ਸਾਡਾ ਕੀ ਕਸੂਰ ਇਨ੍ਹਾਂ ਮਾਵਾਂ ਨੂੰ ਨਾ ਠੰਢੀਆਂ ਛਾਵਾਂ..! ਚਰਨਜੀਤ ਭੁੱਲਰ
ਚੰਡੀਗੜ੍ਹ : ਅੰਗਹੀਣ ਬਲਜੀਤ ਕੌਰ ਦੀ ਜ਼ਿੰਦਗੀ ਨੇ ਹਰ ਮੋੜ ’ਤੇ ਪ੍ਰੀਖਿਆ ਲਈ। ਫ਼ਰੀਦਕੋਟ ਦੇ ਪਿੰਡ ਸੇਵੇਵਾਲਾ ਦੀ ਬਲਜੀਤ ਕੌਰ ਬਚਪਨ ਉਮਰੇ ਪੋਲਿਓ ਦੀ ਸ਼ਿਕਾਰ ਹੋ ਗਈ। ਗੁਰਦਿਆਂ ਦੀ ਬਿਮਾਰੀ ਨੇ ਬਾਪ ਖੋਹ ਲਿਆ ਅਤੇ ਸੜਕ ਹਾਦਸੇ ਨੇ ਸਿਰ ਦਾ ਸਾਈਂ। ਜ਼ਿੰਦਗੀ ਫਿਰ ਵੀ ਸ਼ਰੀਕ ਬਣ ਟੱਕਰੀ। ਕੁੱਝ ਸਮਾਂ ਬੀਤਿਆਂ ਤਾਂ ਭਰਾ ਖ਼ੁਦਕੁਸ਼ੀ ਕਰ ਗਿਆ। ਦੁੱਖਾਂ ਦਾ ਪਹਾੜ ਟੁੱਟਿਆ ਜਦੋਂ ਇੱਕ ਲੜਕਾ ਵੀ ਸੜਕ ਹਾਦਸੇ ’ਚ ਜਾਨ ਗੁਆ ਬੈਠਾ। ਇਸ ਅਪਾਹਜ ਔਰਤ ਕੋਲ ਹੁਣ ਕੇਵਲ ਇੱਕ ਦਰਦਾਂ ਦੀ ਪੰਡ ਬਚੀ ਹੈ ਅਤੇ ਦੂਜੀ ਵਿਧਵਾ ਪੈਨਸ਼ਨ। ਅਪਾਹਜ ਵਜੋਂ ਉਸ ਨੂੰ ਅੱਜ ਤੱਕ ਪੈਨਸ਼ਨ ਲੱਗਣੀ ਤਾਂ ਦੂਰ ਦੀ ਗੱਲ। ਬਲਜੀਤ ਕੌਰ ਦੱਸਦੀ ਹੈ ਕਿ ਦਫ਼ਤਰਾਂ ਵਾਲੇ ਇਹੋ ਆਖ ਮੋੜ ਦਿੰਦੇ ਹਨ ਕਿ ਇੱਕੋ ਪੈਨਸ਼ਨ ਹੀ ਲੱਗ ਸਕਦੀ ਹੈ, ਦੋ ਨਹੀਂ। ਵਿਧਵਾ ਪੈਨਸ਼ਨ ਲੈਣ ਕਰਕੇ ਉਸ ਨੂੰ ਅੰਗਹੀਣ ਪੈਨਸ਼ਨ ਲਈ ਅਯੋਗ ਠਹਿਰਾ ਦਿੱਤਾ ਗਿਆ। ਅਪਾਹਜ ਔਰਤ ਖ਼ੁਦ ਤਾਂ ਦੋ ਪੈਨਸ਼ਨਾਂ ਲੈਣ ਲਈ ਅਯੋਗ ਹੈ ਪ੍ਰੰਤੂ ਜਿਨ੍ਹਾਂ ਨੇਤਾਵਾਂ ਨੂੰ ਉਹ ਵੋਟ ਪਾ ਕੇ ਪੰਜ ਵਰ੍ਹਿਆਂ ਮਗਰੋਂ ਚੁਣਦੀ ਹੈ, ਉਹ ਕਈ ਕਈ ਪੈਨਸ਼ਨਾਂ ਲੈਣ ਲਈ ਯੋਗ ਹਨ।
ਜ਼ਿਲ੍ਹਾ ਮੋਗਾ ਦੇ ਪਿੰਡ ਕਾਲੇਕੇ ਦੀ ਕੁਲਵਿੰਦਰ ਕੌਰ ਕੋਲ ਇੱਕ ਟਰਾਈ ਸਾਈਕਲ ਹੈ, ਇੱਕ ਅੰਗਹੀਣ ਪੈਨਸ਼ਨ ਤੇ ਇੱਕ ਕਮਰੇ ਦਾ ਘਰ। ਅਪਾਹਜ ਕੁਲਵਿੰਦਰ ਕੌਰ ਦੇ ਪਤੀ ਦੀ ਪੰਜ ਸਾਲ ਪਹਿਲਾਂ ਮੌਤ ਹੋ ਗਈ। ਜਦੋਂ ਉਹ ਵਿਧਵਾ ਪੈਨਸ਼ਨ ਲਵਾਉਣ ਵਾਸਤੇ ਦਫ਼ਤਰ ਗਈ ਤਾਂ ਅੱਗਿਓਂ ਜੁਆਬ ਮਿਲਿਆ ਕਿ ਇੱਕੋ ਵੇਲੇ ਦੋ ਪੈਨਸ਼ਨਾਂ ਨਹੀਂ ਮਿਲ ਸਕਦੀਆਂ। ਕੁਲਵਿੰਦਰ ਕੌਰ ਸੁਆਲ ਕਰਦੀ ਹੈ ਕਿ ਜਿਨ੍ਹਾਂ ਨੂੰ ਉਹ ਚੁਣ ਕੇ ਵਿਧਾਨ ਸਭਾ ਜਾਂ ਪਾਰਲੀਮੈਂਟ ਭੇਜਦੇ ਹਨ, ਜੇ ਉਹ ਦੋ ਦੋ ਜਾਂ ਤਿੰਨ ਤਿੰਨ ਪੈਨਸ਼ਨਾਂ ਲੈ ਰਹੇ ਹਨ ਤਾਂ ਇੱਕ ਦੁਖਿਆਰੀ ਔਰਤ ’ਤੇ ਸ਼ਰਤਾਂ ਕਿਉਂ? ਕੁਲਵਿੰਦਰ ਕੌਰ ਨਿੱਕੀ ਉਮਰੇ ਹੀ ਪੋਲਿਓ ਤੋਂ ਪੀੜਤ ਹੋ ਗਈ। ਪਹਿਲਾਂ ਟਰਾਈ ਸਾਈਕਲ ’ਤੇ ਮਗਨਰੇਗਾ ਦੀ ਮਜ਼ਦੂਰੀ ਕਰਨ ਜਾਂਦੀ ਸੀ ਪ੍ਰੰਤੂ ਹੁਣ ਕੱਚੇ ਰਾਹ ਟਰਾਈ ਸਾਈਕਲ ਦੇ ਰਾਹ ’ਚ ਰੋੜਾ ਬਣ ਗਏ ਹਨ। ਪੰਜਾਬ ’ਚ ਇਸ ਵੇਲੇ 2.80 ਲੱਖ ਅਪਾਹਜਾਂ ਨੂੰ ਅੰਗਹੀਣ ਪੈਨਸ਼ਨ ਲੱਗੀ ਹੋਈ ਹੈ ਜੋ ਕਿ ਪ੍ਰਤੀ ਮਹੀਨਾ 1500 ਰੁਪਏ ਹੈ। ਅੰਗਹੀਣ ਪੈਨਸ਼ਨ ਸਾਲ 1981 ’ਚ 50 ਰੁਪਏ ਪ੍ਰਤੀ ਮਹੀਨਾ ਨਾਲ ਸ਼ੁਰੂ ਹੋਈ ਸੀ।
ਇਨ੍ਹਾਂ ਅਪਾਹਜਾਂ ਚੋਂ ਹਜ਼ਾਰਾਂ ਵਿਧਵਾ ਔਰਤਾਂ ਵੀ ਹਨ ਜੋ ਵਿਧਵਾ ਪੈਨਸ਼ਨ ਲੈਣ ਲਈ ਅਯੋਗ ਹਨ। ਮਾਨਸਾ ਦੇ ਪਿੰਡ ਤਾਮਕੋਟ ਦੀ ਰਾਣੀ ਕੌਰ ਨੂੰ ਨਾ ਅੰਗਹੀਣ ਪੈਨਸ਼ਨ ਲੱਗੀ ਅਤੇ ਨਾ ਹੀ ਵਿਧਵਾ ਪੈਨਸ਼ਨ। ਉਹ ਤਿੰਨ ਬੱਚਿਆਂ ਨੂੰ ਮੁਸ਼ਕਲ ਨਾਲ ਪਾਲ ਰਹੀ ਹੈ।ਰਾਣੀ ਕੌਰ ਦਾ ਪਤੀ ਡਾਕੀਆ ਸੀ ਜਿਸ ਦੀ ਮੌਤ ਦੀ ਖ਼ਬਰ ਸਾਲ 2018 ’ਚ ਆ ਗਈ ਸੀ। ਕੇਂਦਰ ਸਰਕਾਰ ਨੇ ਤਰਸ ਦੇ ਅਧਾਰ ’ਤੇ ਰਾਣੀ ਕੌਰ ਨੂੰ ਡਾਕ ਘਰ ’ਚ ਡਾਕੀਏ ਦੀ ਨੌਕਰੀ ਦੇ ਦਿੱਤੀ। ਤਰਸ ਦੇ ਅਧਾਰ ’ਤੇ ਨੌਕਰੀ ਮਿਲਣ ਮਗਰੋਂ ਰਾਣੀ ਕੌਰ ਅੰਗਹੀਣ ਅਤੇ ਵਿਧਵਾ ਪੈਨਸ਼ਨ ਲਈ ਅਯੋਗ ਹੋ ਗਈ। ਉਹ ਆਖਦੀ ਹੈ ਕਿ ਲੋਕ ਰਾਜ ਦੇ ਰਾਜਿਆਂ ਲਈ ਪੈਨਸ਼ਨਾਂ ਵਾਸਤੇ ਕੋਈ ਸ਼ਰਤ ਨਹੀਂ ਪ੍ਰੰਤੂ ਆਮ ਲੋਕਾਂ ਦੀ ਪੈਨਸ਼ਨ ਸਮੇਂ ਨਿਯਮ ਰਾਹ ਰੋਕ ਲੈਂਦੇ ਹਨ। ਬਠਿੰਡਾ ਦੇ ਪਿੰਡ ਕੋਟੜਾ ਕੌੜਿਆਂ ਵਾਲਾ ਦੀ ਗੁਰਮੀਤ ਕੌਰ ਨੂੰ ਇਸ ਕਰਕੇ ਵਿਧਵਾ ਪੈਨਸ਼ਨ ਤੋਂ ਅਯੋਗ ਕਰਾਰ ਦੇ ਦਿੱਤਾ ਕਿਉਂਕਿ ਉਹ ਅਪਾਹਜ ਹੋਣ ਨਾਤੇ ਅੰਗਹੀਣ ਪੈਨਸ਼ਨ ਲੈ ਰਹੀ ਸੀ। ਲੁਧਿਆਣਾ ਦੇ ਪਿੰਡ ਘੁਮਾਇਤ ਦੀ ਅਪਾਹਜ ਔਰਤ ਸਵਰਨ ਕੌਰ ਦੋਵੇਂ ਲੱਤਾਂ ਤੋਂ ਆਹਰੀ ਹੈ।
ਉਹ ਦਾ ਸਹਾਰਾ ਦੋ ਸੋਟੀਆਂ ਹਨ ਜਾਂ ਫਿਰ ਸਹਾਰਾ ਅੰਗਹੀਣ ਪੈਨਸ਼ਨ ਦਾ ਹੈ। ਉਹ ਦਿਹਾੜੀ ਕਰਨ ਦੇ ਵੀ ਯੋਗ ਨਹੀਂ ਪ੍ਰੰਤੂ ਉਸ ਦਾ ਇਕਲੌਤਾ ਲੜਕਾ ਦਿਹਾੜੀਦਾਰ ਕਾਮਾ ਹੈ। ਉਹ ਦੱਸਦੀ ਹੈ ਕਿ ਪੂਰੇ ਦਸ ਸਾਲ ਵਿਧਵਾ ਪੈਨਸ਼ਨ ਵਾਸਤੇ ਗੇੜੇ ਕੱਢਦੀ ਰਹੀ ਪ੍ਰੰਤੂ ਅਧਿਕਾਰੀ ਇਹੋ ਤਰਕ ਦਿੰਦੇ ਹਨ ਕਿ ਦੋ ਪੈਨਸ਼ਨਾਂ ਗੈਰ ਕਾਨੂੰਨੀ ਹਨ। ਇਸ ਔਰਤ ਦੇ ਲੜਕੇ ਪਰਮਜੀਤ ਸਿੰਘ ਦਾ ਸ਼ਿਕਵਾ ਹੈ ਕਿ ਜੇ ਵਿਧਾਇਕਾਂ ਦੀਆਂ ਦੋ ਪੈਨਸ਼ਨਾਂ ਗੈਰ ਕਾਨੂੰਨੀ ਨਹੀਂ ਤਾਂ ਉਸ ਦੀ ਮਾਂ ਲਈ ਵੱਖਰਾ ਕਾਨੂੰਨ ਕਿਉਂ।ਹਜ਼ਾਰਾਂ ਆਸ਼ਰਿਤ ਬੱਚਿਆਂ ਦੀ ਵੀ ਇਹੋ ਹੋਣੀ ਹੈ। ਇਨ੍ਹਾਂ ਬੱਚਿਆਂ ਦੇ ਮਾਂ ਬਾਪ ਇਸ ਦੁਨੀਆ ’ਚ ਨਹੀਂ ਰਹੇ ਜਿਸ ਕਰਕੇ ਇਨ੍ਹਾਂ ਬੱਚਿਆਂ ਨੂੰ 21 ਸਾਲ ਦੀ ਉਮਰ ਤੱਕ ਆਸ਼ਰਿਤ ਪੈਨਸ਼ਨ ਦੀ ਸਹੂਲਤ ਹੈ ਜੋ ਕਿ 1500 ਰੁਪਏ ਪ੍ਰਤੀ ਮਹੀਨਾ ਹੈ। ਪੰਜਾਬ ’ਚ 2.38 ਲੱਖ ਆਸ਼ਰਿਤ ਬੱਚੇ ਹਨ ਜੋ ਪੈਨਸ਼ਨ ਲੈ ਰਹੇ ਹਨ। ਇਨ੍ਹਾਂ ਲੱਖਾਂ ਅਨਾਥ ਬੱਚਿਆਂ ਚੋਂ ਹਜ਼ਾਰਾਂ ਅਪਾਹਜ ਬੱਚੇ ਵੀ ਹਨ, ਜਿਹੜੇ ਕਿ ਅੰਗਹੀਣ ਪੈਨਸ਼ਨ ਲੈਣ ਲਈ ਯੋਗ ਨਹੀਂ ਹਨ। ਅੰਗਹੀਣ, ਆਸ਼ਰਿਤ ਅਤੇ ਵਿਧਵਾ ਪੈਨਸ਼ਨ ਲਈ ਸਲਾਨਾ 60 ਹਜ਼ਾਰ ਰੁਪਏ ਤੋਂ ਵੱਧ ਆਮਦਨੀ ਵਾਲੇ ਵੀ ਇਨ੍ਹਾਂ ਪੈਨਸ਼ਨਾਂ ਲਈ ਅਯੋਗ ਹੁੰਦੇ ਹਨ।
ਆਮ ਪੈਨਸ਼ਨਾਂ ’ਤੇ ਇੱਕ ਨਜ਼ਰ
ਅੰਗਹੀਣ ਪੈਨਸ਼ਨ
ਪੈਨਸ਼ਨ ਦੀ ਸ਼ੁਰੂਆਤ : ਸਾਲ 1981
ਸ਼ੁਰੂਆਤੀ ਪੈਨਸ਼ਨ ਦੀ ਰਾਸ਼ੀ : 50 ਰੁਪਏ
ਮੌਜੂਦਾ ਸਮੇਂ ਪੈਨਸ਼ਨ ਰਾਸ਼ੀ : 1500 ਰੁਪਏ
ਕੁੱਲ ਲਾਭਪਾਤਰੀ : 2.80 ਲੱਖ
ਵਿਧਵਾ ਪੈਨਸ਼ਨ
ਪੈਨਸ਼ਨ ਦੀ ਸ਼ੁਰੂਆਤ : ਸਾਲ 1968
ਸ਼ੁਰੂਆਤੀ ਪੈਨਸ਼ਨ ਦੀ ਰਾਸ਼ੀ : 25 ਰੁਪਏ
ਮੌਜੂਦਾ ਸਮੇਂ ਪੈਨਸ਼ਨ ਰਾਸ਼ੀ : 1500 ਰੁਪਏ
ਕੁੱਲ ਲਾਭਪਾਤਰੀ : 6.70 ਲੱਖ
ਆਸ਼ਰਿਤ ਪੈਨਸ਼ਨ
ਪੈਨਸ਼ਨ ਦੀ ਸ਼ੁਰੂਆਤ : ਸਾਲ 1968
ਸ਼ੁਰੂਆਤੀ ਪੈਨਸ਼ਨ ਦੀ ਰਾਸ਼ੀ : 25 ਰੁਪਏ
ਮੌਜੂਦਾ ਸਮੇਂ ਪੈਨਸ਼ਨ ਰਾਸ਼ੀ : 1500 ਰੁਪਏ
ਕੁੱਲ ਲਾਭਪਾਤਰੀ : 2.38 ਲੱਖ

No comments:
Post a Comment