Tuesday, July 1, 2025

                                                          ਕਰਜ਼ੇ ਦਾ ਭਾਰ
                               ਪੰਜਾਬ ਹਰ ਹਫ਼ਤੇ ਚੁੱਕੇਗਾ ਕਰਜ਼ਾ
                                                         ਚਰਨਜੀਤ ਭੁੱਲਰ 

ਚੰਡੀਗੜ੍ਹ : ਪੰਜਾਬ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਭਲਕੇ ਮੰਗਲਵਾਰ ਤੋਂ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਸ਼ੁਰੂ ਹੋ ਰਹੀ ਹੈ ਅਤੇ ਪੰਜਾਬ ਦੀ ਵਿੱਤੀ ਸਿਹਤ ਦੇ ਮੱਦੇਨਜ਼ਰ ਕਰਜ਼ੇ ’ਤੇ ਨਿਰਭਰਤਾ ਲਗਾਤਾਰ ਵਧ ਰਹੀ ਹੈ। ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੇ ਸੂਬਾ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਸਤੰਬਰ ਤੱਕ ਹਰ ਹਫ਼ਤੇ ਕਰਜ਼ਾ ਚੁੱਕਿਆ ਜਾਣਾ ਹੈ। ਇਕੱਲੇ ਜੁਲਾਈ ਮਹੀਨੇ ’ਚ ਦੋ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਜਾਵੇਗਾ ਜਦਕਿ ਅਗਸਤ ਮਹੀਨੇ ਤਿੰਨ ਹਜ਼ਾਰ ਕਰੋੜ ਦਾ ਉਧਾਰ ਚੁੱਕਿਆ ਜਾਣਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਤੰਬਰ ਮਹੀਨੇ ਵਿੱਚ 3500 ਕਰੋੜ ਰੁਪਏ ਕਰਜ਼ਾ ਲਿਆ ਜਾਣਾ ਹੈ। 

         ਇਨ੍ਹਾਂ ਤਿੰਨ ਮਹੀਨਿਆਂ ਵਿੱਚ ਹਰ ਹਫ਼ਤੇ ਪੰਜ ਸੌ ਕਰੋੜ ਤੋਂ 1500 ਕਰੋੜ ਰੁਪਏ ਦਾ ਤੱਕ ਦਾ ਕਰਜ਼ਾ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਚਾਲੂ ਵਰ੍ਹੇ ਦੀ ਪਹਿਲੀ ਅਤੇ ਦੂਜੀ ਤਿਮਾਹੀ ਦੌਰਾਨ ਕੁੱਲ ਚੁੱਕਿਆ ਕਰਜ਼ਾ 14,741.92 ਕਰੋੜ ਰੁਪਏ ਹੋ ਜਾਣਾ ਹੈ। ਚਾਲੂ ਵਰ੍ਹੇ ਦੀ ਸ਼ੁਰੂਆਤ ਵਿੱਚ ਹੀ ਅਪਰੈਲ ਤੇ ਮਈ ਮਹੀਨੇ ਵਿੱਚ ਵੀ 6241.92 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਗਿਆ ਸੀ। ਜੂਨ ਮਹੀਨੇ ਵਿੱਚ ਕੋਈ ਕਰਜ਼ਾ ਨਾ ਲਏ ਜਾਣ ਦਾ ਪਤਾ ਲੱਗਾ ਹੈ।ਪੰਜਾਬ ਸਿਰ 31 ਮਾਰਚ 2025 ਤੱਕ 3.82 ਲੱਖ ਕਰੋੜ ਰੁਪਏ ਕਰਜ਼ਾ ਚੜ੍ਹ ਗਿਆ ਸੀ ਜੋ ਕਿ ਕੁੱਲ ਘਰੇਲੂ ਉਤਪਾਦਨ ਦਾ 44 ਫ਼ੀਸਦੀ ਤੋਂ ਵੱਧ ਬਣਦਾ ਹੈ। ਅਨੁਮਾਨ ਹੈ ਕਿ 31 ਮਾਰਚ 2026 ਤੱਕ ਪੰਜਾਬ ਸਿਰ ਕਰਜ਼ੇ ਦਾ ਭਾਰ ਚਾਰ ਲੱਖ ਕਰੋੜ ਨੂੰ ਛੂਹ ਜਾਵੇਗਾ। ਇਸ ਲਿਹਾਜ਼ ਨਾਲ ਹਰ ਪੰਜਾਬੀ ਸਿਰ ਸਵਾ ਲੱਖ ਤੋਂ ਵੱਧ ਦਾ ਕਰਜ਼ਾ ਹੈ।

        ਪੰਜਾਬ ਸਰਕਾਰ ਦਾ ਇਸ ਵਰ੍ਹੇ ਦੌਰਾਨ 34201.11 ਕਰੋੜ ਦਾ ਕਰਜ਼ਾ ਚੁੱਕਣ ਦਾ ਟੀਚਾ ਹੈ। ਥੋੜ੍ਹਾ ਸਮਾਂ ਪਹਿਲਾਂ ਹੀ ਕੇਂਦਰੀ ਵਿੱਤ ਮੰਤਰਾਲੇ ਨੇ ਕਈ ਹਵਾਲੇ ਦੇ ਕੇ ਪੰਜਾਬ ਸਰਕਾਰ ਦੀ ਕਰਜ਼ਾ ਹੱਦ ’ਤੇ 16,477 ਕਰੋੜ ਦਾ ਕੱਟ ਲਗਾ ਦਿੱਤਾ ਸੀ ਜਿਸ ’ਚੋਂ ਬਾਅਦ ਵਿੱਚ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਦੀ ਬਹਾਲੀ ਕਰ ਦਿੱਤੀ ਗਈ ਸੀ।ਇਸ ਵਿੱਤੀ ਸਾਲ ਦੇ ਅਪਰੈਲ ਅਤੇ ਮਈ ਮਹੀਨੇ ਦੌਰਾਨ ਰਾਜ ਦਾ ਮਾਲੀਆ ਘਾਟਾ 5513.65 ਕਰੋੜ ਰੁਪਏ ਨੂੰ ਛੂਹ ਗਿਆ ਹੈ ਜਦਕਿ ਰਾਜ ਨੇ ਮਾਲੀਆ ਪ੍ਰਾਪਤੀਆਂ ਵਜੋਂ 12,903.04 ਕਰੋੜ ਰੁਪਏ ਪ੍ਰਾਪਤ ਕੀਤੇ ਹਨ ਅਤੇ ਮਾਲੀਆ ਖ਼ਰਚ 18416.69 ਕਰੋੜ ਰੁਪਏ ਸੀ। ਉੱਘੇ ਅਰਥ ਸ਼ਾਸਤਰੀ ਆਰ ਐੱਸ ਘੁੰਮਣ ਆਖਦੇ ਹਨ ਕਿ ਸੂਬਾ ਸਰਕਾਰ ਨੂੰ ਕਰਜ਼ੇ ਦਾ ਬੋਝ ਘਟਾਉਣ ਵਾਸਤੇ ਇੱਕ ਰੋਡਮੈਪ ਬਣਾਉਣ ਦੀ ਲੋੜ ਹੈ।

              ਕਦੋਂ ਕਿੰਨਾ ਕਰਜ਼ਾ ਚੁੱਕਿਆ ਜਾਵੇਗਾ..

ਕਰਜ਼ਾ ਲੈਣ ਦੀ ਤਰੀਕ               ਕਰਜ਼ੇ ਦੀ ਰਾਸ਼ੀ

8 ਜੁਲਾਈ                         500 ਕਰੋੜ

15 ਜੁਲਾਈ                        500 ਕਰੋੜ

22 ਜੁਲਾਈ                        500 ਕਰੋੜ

29 ਜੁਲਾਈ                        500 ਕਰੋੜ

5 ਅਗਸਤ                        1500 ਕਰੋੜ

12 ਅਗਸਤ                       1000 ਕਰੋੜ

19 ਅਗਸਤ                       500 ਕਰੋੜ

2 ਸਤੰਬਰ                        1500 ਕਰੋੜ

9 ਸਤੰਬਰ                        500 ਕਰੋੜ

23 ਸਤੰਬਰ                       500 ਕਰੋੜ

30 ਸਤੰਬਰ                       1000 ਕਰੋੜ