Showing posts with label Threat. Show all posts
Showing posts with label Threat. Show all posts

Friday, July 18, 2025

                                                            ਬੰਬ ਦੀ ਧਮਕੀ
                                ਪੁਲੀਸ ਵੱਲੋਂ ਮੁਲਜ਼ਮ ਦੀ ਸ਼ਨਾਖ਼ਤ
                                                           ਚਰਨਜੀਤ ਭੁੱਲਰ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਲਈ ਉਪਰੋਥਲੀ ਆਈਆਂ ਧਮਕੀ ਭਰੀਆਂ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਇੱਥੇ ਆਪਣੀ ਰਿਹਾਇਸ਼ ’ਤੇ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਅੰਮ੍ਰਿਤਸਰ ਪੁਲੀਸ ਨੇ ਧਮਕੀ ਭਰੇ ਈਮੇਲ ਭੇਜਣ ਵਾਲੇ ਮੁਲਜ਼ਮ ਦੀ ਸ਼ਨਾਖ਼ਤ ਕਰ ਲਈ ਹੈ ਅਤੇ ਉਸ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਵੀ ਮਿਲੀ ਹੈ। ਬੇਸ਼ੱਕ ਅਧਿਕਾਰਤ ਤੌਰ ’ਤੇ ਇਸ ਦੀ ਕੋਈ ਪੁਸ਼ਟੀ ਨਹੀਂ ਕਰ ਰਿਹਾ ਹੈ ਪ੍ਰੰਤੂ ਭਰੋਸੇਯੋਗ ਸੂਤਰ ਦੱਸਦੇ ਹਨ ਕਿ ਅੰਮ੍ਰਿਤਸਰ ਪੁਲੀਸ ਨੇ ਸੰਜੀਵ ਕੁਮਾਰ ਦੂਬੇ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਪੁਲੀਸ ਭਲਕੇ ਸ਼ੁੱਕਰਵਾਰ ਨੂੰ ਇਸ ਦਾ ਖ਼ੁਲਾਸਾ ਵੀ ਕਰ ਸਕਦੀ ਹੈ। ਅੰਮ੍ਰਿਤਸਰ ਦੇ ਐੱਸਪੀ ਸਿਮਰਨਜੀਤ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਸੂਤਰਾਂ ਮੁਤਾਬਕ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੇ ਈਮੇਲ ਲਿਖਣ ਵਾਲਾ ਮੁਲਜ਼ਮ ਪਹਿਲਾਂ ਤਾਮਿਲਨਾਡੂ ਸਰਕਾਰ ਨੂੰ ਵੀ ਧਮਕੀਆਂ ਦੇ ਚੁੱਕਾ ਹੈ।

         ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਮਾਮਲੇ ਦੀ ਜਾਂਚ ਮੰਗ ਚੁੱਕੇ ਹਨ ਅਤੇ ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜ ਈਮੇਲ ਜ਼ਰੀਏ ਸ੍ਰੀ ਹਰਮਿੰਦਰ ਸਾਹਿਬ ’ਚ ਬੰਬ ਰੱਖੇ ਹੋਣ ਦੀ ਧਮਕੀ ਮਿਲ ਚੁੱਕੀ ਹੈ। ਧਮਕੀ ਭਰੇ ਈਮੇਲ ਲਗਾਤਾਰ ਮਿਲਣ ਮਗਰੋਂ ਸਮੁੱਚਾ ਸਿੱਖ ਭਾਈਚਾਰਾ ਫ਼ਿਕਰਮੰਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਮਾਮਲੇ ’ਤੇ ਚਿੰਤਾ ਪ੍ਰਗਟ ਕਰ ਚੁੱਕੇ ਹਨ। ਅੰਮ੍ਰਿਤਸਰ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਖ ਚੁੱਕੇ ਹਨ ਕਿ ਧਮਕੀ ਭਰੇ ਈਮੇਲ ਭੇਜਣ ਲਈ ਅਮਰੀਕਾ ਦੀ ਇੱਕ ਕੰਪਨੀ ਦੇ ਪਲੈਟਫਾਰਮ ਨੂੰ ਵਰਤਿਆ ਗਿਆ ਹੈ। ਇਸ ਦੌਰਾਨ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਨੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੁਰੱਖਿਆ ਏਜੰਸੀਆਂ ਸਮੇਤ ਪੰਜਾਬ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ।

         ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਧਰਮਾਂ ਦੇ ਧਾਰਮਿਕ ਅਸਥਾਨ ਪਵਿੱਤਰ ਅਤੇ ਪੂਜਣਯੋਗ ਹਨ ਜਿਨ੍ਹਾਂ ਦੀ ਸੁਰੱਖਿਆ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦੌਰਾਨ ਪੰਜਾਬ ਦੇ ਗ੍ਰਹਿ ਸਕੱਤਰ ਆਲੋਕ ਸ਼ੇਖਰ ਅਤੇ ਡੀਜੀਪੀ ਗੌਰਵ ਯਾਦਵ, ਸੀਨੀਅਰ ਅਧਿਕਾਰੀ ਵੀ. ਨੀਰਜਾ ਤੋਂ ਇਲਾਵਾ ਹੋਰ ਸੀਨੀਅਰ ਪੁਲੀਸ ਅਧਿਕਾਰੀ ਹਾਜ਼ਰ ਸਨ। ਮੁੱਖ ਮੰਤਰੀ ਨੇ ਸੂਬੇ ਦੇ ਮੌਜੂਦਾ ਸੁਰੱਖਿਆ ਹਾਲਾਤ ਬਾਰੇ ਵੀ ਅਧਿਕਾਰੀਆਂ ਤੋਂ ਵਿਸਥਾਰ ਨਾਲ ਰਿਪੋਰਟਾਂ ਲਈਆਂ। ਉਨ੍ਹਾਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਵਾਸਤੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ।

                                 ਔਜਲਾ ਦੀ ਮੰਗ ਨਾਲ ਸਹਿਮਤ ਨਹੀਂ ਅਰੋੜਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੀ ਕੀਤੀ ਮੰਗ ਨਾਲ ਅਸਹਿਮਤੀ ਜ਼ਾਹਰ ਕੀਤੀ ਹੈ। ਅੱਜ ਜਦੋਂ ਪ੍ਰੈੱਸ ਕਾਨਫ਼ਰੰਸ ’ਚ ਅਰੋੜਾ ਨੂੰ ਇਸ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ। ਚੇਤੇ ਰਹੇ ਕਿ ਕਾਂਗਰਸੀ ਆਗੂ ਔਜਲਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ ਹੈ।