ਹਰੀ ਝੰਡੀਥਰਮਲ ਕਾਲੋਨੀ ਨੂੰ ਵੇਚਣ ਦਾ ਫ਼ੈਸਲਾਚਰਨਜੀਤ ਭੁੱਲਰ
ਚੰਡੀਗੜ੍ : ਪੰਜਾਬ ਸਰਕਾਰ ਨੇ ਹੁਣ ਬਠਿੰਡਾ ਥਰਮਲ ਕਾਲੋਨੀ ਨੂੰ ਵੇਚਣ ਦਾ ਫ਼ੈਸਲਾ ਕੀਤਾ ਜਦੋਂ ਕਿ ਇਸ ਤੋਂ ਪਹਿਲਾਂ ਬਠਿੰਡਾ ਥਰਮਲ ਦੀ ਜਾਇਦਾਦ ਵੇਚਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਪਾਵਰਕੌਮ ਦੇ ‘ਬੋਰਡ ਆਫ਼ ਡਾਇਰੈਕਟਰਜ਼’ ਨੇ ਬਠਿੰਡਾ ਥਰਮਲ ਕਾਲੋਨੀ ਦੀ 165.67 ਏਕੜ ਜ਼ਮੀਨ ਨੂੰ ਵੇਚਣ ਲਈ ਹਰੀ ਝੰਡੀ ਦੇ ਦਿੱਤੀ ਹੈ। ‘ਬੋਰਡ ਆਫ਼ ਡਾਇਰੈਕਟਰਜ਼’ ਵੱਲੋਂ ਇਹ ਫ਼ੈਸਲਾ ਏਜੰਡਾ ਨੰਬਰ 03 ਤਹਿਤ 21 ਨਵੰਬਰ 2025 ਨੂੰ ਲਿਆ ਗਿਆ ਜਿਸ ਦੇ ਫ਼ੈਸਲੇ ਦੀ ਕਾਪੀ ਪੰਜਾਬੀ ਟ੍ਰਿਬਿਊਨ ਕੋਲ ਮੌਜੂਦ ਹੈ। ਵੇਰਵਿਆਂ ਅਨੁਸਾਰ ਬਠਿੰਡਾ ਥਰਮਲ ਕਾਲੋਨੀ ਸਾਲ 1972 ਦੇ ਆਸ ਪਾਸ ਉਸਾਰੀ ਗਈ ਸੀ ਅਤੇ ਕਰੀਬ 284 ਏਕੜ ਰਕਬੇ ’ਚ ਇਸ ਕਾਲੋਨੀ ਦੇ ਚਾਰ ਬਲਾਕ ਬਣੇ ਹੋਏ ਹਨ। ਮੌਜੂਦਾ ਸਮੇਂ ਥਰਮਲ ਕਾਲੋਨੀ ਦੇ ਬਲਾਕ-ਸੀ ਅਤੇ ਬਲਾਕ-ਡੀ ਨੂੰ ਵੇਚਿਆ ਜਾਣਾ ਹੈ। ਇਸ ਕਾਲੋਨੀ ’ਚ ਕੁੱਲ 1495 ਮਕਾਨ ਬਣੇ ਹੋਏ ਹਨ ਜਿਨ੍ਹਾਂ ਚੋਂ 235 ਮਕਾਨਾਂ ’ਚ ਮੁਲਾਜ਼ਮ ਤੇ ਅਫ਼ਸਰ ਰਹਿ ਰਹੇ ਹਨ।
ਜਿਨ੍ਹਾਂ ਦੋ ਬਲਾਕਾਂ ਨੂੰ ਹੁਣ ਵੇਚਿਆ ਜਾਣਾ ਹੈ ,ਉਨ੍ਹਾਂ ਚੋਂ ਬਲਾਕ-ਸੀ ’ਚ 1020 ਮਕਾਨ ਅਤੇ ਬਲਾਕ-ਡੀ ’ਚ 320 ਮਕਾਨ ਬਣੇ ਹੋਏ ਹਨ। ਬੋਰਡ ਆਫ਼ ਡਾਇਰੈਕਟਰਜ਼ ਨੇ ਮੁੱਢਲੇ ਪੜਾਅ ’ਤੇ ਕੁੱਲ 284 ਏਕੜ ਚੋਂ 165.67 ਏਕੜ ਜ਼ਮੀਨ ਪਾਵਰਕੌਮ ਤੋਂ ਪੁੱਡਾ ਦੇ ਨਾਮ ਤਬਦੀਲ ਕਰਨ ਦਾ ਫ਼ੈਸਲਾ ਲਿਆ ਹੈ। ਮੀਟਿੰਗ ’ਚ ਇਸ ਕਾਲੋਨੀ ’ਚ ਮੁਲਾਜ਼ਮਾਂ ਜਾਂ ਅਫ਼ਸਰਾਂ ਨੂੰ ਮਕਾਨ ਅਲਾਟ ਨਾ ਕਰਨ ਦਾ ਵੀ ਫ਼ੈਸਲਾ ਲਿਆ ਗਿਆ ਹੈ। ਬਲਾਕ-ਡੀ ’ਚ ਰਹਿੰਦੇ ਮੁਲਾਜ਼ਮਾਂ ਨੂੰ ਦੂਸਰੇ ਬਲਾਕਾਂ ਦੇ ਘਰਾਂ ’ਚ ਸ਼ਿਫ਼ਟ ਕੀਤਾ ਜਾਣਾ ਹੈ। ਬਠਿੰਡਾ ਥਰਮਲ ਕਾਲੋਨੀ ਦੀ ਵੇਚੀ ਜਾਣ ਵਾਲੀ ਸੰਪਤੀ ’ਚ 80 ਫ਼ੀਸਦੀ ਹਿੱਸੇਦਾਰੀ ਪਾਵਰਕੌਮ ਦੀ ਰਹੇਗੀ ਜਦੋਂ ਕਿ 20 ਫ਼ੀਸਦੀ ਹਿੱਸੇਦਾਰੀ ਪੁੱਡਾ ਦੀ ਹੋਵੇਗੀ। ਇਸ ਤੋਂ ਇਲਾਵਾ ਬਠਿੰਡਾ ਥਰਮਲ ਦੀ ਅੰਬੂਜਾ ਸੀਮਿੰਟ ਫ਼ੈਕਟਰੀ ਦੇ ਨਾਲ ਲੱਗਦੀ ਕਰੀਬ 91 ਏਕੜ ਜਗ੍ਹਾ ’ਤੇ ਬਠਿੰਡਾ ਵਿਕਾਸ ਅਥਾਰਿਟੀ ਵੱਲੋਂ ਕਾਲੋਨੀ ਵਿਕਸਿਤ ਕੀਤੀ ਜਾਣੀ ਹੈ ਜਿਸ ਦਾ ਰਸਮੀ ਐਲਾਨ ਪਹਿਲੀ ਜਨਵਰੀ ਨੂੰ ਹੋਣ ਦੀ ਸੰਭਾਵਨਾ ਹੈ।
ਚੇਤੇ ਰਹੇ ਕਿ ਸਾਲ 2018 ’ਚ ਤਤਕਾਲੀ ਕਾਂਗਰਸ ਸਰਕਾਰ ਨੇ ਬਠਿੰਡਾ ਥਰਮ, ਲ ਨੂੰ ਤਾਲਾ ਲਾ ਦਿੱਤਾ ਸੀ। ਪੰਜਾਬ ਕੈਬਨਿਟ ਨੇ 22 ਜੂਨ 2020 ਨੂੰ ਥਰਮਲ ਦੀ ਜ਼ਮੀਨ ਪੁੱਡਾ ਦੇ ਨਾਮ ਤਬਦੀਲ ਕਰ ਦਿੱਤੀ ਸੀ ਅਤੇ 17 ਸਤੰਬਰ 2020 ਨੂੰ ਕੈਬਨਿਟ ਨੇ ਥਰਮਲ ਦੀ ਜ਼ਮੀਨ ‘ਡਰੱਗ ਪਾਰਕ’ ਲਈ ਲੀਜ਼ ’ਤੇ ਦੇਣ ਦਾ ਫ਼ੈਸਲਾ ਕੀਤਾ ਸੀ। ਕੇਂਦਰ ਸਰਕਾਰ ਨੇ ਪੰਜਾਬ ਨੂੰ ਡਰੱਗ ਪਾਰਕ ਅਲਾਟ ਨਹੀਂ ਕੀਤਾ ਜਿਸ ਕਰਕੇ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ ਸੀ। ਥਰਮਲ ਦੀ ਜ਼ਮੀਨ ’ਤੇ ਇੱਕ ਵਾਰ ਸੋਲਰ ਪ੍ਰੋਜੈਕਟ ਲਗਾਏ ਜਾਣ ਦੀ ਤਜਵੀਜ਼ ਵੀ ਬਣ ਗਈ ਸੀ ਜੋ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਵੇਰਵਿਆਂ ਅਨੁਸਾਰ 13 ਫਰਵਰੀ 2025 ਨੂੰ ਪੰਜਾਬ ਕੈਬਨਿਟ ਨੇ ਥਰਮਲ ਦੀ ਕੁੱਲ ਜ਼ਮੀਨ ਚੋਂ 253 ਏਕੜ ਜ਼ਮੀਨ ਰੱਖ ਕੇ ਬਾਕੀ ਸਾਰੀ ਜਾਇਦਾਦ ਪਾਵਰਕੌਮ ਨੂੰ ਵਾਪਸ ਵੀ ਕਰ ਦਿੱਤੀ ਸੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਮਾੜੀ ਵਿੱਤੀ ਸਥਿਤੀ ਦੇ ਮੱਦੇਨਜ਼ਰ ਇਸ ਰਾਹ ਵੱਲ ਕਦਮ ਵਧਾ ਰਹੀ ਹੈ।
ਸੂਤਰ ਆਖਦੇ ਹਨ ਕਿ ਪੰਜਾਬ ਸਰਕਾਰ ਥਰਮਲ ਕਾਲੋਨੀ ਦੇ ਮਕਾਨਾਂ ਨੂੰ ਸਿੱਧਾ ਵੀ ਵੇਚ ਸਕਦੀ ਹੈ ਜਾਂ ਫਿਰ ਨਵੀਂ ਕਾਲੋਨੀ ਵੀ ਵਿਕਸਿਤ ਕਰਕੇ ਵੇਚ ਸਕਦੀ ਹੈ। ਬਿਜਲੀ ਮੰਤਰੀ ਸੰਜੀਵ ਅਰੋੜਾ ਪਹਿਲਾਂ ਹੀ ਆਖ ਚੁੱਕੇ ਹਨ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰ ਸਮੇਂ ਦੀ ਬਣੀ ਨੀਤੀ ਦੇ ਤਹਿਤ ਹੀ ਬਿਨਾਂ ਵਰਤੋਂ ਤੋਂ ਖੰਡਰ ਹੋ ਰਹੀ ਸੰਪਤੀ ਨੂੰ ਹੀ ਨਿਯਮਾਂ ਅਨੁਸਾਰ ਵੇਚਿਆ ਜਾਣਾ ਹੈ। ਪੀ ਐੱਸ ਈ ਬੀ ਇੰਜਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਧੀਮਾਨ ਨੇ ਕਿਹਾ ਕਿ ਪਾਵਰਕੌਮ ਤੇ ਟਰਾਂਸਕੋ ਦੀਆਂ ਸੰਪਤੀਆਂ ਦੀ ਵਰਤੋਂ ਬਿਜਲੀ ਸੈਕਟਰ ਦੇ ਮਕਸਦਾਂ ਲਈ ਹੀ ਹੋਣੀ ਚਾਹੀਦੀ ਹੈ। ਇਹ ਸੰਪਤੀਆਂ ਬਿਜਲੀ ਖੇਤਰ ਦੀਆਂ ਭਵਿੱਖ ਦੀਆਂ ਯੋਜਨਾਵਾਂ ਤੇ ਪ੍ਰਾਜੈਕਟਾਂ ਲਈ ਵਰਤੋਂ ’ਚ ਆ ਸਕਦੀਆਂ ਹਨ। ਐਸੋਸੀਏਸ਼ਨ ਪਾਵਰਕੌਮ ਦੀ ਸੰਪਤੀ ਹੋਰਨਾਂ ਮੰਤਵਾਂ ਲਈ ਵਰਤੇ ਜਾਣ ਦਾ ਵਿਰੋਧ ਕਰਦੀ ਹੈ।

No comments:
Post a Comment