ਪੰਚਾਇਤੀ ਰਸਤਾ
ਵਿਜੀਲੈਂਸ ਕਰੇਗੀ ਜ਼ਮੀਨ ਦੀ ਜਾਂਚ
ਚਰਨਜੀਤ ਭੁੱਲਰ
ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਹੁਣ ਬਲਾਕ ਮਾਜਰੀ ਦੇ ਅੱਠ ਪਿੰਡਾਂ ਵਿੱਚ ਸਾਂਝੇ ਪੰਚਾਇਤੀ ਰਸਤੇ ਦੀ ਵਿਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਅੱਜ ਇਨ੍ਹਾਂ ਪਿੰਡਾਂ ਦੇ ਸਾਂਝੇ ਰਸਤਿਆਂ ਦੀ ਵਿਕਰੀ ਨੂੰ ਪ੍ਰਵਾਨਗੀ ਦਿੱਤੇ ਜਾਣ ਦੇ ਮਾਮਲੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖਿਆ ਹੈ। ਸੂਬਾ ਸਰਕਾਰ ਨੇ ਇਸ ਮਾਮਲੇ ਦੀ ਫੌਰੀ ਰਿਪੋਰਟ ਮੰਗੀ ਹੈ। ਇਸੇ ਦੌਰਾਨ ਮੁੱਖ ਸਕੱਤਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦੋ ਸੀਨੀਅਰ ਆਈਏਐੱਸ ਅਫ਼ਸਰਾਂ ਖ਼ਿਲਾਫ਼ ਵੀ ਜਾਂਚ ਸ਼ੁਰੂ ਕੀਤੀ ਹੋਈ ਹੈ। ਵਿਜੀਲੈਂਸ ਵਿਭਾਗ ਵੱਲੋਂ ਲਿਖੇ ਪੱਤਰ ਅਨੁਸਾਰ ਵਿਜੀਲੈਂਸ ਬਿਊਰੋ ਨੂੰ ਬਲਾਕ ਮਾਜਰੀ ਦੇ ਪਿੰਡ ਸੈਣੀਮਾਜਰਾ, ਬਾਸੇਪੁਰ, ਰਾਣੀ ਮਾਜਰਾ, ਘੰਡੋਲੀ, ਢੋਡੋਮਾਜਰਾ, ਭੜੌਜੀਆਂ, ਰਸੂਲਪੁਰ ਅਤੇ ਸਲਾਮਤਪੁਰ ਦੇ ਰੈਵੇਨਿਊ ਰਸਤਿਆਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਾਲ 2018 ਅਤੇ ਸਾਲ 2019 ’ਚ ਵਿਕਰੀ ਲਈ ਪ੍ਰਵਾਨਗੀ ਦਿੱਤੇ ਜਾਣ ਦੀ ਵਿਸਥਾਰਤ ਪੜਤਾਲ ਕਰਨ ਵਾਸਤੇ ਕਿਹਾ ਹੈ। ਵਿਜੀਲੈਂਸ ਨੂੰ ਉਪਰੋਕਤ ਸਮੇਂ ਦੌਰਾਨ ਪ੍ਰਵਾਨਗੀ ਦੇਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਤੋਂ ਇਲਾਵਾ ਨਿੱਜੀ ਲਾਭਪਾਤਰੀਆਂ ਦੀ ਭੂਮਿਕਾ ਨੂੰ ਵੀ ਜਾਂਚਣ ਲਈ ਕਿਹਾ ਹੈ। ਵਿਜੀਲੈਂਸ ਵਿਭਾਗ ਨੇ ਬਿਊਰੋ ਨੂੰ ਕਰੀਬ ਤਿੰਨ ਸੌ ਪੰਨਿਆਂ ਵਾਲੇ ਰਿਕਾਰਡ ਦੀ ਕਾਪੀ ਵੀ ਭੇਜੀ ਹੈ। ਪੱਤਰ ’ਚ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਤੇ ਡਾਇਰੈਕਟਰ ਖ਼ਿਲਾਫ਼ ਪ੍ਰਸੋਨਲ ਵਿਭਾਗ ਵੱਲੋਂ ਵੱਖਰੇ ਤੌਰ ’ਤੇ ਕਾਰਵਾਈ ਕੀਤੇ ਜਾਣ ਬਾਰੇ ਵੀ ਲਿਖਿਆ ਹੈ। ਦੱਸਣਯੋਗ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦੋ ਆਈਏਐੱਸ ਵੱਲੋਂ ਨਿਊ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਬਿਲਡਰ ਨੂੰ ਬਲਾਕ ਮਾਜਰੀ ਦੇ ਇੱਕ ਪਿੰਡ ਦੇ ਸਾਂਝੇ ਰਸਤੇ ਦੀ ਰਜਿਸਟਰੀ ਕਰਾਏ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਦੀ ਜਾਂਚ ਨਾਲੋਂ ਨਾਲ ਚੱਲ ਰਹੀ ਹੈ। ਨਿਯਮਾਂ ਅਨੁਸਾਰ ਪਿੰਡ ਦੇ ਕਿਸੇ ਵੀ ਸਾਂਝੇ ਰਸਤੇ ਨੂੰ ਕਾਨੂੰਨੀ ਤੌਰ ’ਤੇ ਵੇਚਿਆ ਨਹੀਂ ਜਾ ਸਕਦਾ ਹੈ ਜਦੋਂ ਤੱਕ ਡਾਇਰੈਕਟਰ (ਕੰਸੋਲੀਡੇਸ਼ਨ) ਅਤੇ ਡਾਇਰੈਕਟਰ (ਲੈਂਡ ਰਿਕਾਰਡ) ਉਸ ਰਸਤੇ ਨੂੰ ‘ਛੱਡਿਆ ਹੋਇਆ’ ਨਾ ਐਲਾਨ ਦੇਵੇ।
ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਸਾਂਝੇ ਰਸਤੇ ਨੂੰ ‘ਛੱਡਿਆ ਹੋਇਆ ਰਸਤਾ’ ਐਲਾਨੇ ਬਿਨਾਂ ਹੀ ਨਵੰਬਰ 2024 ਵਿਚ ਪ੍ਰਾਈਵੇਟ ਬਿਲਡਰ ਨੂੰ ਵੇਚਣ ਲਈ ਮਨਜ਼ੂਰੀ ਦੇ ਦਿੱਤੀ ਸੀ। ਪੰਚਾਇਤਾਂ ਦਾ ਕਹਿਣਾ ਹੈ ਕਿ ਉਪਰੋਕਤ ਸਾਂਝੇ ਰਸਤੇ ਵਾਲੀ ਜ਼ਮੀਨ ਦੀ ਵਿਕਰੀ ਲਈ ਸਿਰਫ਼ ਪ੍ਰਵਾਨਗੀ ਮਿਲੀ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਭਗਤੂਪੁਰਾ ਦੀ ਪੰਚਾਇਤੀ ਜ਼ਮੀਨ ਦੇ ਕਥਿਤ ਘੁਟਾਲੇ ਸਬੰਧੀ ਵੀ ਕਾਰਵਾਈ ਹੋਣ ਦੀ ਸੰਭਾਵਨਾ ਹੈ ਜਿਸ ਦੀ ਪੜਤਾਲ ਰਿਪੋਰਟ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਕੋਲ ਪਈ ਹੈ। ਵਿਧਾਨ ਸਭਾ ਚੋਣਾਂ 2022 ਦੇ ਚੋਣ ਜ਼ਾਬਤੇ ਮੌਕੇ ਉੱਚ ਅਫ਼ਸਰਾਂ ਨੇ ਮਿਲੀਭੁਗਤ ਕਰਕੇ ਪਿੰਡ ਭਗਤੂਪੁਰਾ ਦੀ ਪੰਚਾਇਤ ਦੇ ਰਸਤਿਆਂ ਤੇ ਖਾਲ਼ਿਆਂ ਦੀ ਜ਼ਮੀਨ ਪ੍ਰਾਈਵੇਟ ਬਿਲਡਰ ਨੂੰ ਵੇਚਣ ਨੂੰ ਹਰੀ ਝੰਡੀ ਦਿੱਤੀ ਸੀ। ਪੰਜਾਬ ਸਰਕਾਰ ਨੇ ਇਸ ਦੀ ਪੜਤਾਲ ਵੀ ਕਰਵਾ ਲਈ ਹੈ ਪਰ ਹਾਲੇ ਤੱਕ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ।
No comments:
Post a Comment