਼ੀਸਦੀ ਬੱਚੇ ਹੀ ਪੜ੍ਹਦੇ ਸਨ ਜਦੋਂਕਿ ਪ੍ਰਾਈਵੇਟ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਜ਼ਿਆਦਾ ਰਹੀ। ਮੌਜੂਦਾ ਸਮੇਂ ਸਰਕਾਰੀ ਸਕੂਲਾਂ ਦਾ ਅੰਕੜਾ 19,242 ਹੈ ਜਦੋਂਕਿ ਪ੍ਰਾਈਵੇਟ ਸਕੂਲਾਂ ਦੀ ਗਿਣਤੀ 7704 ਹੈ। ਪ੍ਰਾਈਵੇਟ ਸਕੂਲਾਂ ਦੀ ਗਿਣਤੀ ਘੱਟ ਹੈ ਪਰ ਇਨ੍ਹਾਂ ’ਚ ਬੱਚਿਆਂ ਦੀ ਗਿਣਤੀ ਜ਼ਿਆਦਾ ਹੈ। ਪੰਜਾਬ ’ਚ ਸਰਕਾਰੀ ਤੇ ਪ੍ਰਾਈਵੇਟ ਸਣੇ ਏਡਿਡ ਸਕੂਲਾਂ ਦੀ ਕੁੱਲ ਗਿਣਤੀ 27,404 ਹੈ।

         ਇਨ੍ਹਾਂ ’ਚ ਕੁੱਲ 2.73 ਲੱਖ ਅਧਿਆਪਕ ਤਾਇਨਾਤ ਹਨ। ਇਨ੍ਹਾਂ ਵਿੱਚ 59.88 ਲੱਖ ਬੱਚੇ ਪੜ੍ਹਦੇ ਹਨ। ਇਨ੍ਹਾਂ ’ਚੋਂ 28.33 ਲੱਖ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ। ਸਰਕਾਰੀ ਸਕੂਲਾਂ ’ਚ ਕੁੱਲ 1,25,136 ਅਧਿਆਪਕ ਹਨ। ਸਰਕਾਰੀ ਰਿਪੋਰਟ ਅਨੁਸਾਰ ਸੂਬੇ ਦੇ 2092 ਸਕੂਲਾਂ ’ਚ ਸਿਰਫ਼ ਇੱਕ-ਇੱਕ ਅਧਿਆਪਕ ਹੀ ਹੈ। ਮੌਜੂਦਾ ਸਰਕਾਰ ਨੇ ‘ਸਕੂਲ ਆਫ ਐਮੀਨੈਂਸ’ ’ਤੇ ਜ਼ਿਆਦਾ ਜ਼ੋਰ ਦਿੱਤਾ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ’ਚ ਸਿਖਲਾਈ ਲਈ ਵੀ ਭੇਜਿਆ ਜਾ ਰਿਹਾ ਹੈ। ਦਸ ਵਰ੍ਹਿਆਂ ਵਿਚ ਦਿੱਲੀ ’ਚ 151 ਸਰਕਾਰੀ ਸਕੂਲ ਬੰਦ/ਮਰਜ਼ ਹੋਏ ਹਨ ਅਤੇ ਹਰਿਆਣਾ ’ਚ ਇਸ ਸਮੇਂ ਦੌਰਾਨ 256 ਸਕੂਲਾਂ ਨੂੰ ਜਿੰਦੇ ਲੱਗੇ ਹਨ। ਕੁੱਝ ਸੂਬਿਆਂ ਵਿਚ ਰੁਝਾਨ ਉਲਟਾ ਹੈ ਕਿ ਜਿਵੇਂ ਰਾਜਸਥਾਨ ’ਚ ਲੰਘੇ ਇੱਕ ਦਹਾਕੇ ’ਚ 23 ਸਰਕਾਰੀ ਸਕੂਲ ਵਧੇ ਹਨ। ਬਿਹਾਰ ’ਚ 5229 ਸਰਕਾਰੀ ਸਕੂਲ ਨਵੇਂ ਖੁੱਲ੍ਹੇ ਹਨ। ਇਸੇ ਤਰ੍ਹਾਂ ਚੰਡੀਗੜ੍ਹ ਯੂਟੀ ’ਚ ਸਰਕਾਰੀ ਸਕੂਲਾਂ ਦੀ ਗਿਣਤੀ 113 ਤੋਂ ਵਧ ਕੇ 119 ਹੋਈ ਹੈ। ਚੰਡੀਗੜ੍ਹ ’ਚ ਇਸੇ ਸਮੇਂ ਦੌਰਾਨ ਪ੍ਰਾਈਵੇਟ ਸਕੂਲਾਂ ਦੀ ਗਿਣਤੀ 73 ਤੋਂ ਵਧ ਕੇ 77 ਹੋਈ ਹੈ।

No comments:

Post a Comment