ਨਵਾਂ ਬਿੱਲ,ਨਵੇਂ ਡਰ
ਵਕਫ਼ ਸੰਪਤੀ ਰਸੂਖਵਾਨਾਂ ਨੇ ਨੱਪੀ
ਚਰਨਜੀਤ ਭੁੱਲਰ
ਚੰਡੀਗੜ੍ਹ : ਪੰਜਾਬ ’ਚ ਵਕਫ਼ ਬੋਰਡ ਦੀ ਹਜ਼ਾਰਾਂ ਏਕੜ ਜ਼ਮੀਨ ਰਸੂਖਵਾਨਾਂ ਨੇ ਨੱਪ ਲਈ ਹੈ। ਹੁਣ ਨਵੇਂ ਵਕਫ਼ (ਸੋਧ) ਬਿੱਲ ਨੇ ਇਨ੍ਹਾਂ ਵਕਫ਼ ਸੰਪਤੀਆਂ ਨੂੰ ਲੈ ਕੇ ਕਈ ਤੌਖਲੇ ਖੜ੍ਹੇ ਕਰ ਦਿੱਤੇ ਹਨ। ਉੱਤਰੀ ਭਾਰਤ ’ਚ ਸਭ ਤੋਂ ਵੱਧ ਵਕਫ਼ ਜਾਇਦਾਦਾਂ ਹਨ, ਜਿਨ੍ਹਾਂ ਲਈ ਨਵਾਂ ਵਕਫ਼ ਸੋਧ ਬਿੱਲ ਖ਼ਤਰਾ ਦੱਸਿਆ ਜਾ ਰਿਹਾ ਹੈ। ਇਕੱਲਾ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਵਕਫ਼ ਸੰਪਤੀਆਂ ’ਤੇ ਸਭ ਤੋਂ ਵੱਧ ਨਾਜਾਇਜ਼ ਕਬਜ਼ੇ ਹਨ। ਪਤਾ ਲੱਗਿਆ ਹੈ ਕਿ ਪੰਜਾਬ ਵਕਫ਼ ਬੋਰਡ ਨੇ ਨਾਜਾਇਜ਼ ਕਾਬਜ਼ਕਾਰਾਂ ਨੂੰ ਨੋਟਿਸ ਦੇਣੇ ਸ਼ੁਰੂ ਕੀਤੇ ਹਨ। ‘ਵਕਫ਼ ਐਸੈੱਟਸ ਮੈਨੇਜਮੈਂਟ ਸਿਸਟਮ’ ਅਨੁਸਾਰ ਪੰਜਾਬ ਵਿੱਚ ਇਸ ਵੇਲੇ ਵਕਫ਼ ਦੀਆਂ 75,957 ਸੰਪਤੀਆਂ ਹਨ ਜਿਨ੍ਹਾਂ ’ਚੋਂ 42,684 ਸੰਪਤੀਆਂ ’ਤੇ ਨਾਜਾਇਜ਼ ਕਬਜ਼ੇ ਹਨ ਜਿਸ ਦਾ ਮਤਲਬ ਹੈ ਕਿ 56 ਫ਼ੀਸਦੀ ਸੰਪਤੀ ਨੱਪੀ ਹੋਈ ਹੈ। ਗੁਆਂਢੀ ਸੂਬੇ ਹਰਿਆਣਾ ’ਚ 23,267 ਵਕਫ਼ ਸੰਪਤੀਆਂ ਹਨ ਜਿਨ੍ਹਾਂ ’ਚੋਂ ਸਿਰਫ਼ 183 ਸੰਪਤੀਆਂ (0.78 ਫ਼ੀਸਦੀ) ’ਤੇ ਨਾਜਾਇਜ਼ ਕਬਜ਼ੇ ਹਨ। ਇਵੇਂ ਹਿਮਾਚਲ ਪ੍ਰਦੇਸ਼ ’ਚ 5,343 ਸੰਪਤੀਆਂ ’ਚੋਂ 1269 ਜਾਇਦਾਦਾਂ (23.75 ਫ਼ੀਸਦੀ) ’ਤੇ ਨਾਜਾਇਜ਼ ਕਬਜ਼ੇ ਹਨ।
ਉੱਤਰ ਪ੍ਰਦੇਸ਼ ’ਚ ਕੁੱਲ 2,22,555 ਵਕਫ਼ ਸੰਪਤੀਆਂ ਹਨ ਅਤੇ ਇਨ੍ਹਾਂ ’ਚੋਂ ਸਿਰਫ਼ 2,164 (0.97 ਫ਼ੀਸਦੀ) ਨਾਜਾਇਜ਼ ਕਬਜ਼ਿਆਂ ਹੇਠ ਹਨ। ਰਾਜਸਥਾਨ ਵਿੱਚ 33,341 ਸੰਪਤੀਆਂ ’ਚੋਂ ਕਿਸੇ ਵੀ ਸੰਪਤੀ ’ਤੇ ਨਾਜਾਇਜ਼ ਕਬਜ਼ਾ ਨਹੀਂ ਹੈ। ਦੇਖਿਆ ਜਾਵੇ ਤਾਂ ਪੰਜਾਬ ’ਚ ਜਿੰਨੇ ਵੱਧ ਨਾਜਾਇਜ਼ ਕਬਜ਼ੇ ਹਨ, ਓਨੇ ਵੱਡੇ ਹੀ ਤੌਖਲੇ ਹਨ। ਪੰਜਾਬ ’ਚ ਜ਼ਿਆਦਾ ਵਕਫ਼ ਸੰਪਤੀ ਸਰਕਾਰ ਨੇ ਹੀ ਨੱਪੀ ਹੋਈ ਹੈ। ਸੂਤਰਾਂ ਅਨੁਸਾਰ ਵਕਫ਼ ਸੰਪਤੀ ਨੱਪਣ ਵਾਲਿਆਂ ’ਚ ਸਿਵਲ ਤੇ ਪੁਲੀਸ ਦੇ ਅਫ਼ਸਰਾਂ ਤੋਂ ਇਲਾਵਾ ਵੱਡੇ ਸਿਆਸੀ ਨੇਤਾ ਵੀ ਸ਼ਾਮਲ ਹਨ। ਪੰਜਾਬ ਵਿੱਚ ਮੁਸਲਮਾਨਾਂ ਦੀ ਆਬਾਦੀ 1.93 ਫ਼ੀਸਦੀ ਹੈ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਆਖਦੇ ਹਨ ਕਿ ਚੰਗਾ ਹੁੰਦਾ ਕਿ ਸਰਕਾਰ ਵਕਫ਼ ਬੋਰਡ ਐਕਟ ’ਚ ਸੋਧ ਕਰਦੀ, ਮੁਸਲਮਾਨਾਂ ਲਈ ਨਵੇਂ ਵਿੱਦਿਅਕ ਅਦਾਰੇ ਤੇ ਸਿਹਤ ਸਹੂਲਤਾਂ ਲਾਜ਼ਮੀ ਬਣਾਉਂਦੀ ਜਾਂ ਬੋਰਡ ਵਿੱਚ ਭ੍ਰਿਸ਼ਟਾਚਾਰ ਰੋਕਦੀ। ਉਨ੍ਹਾਂ ਕਿਹਾ ਕਿ ਜੇ ਬੋਰਡ ਵਿੱਚ ਕਿਸੇ ਗੈਰ ਮੁਸਲਿਮ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਇਹ ਧਾਰਮਿਕ ਆਜ਼ਾਦੀ ਦੀ ਉਲੰਘਣਾ ਹੋਵੇਗੀ।
ਪ੍ਰਾਪਤ ਵੇਰਵਿਆਂ ਅਨੁਸਾਰ ਸਮੁੱਚੇ ਦੇਸ਼ ਵਿੱਚ 8.72 ਲੱਖ ਵਕਫ਼ ਸੰਪਤੀਆਂ ਹਨ ਅਤੇ ਇਕੱਲੇ ਪੰਜਾਬ ’ਚ 8 ਫ਼ੀਸਦੀ ਤੋਂ ਜ਼ਿਆਦਾ ਸੰਪਤੀ ਹੈ। ਪੰਜਾਬੀ ’ਵਰਸਿਟੀ ਦੇ ਸਾਬਕਾ ਪ੍ਰੋਫੈਸਰ ਜਮਸ਼ੇਦ ਅਲੀ ਖ਼ਾਨ ਆਖਦੇ ਹਨ ਕਿ ਨਵੇਂ ਵਕਫ਼ ਸੋਧ ਬਿੱਲ ਨਾਲ ਸਮੁੱਚੇ ਵਕਫ਼ ਬੋਰਡ ਦੀ ਬਣਤਰ ਤਬਦੀਲ ਹੋ ਜਾਵੇਗੀ, ਜਿਸ ਨਾਲ ਬੋਰਡ ਦਾ ਕੰਮਕਾਰ ਵੀ ਪ੍ਰਭਾਵਿਤ ਹੋਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਵਕਫ਼ ਬੋਰਡ ’ਚ ਵੱਡੇ ਬਦਲਾਅ ਹੋਣਗੇ ਤਾਂ ਵਕਫ਼ ਸੰਪਤੀਆਂ ਵੀ ਖ਼ਤਰੇ ’ਚ ਪੈ ਜਾਣਗੀਆਂ ਕਿਉਂਕਿ ਇੱਕ ਖ਼ਾਸ ਏਜੰਡੇ ਤਹਿਤ ਨਵਾਂ ਬਿੱਲ ਆਇਆ ਹੈ। ਪੰਜਾਬ ਭਰ ’ਚੋਂ ਸਭ ਤੋਂ ਵੱਧ ਵਕਫ਼ ਸੰਪਤੀਆਂ 10,504 ਬਠਿੰਡਾ ਜ਼ਿਲ੍ਹੇ ਵਿੱਚ ਹਨ ਜਿੱਥੇ 9,405 ਸੰਪਤੀਆਂ ਨੱਪੀਆਂ ਹੋਈਆਂ ਹਨ ਜੋ ਕਰੀਬ 90 ਫ਼ੀਸਦ ਬਣਦੀਆਂ ਹਨ। ਬਠਿੰਡਾ ਜ਼ਿਲ੍ਹੇ ਵਿਚ ਇੱਕ ਹਜ਼ਾਰ ਤੋਂ ਜ਼ਿਆਦਾ ਪ੍ਰਾਈਵੇਟ ਲੋਕਾਂ ਨੇ ਵਕਫ਼ ਸੰਪਤੀਆਂ ਨੱਪੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਸਿਆਸੀ ਲੋਕ ਵੀ ਸ਼ਾਮਲ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ 52.89 ਫ਼ੀਸਦੀ ਸੰਪਤੀਆਂ ’ਤੇ ਕਬਜ਼ੇ ਹਨ ਜਦਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 74.41 ਫ਼ੀਸਦੀ ਸੰਪਤੀਆਂ ’ਤੇ ਨਾਜਾਇਜ਼ ਕਬਜ਼ੇ ਹਨ।
ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ 6,799 ਸੰਪਤੀਆਂ ’ਚੋਂ 1,910 ਸੰਪਤੀਆਂ ’ਤੇ ਨਾਜਾਇਜ਼ ਕਬਜ਼ੇ ਹਨ।ਪੰਜਾਬ ਵਿੱਚ 2409 ਸੰਪਤੀਆਂ ਕਿਸੇ ਨਾ ਕਿਸੇ ਤਰ੍ਹਾਂ ਅਦਾਲਤੀ ਕੇਸਾਂ ਵਿੱਚ ਪਈਆਂ ਹਨ। ਪੰਜਾਬ ਵਕਫ਼ ਬੋਰਡ ਨੂੰ ਵਕਫ਼ ਸੰਪਤੀਆਂ ਤੋਂ ਇਸ ਵੇਲੇ ਸਾਲਾਨਾ 50 ਤੋਂ 60 ਕਰੋੜ ਦੀ ਆਮਦਨ ਆ ਰਹੀ ਹੈ ਜਦਕਿ ਅਨੁਮਾਨ ਸਾਲਾਨਾ 200 ਕਰੋੜ ਰੁਪਏ ਤੋਂ ਜ਼ਿਆਦਾ ਦਾ ਦੱਸਿਆ ਜਾ ਰਿਹਾ ਹੈ। ਪੰਜਾਬ ’ਚ ਸਭ ਤੋਂ ਜ਼ਿਆਦਾ ਸੰਪਤੀਆਂ 19,886 ਘਰਾਂ ਦੀਆਂ ਹਨ ਜਦਕਿ 14,427 ਕਬਰਿਸਤਾਨਾਂ ਦੀ ਸੰਪਤੀ ਹੈ। 8771 ਵਕਫ਼ ਸੰਪਤੀਆਂ ਖੇਤੀ ਅਧੀਨ ਹਨ ਜਦਕਿ 8875 ਸੰਪਤੀਆਂ ਮਸਜਿਦਾਂ ਦੀਆਂ ਹਨ। ਪੂਰੇ ਦੇਸ਼ ਵਿੱਚ 8.70 ਲੱਖ ਏਕੜ ਵਕਫ਼ ਸੰਪਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ‘ਆਪ’ ਸੰਸਦ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿੱਚ ਵੀ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ ਅਤੇ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਇਸ ਬਿੱਲ ਦਾ ਵਿਰੋੋਧ ਕੀਤਾ ਸੀ।
ਹਰ ਸੰਪਤੀ ਖ਼ਤਰੇ ’ਚ ਪਵੇਗੀ: ਮਲਿਕ
ਵਕਫ਼ ਬੋਰਡ ਪੰਜਾਬ ਅਤੇ ਹਰਿਆਣਾ ਦੇ ਐਡਵੋਕੇਟ ਗੁਲਾਮ ਨਬੀ ਮਲਿਕ ਆਖਦੇ ਹਨ ਕਿ ਪੰਜਾਬ ’ਚ ਵਕਫ਼ ਸੰਪਤੀਆਂ ’ਚੋਂ ਜ਼ਿਆਦਾ ਥਾਵਾਂ ’ਤੇ ਸਰਕਾਰੀ ਕਬਜ਼ੇ ਹਨ ਅਤੇ ਵਕਫ਼ ਸੰਪਤੀਆਂ ਨੂੰ ਖ਼ਾਲੀ ਕਰਾਉਣ ਲਈ ਹੁਣ ਨੋਟਿਸ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵਾਂ ਵਕਫ਼ ਸੋਧ ਬਿੱਲ ਨਾਜਾਇਜ਼ ਕਬਜ਼ਾਕਾਰਾਂ ਦਾ ਮਦਦਗਾਰ ਬਣੇਗਾ ਅਤੇ ਵਕਫ਼ ਬੋਰਡ ਕੋਲੋਂ ਸੰਪਤੀ ਖੁੱਸਣ ਦਾ ਰਾਹ ਪੱਧਰਾ ਹੋਣ ਦਾ ਡਰ ਹੈ। ਨਵੇਂ ਸੋਧ ਬਿੱਲ ਨਾਲ ਹਰ ਪ੍ਰਾਪਰਟੀ ਦਾ ਵਿਵਾਦ ਖੜ੍ਹਾ ਹੋ ਜਾਵੇਗਾ।
No comments:
Post a Comment